ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦੇ ਕੇਂਦਰੀਕਰਨ ਵਿਰੁੱਧ ਵਿਦਿਆਰਥੀ ਸੜਕਾਂ ’ਤੇ ਉੱਤਰੇ, ਲਾਠੀਚਾਰਜ

ਪ੍ਰਦਰਸ਼ਨਕਾਰੀ ਵਿਦਿਆਰਥੀਆਂ ’ਤੇ ਪੁਲੀਸ ਵੱਲੋਂ ਲਾਠੀਚਾਰਜ, ਕਈ ਵਿਦਿਆਰਥੀ ਜ਼ਖ਼ਮੀ

ਵਾਈਪੀਐਸ ਚੌਥ ਨੇੜੇ ਮੁਹਾਲੀ ਪੁਲੀਸ ਦਾ ਬੈਰੀਕੇਡ ਤੋੜ ਕੇ ਅੱਗੇ ਵਧਣ ਸਮੇਂ ਕੀਤਾ ਲਾਠੀਚਾਰਜ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 9 ਜੂਨ:
ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਨੂੰ ਕੇਂਦਰੀ ਯੂਨੀਵਰਸਿਟੀ ਬਣਾਉਣ ਦੀ ਪੰਜਾਬ ਤੇ ਹਰਿਆਣਾ ਹਾਈ ਕੋਰਟ ਦੀ ਤਜਵੀਜ਼ ਖ਼ਿਲਾਫ਼ ਵੀਰਵਾਰ ਨੂੰ ਪੰਜਾਬ ਦੀਆਂ 9 ਵਿਦਿਆਰਥੀ ਜਥੇਬੰਦੀਆਂ ਨੇ ਜ਼ਬਰਦਸਤ ਰੋਸ ਮੁਜ਼ਾਹਰਾ ਕੀਤਾ। ਚੰਡੀਗੜ੍ਹ ਅਤੇ ਪੰਜਾਬ ਭਰ ’ਚੋਂ ਵਿਦਿਆਰਥੀ ਅੱਜ ਸਵੇਰੇ 11 ਵਜੇ ਹੀ ਗੁਰਦੁਆਰਾ ਅੰਬ ਸਾਹਿਬ ਵਿਖੇ ਇਕੱਠੇ ਹੋਣੇ ਸ਼ੁਰੂ ਹੋ ਗਏ ਅਤੇ ਦੁਪਹਿਰ ਤੱਕ ਵੱਡੀ ਭੀੜ ਜਮ੍ਹਾ ਹੋ ਗਈ। ਇੱਥੇ ਕੇਂਦਰੀ ਤਜਵੀਜ਼ ਬਾਰੇ ਤਕਰੀਰਾਂ ਕਰਨ ਤੋਂ ਬਾਅਦ ਵਿਦਿਆਰਥੀਆਂ ਨੇ ਪੈਦਲ ਹੀ ਗਵਰਨਰ ਹਾਊਸ ਦਾ ਘਿਰਾਓ ਕਰਨ ਲਈ ਚੰਡੀਗੜ੍ਹ ਵੱਲ ਮਾਰਚ ਸ਼ੁਰੂ ਕਰ ਦਿੱਤਾ। ਹਾਲਾਂਕਿ ਵੀਪੀਆਈ ਚੌਕ ਨੇੜੇ ਮੁਹਾਲੀ ਪੁਲੀਸ ਨੇ ਬੈਰੀਕੇਡ ਲਾਗ ਕੇ ਨੌਜਵਾਨਾਂ ਨੂੰ ਰੋਕਣ ਦਾ ਯਤਨ ਕੀਤਾ ਪ੍ਰੰਤੂ ਵਿਦਿਆਰਥੀ ਪੁਲੀਸ ਰੋਕਾਂ ਤੋੜ ਕੇ ਅੱਗੇ ਵਧਣ ਲੱਗੇ ਤਾਂ ਪੰਜਾਬ ਪੁਲੀਸ ਅਤੇ ਸਪੈਸ਼ਲ ਕਮਾਂਡੋਜ਼ ਵੱਲੋਂ ਵਿਦਿਆਰਥੀਆਂ ’ਤੇ ਲਾਠੀਚਾਰਜ ਕੀਤਾ ਗਿਆ। ਇਸ ਦੌਰਾਨ ਧੱਕਾ ਮੁੱਕੀ ਕਾਰਨ ਕਈ ਵਿਦਿਆਰਥੀ ਜ਼ਖ਼ਮੀ ਹੋ ਗਏ ਤੇ ਕਈਆਂ ਦੀਆਂ ਪੱਗਾਂ ਲੱਗ ਪਈਆਂ। ਪੁਲੀਸ ਨੇ ਲੜਕੀਆਂ ਦੀ ਵੀ ਖਿੱਚ ਧੂਹ ਕੀਤੀ।
ਇਸ ਮੌਕੇ ਪੰਜਾਬ ਸਟੂਡੈਂਟਸ ਯੂਨੀਅਨ (ਲਲਕਾਰ) ਦੇ ਆਗੂ ਗੁਰਪ੍ਰੀਤ ਸਿੰਘ, ਪੀਐੱਸਯੂ (ਸ਼ਹੀਦ ਰੰਧਾਵਾ) ਦੇ ਹੁਸ਼ਿਆਰ ਸਿੰਘ, ਪੀਐੱਸਯੂ ਦੇ ਅਮਨਦੀਪ ਸਿੰਘ ਰੰਧਾਵਾ, ਪੀਆਰਐੱਸਯੂ ਦੇ ਰਸ਼ਪਿੰਦਰ ਜਿੰਮੀ, ਐੱਸਐੱਫਐੱਸ ਦੇ ਸੰਦੀਪ ਸਿੰਘ, ਡੀਐੱਸਓ ਦੇ ਬਿਕਰਮ ਬਾਗੀ, ਪੀਐੱਸਐੱਫ਼ ਦੇ ਗਗਨਦੀਪ ਸਿੰਘ, ਏਆਈਐੱਸਐੱਫ਼ ਦੇ ਵਰਿੰਦਰ ਕੁਮਾਰ, ਆਈਸਾ ਦੇ ਸੁਖਜੀਤ ਰਾਮਾਨੰਦੀ ਅਤੇ ਐੱਸਐੱਫ਼ਆਈ ਦੇ ਰਾਜਵਿੰਦਰ ਸਿੰਘ ਅਤੇ ਰਣਬੀਰ ਸਿੰਘ ਰੰਧਾਵਾ ਸਮੇਤ ਹੋਰਨਾਂ ਵਿਦਿਆਰਥੀ ਆਗੂਆਂ ਨੇ ਮੰਗ ਕੀਤੀ ਕਿ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦਾ ਕੇਂਦਰੀਕਰਨ ਬੰਦ ਕਰਕੇ ਇਸ ਨੂੰ ਪੰਜਾਬ ਦੇ ਸਪੁਰਦ ਕੀਤਾ ਜਾਵੇ, ਨਵੀਂ ਸਿੱਖਿਆ ਨੀਤੀ ਰਾਹੀਂ ਸਿੱਖਿਆ ਦੇ ਨਿੱਜੀਕਰਨ, ਭਗਵੇਕਰਨ ਅਤੇ ਕੇਂਦਰੀਕਰਨ ਕਰਨ ਦੀ ਨੀਤੀ ਰੱਦ ਕੀਤੀ ਜਾਵੇ ਅਤੇ ਪੰਜਾਬ ਦੀਆਂ ਸਰਕਾਰੀ ਯੂਨੀਵਰਸਿਟੀਆਂ ਦੀਆਂ ਕੁੱਲ ਵਿੱਤੀ ਜ਼ਿੰਮੇਵਾਰੀਆਂ ਪੰਜਾਬ ਸਰਕਾਰ ਵੱਲੋਂ ਚੁੱਕੀ ਜਾਵੇ।
ਵਿਦਿਆਰਥੀ ਆਗੂਆਂ ਕਿਹਾ ਕਿ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦੇ ਕੇਂਦਰੀਕਰਨ ਦੇ ਏਜੰਡੇ ਨੂੰ ਹਾਈ ਕੋਰਟ ਨੇ ਹਰੀ ਝੰਡੀ ਦੇ ਦਿੱਤੀ ਹੈ। ਜੇਕਰ ਅਜਿਹਾ ਹੋਇਆ ਤਾਂ ਪੰਜਾਬ ਯੂਨੀਵਰਸਿਟੀ ਕੇਂਦਰ ਸਰਕਾਰ ਅਤੇ ਰਾਸ਼ਟਰੀ ਸਵੈਸੇਵਕ ਸੰਘ ਦੇ ਸਿੱਧੇ ਕੰਟਰੋਲ ਹੇਠ ਆਵੇਗੀ। ਇੰਜ ਕੇਂਦਰ ਸਰਕਾਰ ਇਸ ਨੂੰ ਪੰਜਾਬ ਕੋਲੋਂ ਖੋਹ ਕੇ ਆਪਣੇ ਹੱਥ ਲੈ ਲਵੇਗੀ। ਪੰਜਾਬੀ ਬੋਲੀ ਤੇ ਸਭਿਆਚਾਰ ਲਈ ਕੰਮ ਕਰਨ ਵਾਲੀ ਪੰਜਾਬ ਯੂਨੀਵਰਸਿਟੀ ਕੇਂਦਰ ਸਰਕਾਰ ਮੁਤਾਬਕ ਚੱਲੇਗੀ। ਇਸ ਨਾਲ ਜੁੜੇ (ਐਫੀਲੀਏਟਿਡ) ਪੰਜਾਬ ਦੇ ਕਰੀਬ 200 ਕਾਲਜ ਬੇਸਹਾਰਾ ਹੋ ਜਾਣਗੇ ਜਾਂ ਫੇਰ ਕੇਂਦਰ ਮੁਤਾਬਕ ਚੱਲਣਗੇ। ਉਨ੍ਹਾਂ ਕਿਹਾ ਕਿ ਅਸਲ ਵਿੱਚ ਹੁਕਮਰਾਨ ਵੱਖ-ਵੱਖ ਕੌਮੀ ਭਾਸ਼ਾਵਾਂ, ਸਭਿਆਚਾਰ ਜਾਂ ਵਿਸ਼ੇਸ਼ ਸ਼ਨਾਖ਼ਤਾ ਨੂੰ ਰੋਲਣ ਦੇ ਰਾਹ ਪੈ ਗਏ ਹਨ।
ਉਧਰ, ਵਿਦਿਆਰਥੀਆਂ ਦੇ ਰੋਹ ਨੂੰ ਦੇਖਦੇ ਹੋਏ ਮੁਹਾਲੀ ਅਤੇ ਯੂਟੀ ਪ੍ਰਸ਼ਾਸਨ ਦੇ ਅਧਿਕਾਰੀਆਂ ਵੱਲੋਂ ਭਲਕੇ 10 ਜੂਨ ਨੂੰ ਸਵੇਰੇ 10 ਵਜੇ ਬ ਵਿਦਿਆਰਥੀ ਜਥੇਬੰਦੀਆਂ ਦੇ ਮੋਹਰੀ ਆਗੂਆਂ ਦੀ ਮੁੱਖ ਮੰਤਰੀ ਦੇ ਓਐਸਡੀ ਨਾਲ ਮੀਟਿੰਗ ਤੈਅ ਕਰਵਾਈ ਗਈ। ਓਐਸਡੀ ਵਿਦਿਆਰਥੀ ਨਾਲ ਗੱਲਬਾਤ ਕਰਨ ਤੋਂ ਬਾਅਦ ਅੱਗੇ ਉਨ੍ਹਾਂ ਨੂੰ ਮੁੱਖ ਮੰਤਰੀ ਭਗਵੰਤ ਮਾਨ ਨਾਲ ਮੀਟਿੰਗ ਕਰਵਾਉਣਗੇ। ਇਸ ਮਗਰੋਂ ਸ਼ਾਮ ਨੂੰ ਵਿਦਿਆਰਥੀਆਂ ਨੇ ਧਰਨਾ ਚੁੱਕ ਲਿਆ।

ਭਾਰਤੀ ਕਿਸਾਨ ਯੂਨੀਅਨ (ਰਾਜੇਵਾਲ) ਦੇ ਪ੍ਰਧਾਨ ਬਲਬੀਰ ਸਿੰਘ ਰਾਜੇਵਾਲ ਨੇ ਅੱਜ ਪੰਜਾਬ ਦੇ ਨੌਜਵਾਨਾਂ ਦੇ ਹੱਕਾਂ ਅਤੇ ਪੰਜਾਬ ਯੂਨੀਵਰਸਿਟੀ ਨੂੰ ਬਚਾਉਣ ਲਈ ਮੁਹਾਲੀ ਵਿਖੇ 9 ਵਿਦਿਆਰਥੀ ਜਥੇਬੰਦੀਆਂ ਵੱਲੋਂ ਕੀਤੇ ਗਏ ਰੋਸ ਪ੍ਰਦਰਸ਼ਨ ਦੌਰਾਨ ਪੰਜਾਬ ਪੁਲੀਸ ਵੱਲੋਂ ਵਿਦਿਆਰਥੀਆਂ ਉੱਤੇ ਕੀਤੇ ਗਏ ਲਾਠੀਚਾਰਜ ਦੀ ਸਖ਼ਤ ਸ਼ਬਦਾਂ ਵਿੱਚ ਨਿਖੇਧੀ ਕੀਤੀ ਹੈ।

ਉਨ੍ਹਾਂ ਕਿਹਾ ਕਿ ਸਰਕਾਰ ਦਾ ਇਹ ਤਾਨਾਸ਼ਾਹ ਰਵੱਈਆ ਜ਼ਮਹੂਰੀਅਤ ਦੇ ਖ਼ਿਲਾਫ਼ ਹੈ। ਉਨ੍ਹਾਂ ਕਿਹਾ ਕਿ ਸੰਵਿਧਾਨ ਮੁਤਾਬਕ ਹਰੇਕ ਵਿਅਕਤੀ ਨੂੰ ਆਪਣੇ ਹੱਕਾਂ ਲਈ ਘੋਲ ਕਰਨ ਦਾ ਪੂਰਾ ਅਧਿਕਾਰ ਹੈ ਪ੍ਰੰਤੂ ਪੰਜਾਬ ਦੀ ਧਰਤੀ ’ਤੇ ਸ਼ਰ੍ਹੇਆਮ ਲੋਕਤੰਤਰ ਦਾ ਘਲਾ ਘੁੱਟਿਆ ਜਾਣਾ, ਗੰਭੀਰ ਚਿੰਤਾ ਦਾ ਵਿਸ਼ਾ ਹੈ। ਉਨ੍ਹਾਂ ਮੰਗ ਕੀਤੀ ਕਿ ਵਿਦਿਆਰਥੀਆਂ ਉੱਤੇ ਲਾਠੀਚਾਰਜ ਕਰਨ ਵਾਲੇ ਪੁਲੀਸ ਦੇ ਜ਼ਿੰਮੇਵਾਰ ਅਫ਼ਸਰਾਂ ਅਤੇ ਕਰਮਚਾਰੀਆਂ ਖ਼ਿਲਾਫ਼ ਬਣਦੀ ਸਖ਼ਤ ਕਾਰਵਾਈ ਕੀਤੀ ਜਾਵੇ।

Load More Related Articles
Load More By Nabaz-e-Punjab
Load More In General News

Check Also

ਕੁੰਭੜਾ ਕਤਲ-ਕਾਂਡ: ਐੱਸਐੱਸਪੀ ਦਫ਼ਤਰ ਦੇ ਘਿਰਾਓ ਲਈ ਆਮ ਲੋਕਾਂ ਦੀ ਲਾਮਬੰਦੀ ਜ਼ੋਰਾਂ ’ਤੇ ਸ਼੍ਰੋਮਣੀ ਅਕਾਲੀ ਦਲ …