ਵਿਦਿਆਰਥੀਆਂ ਨੂੰ ਹਰ ਹਫ਼ਤੇ ਆਇਰਨ ਤੇ ਫੌਲਿਕ ਐਸਿਡ ਦੀਆਂ ਗੋਲੀਆਂ ਦਿੱਤੀਆਂ ਜਾਣ: ਡੀਸੀ

ਸਿਹਤ ਤੇ ਸਿੱਖਿਆ ਵਿਭਾਗ ਨੂੰ ਵਿਦਿਆਰਥੀਆਂ ਨੂੰ ਹੱਥਾਂ ਦੀ ਸਫ਼ਾਈ ਸਬੰਧੀ ਜਾਗਰੂਕ ਕਰਨ ਲਈ ਵਿਸ਼ੇਸ਼ ਮੁਹਿੰਮ ਚਲਾਉਣ ਦੇ ਹੁਕਮ

ਮਿਡ-ਡੇਅ ਮੀਲ ਦੀ ਗੁਣਵੱਤਾ ਯਕੀਨੀ ਬਣਾਉਣ ਲਈ ਅਧਿਆਪਕ ਹਫ਼ਤੇ ’ਚ 1 ਦਿਨ ਬੱਚਿਆਂ ਨਾਲ ਖ਼ੁਦ ਵੀ ਖਾਣਾ ਖਾਣ

ਫਰਵਰੀ ਮਹੀਨਾ ‘ਬੇਟੀ ਬਚਾਓ ਬੇਟੀ ਪੜ੍ਹਾਓ’ ਮੁਹਿੰਮ ਨੂੰ ਸਮਰਪਿਤ ਕਰਨ ’ਤੇ ਜ਼ੋਰ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 28 ਜਨਵਰੀ:
ਸਮਾਜਿਕ ਸੁਰੱਖਿਆ, ਸਿਹਤ ਅਤੇ ਸਿੱਖਿਆ ਵਿਭਾਗ ਹਫ਼ਤੇ ਵਿੱਚ ਇੱਕ ਦਿਨ ਵਿਦਿਆਰਥੀਆਂ ਨੂੰ ਆਇਰਨ ਅਤੇ ਫੌਲਿਕ ਐਸਿਡ ਦੀਆਂ ਗੋਲੀਆਂ ਦੇਣੀਆਂ ਯਕੀਨੀ ਬਣਾਉਣ। ਇਹ ਹਦਾਇਤਾਂ ਡਿਪਟੀ ਕਮਿਸ਼ਨਰ ਸ੍ਰੀਮਤੀ ਗੁਰਪ੍ਰੀਤ ਕੌਰ ਸਪਰਾ ਨੇ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿੱਚ ਪੋਸ਼ਣ ਅਭਿਆਨ ਸਬੰਧੀ ਜ਼ਿਲ੍ਹਾ ਪੱਧਰੀ ਸਟੀਅਰਿੰਗ ਐਂਡ ਮੋਨੀਟਰਿੰਗ ਕਮੇਟੀ ਦੀ ਮੀਟਿੰਗ ਦੌਰਾਨ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨੂੰ ਕੀਤੀਆਂ। ਉਨ੍ਹਾਂ ਸਿੱਖਿਆ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਸਰਕਾਰੀ ਸਕੂਲਾਂ ਵਿੱਚ ਮਿਡ-ਡੇਅ ਮੀਲ ਦੀ ਸਿਹਤ ਮਾਪਦੰਡਾਂ ਅਨੁਸਾਰ ਗੁਣਵੱਤਾ ਨੂੰ ਯਕੀਨੀ ਬਣਾਇਆ ਜਾਵੇ ਅਤੇ ਅਧਿਆਪਕ ਹਫ਼ਤੇ ਵਿੱਚ ਇੱਕ ਦਿਨ ਵਿਦਿਆਰਥੀਆਂ ਨਾਲ ਖੁਦ ਵੀ ਖਾਣਾ ਖਾਣ।
ਸ੍ਰੀਮਤੀ ਸਪਰਾ ਨੇ ਸਿੱਖਿਆ ਅਤੇ ਸਿਹਤ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਬੱਚਿਆਂ ਨੂੰ ਸਿਹਤ ਤੇ ਸਾਫ਼ ਸਫ਼ਾਈ ਦੇ ਵਡੇਰੇ ਸਿਧਾਂਤਾਂ ਬਾਰੇ ਜਾਗਰੂਕ ਕਰਨ ਲਈ ਵਿਦਿਆਰਥੀਆਂ ਨੂੰ ਹੱਥਾਂ ਦੀ ਸਫ਼ਾਈ ਰੱਖਣ ਲਈ ਵਿਸ਼ੇਸ਼ ਮੁਹਿੰਮ ਸ਼ੁਰੂ ਕੀਤੀ ਜਾਵੇ। ਜਿਸ ਨਾਲ ਵਿਦਿਆਰਥੀਆਂ ਨੂੰ ਸਰੀਰ ਦੀ ਸਫ਼ਾਈ ਸਬੰਧੀ ਜਾਗਰੂਕ ਕੀਤਾ ਜਾ ਸਕੇ ਅਤੇ ਉਨ੍ਹਾਂ ਨੂੰ ਸੰਭਾਵਿਤ ਬਿਮਾਰੀਆਂ ਤੋਂ ਬਚਾਇਆ ਜਾ ਸਕੇ। ਉਨ੍ਹਾਂ ਕਿਹਾ ਕਿ ਫਰਵਰੀ ਮਹੀਨੇ ਨੂੰ ‘ਬੇਟੀ ਬਚਾਓ, ਬੇਟੀ ਪੜ੍ਹਾਓ’ ਮੁਹਿੰਮ ਨੂੰ ਸਮਰਪਿਤ ਕਰਕੇ ਮਨਾਇਆ ਜਾਵੇ ਅਤੇ ਉਕਤ ਮੁਹਿੰਮ ਨਾਲ ਜੁੜੀਆਂ ਵੱਖ-ਵੱਖ ਗਤੀਵਿਧੀਆਂ ਸਕੂਲਾਂ ਅਤੇ ਆਂਗਨਵਾੜੀ ਸੈਂਟਰਾਂ ਵਿੱਚ ਕਰਵਾਈਆਂ ਜਾਣਗੀਆਂ।
ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਸੁਖਦੀਪ ਸਿੰਘ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਬੱਚਿਆਂ ਦੇ ਸੁਨਹਿਰੇ ਭਵਿੱਖ ਨੂੰ ਯਕੀਨੀ ਬਣਾਉਣ ਦੇ ਉਦੇਸ਼ ਨਾਲ ਬੱਚਿਆਂ ਦੀ ਚੰਗੀ ਸਿਹਤ ਅਤੇ ਉਚਿੱਤ ਪੋਸ਼ਣ ਦੇਣ ਲਈ ਪੋਸ਼ਣ ਅਭਿਆਨ ਦੀ ਸ਼ੁਰੂਆਤ ਕੀਤੀ ਹੈ। ਇਸ ਅਭਿਆਨ ਦਾ ਮੁੱਖ ਮਨੋਰਥ 6 ਸਾਲ ਦੇ ਬੱਚਿਆਂ ਵਿੱਚ ਕੁਪੋਸ਼ਣ ਨੂੰ ਘਟਾਉਣਾ, 6 ਤੋਂ 59 ਮਹੀਨਿਆਂ ਦੇ ਬੱਚਿਆਂ, ਅੌਰਤਾਂ ਅਤੇ ਕਿਸ਼ੋਰੀਆਂ ਵਿੱਚ ਖੂਨ ਦੀ ਕਮੀ ਨੂੰ ਘੱਟ ਕਰਨਾ ਹੈ। ਮੀਟਿੰਗ ਵਿੱਚ ਏਡੀਸੀ (ਵਿਕਾਸ) ਅਮਰਦੀਪ ਸਿੰਘ ਬੈਂਸ, ਜ਼ਿਲ੍ਹਾ ਇਮੀਊਨਾਈਜ਼ੇਸ਼ਨ ਅਫ਼ਸਰ ਡਾ. ਵੀਨਾ, ਡੀਐਫਐਸਸੀ ਅਮਰਜੀਤ ਸਿੰਘ ਬੈਂਸ ਸਮੇਤ ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ, ਸਿੱਖਿਆ ਵਿਭਾਗ, ਸਮਾਜਿਕ ਸੁਰੱਖਿਆ ਵਿਭਾਗ ਦੇ ਸੀਨੀਅਰ ਅਫ਼ਸਰ ਮੌਜੂਦ ਸਨ।

Load More Related Articles
Load More By Nabaz-e-Punjab
Load More In General News

Check Also

ਪੰਜਾਬ ਪੁਲੀਸ ਵੱਲੋਂ ਖਣਨ ਵਿਭਾਗ ਦੀ ਜਾਅਲੀ ਵੈੱਬਸਾਈਟ ਦਾ ਮਾਸਟਰਮਾਈਂਡ ਗ੍ਰਿਫ਼ਤਾਰ

ਪੰਜਾਬ ਪੁਲੀਸ ਵੱਲੋਂ ਖਣਨ ਵਿਭਾਗ ਦੀ ਜਾਅਲੀ ਵੈੱਬਸਾਈਟ ਦਾ ਮਾਸਟਰਮਾਈਂਡ ਗ੍ਰਿਫ਼ਤਾਰ ਜਾਅਲੀ ਖਣਨ ਰਸੀਦਾਂ ਤਿਆਰ…