Nabaz-e-punjab.com

ਨਸ਼ਾ ਤਸਕਰੀ ਮਾਮਲਾ: ਸਬ ਇੰਸਪੈਕਟਰ ਸੁਖਮੰਦਰ ਸਿੰਘ ਮੁਅੱਤਲ, ਵਿਭਾਗੀ ਜਾਂਚ ਸ਼ੁਰੂ

ਐਸਟੀਐਫ਼ ਦੀ ਹਿਰਾਸਤ ’ਚੋਂ ਪ੍ਰੋਡਕਸ਼ਨ ਵਾਰੰਟ ਲੈ ਕੇ ਮੁਹਾਲੀ ਪੁਲੀਸ ਵੀ ਕਰ ਸਕਦੀ ਹੈ ਪੁੱਛਗਿੱਛ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 1 ਅਗਸਤ:
ਪੰਜਾਬ ਪੁਲੀਸ ਦੀ ਸਪੈਸ਼ਲ ਟਾਸਕ ਫੋਰਸ (ਐਸਟੀਐਫ਼) ਵੱਲੋਂ ਨਸ਼ਿਆਂ ਦੇ ਖ਼ਿਲਾਫ਼ ਵਿੱਢੀ ਵਿਸ਼ੇਸ਼ ਮੁਹਿੰਮ ਦੇ ਤਹਿਤ ਬੀਤੇ ਕੱਲ੍ਹ ਗ੍ਰਿਫ਼ਤਾਰ ਕੀਤੇ ਸਨੇਟਾ ਪੁਲੀਸ ਚੌਕੀ ਦੇ ਇੰਚਾਰਜ ਰਹੇ ਸਬ ਇੰਸਪੈਕਟਰ ਸੁਖਮੰਦਰ ਸਿੰਘ ਨੂੰ ਮੁਅੱਤਲ ਕਰ ਦਿੱਤਾ ਗਿਆ ਹੈ। ਇਸ ਗੱਲ ਦੀ ਪੁਸ਼ਟੀ ਮੁਹਾਲੀ ਦੇ ਐਸਐਸਪੀ ਕੁਲਦੀਪ ਸਿੰਘ ਚਾਹਲ ਨੇ ਕੀਤੀ। ਉਨ੍ਹਾਂ ਦੱਸਿਆ ਕਿ ਮੁਲਜ਼ਮ ਸਬ ਇੰਸਪੈਕਟਰ ਸੁਖਮੰਦਰ ਸਿੰਘ ਨੂੰ ਤੁਰੰਤ ਪ੍ਰਭਾਵ ਨਾਲ ਮੁਅੱਤਲ ਕਰਕੇ ਉਸ ਦੇ ਖ਼ਿਲਾਫ਼ ਵਿਭਾਗੀ ਜਾਂਚ ਸ਼ੁਰੂ ਕਰ ਦਿੱਤੀ ਹੈ। ਮੁਲਜ਼ਮ ਥਾਣੇਦਾਰ ਦੇ ਖ਼ਿਲਾਫ਼ ਨਸ਼ਾ ਤਸਕਰਾਂ ਦੇ ਖ਼ਿਲਾਫ਼ ਬਣਦੀ ਕਾਨੂੰਨੀ ਕਾਰਵਾਈ ਕਰਨ ਦੀ ਬਜਾਏ ਉਨ੍ਹਾਂ ਨੂੰ ਡਰਾ ਧਮਕਾ ਕੇ ਪੈਸੇ ਲੈ ਕੇ ਛੱਡਣ ਦ ਦੋਸ਼ ਹੈ।
ਸ੍ਰੀ ਚਾਹਲ ਨੇ ਕਿਹਾ ਕਿ ਜੇਕਰ ਲੋੜ ਪਈ ਤਾਂ ਮੁਹਾਲੀ ਪੁਲੀਸ ਵੱਲੋਂ ਮੁਲਜ਼ਮ ਸਬ ਇੰਸਪੈਕਟਰ ਨੂੰ ਐਸਟੀਐਫ਼ ਦੀ ਹਿਰਾਸਤ ’ਚੋਂ ਪ੍ਰੋਡਕਸ਼ਲ ਵਰੰਟ ’ਤੇ ਗ੍ਰਿਫ਼ਤਾਰ ਕਰਕੇ ਪੁੱਛਗਿੱਛ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਵੱਲੋਂ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਲਈ ਵੱਡੇ ਪੱਧਰ ’ਤੇ ਨਸ਼ਿਆਂ ਦੇ ਖ਼ਾਤਮੇ ਲਈ ਮੁਹਿੰਮ ਵਿੱਢੀ ਗਈ ਹੈ। ਅਜਿਹੇ ਕੇਸਾਂ ਵਿੱਚ ਲਾਪਰਵਾਹੀ ਅਤੇ ਭ੍ਰਿਸ਼ਟਾਚਾਰ ਨੂੰ ਬਿਲਕੁਲ ਵੀ ਬਰਦਾਸ਼ਤ ਨਹੀਂ ਕੀਤਾ ਜਾਵੇਗਾ।
ਉਧਰ, ਸੂਤਰਾਂ ਦੀ ਜਾਣਕਾਰੀ ਅਨੁਸਾਰ ਸਬ ਇੰਸਪੈਕਟਰ ਸੁਖਮੰਦਰ ਸਿੰਘ ਕੋਲੋਂ ਕੀਤੀ ਗਈ ਮੁੱਢਲੀ ਪੁੱਛਗਿੱਛ ਦੌਰਾਨ ਜ਼ਿਲ੍ਹਾ ਸੀਆਈਏ ਸਟਾਫ਼ ਮੁਹਾਲੀ ਦੇ ਇਕ ਸਾਬਕਾ ਇੰਚਾਰਜ ਦਾ ਕਥਿਤ ਤੌਰ ’ਤੇ ਨਾਂ ਸਾਹਮਣੇ ਆ ਰਿਹਾ ਹੈ। ਮੁਲਜ਼ਮ ਨੇ ਇੰਚਾਰਜ ਨੂੰ ਵੀ ਪੈਸੇ ਦੇਣ ਬਾਰੇ ਦੱਸਿਆ ਹੈ ਪ੍ਰੰਤੂ ਕੋਈ ਵੀ ਉੱਚ ਅਧਿਕਾਰੀ ਇਸ ਸਬੰਧੀ ਆਪਣਾ ਮੂੰਹ ਖੋਲ੍ਹਣ ਨੂੰ ਤਿਆਰ ਨਹੀਂ ਹੈ। ਐਸਟੀਐਫ਼ ਦੇ ਏਆਈਜੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਫਿਲਹਾਲ ਪੁੱਛਗਿੱਛ ਦੌਰਾਨ ਹੁਣ ਤੱਕ ਅਜਿਹੀ ਕੋਈ ਗੱਲ ਸਾਹਮਣੇ ਆਈ ਹੈ। ਐਸਟੀਐਫ਼ ਦੀ ਜਾਂਚ ਟੀਮ ਵੱਲੋਂ ਵੱਖ ਵੱਖ ਪਹਿਲੂਆਂ ’ਤੇ ਜਾਂਚ ਕੀਤੀ ਜਾ ਰਹੀ ਹੈ ਅਤੇ ਸਬ ਇੰਸਪੈਕਟਰ ਕੋਲੋਂ ਇਹ ਪਤਾ ਲਗਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ਕਿ ਇਸ ਗੋਰਖਧੰਦੇ ਵਿੱਚ ਉਸ ਨਾਲ ਹੋਰ ਕੌਣ ਕੌਣ ਪੁਲੀਸ ਅਧਿਕਾਰੀ ਜਾਂ ਮੁਲਾਜ਼ਮ ਸ਼ਾਮਲ ਹਨ ਅਤੇ ਹੁਣ ਤੱਕ ਉਸ ਵੱਲੋਂ ਕਿੰਨੇ ਮੁਲਜ਼ਮਾਂ ਨੂੰ ਛੱਡਿਆ ਗਿਆ ਹੈ।
ਏਆਈਜੀ ਹਰਪ੍ਰੀਤ ਸਿੰਘ ਨੇ ਇਸ ਮਾਮਲੇ ਦੀ ਜਾਂਚ ਐਸਟੀਐਫ਼ ਦੇ ਡੀਐਸਪੀ ਰਾਜਨ ਪਰਵਿੰਦਰ ਸਿੰਘ ਨੂੰ ਸੌਂਪੀ ਗਈ ਹੈ। ਉਨ੍ਹਾਂ ਦੱਸਿਆ ਕਿ ਕੁਝ ਸਮਾਂ ਪਹਿਲਾਂ ਹੀ ਸਬ ਇੰਸਪੈਕਟਰ ਸੁਖਮੰਦਰ ਸਿੰਘ ਨੇ ਐਂਟੀ ਨਾਰਕੋਟਿਕ ਸੈੱਲ ਦਾ ਇੰਚਾਰਜ ਹੁੰਦਿਆਂ ਕੁਲਦੀਪ ਸਿੰਘ ਉਰਫ਼ ਦੀਪੂ ਵਾਸੀ ਪਿੰਡ ਚੰਗੇਰਾ (ਬਨੂੜ) ਅਤੇ ਉਸ ਦੀ ਪਤਨੀ ਸਰਬਜੀਤ ਕੌਰ ਨੂੰ ਵੇਰਕਾ ਚੌਕ ਮੋਰਿੰਡਾ ਨੇੜਿਓਂ 8 ਗਰਾਮ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤਾ ਗਿਆ ਸੀ ਅਤੇ ਮੁਲਜ਼ਮਾਂ ਕੋਲੋਂ 2 ਲੱਖ ਰੁਪਏ ਡਰੱਗ ਮਨੀ ਬਰਾਮਦ ਹੋਈ ਸੀ। ਜਿਨ੍ਹਾਂ ਨੂੰ ਉਹ ਪਹਿਲਾਂ ਕੁਰਾਲੀ ਥਾਣਾ ਅਤੇ ਫਿਰ ਜ਼ਿਲ੍ਹਾ ਸੀਆਈਏ ਸਟਾਫ਼ ਮੁਹਾਲੀ ਦਫ਼ਤਰ ਦੇ ਖਰੜ ਕੈਂਪਸ ਵਿੱਚ ਲੈ ਆਇਆ। ਪ੍ਰੰਤੂ ਸਬ ਇੰਸਪੈਕਟਰ ਨੇ ਉਨ੍ਹਾਂ ਦੇ ਖ਼ਿਲਾਫ਼ ਕੋਈ ਕਾਨੂੰਨੀ ਕਰਵਾਈ ਕਰਨ ਦੀ ਬਜਾਏ ਮੁਲਜ਼ਮ ਪਤੀ ਪਤਨੀ ਕੋਲੋਂ 4 ਲੱਖ ਰੁਪਏ ਦੀ ਹੋਰ ਮੰਗ ਕੀਤੀ ਗਈ। ਇਸ ਤਰ੍ਹਾਂ ਕੁਲਦੀਪ ਸਿੰਘ ਦੇ ਭਰਾ ਨੇ 4 ਲੱਖ ਰੁਪਏ ਦਿੱਤੇ ਗਏ। ਇਸ ਮਗਰੋਂ ਮੁਲਜ਼ਮਾਂ ਨੂੰ ਛੱਡ ਦਿੱਤਾ ਗਿਆ। ਏਆਈਜੀ ਨੇ ਦੱਸਿਆ ਕਿ ਕਰੀਬ ਮਹੀਨੇ ਬਾਅਦ ਸੁਖਮੰਦਰ ਸਿੰਘ ਨੇ ਮੁਲਜ਼ਮ ਕੁਲਦੀਪ ਦੀਪੂ ਦੀ ਗੈਰਮੌਜੂਦਗੀ ਵਿੱਚ ਉਸ ਦੇ ਘਰ ਦਸਤਕ ਦਿੱਤੀ ਅਤੇ ਮੁਲਜ਼ਮ ਦੀ ਪਤਨੀ ਨੂੰ ਡਰਾ ਧਮਕਾ ਕੇ ਉਸ ਕੋਲੋਂ 1 ਲੱਖ 30 ਹਜ਼ਾਰ ਰੁਪਏ ਦੀ ਨਾਜਾਇਜ਼ ਵਸੂਲੀ ਕੀਤੀ ਗਈ।

Load More Related Articles
Load More By Nabaz-e-Punjab
Load More In Crime & Police

Check Also

ਵਿਜੀਲੈਂਸ ਵੱਲੋਂ ਪਰਲਜ਼ ਗਰੁੱਪ ਦੇ ਮਾਲਕ ਨਿਰਮਲ ਸਿੰਘ ਭੰਗੂ ਦੀ ਪਤਨੀ ਵੀ ਗ੍ਰਿਫ਼ਤਾਰ

ਵਿਜੀਲੈਂਸ ਵੱਲੋਂ ਪਰਲਜ਼ ਗਰੁੱਪ ਦੇ ਮਾਲਕ ਨਿਰਮਲ ਸਿੰਘ ਭੰਗੂ ਦੀ ਪਤਨੀ ਵੀ ਗ੍ਰਿਫ਼ਤਾਰ ਨਬਜ਼-ਏ-ਪੰਜਾਬ, ਮੁਹਾਲੀ,…