Share on Facebook Share on Twitter Share on Google+ Share on Pinterest Share on Linkedin ਪਰਾਲੀ ਦੀ ਸਾਂਭ-ਸੰਭਾਲ ਲਈ ਕਿਸਾਨਾਂ ਤੇ ਸਹਿਕਾਰੀ ਸਭਾਵਾਂ ਨੂੰ ਸਬਸਿਡੀ ’ਤੇ ਦਿੱਤੀਆਂ 412 ਮਸ਼ੀਨਾਂ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 22 ਅਗਸਤ: ਖੇਤੀਬਾੜੀ ਵਿਭਾਗ ਪੰਜਾਬ ਵੱਲੋਂ ਸਾਲ 2018-19 ਦੌਰਾਨ ਜ਼ਿਲ੍ਹਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ (ਮੁਹਾਲੀ) ਦੇ ਕਿਸਾਨਾਂ ਅਤੇ ਸਹਿਕਾਰੀ ਸਭਾਵਾਂ ਨੂੰ ਪਰਾਲੀ ਨੂੰ ਸਾੜਨ ਦੀ ਬਜਾਏ ਉਸ ਦੀ ਸੁਚੱਜੀ ਸੰਭਾਲ ਲਈ 3.80 ਕਰੋੜ ਰੁਪਏ ਕੀਮਤ ਦੀਆਂ 412 ਮਸ਼ੀਨਾਂ ਸਬਸਿਡੀ ’ਤੇ ਮੁਹੱਈਆ ਕਰਵਾਈਆਂ ਗਈਆਂ ਹਨ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਮੁਹਾਲੀ ਦੇ ਡਿਪਟੀ ਕਮਿਸ਼ਨਰ ਗਿਰੀਸ਼ ਦਿਆਲਨ ਨੇ ਦੱਸਿਆ ਕਿ ਇਹ ਆਧੁਨਿਕ ਮਸ਼ੀਨਰੀ ਸਹਿਕਾਰੀ ਸਭਾਵਾਂ, ਕਿਸਾਨ ਕਲੱਬਾਂ ਅਤੇ ਕਿਸਾਨਾਂ ਨੂੰ ਦਿੱਤੀ ਗਈ। ਉਨ੍ਹਾਂ ਦੱਸਿਆ ਕਿ ਕਿਸਾਨਾਂ ਨੂੰ ਹੈਪੀ ਸੀਡਰ, ਪੈਡੀ ਮਲਚਰ, ਰੋਟਰੀ ਸਲੈਸਰ, ਰੋਟਾਵੇਟਰ, ਜ਼ੀਰੋ ਟਰਿੱਲ, ਚੋਪਰ ਹਾਈਡ੍ਰੋਲਿਕ ਰਿਵਰਸੀਬਲ ਐਮਬੀ ਪਲਾਓ ਤੇ ਸਰਬ ਮਾਸਟਰ ਅਤੇ ਸੁਪਰ ਐਸਐਮਐਸ ਸਬਸਿਡੀ ’ਤੇ ਦਿੱਤੇ ਗਏ ਹਨ। ਇਹ ਮਸ਼ੀਨਰੀ ਕਿਸਾਨ ਗਰੁੱਪਾਂ ਨੂੰ 80 ਫੀਸਦੀ ਅਤੇ ਕਿਸਾਨ ਨੂੰ ਵਿਅਕਤੀਗਤ ਤੌਰ ’ਤੇ 50 ਫੀਸਦੀ ਸਬਸਿਡੀ ’ਤੇ ਮੁਹੱਈਆ ਕਰਵਾਈ ਗਈ ਹੈ। ਸ੍ਰੀ ਗਿਰੀਸ਼ ਦਿਆਲਨ ਨੇ ਦੱਸਿਆ ਕਿ ਖੇਤੀਬਾੜੀ ਵਿਭਾਗ ਵੱਲੋਂ ਕਿਸਾਨਾਂ ਨੂੰ ਝੋਨੇ ਦੀ ਕਟਾਈ ਮਗਰੋਂ ਰਹਿੰਦ-ਖੰੂਹਦ ਅਤੇ ਪਰਾਲੀ ਨੂੰ ਅੱਗ ਨਾ ਲਾਉਣ ਸਬੰਧੀ ਪਿੰਡ ਪੱਧਰ ’ਤੇ ਜਾਗਰੂਕ ਵੀ ਕੀਤਾ ਜਾ ਰਿਹਾ ਹੈ। ਜਿੱਥੇ ਕਿਸਾਨਾਂ ਨੂੰ ਪਰਾਲੀ ਦੀ ਸੁਚੱਜੀ ਸੰਭਾਲ ਲਈ ਸਬਸਿਡੀ ’ਤੇ ਦਿੱਤੀ ਗਈ ਅਤੇ ਆਧੁਨਿਕ ਮਸ਼ੀਨਰੀ ਦੀ ਵਰਤੋਂ ਬਾਰੇ ਸਿਖਲਾਈ ਦਿੱਤੀ ਜਾਂਦੀ ਹੈ, ਉੱਥੇ ਪਰਾਲੀ ਸਾੜਨ ਨਾਲ ਵਾਤਾਵਰਨ ’ਤੇ ਪੈਣ ਵਾਲੇ ਮਾੜੇ ਪ੍ਰਭਾਵਾਂ ਬਾਰੇ ਵੀ ਜਾਣੂ ਕਰਵਾਇਆ ਜਾਂਦਾ ਹੈ। ਮੁੱਖ ਖੇਤੀਬਾੜੀ ਅਫ਼ਸਰ ਹਰਪਾਲ ਸਿੰਘ ਨੇ ਦੱਸਿਆ ਕਿ ਕਿਸੇ ਵੀ ਪਿੰਡ ਦਾ ਕਿਸਾਨ ਸਹਿਕਾਰੀ ਸਭਾਵਾਂ ਨੂੰ ਦਿੱਤੀ ਗਈ ਮਸ਼ੀਨਰੀ ਦੀ ਵਰਤੋਂ ਕਰਨ ਲਈ ਸਹਿਕਾਰੀ ਸਭਾ ਅਤੇ ਕਿਸਾਨ ਗਰੁੱਪਾਂ ਤੱਕ ਪਹੁੰਚ ਕਰ ਸਕਦਾ ਹੈ। ਉਨ੍ਹਾਂ ਦੱਸਿਆ ਕਿ ਕਿਸਾਨਾਂ ਨੂੰ ਰਵਾਇਤੀ ਫਸਲਾਂ ਦੀ ਬਜਾਏ ਫਸਲੀ ਵੰਨ-ਸੁਵੰਨਤਾ ਅਪਣਾਉਣ ਲਈ ਵੀ ਪ੍ਰੇਰਿਤ ਕੀਤਾ ਜਾ ਰਿਹਾ ਹੈ ਤਾਂ ਜੋ ਕਿਸਾਨ ਲਾਹੇਵੰਦ ਫਸਲਾਂ ਦੀ ਕਾਸ਼ਤ ਕਰਕੇ ਵੱਧ ਮੁਨਾਫ਼ਾ ਕਮਾ ਸਕਣ। ਖੇਤੀਬਾੜੀ ਵਿਕਾਸ ਅਫ਼ਸਰ ਗੁਰਦਿਆਲ ਕੁਮਾਰ ਨੇ ਦੱਸਿਆ ਕਿ ਕਿਸਾਨਾਂ ਨੂੰ ਖੇਤੀਬਾੜੀ ਦੇ ਨਾਲ ਨਾਲ ਸਹਾਇਕ ਧੰਦਿਆਂ ਵੱਲ ਵੀ ਪ੍ਰੇਰਿਤ ਕੀਤਾ ਜਾ ਰਿਹਾ ਹੈ ਤਾਂ ਜੋ ਕਿਸਾਨ ਡੇਅਰੀ, ਪਸ਼ੂ ਪਾਲਣ, ਮੱਛੀ ਪਾਲਣ ਅਤੇ ਹੋਰ ਸਹਾਇਕ ਧੰਦੇ ਅਪਣਾ ਕੇ ਆਪਣੇ ਪਰਿਵਾਰਾਂ ਦਾ ਗੁਜ਼ਾਰਾ ਚਲਾ ਸਕਣ। ਉਨ੍ਹਾਂ ਕਿਹਾ ਕਿ ਸਹਾਇਕ ਧੰਦੇ ਅਪਣਾਉਣ ਨਾਲ ਕਿਸਾਨਾਂ ਅਤੇ ਆਮ ਲੋਕਾਂ ਦੀ ਆਰਥਿਕਤਾ ਮਜ਼ਬੂਤ ਹੋਵੇਗੀ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ