ਖ਼ੁਦਕੁਸ਼ੀ ਮਾਮਲਾ: ਸ਼ੇਰ-ਏ-ਪੰਜਾਬ ਕਿਸਾਨ ਯੂਨੀਅਨ ਦਾ ਵਫ਼ਦ ਡੀਐਸਪੀ ਨੂੰ ਮਿਲਿਆ

ਪੀੜਤ ਪਰਿਵਾਰ ਤੇ ਕਿਸਾਨਾਂ ਵੱਲੋਂ ਪੁਲੀਸ ਨੂੰ ਹਫ਼ਤੇ ਦਾ ਅਲਟੀਮੇਟਮ, ਸੰਘਰਸ਼ ਦੀ ਚਿਤਾਵਨੀ

ਨਬਜ਼-ਏ-ਪੰਜਾਬ, ਮੁਹਾਲੀ, 4 ਅਕਤੂਬਰ:
ਪਿਛਲੇ ਦਿਨੀਂ ਖਰੜ ਵਿੱਚ ਪੁਲੀਸ ਵੱਲੋਂ ਝੂਠੇ ਪਰਚੇ ਵਿੱਚ ਫਸਾਉਣ ਦੀਆਂ ਕਥਿਤ ਧਮਕੀਆਂ ਦੇ ਚੱਲਦਿਆਂ ਖ਼ੁਦਕੁਸ਼ੀ ਕਰਨ ਵਾਲੇ ਨੌਜਵਾਨ ਦੇ ਮਾਪਿਆਂ ਨੂੰ ਇਨਸਾਫ਼ ਦਿਵਾਉਣ ਲਈ ਸ਼ੇਰ-ਏ-ਪੰਜਾਬ ਕਿਸਾਨ ਯੂਨੀਅਨ ਖੁੱਲ੍ਹ ਕੇ ਸਾਹਮਣੇ ਆ ਗਈ ਹੈ। ਜਥੇਬੰਦੀ ਦਾ ਵਫ਼ਦ ਅੱਜ ਮੁਹਾਲੀ ਵਿਖੇ ਜ਼ਿਲ੍ਹਾ ਪੁਲੀਸ ਹੈੱਡਕਵਾਟਰ ’ਤੇ ਡੀਐਸਪੀ (ਸਪੈਸ਼ਲ ਸੈੱਲ) ਨਰਿੰਦਰਪਾਲ ਚੌਧਰੀ ਨੂੰ ਮਿਲਿਆ ਅਤੇ ਮੰਗ ਪੱਤਰ ਦੇ ਕੇ ਸਮੁੱਚੇ ਘਟਨਾਕ੍ਰਮ ਤੋਂ ਜਾਣੂ ਕਰਵਾਉਂਦੇ ਹੋਏ ਇਨਸਾਫ਼ ਦੀ ਗੁਹਾਰ ਲਗਾਈ। ਇਸ ਤੋਂ ਪਹਿਲਾਂ ਜਥੇਬੰਦੀ ਦੇ ਪ੍ਰਧਾਨ ਕੁਲਵਿੰਦਰ ਸਿੰਘ ਪੰਜੋਲਾ ਨੇ ਆਪਣੇ ਸਾਥੀਆਂ ਸਮੇਤ ਮ੍ਰਿਤਕ ਨੌਜਵਾਨ ਦੇ ਘਰ ਪਹੁੰਚ ਕੇ ਪੀੜਤ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ।
ਇਸ ਮੌਕੇ ਮ੍ਰਿਤਕ ਨੌਜਵਾਨ ਦੇ ਪਿਤਾ ਸ਼ਰਨਜੀਤ ਸਿੰਘ ਨੇ ਕਿਸਾਨਾਂ ਦੇ ਵਫ਼ਦ ਨੂੰ ਦੱਸਿਆ ਕਿ ਉਸ ਦਾ ਬੇਟਾ ਆਪਣੇ ਕਿਸੇ ਦੋਸਤ ਦਾ ਮੋਟਰ ਸਾਈਕਲ ਲੈ ਕੇ ਖਰੜ ਜਾ ਰਿਹਾ ਸੀ ਤਾਂ ਰਸਤੇ ਵਿੱਚ ਨਾਕੇ ’ਤੇ ਪੁਲੀਸ ਵੱਲੋਂ ਰੋਕਿਆ ਗਿਆ ਅਤੇ ਵਾਹਨ ਦੇ ਦਸਤਾਵੇਜ਼ ਪੂਰੇ ਨਾ ਹੋਣ ਕਾਰਨ ਪੁਲੀਸ ਕਰਮਚਾਰੀ ਉਸ ਨੂੰ ਫੜ ਕੇ ਥਾਣੇ ਲੈ ਗਏ। ਹਾਲਾਂਕਿ ਪਰਿਵਾਰ ਵੱਲੋਂ ਮੋਟਰ ਸਾਈਕਲ ਦੇ ਦਸਤਾਵੇਜ਼ ਵੀ ਦਿਖਾਏ ਗਏ ਪ੍ਰੰਤੂ ਦੋ ਪੁਲੀਸ ਮੁਲਾਜ਼ਮਾਂ ਨੇ ਨੌਜਵਾਨਾਂ ’ਤੇ ਝੂਠੇ ਪਰਚੇ ਪਾਉਣ ਦੀ ਧਮਕੀ ਦੇ ਕੇ ਉਸ ਤੋਂ 20 ਹਜ਼ਾਰ ਰੁਪਏ ਦੀ ਮੰਗ ਕੀਤੀ ਗਈ। ਪੁਲੀਸ ਦੀ ਧਮਕੀ ਤੋਂ ਘਬਰਾਇਆ ਹੋਇਆ ਕਿ ਨੌਜਵਾਨ ਆਪਣੇ ਦੋਸਤਾਂ ਤੋਂ ਪੈਸੇ ਇਕੱਠੇ ਕਰਨ ਲੱਗ ਪਿਆ ਪ੍ਰੰਤੂ ਇਸ ਦੌਰਾਨ ਪੁਲੀਸ ਮੁਲਜ਼ਮਾਂ ਨੇ ਉਸ ਨੂੰ ਦੁਬਾਰਾ ਥਾਣੇ ਸੱਦ ਧਮਕਾਉਣ ’ਤੇ ਉਨ੍ਹਾਂ ਐਨਾ ਜ਼ਿਆਦਾ ਘਬਰਾ ਗਿਆ ਕਿ ਰਾਤ ਸਮੇਂ ਉਸ ਨੇ ਫਾਹਾ ਲੈ ਕੇ ਆਤਮ ਹੱਤਿਆ ਲਈ। ਪੀੜਤ ਪਰਿਵਾਰ ਅਤੇ ਕਿਸਾਨਾਂ ਨੇ ਮੰਗ ਕੀਤੀ ਕਿ ਨੌਜਵਾਨ ਨੂੰ ਧਮਕਾਉਣ ਅਤੇ ਖ਼ੁਦਕੁਸ਼ੀ ਲਈ ਮਜਬੂਰ ਕਰਨ ਵਾਲੇ ਪੁਲੀਸ ਮੁਲਾਜ਼ਮਾਂ ਵਿਰੁੱਧ ਸਖ਼ਤ ਕਾਨੂੰਨੀ ਕਾਰਵਾਈ ਕਰਕੇ ਉਨ੍ਹਾਂ ਨੂੰ ਗ੍ਰਿਫ਼ਤਾਰ ਕੀਤਾ ਜਾਵੇ ਅਤੇ ਇਸ ਮਾਮਲੇ ਦੀ ਨਿਰਪੱਖ ਜਾਂਚ ਕਰਵਾਈ ਜਾਵੇ। ਕਿਸਾਨਾਂ ਨੇ ਪੁਲੀਸ ਨੂੰ ਹਫ਼ਤੇ ਦਾ ਅਲਟੀਮੇਟਮ ਦਿੰਦੇ ਹੋਏ ਇਨਸਾਫ਼ ਪ੍ਰਾਪਤੀ ਲਈ ਸੰਘਰਸ਼ ਵਿੱਢਣ ਦੀ ਚਿਤਾਵਨੀ ਦਿੱਤੀ। ਇਸ ਮੌਕੇ ਰਵਿੰਦਰ ਸਿੰਘ ਚੈੜੀਆਂ, ਲਾਡੀ ਕਾਕਰੋ, ਮੁਖਵੈਲ ਸਿੰਘ, ਰਜਿੰਦਰ ਸਿੰਘ ਭਲਿਆਣ, ਰਵਿੰਦਰ ਸਿੰਘ ਵਜੀਦਪੁਰ ਤੇ ਮੱਖਣ ਸਿੰਘ ਬੁਰਜਵਾਲਾ ਅਤੇ ਸਰਬਜੀਤ ਸਿੰਘ ਪੰਜੋਲਾ ਵੀ ਹਾਜ਼ਰ ਸਨ।

Load More Related Articles
Load More By Nabaz-e-Punjab
Load More In General News

Check Also

ਸੜਕਾਂ ’ਤੇ ਰੁਲ ਰਿਹੈ ਪੰਜਾਬ ਦਾ ਭਵਿੱਖ ਨੌਜਵਾਨ ਵਰਗ, PSSSB ਬੋਰਡ ਦੇ ਬਾਹਰ ਰੋਸ ਮੁਜ਼ਾਹਰਾ

ਸੜਕਾਂ ’ਤੇ ਰੁਲ ਰਿਹੈ ਪੰਜਾਬ ਦਾ ਭਵਿੱਖ ਨੌਜਵਾਨ ਵਰਗ, PSSSB ਬੋਰਡ ਦੇ ਬਾਹਰ ਰੋਸ ਮੁਜ਼ਾਹਰਾ ਸੀਨੀਅਰ ਸਹਾਇਕ-…