
ਸਤਾ ਪ੍ਰਾਪਤੀ ਦੇ ਲਾਲਚ ਵਿੱਚ ਸੁਖਬੀਰ ਤੇ ਮਜੀਠੀਆ ਨੇ ਪੰਥਕ ਮੁੱਦੇ ਵਿਸਾਰੇ: ਬੱਬੀ ਬਾਦਲ
ਕਾਂਗਰਸੀਆਂ ਵਿੱਚ ਕੁਰਸੀ ਦੀ ਲੜਾਈ ਕਾਰਨ ਵਿਕਾਸ ਕੰਮਾਂ ਵਿੱਚ ਖੜੌਤ ਆਈ: ਬੱਬੀ ਬਾਦਲ
ਬੱਬੀ ਬਾਦਲ ਵੱਲੋਂ ਜਨ ਸੰਪਰਕ ਮੁਹਿੰਮ ਤਹਿਤ ਪਿੰਡਾਂ ਵਿੱਚ ਨੁੱਕੜ ਮੀਟਿੰਗਾਂ ਦਾ ਸਿਲਸਿਲਾ ਜਾਰੀ
ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 16 ਜਨਵਰੀ:
ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਦੇ ਜਨਰਲ ਸਕੱਤਰ ਹਰਸੁਖਇੰਦਰ ਸਿੰਘ ਬੱਬੀ ਬਾਦਲ ਨੇ ਜਨ ਸੰਪਰਕ ਮੁਹਿੰਮ ਨੂੰ ਅੱਗੇ ਤੋਰਦਿਆਂ ਮੁਹਾਲੀ ਹਲਕੇ ਦੇ ਵੱਖ-ਵੱਖ ਪਿੰਡਾਂ ਅਤੇ ਕਸਬਿਆਂ ਵਿੱਚ ਨੁੱਕੜ ਮੀਟਿੰਗਾਂ ਕੀਤੀਆਂ। ਪਿੰਡ ਮਾਣਕਪੁਰ ਕੱਲਰ ਵਿੱਚ ਨੌਜਵਾਨਾਂ ਨਾਲ ਮਿਲਣੀ ਦੌਰਾਨ ਬੱਬੀ ਬਾਦਲ ਨੇ ਆਪਣੇ ਸ਼ਰੀਕਾ ’ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਬਿਕਰਮ ਸਿੰਘ ਮਜੀਠੀਆ ਨੇ ਸੱਤਾ ਪ੍ਰਾਪਤੀ ਅਤੇ ਕਾਰੋਬਾਰ ਵਧਾਉਣ ਲਈ ਪੰਥਕ ਮੁੱਦਿਆਂ ਨੂੰ ਵਿਸਾਰ ਦਿੱਤਾ ਹੈ। ਜਿਸ ਕਾਰਨ ਕਾਫ਼ੀ ਸਮੇਂ ਤੋਂ ਪੰਥਕ ਮਸਲੇ ਜਿਉਂ ਦੇ ਤਿਉਂ ਲਮਕ ਵਿੱਚ ਪਏ ਹਨ। ਉਨ੍ਹਾਂ ਦੋਸ਼ ਲਾਇਆ ਕਿ ਬਾਦਲਾਂ ਨੇ ਪੰਜਾਬ ਤੇ ਪੰਥ ਨੂੰ ਢਾਹ ਲਾਉਣ ਵਿੱਚ ਕੋਈ ਕਸਰ ਨਹੀਂ ਛੱਡੀ ਜਦੋਂਕਿ ਅਕਾਲੀ ਦਲ (ਸੰਯੁਕਤ) ਨੇ ਪੰਥ ਤੇ ਪੰਜਾਬ ਦੇ ਮੁੱਦਿਆਂ ਨੂੰ ਸੰਜੀਦਗੀ ਹੱਲ ਕਰਵਾਉਣ ਦਾ ਬੀੜਾ ਚੁੱਕਿਆ ਹੈ ਅਤੇ ਆਉਣ ਵਾਲੇ ਦਿਨਾਂ ਵਿੱਚ ਸਿੱਖ ਮਸਲਿਆਂ ਸਬੰਧੀ ਚੰਗੇ ਨਤੀਜੇ ਦੇਖਣ ਨੂੰ ਮਿਲਣਗੇ।
ਕਾਂਗਰਸ ’ਤੇ ਨਿਸ਼ਾਨਾ ਸਾਧਦਿਆਂ ਬੱਬੀ ਬਾਦਲ ਨੇ ਦੋਸ਼ ਲਾਇਆ ਕਿ ਹੁਕਮਰਾਨਾਂ ਨੇ ਪੰਜਾਬ ਦੀ ਤਰੱਕੀ ਦੇ ਰਾਹ ਬੰਦ ਕਰਕੇ ਸਿਰਫ਼ ਆਪਣੇ ਪਰਿਵਾਰਾਂ ਨੂੰ ਪਹਿਲ ਦਿੱਤੀ ਹੈ ਅਤੇ ਕਾਂਗਰਸੀਆਂ ਵਿੱਚ ਕੁਰਸੀ ਦੀ ਲੜਾਈ ਕਾਰਨ ਵਿਕਾਸ ਕੰਮਾਂ ਵਿੱਚ ਖੜੌਤ ਆਈ ਹੈ। ਮੁੱਖ ਮੰਤਰੀ ਅਤੇ ਪੰਜਾਬ ਕੈਬਨਿਟ ਨੇ ਗੋਲ ਮੇਜ਼ ’ਤੇ ਬੈਠ ਕੇ ਜਿੰਨੇ ਵੀ ਫੈਸਲੇ ਕੀਤੇ, ਹੁਣ ਤੱਕ ਇਕ ਵੀ ਫੈਸਲਾ ਲਾਗੂ ਨਹੀਂ ਹੋਇਆ। ਉਨ੍ਹਾਂ ਕਿਹਾ ਕਿ ਬੇਅਦਬੀ ਅਤੇ ਨਸ਼ਿਆਂ ਦੇ ਸੌਦਾਗਰਾਂ ਨੂੰ ਕਾਨੂੰਨ ਮੁਤਾਬਕ ਸਖ਼ਤ ਸਜ਼ਾਵਾਂ ਦਿਵਾਉਣ ਵਿੱਚ ਵੀ ਸਰਕਾਰ ਬੁਰੀ ਤਰ੍ਹਾਂ ਫੇਲ ਸਾਬਤ ਹੋਈ ਹੈ।
ਇਸ ਮੌਕੇ ਅਵਤਾਰ ਸਿੰਘ ਸਾਬਕਾ ਸਰਪੰਚ ਮਾਣਕਪੁਰ ਕੱਲਰ, ਹਰਵਿੰਦਰ ਸਿੰਘ, ਗੁਰਜੰਟ ਸਿੰਘ, ਅਮਰੀਕ ਸਿੰਘ, ਗੁਰਸੇਵਕ ਸਿੰਘ, ਜਸਵਿੰਦਰ ਸਿੰਘ, ਹਰਪ੍ਰੀਤ ਸਿੰਘ, ਜਸਵੰਤ ਸਿੰਘ, ਗੁਰਵਿੰਦਰ ਸਿੰਘ, ਪ੍ਰਦੀਪ ਸਿੰਘ, ਬਲਵਿੰਦਰ ਸਿੰਘ, ਪ੍ਰੀਤਮ ਸਿੰਘ, ਮਲਕੀਤ ਸਿੰਘ, ਰਣਜੀਤ ਸਿੰਘ ਬਰਾੜ, ਜਗਤਾਰ ਸਿੰਘ ਘੜੂੰਆਂ, ਸੁਰਿੰਦਰ ਸਿੰਘ ਸਾਬਕਾ ਸਰਪੰਚ ਕੰਡਾਲਾ, ਕੰਵਲਜੀਤ ਸਿੰਘ ਪੱਤੋਂ, ਜਸਪ੍ਰੀਤ ਸਿੰਘ, ਬਿਕਰਮ ਸਿੰਘ ਹਾਜ਼ਰ ਸਨ।