ਸੁਖਬੀਰ ਬਾਦਲ ਨੇ ਭਖਾਈ ਪਰਵਿੰਦਰ ਸੋਹਾਣਾ ਦੀ ਚੋਣ ਮੁਹਿੰਮ, ਵਿਰੋਧੀ ਵੀ ਇਕ ਮੰਚ ’ਤੇ ਨਜ਼ਰ ਆਏ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 24 ਜਨਵਰੀ:
ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਸੋਮਵਾਰ ਨੂੰ ਮੁਹਾਲੀ ਹਲਕੇ ਵਿੱਚ ਪਾਰਟੀ ਉਮੀਦਵਾਰ ਪਰਵਿੰਦਰ ਸਿੰਘ ਸੋਹਾਣਾ ਬੈਦਵਾਨ ਦੀ ਚੋਣ ਮੁਹਿੰਮ ਨੂੰ ਪੂਰੀ ਤਰ੍ਹਾਂ ਭਖਾ ਦਿੱਤਾ ਹੈ। ਅੱਜ ਮੌਸਮ ਦੀ ਖ਼ਰਾਬੀ ਦੇ ਬਾਵਜੂਦ ਸੁਖਬੀਰ ਨੇ ਪਿੰਡ ਬੜੀ ਵਿੱਚ ਚੋਣ ਪ੍ਰਚਾਰ ਦੌਰਾਨ ਪਾਰਟੀ ਵਰਕਰਾਂ ਅਤੇ ਇਲਾਕੇ ਦੇ ਲੋਕਾਂ ਵਿੱਚ ਜੋਸ਼ ਭਰਦਿਆਂ ਅਕਾਲੀ ਦਲ ਦੇ ਹੱਕ ਵਿੱਚ ਫਤਵਾ ਦੇਣ ਦੀ ਜ਼ੋਰਦਾਰ ਅਪੀਲ ਕੀਤੀ। ਇਸ ਦੌਰਾਨ ਪਰਵਿੰਦਰ ਨੂੰ ਪਾਰਟੀ ਟਿਕਟ ਦੇਣ ਦਾ ਵਿਰੋਧ ਕਰਨ ਵਾਲੇ ਸਥਾਨਕ ਅਕਾਲੀ ਆਗੂ ਵੀ ਸੁਖਬੀਰ ਦੀ ਅਗਵਾਈ ਹੇਠ ਇਕ ਮੰਚ ’ਤੇ ਇਕੱਠੇ ਨਜ਼ਰ ਆਏ।
ਸ੍ਰੀ ਬਾਦਲ ਨੇ ਕਿਹਾ ਕਿ ਆਪ ਸੁਪਰੀਮੋ ਅਰਵਿੰਦ ਕੇਜਰੀਵਾਲ ਦੋਗਲਾ ਬੰਦਾ ਹੈ ਅਤੇ ਉਹ ਪੰਜਾਬ ਤੇ ਪੰਜਾਬੀਆਂ ਦੇ ਖ਼ਿਲਾਫ਼ ਹੈ। ਉਨ੍ਹਾਂ ਕਿਹਾ ਕਿ ਤਿਹਾੜ ਜੇਲ੍ਹ ਵਿੱਚ ਨਜ਼ਰਬੰਦ ਸਿੱਖ ਕੈਦੀ ਪ੍ਰੋ. ਦਵਿੰਦਰਪਾਲ ਸਿੰਘ ਭੁੱਲਰ ਆਪਣੀ ਸਜਾ ਪੂਰੀ ਕਰ ਚੁੱਕਾ ਹੈ ਪਰ ਉਸ ਨੂੰ ਕੇਜਰੀਵਾਲ ਸਰਕਾਰ ਵੱਲੋਂ ਰਿਹਾਅ ਨਹੀਂ ਕੀਤਾ ਜਾ ਰਿਹਾ। ਉਨ੍ਹਾਂ ਕਿਹਾ ਕਿ ਤਿਹਾੜ ਜੇਲ੍ਹ ਦਿੱਲੀ ਦੀ ਕੇਜਰੀਵਾਲ ਸਰਕਾਰ ਦੇ ਅਧੀਨ ਹੈ, ਕਿਸਾਨ ਮੋਰਚੇ ਦੌਰਾਨ ਜਿਹੜੇ ਕਿਸਾਨਾਂ ਨੂੰ ਫੜ ਕੇ ਤਿਹਾੜ ਜੇਲ੍ਹ ਵਿੱਚ ਡੱਕਿਆ ਗਿਆ, ਉਨ੍ਹਾਂ ਕਿਸਾਨਾਂ ਨੇ ਦੱਸਿਆ ਕਿ ਉਨ੍ਹਾਂ ਤੋਂ ਜੇਲ੍ਹ ਵਿੱਚ ਬਾਥਰੂਮ ਸਾਫ਼ ਕਰਵਾਏ ਜਾਂਦੇ ਸੀ। ਉਨ੍ਹਾਂ ਕਿਹਾ ਕਿ ਪੰਜਾਬੀਆਂ ਨੂੰ ਕੇਜਰੀਵਾਲ ਤੋਂ ਸੁਚੇਤ ਰਹਿਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਭਾਜਪਾ ਪੰਜਾਬ ’ਚੋਂ ਪੂਰੀ ਤਰ੍ਹਾਂ ਖ਼ਤਮ ਹੋ ਗਈ ਹੈ ਜਦੋਂਕਿ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਲੋਕ ਕਾਂਗਰਸ ਦਾ ਕੋਈ ਵਜੂਦ ਨਹੀਂ ਹੈ। ਸੂਬੇ ਦੇ ਲੋਕ ਕੈਪਟਨ ਨੂੰ ਬਿਲਕੁਲ ਨਕਾਰ ਚੁੱਕੇ ਹਨ।
ਇਸ ਮੌਕੇ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਚਰਨਜੀਤ ਸਿੰਘ ਕਾਲੇਵਾਲ, ਸ਼ਹਿਰੀ ਪ੍ਰਧਾਨ ਕੰਵਲਜੀਤ ਸਿੰਘ ਰੂਬੀ, ਸੀਨੀਅਰ ਆਗੂ ਹਰਜੀਤ ਸਿੰਘ ਭੁੱਲਰ, ਗੁਰਮੀਤ ਸਿੰਘ ਸ਼ਾਮਪੁਰ, ਸੋਨੀ ਬੜੀ, ਗੁਰਪ੍ਰਤਾਪ ਸਿੰਘ ਬੜੀ, ਕੰਵਲਜੀਤ ਸਿੰਘ ਕਮਾਂ, ਸਰਬਜੀਤ ਸਿੰਘ ਪਾਰਸ ਅਜੈਪਾਲ ਮਿੱਡੂਖੇੜਾ, ਗਗਨਦੀਪ ਸਿੰਘ ਬੈਦਵਾਨ, ਜਸਵੀਰ ਜੱਸੀ ਕੁਰੜਾ, ਬਲਵਿੰਦਰ ਸਿੰਘ ਲਖਨੌਰ, ਕੈਪਟਨ ਰਮਨਦੀਪ ਸਿੰਘ ਬਾਵਾ, ਅਮਨ ਪੂਨੀਆ, ਬੀਬੀ ਕਸ਼ਮੀਰ ਕੌਰ, ਨਿਰਮਲ ਸਿੰਘ ਅਤੇ ਮੱਖਣ ਸਿੰਘ ਗੀਗੇਮਾਜਰਾ ਸਮੇਤ ਹੋਰ ਆਗੂ ਹਾਜ਼ਰ ਸਨ।

Load More Related Articles

Check Also

ਬੰਬਾਂ ਬਾਰੇ ਬਿਆਨ ਦਾ ਮਾਮਲਾ: ਮੁਹਾਲੀ ਥਾਣੇ ਵਿੱਚ ਪੇਸ਼ ਨਹੀਂ ਹੋਏ ਪ੍ਰਤਾਪ ਸਿੰਘ ਬਾਜਵਾ

ਬੰਬਾਂ ਬਾਰੇ ਬਿਆਨ ਦਾ ਮਾਮਲਾ: ਮੁਹਾਲੀ ਥਾਣੇ ਵਿੱਚ ਪੇਸ਼ ਨਹੀਂ ਹੋਏ ਪ੍ਰਤਾਪ ਸਿੰਘ ਬਾਜਵਾ ਬਾਜਵਾ ਨੇ ਆਪਣੇ ਵਕ…