ਸੁਖਬੀਰ ਬਾਦਲ ਵੱਲੋਂ ਬੱਲੋਮਾਜਰਾ ਕਬੱਡੀ ਕੱਪ ਦਾ ਪੋਸਟਰ ਰਿਲੀਜ਼

ਕਬੱਡੀ ਨੂੰ ਅੰਤਰਰਾਸ਼ਟਰੀ ਪੱਧਰ ’ਤੇ ਪਹੁੰਚਾਉਣ ਵਿੱਚ ਅਕਾਲੀ ਦਲ ਦਾ ਵੱਡਾ ਯੋਗਦਾਨ: ਬਾਦਲ

ਨਬਜ਼-ਏ-ਪੰਜਾਬ, ਮੁਹਾਲੀ, 3 ਫਰਵਰੀ:
ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਬੱਲੋਮਾਜਰਾ ਕਬੱਡੀ ਕੱਪ ਦਾ ਪੋਸਟਰ ਰਿਲੀਜ਼ ਕੀਤਾ। ਉਨ੍ਹਾਂ ਨੇ ਕਬੱਡੀ ਨੂੰ ਪੰਜਾਬ ਦੀ ਸ਼ਾਨ ਅਤੇ ਮਾਂ ਖੇਡ ਦੱਸਦਿਆਂ ਕਿਹਾ ਕਿ ਅਕਾਲੀ ਦਲ ਦੀ ਸਰਕਾਰ ਦੇ ਦੌਰਾਨ ਇਸ ਖੇਡ ਨੂੰ ਵਿਸ਼ਵ ਪੱਧਰ ’ਤੇ ਲਿਜਾਉਣ ਲਈ ਬੇਹੱਦ ਕੋਸ਼ਿਸ਼ਾਂ ਕੀਤੀਆਂ ਗਈਆਂ ਸਨ। ਸੁਖਬੀਰ ਬਾਦਲ ਨੇ ਕਿਹਾ ਕਿ ਅਕਾਲੀ-ਭਾਜਪਾ ਸਰਕਾਰ ਦੌਰਾਨ ਪੰਜਾਬ ਵਿੱਚ ਵਿਸ਼ਵ ਕੱਪ ਕਬੱਡੀ ਦੇ ਵੱਡੇ ਟੂਰਨਾਮੈਂਟ ਕਰਵਾਏ ਗਏ ਸਨ, ਜਿੰਨਾਂ ਦੀ ਮਦਦ ਨਾਲ ਪੰਜਾਬ ਦੀ ਮਿੱਟੀ ਨਾਲ ਜੁੜੀ ਇਹ ਖੇਡ ਦੁਨੀਆ ਭਰ ਵਿੱਚ ਮਸ਼ਹੂਰ ਹੋਈ। ਉਨ੍ਹਾਂ ਨੇ ਦਾਅਵਾ ਕੀਤਾ ਕਿ ਵਰਤਮਾਨ ਸਰਕਾਰ ਨੇ ਕਬੱਡੀ ਖੇਡ ਦੀ ਬੇਹੱਦ ਅਣਦੇਖੀ ਕੀਤੀ ਹੈ, ਜਿਸ ਕਰਕੇ ਕਈ ਉੱਚ ਪੱਧਰੀ ਮੈਚ ਅਤੇ ਲੀਗ ਬੰਦ ਹੋ ਗਈਆਂ ਹਨ।
ਬੱਲੋਮਾਜਰਾ ਕਬੱਡੀ ਕੱਪ ਬਾਰੇ ਜਾਣਕਾਰੀ ਦਿੰਦਿਆਂ ਉਨ੍ਹਾਂ ਕਿਹਾ ਕਿ ਇਹ ਪੰਜਾਬੀ ਨੌਜਵਾਨਾਂ ਲਈ ਇੱਕ ਵਧੀਆ ਮੰਚ ਹੋਵੇਗਾ, ਜਿੱਥੇ ਉਹ ਆਪਣੀ ਖੇਡ ਦੀ ਕਾਬਲੀਅਤ ਵਿਖਾ ਸਕਣਗੇ। ਉਨ੍ਹਾਂ ਕਿਹਾ ਕਿ ਅਜਿਹੇ ਟੂਰਨਾਮੈਂਟ ਕਰਵਾਉਣ ਦਾ ਮੰਤਵ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣਾ ਅਤੇ ਖੇਡਾਂ ਵਲ ਪ੍ਰੇਰਿਤ ਕਰਨਾ ਹੈ। ਉਨ੍ਹਾਂ ਕਬੱਡੀ ਕੱਪ ਕਰਵਾਉਣ ਵਾਲੇ ਆਯੋਜਕਾਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਹੋਰਨਾਂ ਸੰਸਥਾਵਾਂ ਨੂੰ ਵੀ ਅੱਗੇ ਆਉਣਾ ਚਾਹੀਦਾ ਹੈ।
ਇਸ ਮੌਕੇ ਸ਼੍ਰੋਮਣੀ ਅਕਾਲੀ ਦਲ, ਮੁਹਾਲੀ ਦੇ ਹਲਕਾ ਇੰਚਾਰਜ ਪਰਵਿੰਦਰ ਸਿੰਘ ਸੋਹਾਣਾ, ਤੇਜਿੰਦਰ ਸਿੰਘ ਮਿੱਡੂਖੇੜਾ (ਮੀਤ ਪ੍ਰਧਾਨ ਕਬੱਡੀ ਐਸੋਸੀਏਸ਼ਨ), ਸੁਖਵਿੰਦਰ ਸਿੰਘ ਛਿੰਦੀ ਬੱਲੋਮਾਜਰਾ ਅਤੇ ਹੋਰ ਕਈ ਪ੍ਰਬੰਧਕ ਹਾਜ਼ਰ ਸਨ। ਉਨ੍ਹਾਂ ਨੇ ਵੀ ਕਬੱਡੀ ਖੇਡ ਦੇ ਵਿਕਾਸ ਲਈ ਆਪਣੀਆਂ ਗੱਲਾਂ ਸੁਖਬੀਰ ਸਿੰਘ ਬਾਦਲ ਨਾਲ ਸਾਂਝੀਆਂ ਕੀਤੀਆਂ। ਸੁਖਬੀਰ ਬਾਦਲ ਨੇ ਇਹ ਵੀ ਕਿਹਾ ਕਿ ਜੇਕਰ ਸ਼੍ਰੋਮਣੀ ਅਕਾਲੀ ਦਲ ਪੰਜਾਬ ਵਿੱਚ ਮੁੜ ਸਰਕਾਰ ਬਣਾਉਂਦਾ ਹੈ ਤਾਂ ਪੰਜਾਬ ਦੀ ਧਰਤੀ ’ਤੇ ਦੁਬਾਰਾ ਵਿਸ਼ਵ ਕੱਪ ਕਬੱਡੀ ਵਰਗੀਆਂ ਗਤੀਵਿਧੀਆਂ ਸ਼ੁਰੂ ਕੀਤੀਆਂ ਜਾਣਗੀਆਂ।

Load More Related Articles
Load More By Nabaz-e-Punjab
Load More In General News

Check Also

ਗੁਰੂ ਗੋਬਿੰਦ ਸਿੰਘ ਜੀ ਦੇ ਵਿਆਹ ਪੁਰਬ ਤੇ ਬਸੰਤ ਪੰਚਮੀ ਨੂੰ ਸਮਰਪਿਤ ਗੁਰਮਤਿ ਸਮਾਗਮ ਕਰਵਾਇਆ

ਗੁਰੂ ਗੋਬਿੰਦ ਸਿੰਘ ਜੀ ਦੇ ਵਿਆਹ ਪੁਰਬ ਤੇ ਬਸੰਤ ਪੰਚਮੀ ਨੂੰ ਸਮਰਪਿਤ ਗੁਰਮਤਿ ਸਮਾਗਮ ਕਰਵਾਇਆ ਨਬਜ਼-ਏ-ਪੰਜਾਬ,…