ਸੁਖਬੀਰ ਬਾਦਲ ਦੇ ਜਾਨਲੇਵਾ ਹਮਲੇ ਦੀ ਚੁਫੇਰਿਓਂ ਨਿਖੇਧੀ, ਘਟਨਾ ਮੰਦਭਾਗੀ: ਅਕਾਲੀ ਆਗੂ
ਨਬਜ਼-ਏ-ਪੰਜਾਬ, ਮੁਹਾਲੀ, 4 ਦਸੰਬਰ:
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਆਦੇਸ਼ਾਂ ਅਨੁਸਾਰ ਸੇਵਾ ਨਿਭਾ ਰਹੇ ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਪ੍ਰਧਾਨ ਅਤੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਉੱਤੇ ਹੋਏ ਜਾਨਲੇਵਾ ਹਮਲੇ ਦੀ ਵੱਖ-ਵੱਖ ਆਗੂਆਂ ਨੇ ਸਖ਼ਤ ਸ਼ਬਦਾਂ ਵਿੱਚ ਨਿਖੇਧੀ ਕਰਦਿਆਂ ਇਸ ਨੂੰ ਮੰਦਭਾਗੀ ਘਟਨਾ ਕਰਾਰ ਦਿੱਤਾ ਹੈ। ਅੱਜ ਇੱਥੇ ਸਾਬਕਾ ਸੰਸਦ ਮੈਂਬਰ ਪ੍ਰੇਮ ਸਿੰਘ ਚੰਦੂਮਾਜਰਾ ਨੇ ਸੁਖਬੀਰ ਬਾਦਲ ’ਤੇ ਹੋਏ ਹਮਲੇ ਦੀ ਨਿਖੇਧੀ ਕਰਦਿਆਂ ਕਿਹਾ ਕਿ ਪਵਿੱਤਰ ਅਸਥਾਨ ਉੱਤੇ ਸੇਵਾ ਨਿਭਾ ਰਹੇ ਵਿਅਕਤੀ ਉੱਪਰ ਅਚਾਨਕ ਹੋਏ ਇਸ ਹਮਲੇ ਨਾਲ ਸਿੱਖਾਂ ਦੀ ਧਾਰਮਿਕ ਭਵਨਾ ਨੂੰ ਸੱਟ ਵੱਜੀ ਹੈ। ਉਨ੍ਹਾਂ ਕਿਹਾ ਕਿ ਗੁਰੂਘਰ ਵਿੱਚ ਸੇਵਾ ਕਰ ਰਹੇ ਵਿਅਕਤੀ ਨੂੰ ਨਿਸ਼ਾਨਾ ਬਣਾਉਣਾ ਸਿੱਖ ਜਗਤ ਲਈ ਨਮੋਸ਼ੀ ਵਾਲੀ ਗੱਲ ਹੈ।
ਸ਼੍ਰੋਮਣੀ ਅਕਾਲੀ ਦਲ, ਮੁਹਾਲੀ ਦੇ ਹਲਕਾ ਇੰਚਾਰਜ ਪਰਵਿੰਦਰ ਸਿੰਘ ਸੋਹਾਣਾ ਨੇ ਅੱਜ ਸਵੇਰੇ ਸੁਖਬੀਰ ਸਿੰਘ ਬਾਦਲ ਉੱਤੇ ਕੀਤੇ ਗਏ ਜਾਨਲੇਵਾ ਹਮਲੇ ਦੀ ਨਿਖੇਧੀ ਕਰਦਿਆਂ ਕਿਹਾ ਕਿ ਇਹ ਹਮਲਾ ਬਾਦਲ ਉੱਤੇ ਨਹੀਂ ਹੋਇਆ ਬਲਕਿ ਸ੍ਰੀ ਅਕਾਲ ਤਖ਼ਤ ਦੇ ਹੁਕਮਾਂ ’ਤੇ ਇੱਕ ਨਿਮਾਣੇ ਸਿੱਖ ਵਜੋਂ ਸੇਵਾ ਨਿਭਾ ਰਹੇ ਇੱਕ ਸੇਵਾਦਾਰ ’ਤੇ ਹੋਇਆ ਹੈ। ਉਨ੍ਹਾਂ ਕਿਹਾ ਕਿ ਇਸ ਹਮਲੇ ਦੇ ਪਿੱਛੇ ਪੰਜਾਬ ਅਤੇ ਪੰਥ ਵਿਰੋਧੀ ਤਾਕਤਾਂ ਦੀ ਸਾਜ਼ਿਸ਼ ਵੀ ਹੋ ਸਕਦੀ ਹੈ, ਜੋ ਇਹ ਨਹੀਂ ਚਾਹੁੰਦੀਆਂ ਕਿ ਪੰਜਾਬ ਦੀ ਇਕਲੌਤੀ ਖੇਤਰੀ ਪਾਰਟੀ ਮਜ਼ਬੂਤ ਹੋਵੇ।
ਸ਼੍ਰੋਮਣੀ ਅਕਾਲੀ ਦਲ ਦੇ ਮੀਤ ਪ੍ਰਧਾਨ ਪਰਮਜੀਤ ਸਿੰਘ ਕਾਹਲੋਂ ਨੇ ਸੁਖਬੀਰ ਸਿੰਘ ਬਾਦਲ ਉੱਤੇ ਕੀਤੇ ਗਏ ਹਮਲੇ ਦੀ ਨਿਖੇਧੀ ਕਰਦਿਆਂ ਕਿਹਾ ਕਿ ਸ੍ਰੀ ਬਾਦਲ ਇੱਕ ਨਿਮਾਣੇ ਸਿੱਖ ਵਜੋਂ ਸ੍ਰੀ ਦਰਬਾਰ ਸਾਹਿਬ ਦੇ ਬਾਹਰ ਸੇਵਾ ਨਿਭਾ ਰਹੇ ਸਨ। ਇਸ ਦੌਰਾਨ ਉਨ੍ਹਾਂ ਤੇ ਜਾਨ ਲੇਵਾ ਹਮਲਾ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਇਹ ਸੇਵਾ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਲਗਾਈ ਗਈ ਸੀ ਅਤੇ ਉਹ ਮੰਨਦੇ ਹਨ ਕਿ ਇਹ ਹਮਲਾ ਸੁਖਬੀਰ ਬਾਦਲ ’ਤੇ ਨਹੀਂ ਬਲਕਿ ਸਿੱਧਾ ਅਕਾਲ ਤਖ਼ਤ ਸਾਹਿਬ ਦੀ ਹਸਤੀ ’ਤੇ ਕੀਤਾ ਹਮਲਾ ਹੈ ਕਿਉਂਕਿ ਉਹ ਪੰਥ ਦੀਆਂ ਪਰੰਪਰਾਵਾਂ ਅਨੁਸਾਰ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਹੁਕਮਾਂ ਅਨੁਸਾਰ ਹੀ ਸੇਵਾ ਕਰ ਰਹੇ ਸਨ।
ਅਕਾਲੀ ਦਲ ਦੇ ਸੀਨੀਅਰ ਆਗੂ ਸਤਿੰਦਰ ਸਿੰਘ ਗਿੱਲ ਨੇ ਕਿਹਾ ਕਿ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਉੱਤੇ ਗੁਰੂਘਰ ਵਿੱਚ ਸੇਵਾ ਕਰਦਿਆਂ ਚੱਲੀ ਗੋਲੀ ਪੰਜਾਬ ਦੀ ਡਾਵਾਂਡੋਲ ਹੋ ਚੁੱਕੀ ਕਾਨੂੰਨ ਵਿਵਸਥਾ ਨੂੰ ਬਿਆਨ ਕਰਦੀ ਹੈ। ਉਨ੍ਹਾਂ ਕਿਹਾ ਕਿ ਇਸ ਘਟਨਾ ਪਿੱਛੇ ਅਸਲ ਕਾਰਨਾਂ ਦਾ ਪਤਾ ਕਰਨ ਲਈ ਉੱਚ ਪੱਧਰੀ ਨਿਆਇਕ ਜਾਂਚ ਕਰਵਾਈ ਜਾਵੇ ਅਤੇ ਇੱਕ ਨਿਮਾਣੇ ਸਿੱਖ ਵਜੋਂ ਗੁਰੂਘਰ ਵਿੱਚ ਸੇਵਾ ਕਰ ਰਹੇ ਸੁਖਬੀਰ ਬਾਦਲ ਦੀ ਜਾਨ ਮਾਲ ਦੀ ਸੁਰੱਖਿਆ ਯਕੀਨੀ ਬਣਾਈ ਜਾਵੇ।