ਸੁਖਬੀਰ, ਫੋਰਟਿਸ ਹਸਪਤਾਲ ਤੋਂ ਫੁੱਲਾਂ ਨਾਲ ਸ਼ਿੰਗਾਰੀ ਐਂਬੂਲੈਂਸ ਵਿੱਚ ਆਪਣੇ ਪਿਤਾ ਦੀ ਲਾਸ਼ ਲੈ ਕੇ ਰਵਾਨਾ

ਸਾਬਕਾ ਵਿੱਤ ਮੰਤਰੀ ਮਨਪ੍ਰੀਤ ਬਾਦਲ ਨੇ ਵੀ ਦਿੱਤਾ ਮੋਢਾ, ਕਾਫ਼ੀ ਭਾਵੁਕ ਨਜ਼ਰ ਆਏ ਮਨਪ੍ਰੀਤ ਬਾਦਲ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 26 ਅਪਰੈਲ:
ਸ਼੍ਰੋਮਣੀ ਅਕਾਲੀ ਦਲ ਦੇ ਸਰਪ੍ਰਸਤ, ਸਾਬਕਾ ਮੁੱਖ ਮੰਤਰੀ ਅਤੇ ਪੰਜਾਬ ਦੀ ਸਿਆਸਤ ਦੇ ਬਾਬਾ ਬੋਹੜ ਪ੍ਰਕਾਸ਼ ਸਿੰਘ ਬਾਦਲ ਜਿਨ੍ਹਾਂ ਦਾ ਬੀਤੇ ਕੱਲ੍ਹ ਦੇਰ ਸ਼ਾਮ ਮੁਹਾਲੀ ਦੇ ਫੋਰਟਿਸ ਹਸਪਤਾਲ ਵਿੱਚ ਦੇਹਾਂਤ ਹੋ ਗਿਆ ਸੀ। ਅੱਜ ਸਵੇਰੇ ਸਵਾ 10 ਵਜੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਫੁੱਲਾਂ ਨਾਲ ਸ਼ਿੰਗਾਰੀ ਹੋਈ ਫੋਰਟਿਸ ਹਸਪਤਾਲ ਦੀ ਐਂਬੂਲੈਂਸ ਵਿੱਚ ਆਪਣੇ ਪਿਤਾ ਅਤੇ ਦਰਵੇਸ਼ ਸਿਆਸਤਦਾਨ ਪ੍ਰਕਾਸ਼ ਸਿੰਘ ਬਾਦਲ ਦੀ ਮ੍ਰਿਤਕ ਦੇਹ ਲੈ ਕੇ ਪਾਰਟੀ ਦਫ਼ਤਰ ਲਈ ਰਵਾਨਾ ਹੋਏ। ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸਮੇਤ ਹੋਰਨਾਂ ਪ੍ਰਮੁੱਖ ਆਗੂਆਂ ਨੇ ਸ਼ਰਧਾ ਦੇ ਫੁੱਲ ਭੇਟ ਕੀਤੇ। ਇਸ ਤੋਂ ਬਾਅਦ ਜੂਨੀਅਰ ਬਾਦਲ ਦੇ ਹੋਰ ਸੀਨੀਅਰ ਆਗੂ ਵੱਡੇ ਬਾਦਲ ਦੀ ਮ੍ਰਿਤਕ ਦੇਹ ਲੈ ਕੇ ਆਪਣੇ ਜੱਦੀ ਪਿੰਡ ਬਾਦਲ ਲਈ ਰਵਾਨਾ ਹੋਏ। ਸ਼ਰੀਕੇ ’ਚੋਂ ਸਾਬਕਾ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੇ ਵੀ ਸਵੇਰੇ ਫੋਰਟਿਸ ਹਸਪਤਾਲ ਵਿੱਚ ਪਹੁੰਚ ਗਏ। ਉਨ੍ਹਾਂ ਨੇ ਬਾਦਲ ਦੀ ਮ੍ਰਿਤਕ ਦੇਹ ਨੂੰ ਮੋਢਾ ਦਿੱਤਾ ਅਤੇ ਕਾਫ਼ੀ ਭਾਵੁਕ ਨਜ਼ਰ ਆਏ। ਹਸਪਤਾਲ ’ਚੋਂ ਲਾਸ਼ ਲਿਜਾਉਣ ਸਮੇਂ ਉਨ੍ਹਾਂ ਦੀਆਂ ਅੱਖਾਂ ’ਚੋਂ ਅੱਥਰੂ ਵਹਿ ਰਹੇ ਸਨ।
ਐਂਬੂਲੈਂਸ ਨੂੰ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਖ਼ੁਦ ਚਲਾ ਰਹੇ ਸਨ ਜਦੋਂਕਿ ਨਾਲ ਵਾਲੀ ਸੀਟ ’ਤੇ ਸੁਖਬੀਰ ਬਾਦਲ ਬੈਠੇ ਹੋਏ ਸਨ। ਰਸਤੇ ਵਿੱਚ ਥਾਂ-ਥਾਂ ’ਤੇ ਅਕਾਲੀ ਦਲ ਦੇ ਵਰਕਰਾਂ ਨੇ ਬਾਦਲ ਦੇ ਅੰਤਿਮ ਦਰਸ਼ਨ ਕੀਤੇ ਅਤੇ ਇਸ ਕਾਫ਼ਲੇ ’ਤੇ ਫੁੱਲਾਂ ਦੀ ਵਰਖਾ ਕੀਤੀ। ਵਰਕਰਾਂ ਨੇ ਬਾਦਲ ਸਾਹਿਬ ਅਮਰ ਰਹੇ ਦੇ ਨਾਅਰੇ ਵੀ ਲਗਾਏ। ਮੁਹਾਲੀ ਕੌਮਾਂਤਰੀ ਏਅਰਪੋਰਟ ਨੇੜੇ ਲਾਲ ਬੱਤੀ ਪੁਆਇੰਟ ’ਤੇ ਮੁਹਾਲੀ ਦੇ ਹਲਕਾ ਇੰਚਾਰਜ ਪਰਵਿੰਦਰ ਸਿੰਘ ਸੋਹਾਣਾ, ਐਸਜੀਪੀਸੀ ਦੀ ਮੈਂਬਰ ਪਰਮਜੀਤ ਕੌਰ ਲਾਂਡਰਾਂ, ਖਰੜ ਦੇ ਹਲਕਾ ਇੰਚਾਰਜ ਰਣਜੀਤ ਸਿੰਘ ਗਿੱਲ, ਇਸਤਰੀ ਅਕਾਲੀ ਦਲ ਦੀ ਜ਼ਿਲ੍ਹਾ ਪ੍ਰਧਾਨ ਕੁਲਦੀਪ ਕੌਰ ਕੰਗ ਦੀ ਅਗਵਾਈ ਹੇਠ ਵਰਕਰਾਂ ਅਤੇ ਇਲਾਕੇ ਦੇ ਲੋਕਾਂ ਨੇ ਬਾਦਲ ਦੇ ਕਾਫ਼ਲੇ ’ਤੇ ਫੁੱਲਾਂ ਦੀ ਵਰਖਾ ਕੀਤੀ। ਵੱਡੇ ਬਾਦਲ ਨੇ ਬੀਤੀ ਦੇਰ ਸ਼ਾਮ ਕਰੀਬ ਸਵਾ ਅੱਠ ਵਜੇ ਮੁਹਾਲੀ ਦੇ ਫੋਰਟਿਸ ਹਸਪਤਾਲ ਵਿੱਚ ਆਖ਼ਰੀ ਸਾਹ ਲਿਆ। ਉਹ ਇੱਥੇ ਮੈਡੀਕਲ ਆਈਸੀਯੂ ਵਿੱਚ ਦਾਖ਼ਲ ਸਨ ਅਤੇ ਦਿਨ ਦੇ ਰੋਗ ਤੋਂ ਪੀੜਤ ਸਨ। ਉਨ੍ਹਾਂ ਨੂੰ ਸਾਹ ਲੈਣ ਵਿੱਚ ਵੀ ਕਾਫ਼ੀ ਮੁਸ਼ਕਲ ਆ ਰਹੀ ਸੀ।
ਕੇਂਦਰੀ ਮੰਤਰੀ ਸੋਮ ਪ੍ਰਕਾਸ਼, ਸਾਬਕਾ ਵਿੱਤ ਮੰਤਰੀ ਮਨਪ੍ਰੀਤ ਬਾਦਲ, ਜਨਮੇਜਾ ਸਿੰਘ ਸੇਖੋਂ, ਸ਼ਰਨਜੀਤ ਸਿੰਘ ਢਿੱਲੋਂ, ਸਾਬਕਾ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ, ਸਾਬਕਾ ਅਕਾਲੀ ਵਿਧਾਇਕ ਐਨਕੇ ਸ਼ਰਮਾ, ਮੁਹਾਲੀ ਤੋਂ ‘ਆਪ’ ਵਿਧਾਇਕ ਕੁਲਵੰਤ ਸਿੰਘ, ਸੀਨੀਅਰ ਅਕਾਲੀ ਆਗੂ ਬਲਵਿੰਦਰ ਸਿੰਘ ਭੂੰਦੜ, ਪ੍ਰੇਮ ਸਿੰਘ ਚੰਦੂਮਾਜਰਾ, ਪੀਏਸੀ ਦੇ ਮੈਂਬਰ ਸਤਪਾਲ ਸਿੰਗਲਾ, ਬਾਦਲ ਨਾਲ ਮੀਡੀਆ ਸਲਾਹਕਾਰ ਰਹੇ ਹਰਚਰਨ ਸਿੰਘ ਬੈਂਸ, ਚਰਨਜੀਤ ਸਿੰਘ ਬਰਾੜ, ਮੁਹਾਲੀ ਦੇ ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ, ਆਪ ਆਗੂ ਹਰਸੁਖਇੰਦਰ ਸਿੰਘ ਬੱਬੀ ਬਾਦਲ, ਟਕਸਾਲੀ ਅਕਾਲੀ ਆਗੂ ਜਥੇਦਾਰ ਕਰਤਾਰ ਸਿੰਘ ਤਸਿੰਬਲੀ, ਗੁਰਪ੍ਰੀਤ ਸਿੰਘ ਰਾਜੂ ਖੰਨਾ, ਜ਼ਿਲ੍ਹਾ ਸ਼ਹਿਰੀ ਦੇ ਪ੍ਰਧਾਨ ਕਮਲਜੀਤ ਸਿੰਘ ਰੂਬੀ, ਸਰਬਜੀਤ ਸਿੰਘ ਪਾਰਸ, ਨੰਬਰਦਾਰ ਹਰਵਿੰਦਰ ਸਿੰਘ ਸੋਹਾਣਾ, ਸਾਬਕਾ ਕੌਂਸਲਰ ਸਤਵੀਰ ਸਿੰਘ ਧਨੋਆ, ਜਗਦੀਪ ਸਿੰਘ ਚੀਮਾ, ਬੀਬੀ ਕਸ਼ਮੀਰ ਕੌਰ ਸਮੇਤ ਵੱਡੀ ਗਿਣਤੀ ਵਿੱਚ ਵਰਕਰ ਮੌਜੂਦ ਸਨ।
ਮੁਹਾਲੀ: ਅੱਜ ਸਵੇਰੇ 10 ਵਜੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਆਪਣੇ ਪਿਤਾ ਦੀ ਲਾਸ਼ ਲੈਣ ਲਈ ਫੋਰਟਿਸ ਹਸਪਤਾਲ ਮੁਹਾਲੀ ਵਿੱਚ ਪਹੁੰਚੇ। ਉਨ੍ਹਾਂ ਆਪਣੇ ਮੂੰਹ ’ਤੇ ਮਾਸਕ ਪਾਇਆ ਹੋਇਆ ਸੀ। ਉਹ ਕਾਫ਼ੀ ਭਾਵੁਕ ਸਨ ਅਤੇ ਉਨ੍ਹਾਂ ਦੀਆਂ ਅੱਖਾਂ ਕਾਫ਼ੀ ਨਮ ਸਨ। ਹਾਲਾਂਕਿ ਪੱਤਰਕਾਰਾਂ ਨੇ ਸੁਖਬੀਰ ਬਾਦਲ ਨਾਲ ਗੱਲਬਾਤ ਕਰਨ ਦੀ ਬਹੁਤ ਕੋਸ਼ਿਸ਼ ਕੀਤੀ ਲੇਕਿਨ ਉਹ ਮੀਡੀਆ ਨਾਲ ਗੱਲ ਕਰਨ ਦੀ ਥਾਂ ਸਿੱਧਾ ਹਸਪਤਾਲ ਦੇ ਅੰਦਰ ਚਲੇ ਗਏ ਅਤੇ 10 ਕੁ ਮਿੰਟਾਂ ਬਾਅਦ ਉਹ ਆਪਣੇ ਪਿਤਾ ਦੀ ਲਾਸ਼ ਨੂੰ ਲੈ ਕੇ ਬਾਹਰ ਆਏ ਅਤੇ ਅਗਲੇ ਪੜਾਅ ਲਈ ਰਵਾਨਾ ਹੋ ਗਏ। ਪਰਿਵਾਰਕ ਸੂਤਰਾਂ ਦੀ ਜਾਣਕਾਰੀ ਅਨੁਸਾਰ ਭਲਕੇ 27 ਅਪਰੈਲ ਨੂੰ ਵੱਡੇ ਬਾਦਲ ਦਾ ਉਨ੍ਹਾਂ ਦੇ ਜੱਦੀ ਪਿੰਡ ਬਾਦਲ ਵਿੱਚ ਕਿੰਨੂਆਂ ਦੇ ਬਾਗ ਵਾਲੀ ਜ਼ਮੀਨ ਵਿੱਚ ਅੰਤਿਮ ਸਸਕਾਰ ਕੀਤਾ ਜਾਵੇਗਾ।

Load More Related Articles
Load More By Nabaz-e-Punjab
Load More In General News

Check Also

ਖਜ਼ਾਨਾ ਮੰਤਰੀ ਨਾਲ ਮੀਟਿੰਗ ਮੁਲਤਵੀ ਹੋਣ ਕਾਰਨ ਵੈਟਰਨਰੀ ਅਫ਼ਸਰਾਂ ਨੇ ਕਾਲੇ ਬਿੱਲੇ ਲਗਾ ਕੇ ਰੋਸ ਪ੍ਰਗਟਾਇਆ

ਖਜ਼ਾਨਾ ਮੰਤਰੀ ਨਾਲ ਮੀਟਿੰਗ ਮੁਲਤਵੀ ਹੋਣ ਕਾਰਨ ਵੈਟਰਨਰੀ ਅਫ਼ਸਰਾਂ ਨੇ ਕਾਲੇ ਬਿੱਲੇ ਲਗਾ ਕੇ ਰੋਸ ਪ੍ਰਗਟਾਇਆ ਜੇ…