
ਸੁਖਦੇਵ ਢੀਂਡਸਾ ਵੱਲੋਂ ਮੁਹਾਲੀ ਵਿੱਚ ਸ਼੍ਰੋਮਣੀ ਅਕਾਲੀ ਦਲ (ਡੈਮੋਕ੍ਰੇਟਿਕ) ਦੇ ਮੁੱਖ ਦਫ਼ਤਰ ਦਾ ਉਦਘਾਟਨ
ਪੰਜਾਬ ਦੇ ਮੌਜੂਦਾ ਹਾਲਾਤਾਂ ਲਈ ਕਾਂਗਰਸ ਤੇ ਬਾਦਲ ਦਲ ਬਰਾਬਰ ਦੇ ਜ਼ਿੰਮੇਵਾਰ: ਬੀਰਦਵਿੰਦਰ ਸਿੰਘ
ਰਾਮੂਵਾਲੀਆ ਵੱਲੋਂ ਸਮੂਹ ਰਾਜਨੀਤਿਕ ਪਾਰਟੀਆਂ ਨੂੰ ਕਿਸਾਨਾਂ ਦੇ ਹੱਕ ਵਿੱਚ ਸਾਂਝੀ ਲੜਾਈ ਲੜਨ ਦੀ ਅਪੀਲ
ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 7 ਅਕਤੂਬਰ:
ਸ਼੍ਰੋਮਣੀ ਅਕਾਲੀ ਦਲ (ਡੈਮੋਕ੍ਰੇਟਿਕ) ਦੇ ਪ੍ਰਧਾਨ ਅਤੇ ਰਾਜ ਸਭਾ ਦੇ ਮੈਂਬਰ ਸੁਖਦੇਵ ਸਿੰਘ ਢੀਂਡਸਾ ਨੇ ਬੁੱਧਵਾਰ ਨੂੰ ਇੱਥੋਂ ਦੇ ਸੈਕਟਰ-82 ਸਥਿਤ ਸਨਅਤੀ ਪਲਾਟ ਨੰਬਰ-92 ਵਿੱਚ ਪਾਰਟੀ ਦੇ ਮੁੱਖ ਦਫ਼ਤਰ ਦਾ ਉਦਘਾਟਨ ਕੀਤਾ। ਇਸ ਮੌਕੇ ਸਾਬਕਾ ਡਿਪਟੀ ਸਪੀਕਰ ਬੀਰਦਵਿੰਦਰ ਸਿੰਘ, ਸਾਬਕਾ ਕੇਂਦਰੀ ਮੰਤਰੀ ਬਲਵੰਤ ਸਿੰਘ ਰਾਮੂਵਾਲੀਆ, ਸਾਬਕਾ ਵਿੱਤ ਮੰਤਰੀ ਪਰਮਿੰਦਰ ਸਿੰਘ ਢੀਂਡਸਾ, ਸਾਬਕਾ ਮੰਤਰੀ ਸੇਵਾ ਸਿੰਘ ਸੇਖਵਾਂ, ਜਗਦੀਸ਼ ਗਰਚਾ, ਸਾਬਕਾ ਸੰਸਦ ਮੈਂਬਰ ਪਰਮਜੀਤ ਕੌਰ ਗੁਲਸ਼ਨ, ਸੀਨੀਅਰ ਆਗੂ ਗੁਰਸੇਵ ਸਿੰਘ ਹਰਪਾਲਪੁਰ, ਸਾਬਕਾ ਵਿਧਾਇਕ ਰਣਜੀਤ ਸਿੰਘ ਤਲਵੰਡੀ, ਜਸਟਿਸ ਨਿਰਮਲ ਸਿੰਘ, ਸੁਖਜਿੰਦਰ ਸਿੰਘ ਅੌਲਖ, ਦੇਸ ਰਾਜ ਧੁੱਗਾ, ਆਈਏਐਸ (ਸੇਵਾਮੁਕਤ) ਕੈਪਟਨ ਟੀਪੀਐਸ ਸਿੱਧੂ, ਭਾਈ ਮੋਹਕਮ ਸਿੰਘ ਵੀ ਹਾਜ਼ਰ ਸਨ।
ਇਸ ਤੋਂ ਪਹਿਲਾਂ ਨਵੇਂ ਦਫ਼ਤਰ ਵਿੱਚ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ। ਗੁਰਬਾਣੀ ਕੀਰਤਨ ਤੋਂ ਬਾਅਦ ਖੁੱਲ੍ਹੇ ਪੰਡਾਲ ਵਿੱਚ ਵੱਖ-ਵੱਖ ਆਗੂਆਂ ਨੇ ਖੇਤੀ ਕਾਨੂੰਨਾਂ, ਵਜ਼ੀਫ਼ਾ ਘੁਟਾਲਾ ਅਤੇ ਪੰਜਾਬ ਦੇ ਮੌਜੂਦਾ ਹਾਲਾਤਾਂ ਬਾਰੇ ਚਰਚਾ ਕਰਦਿਆਂ ਕਾਰਪੋਰੇਟ ਘਰਾਣਿਆਂ ਦਾ ਪੱਖ ਪੂਰਨ ਵਾਲਿਆਂ ਨੂੰ ਸਤਾ ਤੋਂ ਲਾਂਭੇ ਕਰਨ ’ਤੇ ਜ਼ੋਰ ਦਿੱਤਾ। ਬੀਰਦਵਿੰਦਰ ਸਿੰਘ ਨੇ ਕਿਹਾ ਕਿ ਪੰਜਾਬ ਇਸ ਵੇਲੇ ਬੜੇ ਨਾਜ਼ੁਕ ਦੌਰਾ ’ਚੋਂ ਗੁਜ਼ਰ ਰਿਹਾ ਹੈ। ਜਿਸ ਲਈ ਬਾਦਲ ਦਲ ਅਤੇ ਕਾਂਗਰਸ ਦੋਵੇਂ ਬਰਾਬਰ ਦੇ ਜ਼ਿੰਮੇਵਾਰ ਹਨ। ਸੂਬੇ ਨੂੰ ਇਨ੍ਹਾਂ ਹਾਲਾਤਾਂ ਤੋਂ ਉਭਾਰਨ ਲਈ ਸ਼੍ਰੋਮਣੀ ਅਕਾਲੀ ਦਲ (ਡੈਮੋਕ੍ਰੇਟਿਕ) ਦੀ ਮਹੱਤਵਪੂਰਨ ਅਤੇ ਅਹਿਮ ਭੂਮਿਕਾ ਬਣਦੀ ਹੈ। ਉਨ੍ਹਾਂ ਕਿਹਾ ਕਿ ਗੁਰਦੁਆਰਾ ਕਮਿਸ਼ਨ ਦੀ ਨਿਯੁਕਤੀ ਨਾਲ ਐਸਜੀਪੀਸੀ ਚੋਣਾਂ ਦਾ ਰਾਹ ਪੱਧਰਾ ਹੋ ਗਿਆ ਹੈ ਅਤੇ ਇਹ ਚੋਣਾਂ ਉਨ੍ਹਾਂ ਦੀ ਪਾਰਟੀ ਲਈ ਮੁੱਢਲੀ ਪ੍ਰੀਖਿਆ ਹੋਵੇਗੀ। ਬਲਵੰਤਸਿੰਘ ਰਾਮੂਵਾਲੀਆ ਨੇ ਕਿਹਾ ਕਿ ਕਿਸਾਨਾਂ ਦੀ ਦੁਰਦਸ਼ਾ ਲਈ ਬਾਦਲ ਜ਼ਿੰਮੇਵਾਰ ਹਨ। ਉਨ੍ਹਾਂ ਸਮੂਹ ਰਾਜਨੀਤਿਕ ਪਾਰਟੀਆਂ ਨੂੰ ਅਪੀਲ ਕੀਤੀ ਕਿ ਕਿਸਾਨਾਂ ਦੇ ਹੱਕ ਵਿੱਚ ਸਾਂਝੀ ਲੜਾਈ ਲੜੀ ਜਾਵੇ।
ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਸੁਖਦੇਵ ਸਿੰਘ ਢੀਂਡਸਾ ਨੇ ਕਾਂਗਰਸ ਦੀਆਂ ਕਿਸਾਨ ਰੈਲੀਆਂ ਨੂੰ ਸਿਆਸੀ ਸਟੰਟ ਦੱਸਦਿਆਂ ਕਿਹਾ ਕਿ ਕਾਂਗਰਸ ਆਗੂ ਰਾਹੁਲ ਗਾਂਧੀ ਕਿਸਾਨੀ ਮਸਲਿਆਂ ਤੋਂ ਪੂਰੀ ਤਰ੍ਹਾਂ ਅਣਜਾਣ ਹਨ, ਉਨ੍ਹਾਂ ਵੱਲੋਂ ਪੰਜਾਬ ਵਿੱਚ ਕੀਤੀਆਂ ਰੈਲੀਆਂ ਡਰਾਮੇਬਾਜ਼ੀ ਤੋਂ ਬਿਨਾਂ ਕੁੱਝ ਵੀ ਨਹੀਂ ਹਨ। 328 ਪਾਵਨ ਸਰੂਪਾਂ ਬਾਰੇ ਐਸਜੀਪੀਸੀ ਵੱਲੋਂ ਜਨਤਕ ਕੀਤੀ ਜਾਂਚ ਰਿਪੋਰਟ ਮਹਿਜ਼ ਖਾਨਾਪੂਰਤੀ ਹੈ। ਉਨ੍ਹਾਂ ਕਿਹਾ ਕਿ ਅਕਾਲੀ ਦਲ (ਡੈਮੋਕ੍ਰੇਟਿਕ) ਦੇ ਬੈਨਰ ਥੱਲੇ ਜੋ ਵੀ ਵਿਅਕਤੀ ਐਸਜੀਪੀਸੀ ਦੀ ਚੋਣ ਲੜੇਗਾ। ਉਸ ਨੂੰ ਕੋਈ ਸਿਆਸੀ ਅਹੁਦਾ ਨਹੀਂ ਦਿੱਤਾ ਜਾਵੇਗਾ।
ਉਨ੍ਹਾਂ ਕਿਹਾ ਕਿ ਖੇਤੀ ਕਾਨੂੰਨਾਂ ਬਾਰੇ ਕਿਸਾਨਾਂ ਦੇ ਹਿੱਤ ਵਿੱਚ ਗੱਲਬਾਤ ਕਰਨ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੋਂ ਸਮਾਂ ਮੰਗਿਆ ਗਿਆ ਹੈ। ਇਸ ਮੁਲਾਕਾਤ ਦੌਰਾਨ ਪ੍ਰਧਾਨ ਮੰਤਰੀ ਨੂੰ ਕਿਸਾਨੀ ਮੰਗਾਂ ਅਤੇ ਅੰਨਦਾਤਾ ਦੀਆਂ ਭਾਵਨਾਵਾਂ ਤੋਂ ਜਾਣੂ ਕਰਵਾਇਆ ਜਾਵੇਗਾ ਅਤੇ ਧੱਕੇਸ਼ਾਹੀ ਨਾਲ ਲਾਗੂ ਕੀਤੇ ਖੇਤੀ ਕਾਨੂੰਨ ਰੱਦ ਕਰਨ ਦੀ ਮੰਗ ਕੀਤੀ ਜਾਵੇਗੀ। ਉਨ੍ਹਾਂ ਦੋਸ਼ ਲਾਇਆ ਕਿ ਹੁਕਮਰਾਨਾਂ ਨੇ ਰਾਜ ਸਭਾ ਵਿੱਚ ਵੀ ਧੱਕੇ ਨਾਲ ਖੇਤੀ ਕਾਨੂੰਨ ਪਾਸ ਕੀਤੇ ਗਏ। ਉਨ੍ਹਾਂ ਕਿਸਾਨ ਜਥੇਬੰਦੀਆਂ ਨੂੰ ਕਿਹਾ ਕਿ ਜੇਕਰ ਕੇਂਦਰ ਨੇ ਗੱਲਬਾਤ ਲਈ ਸੱਦਿਆ ਹੈ ਤਾਂ ਉਨ੍ਹਾਂ ਨੂੰ ਜਾਣਾ ਚਾਹੀਦਾ ਹੈ ਅਤੇ ਠੋਸ ਤਰੀਕੇ ਨਾਲ ਆਪਣੀ ਗੱਲ ਰੱਖਣੀ ਅਤੇ ਮਨਵਾਉਣੀ ਚਾਹੀਦੀ ਹੈ। ਸ੍ਰੀ ਢੀਂਡਸਾ ਨੇ ਕਿਹਾ ਕਿ ਪੰਜਾਬ ਦੀ ਤਰੱਕੀ ਅਤੇ ਖ਼ੁਸ਼ਹਾਲੀ ਲਈ ਬਾਦਲ ਦਲ ਅਤੇ ਕਾਂਗਰਸ ਨੂੰ ਛੱਡ ਕੇ ਬਾਕੀ ਹਮਖ਼ਿਆਲੀ ਪਾਰਟੀਆਂ ਗੱਠਜੋੜ ਨੂੰ ਤਰਜੀਹ ਦੇਵੇਗੀ। ਇਕ ਸਵਾਲ ਦੇ ਜਵਾਬ ਵਿੱਚ ਉਨ੍ਹਾਂ ਕਿਹਾ ਕਿ ਨਵਜੋਤ ਸਿੰਘ ਸਿੱਧੂ ਲਈ ਪਾਰਟੀ ਵਿੱਚ ਆਉਣ ਲਈ ਸਾਰੇ ਦਰਵਾਜ਼ੇ ਖੁੱਲ੍ਹੇ ਹਨ।
ਇਸ ਮੌਕੇ ਮਿੱਠੂ ਸਿੰਘ ਕਾਨੇਕੇ, ਮਨਜੀਤ ਸਿੰਘ ਬੱਪੀਆਣਾ, ਹਰਦੇਵ ਸਿੰਘ ਰੋਗਲਾ, ਜਸਵੰਤ ਕੌਰ ਦਾਤੇਵਾਸ, ਮਲਕੀਤ ਸਿੰਘ ਚੰਗਾਲ, ਜੈਪਾਲ ਸਿੰਘ ਮੰਡੀਆਂ, ਹਰਬੰਸ ਸਿੰਘ ਮੰਝਪੁਰ (ਸਾਰੇ ਐਸਜੀਪੀਸੀ ਮੈਂਬਰ), ਧਰਮ ਪ੍ਰਚਾਰ ਕਮੇਟੀ ਦੇ ਨੁਮਾਇੰਦੇ ਜਥੇਦਾਰ ਰਾਮਪਾਲ ਸਿੰਘ ਬੈਨੀਪਾਲ, ਬੀਬੀ ਜਸਜੀਤ ਕੌਰ ਤਲਵੰਡੀ, ਗੁਰਬਚਨ ਸਿੰਘ ਬਚੀ, ਫੈਡਰੇਸ਼ਨ ਆਗੂ ਮਨਜੀਤ ਸਿੰਘ ਭੋਮਾ, ਦਵਿੰਦਰ ਸਿੰਘ ਸੋਢੀ, ਲਖਵੀਰ ਸਿੰਘ ਖਾਲਸਾ ਟਾਂਡਾ, ਪ੍ਰਿਥੀਪਾਲ ਸਿੰਘ ਜੋਸ਼, ਪਰਉਪਕਾਰ ਸਿੰਘ ਬਰਾੜ, ਜਸਵਿੰਦਰ ਸਿੰਘ ਵਿਰਕ, ਅਮਰੀਕ ਸਿੰਘ ਧਾਲੀਵਾਲ, ਗਗਨਪ੍ਰੀਤ ਸਿੰਘ ਬੈਂਸ, ਸਰਬਜੀਤ ਸਿੰਘ ਖਾਲਸਾ, ਓਐਸਡੀ ਜਸਵਿੰਦਰ ਸਿੰਘ, ਪ੍ਰਭਜੋਤ ਸਿੰਘ ਕਲੇਰ, ਹਰੀ ਸਿੰਘ ਚੰਦੂਰੱਈਆ, ਮਾਨ ਸਿੰਘ ਗਰਚਾ, ਗੁਰਿੰਦਰ ਸਿੰਘ ਬਾਜਵਾ, ਜਸਵੀਰ ਸਿੰਘ ਘੂੰਮਣ, ਭੋਲਾ ਸਿੰਘ ਗਿੱਲ ਅਤੇ ਹੋਰ ਪਤਵੰਤੇ ਹਾਜ਼ਰ ਸਨ।