Nabaz-e-punjab.com

ਨਸ਼ਾ ਤਸਕਰੀ ਮਾਮਲਾ: ਸਨੇਟਾ ਪੁਲੀਸ ਚੌਕੀ ਦਾ ਸਾਬਕਾ ਇੰਚਾਰਜ ਸੁਖਮੰਦਰ ਸਿੰਘ ਗ੍ਰਿਫ਼ਤਾਰ

ਥਾਣੇਦਾਰ ’ਤੇ ਨਸ਼ਾ ਤਸਕਰੀ ਮਾਮਲੇ ਵਿੱਚ ਮੁਲਜ਼ਮਾਂ ਖ਼ਿਲਾਫ਼ ਕਾਰਵਾਈ ਦੀ ਥਾਂ ਪੈਸੇ ਲੈ ਕੇ ਛੱਡਣ ਦਾ ਦੋਸ਼

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 31 ਜੁਲਾਈ:
ਪੰਜਾਬ ਪੁਲੀਸ ਦੀ ਸਪੈਸ਼ਲ ਟਾਸਕ ਫੋਰਸ (ਐਸਟੀਐਫ਼) ਵੱਲੋਂ ਨਸ਼ਿਆਂ ਦੇ ਖ਼ਿਲਾਫ਼ ਵਿੱਢੀ ਵਿਸ਼ੇਸ਼ ਮੁਹਿੰਮ ਦੇ ਤਹਿਤ ਸਨੇਟਾ ਪੁਲੀਸ ਚੌਕੀ ਦੇ ਇੰਚਾਰਜ ਰਹੇ ਸੁਖਮੰਦਰ ਸਿੰਘ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਮੁਲਜ਼ਮ ਥਾਣੇਦਾਰ ਦੇ ਖ਼ਿਲਾਫ਼ ਨਸ਼ਾ ਤਸਕਰਾਂ ਦੇ ਖ਼ਿਲਾਫ਼ ਬਣਦੀ ਕਾਨੂੰਨੀ ਕਾਰਵਾਈ ਕਰਨ ਦੀ ਬਜਾਏ ਉਨ੍ਹਾਂ ਨੂੰ ਡਰਾ ਧਮਕਾ ਕੇ ਪੈਸੇ ਲੈ ਕੇ ਛੱਡਣ ਦ ਦੋਸ਼ ਹੈ। ਥਾਣੇਦਾਰ ਦੀ ਗ੍ਰਿਫ਼ਤਾਰੀ ਦੀ ਪੁਸ਼ਟੀ ਐਸਟੀਐਫ਼ ਦੇ ਏਆਈਜੀ ਹਰਪ੍ਰੀਤ ਸਿੰਘ ਨੇ ਕੀਤੀ ਹੈ। ਉਨ੍ਹਾਂ ਦੱਸਿਆ ਕਿ ਬੀਤੇ ਦਿਨੀਂ 370 ਗਰਾਮ ਹੈਰੋਇਨ ਸਮੇਤ ਚਾਰ ਮੁਲਜ਼ਮਾਂ ਕੁਲਦੀਪ ਸਿੰਘ ਉਰਫ਼ ਦੀਪੂ ਵਾਸੀ ਪਿੰਡ ਚੰਗੇਰਾ (ਬਨੂੜ) ਅਤੇ ਉਸ ਦੀ ਪਤਨੀ ਸਰਬਜੀਤ ਕੌਰ, ਗਗਨਦੀਪ ਸਿੰਘ ਉਰਫ਼ ਗਗਨ ਵਾਸੀ ਪਿੰਡ ਚੰਗੇਰਾ ਅਤੇ ਅਰੁਣ ਕੁਮਾਰ ਨੂੰ ਗ੍ਰਿਫ਼ਤਾਰ ਕੀਤਾ ਗਿਆ ਸੀ। ਮੁਲਜ਼ਮਾਂ ਕੋਲੋਂ 2.50 ਲੱਖ ਰੁਪਏ ਡਰੱਗ ਮਨੀ ਅਤੇ 168.920 ਗਰਾਮ ਸੋਨੇ ਦੇ ਗਹਿਣੇ ਵੀ ਬਰਾਮਦ ਕੀਤੇ ਗਏ ਸਨ।
ਏਆਈਜੀ ਨੇ ਦੱਸਿਆ ਕਿ ਮੁੱਢਲੀ ਪੁੱਛਗਿੱਛ ਦੌਰਾਨ ਮੁਲਜ਼ਮ ਕੁਲਦੀਪ ਦੀਪੂ ਨੇ ਐਸਟੀਐਫ਼ ਦੀ ਜਾਂਚ ਟੀਮ ਕੋਲ ਦਰਜ ਕਰਵਾਏ ਬਿਆਨਾਂ ਵਿੱਚ ਕਿਹਾ ਕਿ ਉਹ ਪਹਿਲਾਂ ਵੀ ਨਸ਼ਾ ਤਸਕਰੀ ਦੇ ਮਾਮਲੇ ਵਿੱਚ ਫੜਿਆ ਗਿਆ ਸੀ ਲੇਕਿਨ ਉਦੋਂ ਥਾਣੇਦਾਰ ਸੁਖਮੰਦਰ ਸਿੰਘ ਨੇ ਉਸ ਦੀ ਗ੍ਰਿਫ਼ਤਾਰੀ ਪਾਉਣ ਦੀ ਬਜਾਏ ਉਸ ਨੂੰ ਡਰਾ ਧਮਕਾ ਕੇ 7-8 ਲੱਖ ਰੁਪਏ ਲੈ ਕੇ ਉਸ ਨੂੰ ਛੱਡ ਦਿੱਤਾ ਗਿਆ ਸੀ। ਐਸਟੀਐਫ਼ ਵੱਲੋਂ ਇਹ ਮਾਮਲਾ ਐਸਐਸਪੀ ਕੁਲਦੀਪ ਸਿੰਘ ਚਾਹਲ ਦੇ ਧਿਆਨ ਵਿੱਚ ਲਿਆਉਣ ਤੋਂ ਬਾਅਦ ਸੁਖਮੰਦਰ ਸਿੰਘ ਨੂੰ ਚੌਕੀ ਇੰਚਾਰਜ ਤੋਂ ਹਟਾ ਕੇ ਪੁਲੀਸ ਲਾਈਨ ਭੇਜ ਦਿੱਤਾ ਸੀ ਅਤੇ ਉਸ ਦੇ ਖ਼ਿਲਾਫ਼ ਵਿਭਾਗੀ ਜਾਂਚ ਸ਼ੁਰੂ ਕਰ ਦਿੱਤੀ ਸੀ ਲੇਕਿਨ ਅੱਜ ਪੁਲੀਸ ਮੁਖੀ ਦੀ ਹਰੀ ਝੰਡੀ ਮਿਲਦੇ ਹੀ ਐਸਟੀਐਫ਼ ਨੇ ਥਾਣੇਦਾਰ ਨੂੰ ਗ੍ਰਿਫ਼ਤਾਰ ਕਰ ਲਿਆ।
ਏਆਈਜੀ ਨੇ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਪੰਜਾਬ ਨੂੰ ਨਸ਼ਾ ਮੁਕਤ ਕਰਨ ਲਈ ਗੰਭੀਰ ਹਨ ਅਤੇ ਐਸਟੀਐਫ਼ ਵੱਲੋਂ ਸਖ਼ਤ ਮਿਹਨਤ ਕਰਕੇ ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਜਾ ਰਿਹਾ ਹੈ ਪ੍ਰੰਤੂ ਥਾਣੇਦਾਰ ਸੁਖਮੰਦਰ ਨੇ ਮੁਲਜ਼ਮਾਂ ਨੂੰ ਫੜ ਕੇ ਸਰਕਾਰ ਦੀ ਮੁਹਿੰਮ ਨੂੰ ਸਫਲ ਬਣਾਉਣ ਦੀ ਬਜਾਏ ਮੁਲਜ਼ਮਾਂ ਨੂੰ ਪੈਸੇ ਲੈ ਕੇ ਛੱਡ ਦਿੱਤਾ ਗਿਆ। ਉਨ੍ਹਾਂ ਥਾਣੇਦਾਰ ਅੱਜ ਮੁਹਾਲੀ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਅਦਾਲਤ ਨੇ ਮੁਲਜ਼ਮ ਥਾਣੇਦਾਰ ਨੂੰ ਦੋ ਦਿਨ ਦੇ ਪੁਲੀਸ ਰਿਮਾਂਡ ’ਤੇ ਭੇਜ ਦਿੱਤਾ। ਏਆਈਜੀ ਨੇ ਦੱਸਿਆ ਕਿ ਥਾਣੇਦਾਰ ਤੋਂ ਪੁੱਛਗਿੱਛ ਕਰਕੇ ਪਤਾ ਲਗਾਇਆ ਜਾ ਰਿਹਾ ਹੈ। ਇਸ ਗੋਰਖਧੰਦੇ ਵਿੱਚ ਉਸ ਨਾਲ ਹੋਰ ਕੌਣ ਕੌਣ ਪੁਲੀਸ ਅਧਿਕਾਰੀ ਜਾਂ ਮੁਲਾਜ਼ਮ ਸ਼ਾਮਲ ਹਨ ਅਤੇ ਹੁਣ ਤੱਕ ਉਸ ਵੱਲੋਂ ਕਿੰਨੇ ਮੁਲਜ਼ਮਾਂ ਨੂੰ ਛੱਡਿਆ ਗਿਆ ਹੈ।
ਏਆਈਜੀ ਹਰਪ੍ਰੀਤ ਸਿੰਘ ਨੇ ਦੱਸਿਆ ਕਿ ਨਸ਼ਾ ਤਸਕਰੀ ਮਾਮਲੇ ਵਿੱਚ ਗ੍ਰਿਫ਼ਤਾਰ ਕੁਲਦੀਪ ਸਿੰਘ ਉਰਫ਼ ਦੀਪੂ ਵਾਸੀ ਪਿੰਡ ਚੰਗੇਰਾ (ਬਨੂੜ) ਅਤੇ ਉਸ ਦੀ ਪਤਨੀ ਸਰਬਜੀਤ ਕੌਰ, ਗਗਨਦੀਪ ਸਿੰਘ ਉਰਫ਼ ਗਗਨ ਵਾਸੀ ਪਿੰਡ ਚੰਗੇਰਾ ਅਤੇ ਅਰੁਣ ਕੁਮਾਰ ਦੇ ਖ਼ਿਲਾਫ਼ ਐਸਟੀਐਫ਼ ਥਾਣਾ ਫੇਜ਼-4 ਵਿੱਚ ਐਨਡੀਪੀਐਸ ਐਕਟ ਦੇ ਕੇਸ ਦਰਜ ਕੀਤਾ ਗਿਆ ਹੈ। ਮੁਲਜ਼ਮ ਦੀਪੂ ਦੇ ਖ਼ਿਲਾਫ਼ ਪਹਿਲਾਂ ਵੀ ਬਨੂੜ ਅਤੇ ਪੰਚਕੂਲਾ ਥਾਣੇ ਵਿੱਚ ਕੇਸ ਦਰਜ ਹਨ। ਮੁਲਜ਼ਮ ਪਤੀ ਪਤਨੀ ਨੂੰ ਪੁਲੀਸ ਰਿਮਾਂਡ ’ਤੇ ਚਲ ਰਹੇ ਹਨ ਜਦੋਂਕਿ ਗਗਨਦੀਪ ਅਤੇ ਅਰੁਣ ਕੁਮਾਰ ਨੂੰ ਅਦਾਲਤ ਨੇ ਜੇਲ੍ਹ ਭੇਜ ਦਿੱਤਾ ਹੈ। ਉਨ੍ਹਾਂ ਦੱਸਿਆ ਕਿ ਮੁਲਜ਼ਮ ਪਤੀ ਪਤਨੀ ਅਤੇ ਥਾਣੇਦਾਰ ਸੁਖਮੰਦਰ ਨੂੰ ਆਹਮੋ ਸਾਹਮਣੇ ਬਿਠਾ ਕੇ ਕਰਾਸ ਪੁੱਛਗਿੱਛ ਕੀਤੀ ਜਾਵੇਗੀ। ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਜ਼ਿਲ੍ਹਾ ਸੀਆਈਏ ਸਟਾਫ਼ ਵਿੱਚ ਤਾਇਨਾਤ ਕਈ ਪੁਲੀਸ ਮੁਲਾਜ਼ਮਾਂ ਨੂੰ ਅਜਿਹੇ ਦੋਸ਼ਾਂ ਤਹਿਤ ਗ੍ਰਿਫ਼ਤਾਰ ਕੀਤਾ ਜਾ ਚੁੱਕਾ ਹੈ।

Load More Related Articles
Load More By Nabaz-e-Punjab
Load More In Crime & Police

Check Also

ਪੰਜਾਬ ਪੁਲੀਸ ਵੱਲੋਂ ਗੈਂਗਸਟਰ ਦਵਿੰਦਰ ਬੰਬੀਹਾ ਗੈਂਗ ਦੇ ਦੋ ਕਾਰਕੁਨ ਅਸਲੇ ਸਣੇ ਗ੍ਰਿਫ਼ਤਾਰ

ਪੰਜਾਬ ਪੁਲੀਸ ਵੱਲੋਂ ਗੈਂਗਸਟਰ ਦਵਿੰਦਰ ਬੰਬੀਹਾ ਗੈਂਗ ਦੇ ਦੋ ਕਾਰਕੁਨ ਅਸਲੇ ਸਣੇ ਗ੍ਰਿਫ਼ਤਾਰ ਵਿਦੇਸ਼ੀ ਮੂਲ ਦੇ …