ਮੁਹਾਲੀ ਵਿੱਚ ਸੁਖਪਾਲ ਖਹਿਰਾ ਨੇ ਛੋਟੇਪੁਰ ਨਾਲ ਕੀਤੀ ਬੰਦ ਕਮਰਾ ਮੀਟਿੰਗ, ਤੀਜੇ ਫਰੰਟ ਵਿੱਚ ਸ਼ਾਮਲ ਹੋਣ ਦੀ ਅਪੀਲ

ਮੀਟਿੰਗ ਵਿੱਚ ਦੋਵੇਂ ਆਗੂਆਂ ਵਿੱਚ ਤੀਜੇ ਫਰੰਟ ਬਾਰੇ ਸਹਿਮਤੀ ਬਣੀ, ਸੀਟਾਂ ਦੀ ਵੰਡ ਨੂੰ ਲੈ ਕੇ ਵੀ ਹੋਈ ਚਰਚਾ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 5 ਫਰਵਰੀ:
ਪੰਜਾਬੀ ਏਕਤਾ ਪਾਰਟੀ ਦੇ ਪ੍ਰਧਾਨ ਸੁਖਪਾਲ ਸਿੰਘ ਖਹਿਰਾ ਨੇ ਅੱਜ ਸ਼ਾਮ ਇੱਥੋਂ ਦੇ ਫੇਜ਼-11 ਵਿੱਚ ਰਹਿੰਦੇ ਆਪਣਾ ਪੰਜਾਬ ਪਾਰਟੀ ਦੇ ਪ੍ਰਧਾਨ ਸੁੱਚਾ ਸਿੰਘ ਛੋਟੋਪੁਰ ਨਾਲ ਮੁਲਾਕਾਤ ਕੀਤੀ। ਇਹ ਦੋਵੇਂ ਰਾਜਸੀ ਆਗੂ ਆਮ ਆਦਮੀ ਪਾਰਟੀ (ਆਪ) ਦੀਆਂ ਵਧੀਕੀਆਂ ਤੋਂ ਪੀੜਤ ਹਨ। ਕਰੀਬ ਇੱਕ ਘੰਟਾ ਬੰਦ ਕਮਰੇ ਵਿੱਚ ਚਲੀ ਇਸ ਮੀਟਿੰਗ ਸ੍ਰੀ ਖਹਿਰਾ ਨੇ ਛੋਟੇਪੁਰ ਨੂੰ ਪੰਜਾਬ ਦੀ ਤਰੱਕੀ ਦਾ ਵਾਸਤਾ ਦੇ ਕੇ ਕਾਇਮ ਹੋਣ ਜਾ ਰਹੇ ਤੀਜੇ ਫਰੰਟ ਵਿੱਚ ਸ਼ਾਮਲ ਹੋਣ ਦੀ ਅਪੀਲ ਕੀਤੀ।
ਇਸ ਮੌਕੇ ਮੀਡੀਆ ਨਾਲ ਗੱਲਬਾਤ ਦੌਰਾਨ ਸ੍ਰੀ ਖਹਿਰਾ ਨੇ ਸੁੱਚਾ ਸਿੰਘ ਛੋਟੋਪੁਰ ਨੂੰ ਇੱਕ ਇਮਾਨਦਾਰ ਅਤੇ ਸਾਫ਼ ਸੁਥਰੀ ਸ਼ਖ਼ਸੀਅਤ ਦੇ ਮਾਲਕ ਦਾ ਖ਼ਿਤਾਬ ਦਿੰਦਿਆਂ ਕਿਹਾ ਕਿ ਉਨ੍ਹਾਂ (ਛੋਟੇਪੁਰ) ਦੀ ਸੋਚ ਪੰਜਾਬ ਡੈਮੋਕਰੇਟਿਵ ਅਲਾਇੰਸ ਨਾਲ ਮੇਲ ਖਾਂਦੀ ਹੈ। ਇਸ ਲਈ ਉਹ ਅੱਜ ਉਨ੍ਹਾਂ ਨੂੰ ਮਿਲਣ ਆਏ ਸਨ। ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਇਹ ਪਹਿਲੀ ਮੀਟਿੰਗ ਹੈ ਅਤੇ ਮੀਟਿੰਗ ਵਿੱਚ ਤੀਜੇ ਫਰੰਟ ਅਤੇ ਪੰਜਾਬ ਦੀ ਤਰੱਕੀ ਅਤੇ ਖ਼ੁਸ਼ਹਾਲੀ ਬਾਰੇ ਵਿਸਥਾਰ ਨਾਲ ਗੱਲ ਹੋਈ ਹੈ। ਉਨ੍ਹਾਂ ਦਾਅਵਾ ਕੀਤਾ ਕਿ ਸ੍ਰੀ ਛੋਟੋਪੁਰ ਨੇ ਤੀਜੇ ਫਰੰਟ ਦੀ ਵਿਚਾਰਧਾਰਾ ਨਾਲ ਸਹਿਮਤੀ ਪ੍ਰਗਟਾਈ ਹੈ। ਉਨ੍ਹਾਂ ਕਿਹਾ ਕਿ ਉਹ ਅਗਲੇ ਦੋ ਚਾਰ ਦਿਨਾਂ ਵਿੱਚ ਆਪਣੀ ਪਾਰਟੀ ਦੀ ਮੀਟਿੰਗ ਸੱਦ ਕੇ ਗੱਠਜੋੜ ਬਾਰੇ ਕੋਈ ਫੈਸਲਾ ਲੈ ਸਕਦੇ ਹਨ।
ਉਧਰ, ਸੁੱਚਾ ਸਿੰਘ ਛੋਟੇਪੁਰ ਨੇ ਵੀ ਮੀਡੀਆ ਕੋਲ ਉਕਤ ਤੱਥਾਂ ਦੀ ਪੁਸ਼ਟੀ ਕਰਦਿਆਂ ਕਿਹਾ ਕਿ ਉਹ ਇਸ ਅਲਾਇੰਸ ਉਨ੍ਹਾਂ ਸਾਰੇ ਉਮੀਦਵਾਰਾਂ ਦਾ ਸਵਾਗਤ ਕਰਨਗੇ ਜੋ ਪੰਜਾਬ ਹਿਤੈਸ਼ੀ ਅਤੇ ਕਾਂਗਰਸ, ਅਕਾਲੀ ਦਲ ਤੇ ਭਾਜਪਾ ਦੀਆਂ ਨੀਤੀਆਂ ਦੇ ਵਿਰੁੱਧ ਹੈ। ਉਨ੍ਹਾਂ ਦੱਸਿਆ ਕਿ ਨਵੇਂ ਅਲਾਇੰਸ ਵਿੱਚ ਲੋਕ ਸਭਾ ਦੀ 5 ਸੀਟਾਂ ’ਤੇ ਚੋਣ ਲੜਨ ਲਈ ਨਾਵਾਂ ’ਤੇ ਸਹਿਮਤੀ ਬਣੀ ਹੈ ਅਤੇ ਚੋਣਾਂ ਨੇੜੇ ਆਉਣ ’ਤੇ ਬਾਕੀ ਸੀਟਾਂ ’ਤੇ ਵੀ ਸਹਿਮਤੀ ਬਣ ਜਾਵੇਗੀ। ਬਸਪਾ ਸੁਪਰੀਮੋ ਮਾਇਆਵਤੀ ਨੂੰ ਤੀਜੇ ਫਰੰਟ ਦੀ ਪ੍ਰਧਾਨ ਮੰਤਰੀ ਦੀ ਉਮੀਦਵਾਰ ਮੰਨਣ ਬਾਰੇ ਪੁੱਛੇ ਜਾਣ ’ਤੇ ਸ੍ਰੀ ਛੋਟੇਪੁਰ ਨੇ ਕਿਹਾ ਕਿ ਇਸ ਬਾਰੇ ਬਣਨ ਜਾ ਰਹੇ ਨਵੇਂ ਮਹਾਂ ਗੱਠਜੋੜ ਦੀ ਮੀਟਿੰਗ ਵਿੱਚ ਫੈਸਲਾ ਹੋਵੇਗਾ। ਉਂਜ ਉਨ੍ਹਾਂ ਇਹ ਵੀ ਕਿਹਾ ਕਿ ਇਸ ਤੋਂ ਚੰਗੀ ਗੱਲ ਕੀ ਹੋ ਸਕਦੀ ਕਿ ਅੌਰਤ ਅਤੇ ਦਲਿਤ ਵਰਗ ਦੀ ਵੱਡੀ ਹਸਤੀ ਦੇਸ਼ ਦੀ ਪ੍ਰਧਾਨ ਮੰਤਰੀ ਬਣੇ। ਇਸ ਮੌਕੇ ਆਪ ਦੇ ਬਾਗੀ ਵਿਧਾਇਕ ਬਲਦੇਵ ਸਿੰਘ ਅਤੇ ਜਗਦੇਵ ਸਿੰਘ ਵੀ ਹਾਜ਼ਰ ਸਨ।

Load More Related Articles
Load More By Nabaz-e-Punjab
Load More In General News

Check Also

ਪੰਜਾਬ ਦੀਆਂ ਮੰਡੀ ਬੋਰਡ ਦੀ ਆਮਦਨ ਵਧਾਉਣ ਤੇ ਹੋਰ ਕਾਰਜਾਂ ਦੀ ਸਮੀਖਿਆ, ਜ਼ਰੂਰੀ ਹਦਾਇਤਾਂ ਜਾਰੀ

ਪੰਜਾਬ ਦੀਆਂ ਮੰਡੀ ਬੋਰਡ ਦੀ ਆਮਦਨ ਵਧਾਉਣ ਤੇ ਹੋਰ ਕਾਰਜਾਂ ਦੀ ਸਮੀਖਿਆ, ਜ਼ਰੂਰੀ ਹਦਾਇਤਾਂ ਜਾਰੀ ਮੀਟਿੰਗ ਵਿੱਚ…