
ਆਮਦਨ ਤੋਂ ਵੱਧ ਜਾਇਦਾਦ: ਸੁਮੇਧ ਸੈਣੀ ਦੀ ਜ਼ਮਾਨਤ ਅਰਜ਼ੀ ’ਤੇ ਵਕੀਲਾਂ ਵਿੱਚ ਜ਼ਬਰਦਸਤ ਬਹਿਸ
ਮੁਹਾਲੀ ਅਦਾਲਤ ਨੇ ਸ਼ਾਮ 4 ਵਜੇ ਤੱਕ ਆਪਣਾ ਫੈਸਲਾ ਰਾਖਵਾਂ ਰੱਖਿਆ
ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 6 ਅਗਸਤ:
ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਸਾਬਕਾ ਡੀਜੀਪੀ ਸੁਮੇਧ ਸੈਣੀ ਅਤੇ ਹੋਰਨਾਂ ਵਿਅਕਤੀਆਂ ਖ਼ਿਲਾਫ਼ ਵਿਜੀਲੈਂਸ ਥਾਣਾ ਮੁਹਾਲੀ ਵਿੱਚ ਦਰਜ ਆਮਦਨ ਤੋਂ ਵੱਧ ਸੰਪਤੀ ਜੁਟਾਉਣ ਦੇ ਨਵੇਂ ਅਪਰਾਧਿਕ ਮਾਮਲੇ ਵਿੱਚ ਸ਼ੁੱਕਰਵਾਰ ਨੂੰ ਮੁਹਾਲੀ ਅਦਾਲਤ ਵਿੱਚ ਸੁਮੇਧ ਸੈਣੀ ਦੀ ਜ਼ਮਾਨਤ ਅਰਜ਼ੀ ’ਤੇ ਸਰਕਾਰੀ ਵਕੀਲ ਅਤੇ ਬਚਾਅ ਪੱਖ ਦੇ ਵਕੀਲਾਂ ਵਿੱਚ ਜ਼ਬਰਦਸਤ ਬਹਿਸ ਹੋਈ। ਬੀਤੇ ਦਿਨੀਂ ਸੈਣੀ ਨੇ ਆਪਣੇ ਵਕੀਲਾਂ ਐਡਵੋਕੇਟ ਏਪੀਐਸ ਦਿਉਲ ਅਤੇ ਐਚਐਸ ਧਨੋਆ ਰਾਹੀਂ ਮੁਹਾਲੀ ਅਦਾਲਤ ਵਿੱਚ ਇਕ ਅਰਜ਼ੀ ਦਾਇਰ ਕਰਕੇ ਉਸ ਨੂੰ ਅਗਾਊਂ ਜ਼ਮਾਨਤ ਦੇਣ ਦੀ ਮੰਗ ਕੀਤੀ ਸੀ। ਬਚਾਅ ਪੱਖ ਦੇ ਵਕੀਲਾਂ ਨੇ ਬਹਿਸ ਕਰਦਿਆਂ ਅਦਾਲਤ ਨੂੰ ਦੱਸਿਆ ਕਿ ਇਸ ਕੇਸ ਨਾਲ ਸੁਮੇਧ ਸੈਣੀ ਦਾ ਕੋਈ ਲੈਣਾ-ਦੇਣਾ ਨਹੀਂ ਹੈ ਅਤੇ ਵਿਜੀਲੈਂਸ ਜਾਣਬੁੱਝ ਕੇ ਝੂਠੇ ਕੇਸ ਵਿੱਚ ਫਸਾ ਰਹੀ ਹੈ।
ਉਧਰ, ਸਰਕਾਰੀ ਵਕੀਲ ਸਰਤੇਜ ਸਿੰਘ ਨਰੂਲਾ ਨੇ ਉਸਾਰੂ ਬਹਿਸ ਕਰਦਿਆਂ ਵਿਜੀਲੈਂਸ ਵੱਲੋਂ ਦਰਜ ਕੀਤੀ ਐਫ਼ਆਈਆਰ ਦੇ ਹਵਾਲੇ ਨਾਲ ਅਦਾਲਤ ਵਿੱਚ ਇਸ ਬਹੁ-ਚਰਚਿਤ ਮਾਮਲੇ ਵਿੱਚ ਨਾਮਜ਼ਦ ਬਾਕੀ ਮੁਲਜ਼ਮਾਂ ਦੀਆਂ ਚੱਲ ਅਤੇ ਅਚੱਲ ਸੰਪਤੀਆਂ ਅਤੇ ਪੈਸਿਆਂ ਦੇ ਲੈਣ ਦੇਣ ਬਾਰੇ ਵਿਸਥਾਰ ਨਾਲ ਠੋਸ ਤੱਥ ਪੇਸ਼ ਕੀਤੇ। ਉਨ੍ਹਾਂ ਨੇ ਚੰਡੀਗੜ੍ਹ ਵਾਲੀ ਕੋਠੀ ਦੀ ਰੈਂਟ ਡੀਡ ਅਤੇ ਬਿਨਾਂ ਰਸੀਦਾਂ ਤੋਂ ਕਰੋੜਾਂ ਰੁਪਏ ਇਕ ਦੂਜੇ ਦੇ ਖਾਤਿਆਂ ਵਿੱਚ ਟਰਾਂਸਫਰ ਕਰਨ ਦੀ ਗੱਲ ਕਹੀ। ਉਨ੍ਹਾਂ ਮੰਗ ਕੀਤੀ ਕਿ ਉਕਤ ਸਾਰੇ ਪਹਿਲੂਆਂ ਦੀ ਹੋਰ ਡੂੰਘਾਈ ਜਾਂਚ ਕਰਨ ਲਈ ਮੁਲਜ਼ਮਾਂ ਦੀ ਗ੍ਰਿਫ਼ਤਾਰੀ ਬਹੁਤ ਜ਼ਰੂਰੀ ਹੈ। ਲਿਹਾਜ਼ਾ ਸੁਮੇਧ ਸੈਣੀ ਦੀ ਜ਼ਮਾਨਤ ਦੀ ਅਰਜ਼ੀ ਰੱਦ ਕੀਤੀ ਜਾਵੇ ਤਾਂ ਜੋ ਉਸ ਨੂੰ ਹਿਰਾਸਤ ਵਿੱਚ ਲੈ ਕੇ ਪੁੱਛਗਿੱਛ ਕੀਤੀ ਜਾ ਸਕੇ। ਅਦਾਲਤ ਨੇ ਦੋਵਾਂ ਧਿਰਾਂ ਦੀਆਂ ਦਲੀਲਾਂ ਸੁਣਨ ਤੋਂ ਬਾਅਦ ਆਪਣਾ ਫੈਸਲਾ ਸ਼ਾਮ 4 ਵਜੇ ਤੱਕ ਰਾਖਵਾਂ ਰੱਖ ਲਿਆ ਹੈ।