Nabaz-e-punjab.com

ਬੇਅਦਬੀ ਮਾਮਲਿਆਂ ਵਿੱਚ ਬਾਦਲਾਂ ਦੇ ਮਾਸਟਰ ਮਾਈਂਡ ਡਾ. ਚੀਮਾ ਨੂੰ ਪੁੱਛਗਿੱਛ ਲਈ ਤਲਬ ਕਰਨ ਦੀ ਮੰਗ

ਆਪ ਵਿਧਾਇਕ ਅਮਰਜੀਤ ਸਿੰਘ ਸੰਦੋਆ ਮੁਹਾਲੀ ਵਿੱਚ ਵਿਸ਼ੇਸ਼ ਜਾਂਚ ਟੀਮ ਅੱਗੇ ਪੇਸ਼, ਜਾਂਚ ਅਧਿਕਾਰੀ ਦਰਜ ਕਰਵਾਏ ਬਿਆਨ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 29 ਦਸੰਬਰ:
ਆਮ ਆਦਮੀ ਪਾਰਟੀ (ਆਪ) ਦੇ ਸੀਨੀਅਰ ਆਗੂ ਤੇ ਵਿਧਾਇਕ ਅਮਨ ਅਰੋੜਾ ਅਤੇ ਰੂਪਨਗਰ ਤੋਂ ਵਿਧਾਇਕ ਅਮਰਜੀਤ ਸਿੰਘ ਸੰਦੋਆ ਨੇ ਪੰਜਾਬ ਵਿੱਚ ਪਿੰਡ ਬਰਗਾੜੀ ਸਮੇਤ ਹੋਰ ਵੱਖ ਵੱਖ ਥਾਵਾਂ ’ਤੇ ਵਾਪਰੀਆਂ ਬੇਅਦਬੀ ਦੀਆਂ ਘਟਨਾਵਾਂ ਦੇ ਮਾਮਲਿਆਂ ਦੀ ਤੈਅ ਤੱਕ ਜਾਣ ਲਈ ਸ਼੍ਰੋਮਣੀ ਅਕਾਲੀ ਦਲ ਦੇ ਸਕੱਤਰ ਤੇ ਮੁੱਖ ਬੁਲਾਰੇ ਡਾ. ਦਲਜੀਤ ਸਿੰਘ ਚੀਮਾ ਨੂੰ ਤਲਬ ਕੀਤਾ ਜਾਵੇ ਅਤੇ ਉਨ੍ਹਾਂ ਤੋਂ ਸਖ਼ਤੀ ਨਾਲ ਡੂੰਘਾਈ ਨਾਲ ਪੁੱਛਗਿੱਛ ਕੀਤੀ ਜਾਵੇਗੀ। ਉਨ੍ਹਾਂ ਡਾ. ਚੀਮਾ ਨੂੰ ਬਾਦਲ ਦਲ ਦਾ ਮਾਸਟਰ ਮਾਈਂਡ ਦੱਸਦਿਆਂ ਕਿਹਾ ਕਿ ਸਾਬਕਾ ਮੰਤਰੀ ਤੋਂ ਪੁੱਛਗਿੱਛ ਕਰਨ ’ਤੇ ਕਈ ਵੱਡੇ ਖੁਲਾਸੇ ਹੋ ਸਕਦੇ ਹਨ। ਆਪ ਆਗੂ ਸ਼ੁੱਕਰਵਾਰ ਨੂੰ ਮੁਹਾਲੀ ਵਿੱਚ ਮੀਡੀਆ ਨਾਲ ਗੱਲਬਾਤ ਕਰ ਰਹੇ ਸਨ। ਇਸ ਤੋਂ ਪਹਿਲਾਂ ਅਮਨ ਅਰੋੜਾ ਦੀ ਮੌਜੂਦਗੀ ਵਿੱਚ ਵਿਧਾਇਕ ਸੰਦੋਆ ਨੇ ਇੱਥੋਂ ਦੇ ਸੈਕਟਰ-77 ਸਥਿਤ ਬੇਅਦਬੀ ਮਾਮਲਿਆਂ ਦੀ ਜਾਂਚ ਕਰ ਰਹੀ ਵਿਸ਼ੇਸ਼ ਜਾਂਚ ਟੀਮ ਅੱਗੇ ਪੇਸ਼ ਹੋ ਕੇ ਆਪਣੇ ਬਿਆਨ ਦਰਜ ਕਰਵਾਏ।
ਸ੍ਰੀ ਅਮਨ ਅਰੋੜਾ ਨੇ ਕਿਹਾ ਕਿ ਇੱਕ ਮਹੀਨਾ ਪਹਿਲਾਂ ਵਿਧਾਇਕ ਸੰਦੋਆ ਨੇ ਡੀਜੀਪੀ ਨੂੰ ਸ਼ਿਕਾਇਤ ਦਿੱਤੀ ਸੀ ਕਿ ਬੇਅਦਬੀ ਮਾਮਲਿਆਂ ਦੀ ਜਾਂਚ ਵਿੱਚ ਡਾ. ਚੀਮਾ ਨੂੰ ਸ਼ਾਮਲ ਕਰਕੇ ਉਨ੍ਹਾਂ ਵਿਰੁੱਧ ਕਾਰਵਾਈ ਕੀਤੀ ਜਾਵੇ। ਉਨ੍ਹਾਂ ਦੱਸਿਆ ਕਿ ਡੀਜੀਪੀ ਵੱਲੋਂ ਇਹ ਸ਼ਿਕਾਇਤ ਸਿੱਟ ਦੇ ਮੈਂਬਰ ਆਈਜੀ ਕੁੰਵਰ ਪ੍ਰਤਾਪ ਸਿੰਘ ਨੂੰ ਮਾਰਕ ਕੀਤੀ ਗਈ ਸੀ। ਜਿਸ ਦੇ ਤਹਿਤ ਉਹ ਅੱਜ ਆਪਣੇ ਬਿਆਨ ਦਰਜ ਕਰਵਾਉਣ ਆਏ ਸਨ। ਉਨ੍ਹਾਂ ਕਿਹਾ ਕਿ ਜਲੰਧਰ ਤੋਂ ਵਿਧਾਇਕ ਪ੍ਰਗਟ ਸਿੰਘ ਨੇ ਵੀ ਕੁੱਝ ਸਮਾਂ ਪਹਿਲਾਂ ਇਹ ਖੁਲਾਸਾ ਕੀਤਾ ਸੀ ਕਿ ਜਦੋਂ ਉਹ ਅਕਾਲੀ ਦਲ ਵਿੱਚ ਸਨ ਤਾਂ ਉਸ ਵੇਲੇ ਇੱਕ ਦਿਨ ਅਕਾਲੀ ਦਲ ਦੇ 10 ਵਿਧਾਇਕ ਬੈਠੇ ਸਨ ਤਾਂ ਉੱਥੇ ਉਨ੍ਹਾਂ (ਚੀਮਾ) ਕਿਹਾ ਸੀ ਕਿ ਉਹ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਡੇਰਾ ਸਿਰਸਾ ਨੂੰ ਮੁਆਫ਼ੀ ਨਾਮਾ ਲਿਖਵਾ ਕੇ ਲੈ ਕੇ ਆਏ ਹਨ। ਉਨ੍ਹਾਂ ਦੋਸ਼ ਲਾਇਆ ਕਿ ਡਾ. ਚੀਮਾ ਦੀ ਸੁਖਬੀਰ ਬਾਦਲ ਦੀ ਫਿਲਮ ਕਲਾਕਾਰ ਅਕਸ਼ੇ ਕੁਮਾਰ ਦੇ ਘਰ ਡੇਰਾ ਸਿਰਸਾ ਮੁਖੀ ਨਾਲ ਮੁਲਾਕਾਤ ਕਰਵਾਉਣ ਵਿੱਚ ਵੀ ਅਹਿਮ ਭੂਮਿਕਾ ਸੀ। ਉਂਜ ਕੁਝ ਦਿਨ ਪਹਿਲਾਂ ਅਕਸ਼ੇ ਕੁਮਾਰ ਇਨ੍ਹਾਂ ਦੋਸ਼ਾਂ ਨੂੰ ਬੇਬੁਨਿਆਦ ਦੱਸਦੇ ਹੋਏ ਸਪੱਸ਼ਟ ਕਰ ਚੁੱਕੇ ਹਨ, ਕਿਉਹ ਡੇਰਾ ਮੁਖੀ ਨੂੰ ਜਾਣਦੇ ਤੱਕ ਨਹੀਂ ਹਨ। ਉਨ੍ਹਾਂ ਸਿੱਟ ਦੀ ਕਾਰਵਾਈ ’ਤੇ ਤਸੱਲੀ ਪ੍ਰਗਟ ਕਰਦਿਆਂ ਕਿਹਾ ਕਿ ਬੇਅਦਬੀ ਮਾਮਲਿਆਂ ਅਤੇ ਦੋ ਨੌਜਵਾਨਾਂ ਦੀ ਮੌਤ ਲਈ ਜ਼ਿੰਮੇਵਾਰ ਵਿਅਕਤੀਆਂ ਨੂੰ ਸਜ਼ਾ ਜ਼ਰੂਰ ਮਿਲੇਗੀ।
ਇਸ ਮੌਕੇ ਵਿਧਾਇਕ ਅਮਰਜੀਤ ਸਿੰਘ ਸੰਦੋਆ ਨੇ ਕਿਹਾ ਕਿ ਜਦੋਂ ਵਿਧਾਨ ਸਭਾ ਵਿੱਚ ਜਸਟਿਸ ਰਣਜੀਤ ਸਿੰਘ ਦੀ ਰਿਪੋਰਟ ’ਤੇ ਬਹਿਸ ਹੋ ਰਹੀ ਸੀ, ਤਾਂ ਉਸ ਸਮੇਂ ਵੀ ਉਨ੍ਹਾਂ ਨੇ ਇਹ ਮੁੱਦਾ ਚੁੱਕਦਿਆਂ ਡਾ. ਚੀਮਾ ਖ਼ਿਲਾਫ਼ ਕੇਸ ਦਰਜ ਕਰਨ ਦੀ ਮੰਗ ਕੀਤੀ ਸੀ। ਉਨ੍ਹਾਂ ਕਿਹਾ ਕਿ ਪਿਛਲੀ ਅਕਾਲੀ ਸਰਕਾਰ ਸਮੇਂ ਗੁਰੂ ਗ੍ਰੰਥ ਸਾਹਿਬ ਜੀ ਦੀ ਹੋਈ ਬੇਅਦਬੀ ਅਤੇ ਦੋ ਨੌਜਵਾਨਾਂ ਨੂੰ ਸ਼ਹੀਦ ਕੀਤੇ ਜਾਣ ਵਿੱਚ ਸਾਬਕਾ ਹੁਕਮਰਾਨਾਂ ਤੋਂ ਵੀ ਡਾ. ਚੀਮਾ ਦੀ ਭੂਮਿਕਾ ਵੱਡੀ ਹੋ ਸਕਦੀ ਹੈ। ਇਸ ਲਈ ਅਕਾਲੀ ਆਗੂ ਨੂੰ ਜਾਂਚ ਵਿੱਚ ਸ਼ਾਮਲ ਕੀਤਾ ਜਾਣਾ ਚਾਹੀਦਾ ਹੈ।
(ਬਾਕਸ ਆਈਟਮ)
ਸ਼੍ਰੋਮਣੀ ਅਕਾਲੀ ਦਲ ਦੇ ਸਕੱਤਰ ਤੇ ਮੁੱਖ ਬੁਲਾਰੇ ਡਾ. ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਆਪ ਅਤੇ ਕਾਂਗਰਸੀ ਆਪਸ ਵਿੱਚ ਰਲੇ ਹੋਏ ਹਨ। ਇਹ ਦੋਵੇਂ ਪਾਰਟੀਆਂ ਬੇਅਦਬੀ ਦੇ ਮਾਮਲਿਆਂ ਨੂੰ ਆਪਣੀ ਢਾਲ ਬਣਾ ਕੇ ਸੌੜੀ ਰਾਜਨੀਤੀ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਇਨ੍ਹਾਂ ਪਾਰਟੀਆਂ ਦੀ ਆਪਸੀ ਗੰਢਤੁਪ ਬਾਰੇ ਜੋ ਅਕਾਲੀ ਦਲ ਸ਼ੁਰੂ ਤੋਂ ਕਹਿੰਦਾ ਆ ਰਿਹਾ ਹੈ, ਉਹ ਸਬੂਤ ਬਣ ਕੇ ਸਾਹਮਣੇ ਆ ਰਹੇ ਹਨ। ਉਨ੍ਹਾਂ ਕਾਂਗਰਸ ਅਤੇ ਆਪ ਨੂੰ ਮੁੱਦਾਹੀਣ ਕਰਾਰ ਦਿੰਦਿਆਂ ਕਿਹਾ ਕਿ ਦੋਵੇਂ ਪਾਰਟੀਆਂ ਦੇ ਆਗੂਆਂ ਕੋਲਅ ਬਾਦਲ ਦਲ ਨੂੰ ਕੋਸਣ ਤੋਂ ਬਿਨਾਂ ਕੋਈ ਕੰਮ ਨਹੀਂ ਹੈ। ਉਨ੍ਹਾਂ ਕਿਹਾ ਕਿ ਸਿੱਖ ਕਤਲੇਆਮ ਦੇ ਦੋਸ਼ੀ ਸੱਜਣ ਕੁਮਾਰ ਤੇ ਹੋਰ ਬਾਕੀ ਦੋਸ਼ੀਆਂ ਬਾਰੇ ਦੋਵੇਂ ਪਾਰਟੀਆਂ ਖਾਮੋਸ਼ ਹਨ।

Load More Related Articles
Load More By Nabaz-e-Punjab
Load More In General News

Check Also

ਸ਼ਹਿਰ ਵਿੱਚ ਬਾਂਦਰਾਂ ਦੀ ਦਹਿਸ਼ਤ, ਲੋਕ ਭੈਅ-ਭੀਤ, ਘਰਾਂ ਦੇ ਬਨੇਰਿਆਂ ’ਤੇ ਬੈਠੇ ਰਹਿੰਦੇ ਨੇ ਬਾਂਦਰ

ਸ਼ਹਿਰ ਵਿੱਚ ਬਾਂਦਰਾਂ ਦੀ ਦਹਿਸ਼ਤ, ਲੋਕ ਭੈਅ-ਭੀਤ, ਘਰਾਂ ਦੇ ਬਨੇਰਿਆਂ ’ਤੇ ਬੈਠੇ ਰਹਿੰਦੇ ਨੇ ਬਾਂਦਰ ਜ਼ਬਰਦਸਤੀ …