ਵਿਜੀਲੈਂਸ ਵੱਲੋਂ ਸੁੰਦਰ ਸ਼ਾਮ ਅਰੋੜਾ 50 ਲੱਖ ਰੁਪਏ ਦੀ ਰਿਸ਼ਵਤ ਦੇਣ ਦੇ ਦੋਸ਼ ਹੇਠ ਗ੍ਰਿਫ਼ਤਾਰ

ਵਿਜੀਲੈਂਸ ਦੇ ਏਆਈਜੀ ਤੇ ਜਾਂਚ ਅਧਿਕਾਰੀ ਨੂੰ ਕੇਸਾਂ ’ਚੋਂ ਖਲਾਸੀ ਲਈ ਇੱਕ ਕਰੋੜ ਰਿਸ਼ਵਤ ਦੀ ਕੀਤੀ ਸੀ ਪੇਸ਼ਕਸ਼

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 16 ਅਕਤੂਬਰ:
ਪਿਛਲੀ ਕਾਂਗਰਸ ਸਰਕਾਰ ਸਮੇਂ ਉਦਯੋਗ ਮੰਤਰੀ ਰਹੇ ਅਤੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇੜਲੇ ਸਾਥੀ ਸੁੰਦਰ ਸ਼ਾਮ ਅਰੋੜਾ ਨੂੰ ਵਿਜੀਲੈਂਸ ਬਿਊਰੋ ਨੇ ਗ੍ਰਿਫ਼ਤਾਰ ਕਰ ਲਿਆ ਹੈ। ਜਿਸ ਨੂੰ ਅੱਜ ਮੁਹਾਲੀ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਅਦਾਲਤ ਨੇ ਉਸ ਨੂੰ ਤਿੰਨ ਦਿਨ ਦੇ ਪੁਲੀਸ ਰਿਮਾਂਡ ’ਤੇ ਭੇਜ ਦਿੱਤਾ। ਇਸ ਤੋਂ ਪਹਿਲਾਂ ਸਾਬਕਾ ਮੰਤਰੀ ਦਾ ਸਰਕਾਰੀ ਹਸਪਤਾਲ ਵਿੱਚ ਮੈਡੀਕਲ ਕਰਵਾਇਆ ਗਿਆ।
ਉਹ ਸਨਅਤੀ ਪਲਾਟਾਂ ਦੀ ਖ਼ਰੀਦੋ-ਫ਼ਰੋਖ਼ਤ ਅਤੇ ਮੁਹਾਲੀ ਵਿੱਚ ਬੰਦ ਪਈ ਜੇਸੀਟੀ ਫੈਕਟਰੀ ਦੀ ਜ਼ਮੀਨ ਨੂੰ ਸਸਤੇ ਭਾਅ ’ਤੇ ਵੇਚਣ ਸਮੇਤ ਭ੍ਰਿਸ਼ਟਾਚਾਰ ਦੇ ਹੋਰ ਗੰਭੀਰ ਦੋਸ਼ਾਂ ਦਾ ਸਾਹਮਣਾ ਕਰ ਰਹੇ ਹਨ। ਇਨ੍ਹਾਂ ਕੇਸਾਂ ’ਚੋਂ ਕਾਨੂੰਨੀ ਕਾਰਵਾਈ ਤੋਂ ਬਚਨ ਲਈ ਸਾਬਕਾ ਮੰਤਰੀ ਨੇ ਵਿਜੀਲੈਂਸ ਦੇ ਏਆਈਜੀ ਤੇ ਜਾਂਚ ਅਧਿਕਾਰੀ ਮਨਮੋਹਨ ਕੁਮਾਰ ਨੂੰ ਇੱਕ ਕਰੋੜ ਰੁਪਏ ਰਿਸ਼ਵਤ ਦੇਣ ਦੀ ਪੇਸ਼ਕਸ਼ ਕੀਤੀ ਗਈ ਅਤੇ ਪਹਿਲੀ ਕਿਸ਼ਤ ਵਜੋਂ ਲੰਘੀ ਰਾਤ 50 ਲੱਖ ਰੁਪਏ ਰਿਸ਼ਵਤ ਦੀ ਪੇਸ਼ਕਸ਼ ਕੀਤੀ ਗਈ। ਜਿਵੇਂ ਹੀ ਅਰੋੜਾ ਨੇ ਰਿਸ਼ਵਤ ਪੈਸਿਆਂ ਵਾਲਾ ਬੈਗ ਅਧਿਕਾਰੀ ਦੀ ਗੱਡੀ ਵਿੱਚ ਰਖਵਾਇਆ ਤਾਂ ਵਿਜੀਲੈਂਸ ਦੀ ਟੀਮ ਨੇ ਉਸ ਨੂੰ ਤੁਰੰਤ ਰੰਗੇ ਹੱਥੀਂ ਕਾਬੂ ਕਰ ਲਿਆ।
ਇਸ ਗੱਲ ਦਾ ਖੁਲਾਸਾ ਅੱਜ ਇੱਥੇ ਵਿਜੀਲੈਂਸ ਬਿਊਰੋ ਦੇ ਮੁੱਖ ਨਿਰਦੇਸ਼ਕ ਵਰਿੰਦਰ ਕੁਮਾਰ ਨੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਕੀਤਾ। ਉਨ੍ਹਾਂ ਦੱਸਿਆ ਕਿ ਇਸ ਸਬੰਧੀ ਏਆਈਜੀ (ਉਡਣ ਦਸਤਾ) ਮਨਮੋਹਨ ਕੁਮਾਰ ਦੇ ਬਿਆਨਾਂ ਨੂੰ ਆਧਾਰ ਬਣਾ ਕੇ ਸਾਬਕਾ ਮੰਤਰੀ ਸੁੰਦਰ ਸ਼ਾਮ ਅਰੋੜਾ ਦੇ ਖ਼ਿਲਾਫ਼ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀ ਧਾਰਾ 8 ਅਧੀਨ ਪਰਚਾ ਦਰਜ ਕਰਕੇ ਗ੍ਰਿਫ਼ਤਾਰ ਕਰ ਲਿਆ ਹੈ।
ਇਸ ਸਬੰਧੀ ਏਆਈਜੀ ਮਨਮੋਹਨ ਕੁਮਾਰ ਨੇ ਵਿਜੀਲੈਂਸ ਬਿਊਰੋ ਨੂੰ ਸ਼ਿਕਾਇਤ ਕੀਤੀ ਹੈ ਕਿ ਸੁੰਦਰ ਸ਼ਾਮ ਅਰੋੜਾ ਨੇ ਬੀਤੀ 14 ਅਕਤੂਬਰ ਨੂੰ ਉਨ੍ਹਾਂ ਨਾਲ ਮੁਲਾਕਾਤ ਕੀਤੀ ਅਤੇ ਉਸ ਵਿਰੁੱਧ ਚੱਲ ਰਹੀ ਵਿਜੀਲੈਂਸ ਜਾਂਚ ਵਿੱਚ ਮਦਦ ਕਰਨ ਲਈ ਉਸ ਨੂੰ ਇੱਕ ਕਰੋੜ ਰੁਪਏ ਰਿਸ਼ਵਤ ਦੇਣ ਦੀ ਪੇਸ਼ਕਸ਼ ਕੀਤੀ ਗਈ ਹੈ। ਵਿਜੀਲੈਂਸ ਅਨੁਸਾਰ ਅਗਲੇ ਦਿਨ 15 ਅਕਤੂਬਰ ਨੂੰ ਸਾਬਕਾ ਮੰਤਰੀ ਨੇ 50 ਲੱਖ ਰੁਪਏ ਮੌਕੇ ਉੱਤੇ ਦੇਣ ਅਤੇ ਬਕਾਇਆ ਰਾਸ਼ੀ ਬਾਅਦ ਵਿੱਚ ਦੇਣ ਦੀ ਗੱਲ ਕਹੀ। ਏਆਈਜੀ ਨੇ ਇਸ ਸਬੰਧੀ ਵਿਜੀਲੈਂਸ ਬਿਊਰੋ ਦੇ ਮੁੱਖ ਡਾਇਰੈਕਟਰ ਨੂੰ ਜਾਣੂ ਕਰਵਾਇਆ। ਇਸ ਤਰ੍ਹਾਂ ਮੁਲਜ਼ਮ ਖ਼ਿਲਾਫ਼ ਰਿਸ਼ਵਤਖੋਰੀ ਦਾ ਕੇਸ ਦਰਜ ਕਰਕੇ ਉਸ ਨੂੰ ਰੰਗੇ ਹੱਥੀਂ ਕਾਬੂ ਕਰਨ ਦਾ ਜਾਲ ਬੁਣਿਆ ਗਿਆ। ਭ੍ਰਿਸ਼ਟਾਚਾਰ ਦੇ ਕੇਸਾਂ ’ਚੋਂ ਆਪਣੀ ਖਲਾਸੀ ਪਾਉਣ ਦੇ ਚੱਕਰ ਵਿੱਚ ਸਾਬਕਾ ਮੰਤਰੀ ਵਿਜੀਲੈਂਸ ਦੇ ਵਛਾਏ ਜਾਲ ਵਿੱਚ ਫਸ ਗਿਆ। ਸਾਬਕਾ ਮੰਤਰੀ ਨੇ ਜਾਂਚ ਅਧਿਕਾਰੀ ਨੂੰ ਫੋਨ ਕੀਤਾ ਕਿ ਉਹ ਉਨ੍ਹਾਂ (ਏਆਈਜੀ) ਦੇ ਘਰ ਦੇ ਬਾਹਰ ਪਹੁੰਚ ਗਏ ਹਨ ਪ੍ਰੰਤੂ ਮਨਮੋਹਨ ਕੁਮਾਰ ਨੇ ਉਸ ਨੂੰ ਦੱਸਿਆ ਕਿ ਉਹ ਘਰ ਮੌਜੂਦ ਨਹੀਂ ਹਨ। ਇਸ ਤਰ੍ਹਾਂ ਸਾਬਕਾ ਮੰਤਰੀ ਨੂੰ ਹੋਰ ਥਾਂ ਸੱਦਿਆ ਗਿਆ। ਜਿੱਥੇ ਵਿਜੀਲੈਂਸ ਦੀ ਟੀਮ ਪਹਿਲਾਂ ਹੀ ਟਰੈਪ ਲਗਾ ਕੇ ਖੜੀ ਸੀ। ਬੈੱਗ ਵਿੱਚ 2-2 ਹਜ਼ਾਰ ਅਤੇ 500-500 ਰੁਪਏ ਦੇ ਨੋਟ ਸਨ।
ਵਿਜੀਲੈਂਸ ਦੀ ਟੀਮ ਨੇ ਸੁੰਦਰ ਸ਼ਾਮ ਅਰੋੜਾ ਨੂੰ ਮੁਹਾਲੀ ਅਦਾਲਤ ਵਿੱਚ ਪੇਸ਼ ਕੀਤਾ ਅਤੇ ਏਆਈਜੀ ਮਨਮੋਹਨ ਕੁਮਾਰ ਨੇ ਇੱਕ ਅਰਜ਼ੀ ਦਾਇਰ ਕਰਕੇ ਮੁਲਜ਼ਮ ਦੇ ਸੱਤ ਦਿਨ ਦੇ ਪੁਲੀਸ ਰਿਮਾਂਡ ਦੀ ਮੰਗ ਕੀਤੀ। ਉਨ੍ਹਾਂ ਕਿਹਾ ਕਿ ਮੁਲਜ਼ਮ ਵੱਲੋਂ ਉਸ (ਜਾਂਚ ਅਧਿਕਾਰੀ) ਨੂੰ 50 ਲੱਖ ਰੁਪਏ ਰਿਸ਼ਵਤ ਦੇਣ ਦੀ ਪੇਸ਼ਕਸ਼ ਕੀਤੀ। ਮੁਲਜ਼ਮ ਤੋਂ ਇਹ ਪਤਾ ਕਰਨ ਹੈ ਕਿ ਉਸ ਕੋਲ ਇਹ 50 ਲੱਖ ਰੁਪਏ ਕਿੱਥੋਂ ਆਏ ਅਤੇ ਬਾਕੀ ਹੋਰ ਜਿਹੜੇ 50 ਲੱਖ ਰੁਪਏ ਦੇਣ ਦੀ ਗੱਲ ਕਹੀ ਜਾ ਰਹੀ ਹੈ, ਉਹ ਕਿੱਥੋਂ ਆਉਣੇ ਸੀ। ਇਸ ਤੋਂ ਇਲਾਵਾ ਮੁਲਜ਼ਮ ਦੇ ਘਰ ਅਤੇ ਬੈਂਕ ਲਾਕਰਾਂ ਦੀ ਛਾਣਬੀਣ ਕਰਨੀ ਬਾਕੀ ਹੈ। ਉਨ੍ਹਾਂ ਕਿਹਾ ਕਿ ਸਾਬਕਾ ਮੰਤਰੀ ਦੀ ਪੁੱਛਗਿੱਛ ਦੌਰਾਨ ਹੋਰ ਵੀ ਅਹਿਮ ਖੁਲਾਸੇ ਹੋਣ ਦੀ ਸੰਭਾਵਨਾ ਹੈ ਅਤੇ ਇਸ ਸਾਜ਼ਿਸ਼ ਵਿੱਚ ਹੋਰ ਕੌਣ ਕੌਣ ਲੋਕ ਸ਼ਾਮਲ ਹਨ, ਉਨ੍ਹਾਂ ਬਾਰੇ ਵੀ ਪਤਾ ਲਗਾਇਆ ਜਾਵੇਗਾ।

Load More Related Articles
Load More By Nabaz-e-Punjab
Load More In General News

Check Also

ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿੱਚ ਸੇਵਾਦਾਰ ਵੱਲੋਂ ਮਹਿੰਦਰਾ ਮੈਕਸ ਪਿਕਅੱਪ ਗੱਡੀ ਦਾਨ

ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿੱਚ ਸੇਵਾਦਾਰ ਵੱਲੋਂ ਮਹਿੰਦਰਾ ਮੈਕਸ ਪਿਕਅੱਪ ਗੱਡੀ ਦਾਨ ਨਬਜ਼-ਏ-ਪੰਜਾਬ, ਮ…