Share on Facebook Share on Twitter Share on Google+ Share on Pinterest Share on Linkedin ਸੁਨੀਲ ਜਾਖੜ ਤੇ ਰਣਇੰਦਰ ਵੱਲੋਂ ਭਾਜਪਾ ਦੀਆਂ ਫੁੱਟ ਪਾਊ ਚਾਲਾਂ ਦੀ ਸਖ਼ਤ ਆਲੋਚਨਾ ਕਾਂਗਰਸ ਹੀ ਅਮਨ-ਸ਼ਾਂਤੀ ਤੇ ਸਥਿਰਤਾ ਦੀ ਅਸਲ ਪਹਿਰੇਦਾਰ: ਜਾਖੜ ਨਬਜ਼-ਏ-ਪੰਜਾਬ ਬਿਊਰੋ, ਪਠਾਨਕੋਟ, 8 ਅਕਤੂਬਰ: ਪੰਜਾਬ ਕਾਂਗਰਸ ਦੇ ਪ੍ਰਧਾਨ ਅਤੇ ਗੁਰਦਾਸਪੁਰ ਲੋਕ ਸਭਾ ਹਲਕੇ ਤੋਂ ਪਾਰਟੀ ਉਮੀਦਵਾਰ ਸੁਨੀਲ ਜਾਖੜ ਨੇ ਭਾਰਤੀ ਜਨਤਾ ਪਾਰਟੀ ’ਤੇ ਵਰ੍ਹਦਿਆਂ ਆਖਿਆ ਕਿ ਇਸ ਪਾਰਟੀ ਵੱਲੋਂ ਫੁੱਟ-ਪਾਊ ਨੀਤੀਆਂ ਨਾਲ ਮੁਲਕ ਦੀ ਭਾਈਚਾਰਕ ਸਾਂਝ ਨੂੰ ਖੇਰੂੰ-ਖੇਰੂੰ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਇਸ ਦੇ ਨਾਲ ਹੀ ਸ੍ਰੀ ਜਾਖੜ ਨੇ ਸਮਾਜ ਦੇ ਸਾਰੇ ਵਰਗਾਂ ਅਤੇ ਭਾਈਚਾਰਿਆਂ ਦੀ ਭਲਾਈ ਲਈ ਡਟ ਕੇ ਕੰਮ ਕਰਨ ਦਾ ਅਹਿਦ ਲਿਆ। ਅੱਜ ਇੱਥੇ ਈਸਾਈ ਭਾਈਚਾਰੇ ਦੀ ਪ੍ਰਾਰਥਨਾ ਸਭਾ ਅਤੇ ਇਸ ਤੋਂ ਬਾਅਦ ਇਕ ਗੁੱਜਰ ਰੈਲੀ ਨੂੰ ਸੰਬੋਧਨ ਕਰਦਿਆਂ ਸ੍ਰੀ ਜਾਖੜ ਨੇ ਦੁੱਖ ਨਾਲ ਆਖਿਆ ਕਿ ਦੁਨੀਆਂ ਭਰ ਵਿੱਚ ਵੰਡ ਪਾਉਣ ਦੀਆਂ ਪੈਦਾ ਹੋਈਆਂ ਚੁਣੌਤੀਆਂ ਵਾਂਗ ਭਾਰਤ ਵੀ ਇਸ ਦਾ ਸਾਹਮਣਾ ਕਰ ਰਿਹਾ ਹੈ। ਪੰਜਾਬ ਕਾਂਗਰਸ ਦੇ ਪ੍ਰਧਾਨ ਨੇ ਆਖਿਆ ਕਿ ਮੁਲਕ ਇਸ ਵੇਲੇ ਗੰਭੀਰ ਖਤਰੇ ਵਿੱਚੋਂ ਗੁਜ਼ਰ ਰਿਹਾ ਹੈ ਕਿਉਂਕਿ ਹਰ ਪਾਸੇ ਧਰਮ ਦੇ ਨਾਂ ’ਤੇ ਫਿਰਕੂ ਜ਼ਹਿਰ ਫੈਲਾਈ ਜਾ ਰਹੀ ਹੈ। ਉਨ੍ਹਾਂ ਆਖਿਆ ਕਿ ਆਪਣੇ ਆਪ ਨੂੰ ਹਿੰਦੂ ਧਰਮ ਦੇ ਰਾਖੇ ਦੱਸਣ ਵਾਲੀਆਂ ਇਹ ਤਾਕਤਾਂ ਭੁੱਲ ਗਈਆਂ ਹਨ ਕਿ ਹਰ ਧਰਮ ਤੇ ਭਾਈਚਾਰੇ ਦੇ ਲੋਕਾਂ ਨੇ ਮੁਲਕ ਲਈ ਕੁਰਬਾਨੀਆਂ ਦਿੱਤੀਆਂ ਹਨ। ਸ੍ਰੀ ਜਾਖੜ ਨੇ ਆਖਿਆ ਕਿ ਘੱਟ ਗਿਣਤੀਆਂ ਨੂੰ ਇਸ ਵੇਲੇ ਬਹੁਤ ਸਾਰੀਆਂ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਅਤੇ ਇਨ੍ਹਾਂ ਲੋਕਾਂ ਦੀ ਆਵਾਜ਼ ਦਬਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਉਨ੍ਹਾਂ ਆਖਿਆ ਕਿ ਦੇਸ਼ ਦੇ ਹਿੱਤ ਵਿੱਚ ਅਜਿਹੇ ਮਸਲਿਆਂ ਨੂੰ ਹੱਲ ਕਰਨਾ ਬਹੁਤ ਜ਼ਰੂਰੀ ਹੈ। ਸਭ ਧਰਮਾਂ ਦੇ ਲੋਕਾਂ ਨੂੰ ਲੈ ਕੇ ਚੱਲਣ ਦਾ ਵਾਅਦਾ ਕਰਦਿਆਂ ਸ੍ਰੀ ਜਾਖੜ ਨੇ ਆਖਿਆ ਕਿ ਸੌੜੀ ਸੋਚ ਵਾਲੇ ਕੁਝ ਲੋਕ ਮੁਲਕ ਵਿੱਚ ਵਧ-ਫੁਲ ਰਹੇ ਹਨ ਅਤੇ ਅਜਿਹੀਆਂ ਤਾਕਤਾਂ ਨੂੰ ਰੋਕਣਾ ਬਹੁਤ ਲਾਜ਼ਮੀ ਹੈ। ਸੀਨੀਅਰ ਕਾਂਗਰਸੀ ਨੇਤਾ ਰਣਇੰਦਰ ਸਿੰਘ ਨੇ ਮੁਲਕ ਨੂੰ ਫਿਰਕੂ ਲੀਹਾਂ ’ਤੇ ਵੰਡਣ ਦੀਆਂ ਚੱਲੀਆਂ ਜਾ ਰਹੀਆਂ ਚਾਲਾਂ ਲਈ ਭਾਜਪਾ ਨੂੰ ਦੋਸ਼ੀ ਠਹਿਰਾਉਂਦਿਆਂ ਆਖਿਆ ਕਿ ਪੰਜਾਬ ਵਿੱਚ ਫਿਰਕੂ ਸਦਭਾਵਨਾ ਦਾ ਤਾਣਾ-ਬਾਣਾ ਬਹੁਤ ਮਜ਼ਬੂਤ ਹੈ ਅਤੇ ਇੱਥੋਂ ਦੇ ਲੋਕ ਅਜਿਹੀਆਂ ਫੁੱਟ ਪਾਊ ਤਾਕਤਾਂ ਦੇ ਮਾੜੇ ਇਰਾਦਿਆਂ ਨੂੰ ਸਫਲ ਨਹੀਂ ਹੋਣ ਦੇਣਗੇ। ਉਨ੍ਹਾਂ ਆਖਿਆ ਕਿ ਖਿੱਤੇ ਦੇ ਹਿੰਦੂ ਤੇ ਮੁਸਲਮਾਨ ਬਹੁਤ ਲੰਮੇ ਸਮੇਂ ਤੋਂ ਅਮਨ-ਅਮਾਨ ਨਾਲ ਰਲ ਮਿਲ ਕੇ ਰਹਿ ਰਹੇ ਹਨ ਅਤੇ ਭਾਜਪਾ ਨੂੰ ਇਸ ਅਮਨ-ਸ਼ਾਂਤੀ ਤੇ ਏਕਤਾ ਨੂੰ ਢਾਹ ਲਾਉਣ ਵਿੱਚ ਸਫਲ ਨਹੀਂ ਹੋਣ ਦੇਵਾਂਗੇ। ਇਕ ਗੁੱਜਰ ਰੈਲੀ ਦੌਰਾਨ ਰਣਇੰਦਰ ਸਿੰਘ ਨੇ ਪਿਛਲੀ ਅਕਾਲੀ-ਭਾਜਪਾ ਸਰਕਾਰ ਨੂੰ ਆੜੇ ਹੱਥੀਂ ਲੈਂਦਿਆਂ ਆਖਿਆ ਕਿ ਇਸ ਗੱਠਜੋੜ ਸਰਕਾਰ ਨੇ ਇਲਾਕੇ ਦੇ ਵਿਕਾਸ ਲਈ ਕੁਝ ਵੀ ਨਹੀਂ ਕੀਤਾ ਸਗੋਂ ਕਾਂਗਰਸ ਵੱਲੋਂ ਕੀਤੇ ਕੰਮਾਂ ਦਾ ਲਾਹਾ ਖੱਟਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਕਾਂਗਰਸ ਪਾਰਟੀ ਦੇ ਵਿਧਾਨ ਸਭਾ ਦੇ ਚੋਣ ਮਨੋਰਥ ਪੱਤਰ ਨੂੰ ਲਾਗੂ ਕਰਨ ਦੇ ਵਾਅਦੇ ਨੂੰ ਦੁਹਰਾਉਂਦਿਆਂ ਰਣਇੰਦਰ ਸਿੰਘ ਨੇ ਆਖਿਆ ਕਿ ਅਕਾਲੀਆਂ ਨੇ ਪੰਜਾਬ ਨੂੰ ਪੂਰੀ ਤਰ੍ਹਾਂ ਲੁੱਟਿਆ ਅਤੇ ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਪੰਜਾਬ ਨੂੰ ਮੁੜ ਤਰੱਕੀ ਦੀ ਰਾਹ ’ਤੇ ਪਾਉਣ ਲਈ ਯਤਨਸ਼ੀਲ ਹੈ। ਰੈਲੀ ਦੌਰਾਨ ਸ੍ਰੀ ਜਾਖੜ ਨੇ ਆਖਿਆ ਕਿ ਕੈਪਟਨ ਅਮਰਿੰਦਰ ਸਿੰਘ ਸਰਕਾਰ ਨੇ ਮਹਿਜ਼ ਛੇ ਮਹੀਨਿਆਂ ਵਿੱਚ ਹੀ ਪੰਜਾਬ ਦੇ ਵਿਕਾਸ ਦਾ ਮੁੱਢ ਬੰਨ੍ਹਿਆ ਹੈ। ਪੈਨਸ਼ਨ ਅਤੇ ਸ਼ਗਨ ਸਕੀਮ ਦੀ ਰਾਸ਼ੀ ਵਧਾਉਣ ਸਮੇਤ ਸਰਕਾਰ ਵੱਲੋਂ ਆਰੰਭੇ ਵੱਖ-ਵੱਖ ਭਲਾਈ ਪ੍ਰੋਗਰਾਮਾਂ ਦਾ ਜ਼ਿਕਰ ਕਰਦਿਆਂ ਸ੍ਰੀ ਜਾਖੜ ਨੇ ਆਖਿਆ ਕਿ ਕਾਂਗਰਸ ਸਰਕਾਰ ਅਕਾਲੀਆਂ ਵਾਂਗ ਆਪਣੀਆਂ ਜੇਬਾਂ ਨਹੀਂ ਭਰ ਰਹੀ ਸਗੋਂ ਪੰਜਾਬ ਦੇ ਲੋਕਾਂ ਦੇ ਹਿੱਤ ਵਿੱਚ ਕੰਮ ਕਰ ਰਹੀ ਹੈ। ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸ੍ਰੀ ਜਾਖੜ ਉਨ੍ਹਾਂ ਨੂੰ ‘ਬਾਹਰੀ’ ਕਹਿਣ ਵਾਲਿਆਂ ’ਤੇ ਜੰਮ ਕੇ ਵਰ੍ਹੇ। ਸ੍ਰੀ ਜਾਖੜ ਨੇ ਆਖਿਆ ਕਿ ਉਹ ਪਹਿਲਾਂ ਆਪਣੇ ਚੰਗੇ ਕੰਮਾਂ ਨਾਲ ਗੁਰਦਾਸਪੁਰ ਦੇ ਲੋਕਾਂ ਦੇ ਦਿਲਾਂ ਵਿੱਚ ਥਾਂ ਬਣਾਉਣਗੇ ਅਤੇ ਉਸ ਤੋਂ ਬਾਅਦ ਉਨ੍ਹਾਂ ਦੇ ਘਰਾਂ ਵਿੱਚ ਥਾਂ ਬਣਾਉਣਗੇ। ਪੰਜਾਬ ਕਾਂਗਰਸ ਦੇ ਪ੍ਰਧਾਨ ਨੇ ਆਖਿਆ ਕਿ ਉਹ ਵਿਕਾਸ ਦੇ ਏਜੰਡੇ ’ਤੇ ਜ਼ਿਮਨੀ ਚੋਣ ਲੜ ਰਹੇ ਹਨ ਅਤੇ ਹਲਕੇ ਦੇ ਲੋਕਾਂ ਦੀਆਂ ਸਮੱਸਿਆਵਾਂ ਦਾ ਹੱਲ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ ਹਨ। ਉਨ੍ਹਾਂ ਆਖਿਆ ਕਿ ਇਸ ਸਰਹੱਦੀ ਇਲਾਕੇ ਦੇ ਲੋਕਾਂ ਨੂੰ ਵਿਕਾਸ ਦੀ ਲੋੜ ਹੈ ਜਿਸ ਲਈ ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਕੰਮ ਕਰ ਰਹੀ ਹੈ। ਉਨ੍ਹਾਂ ਨੇ ਰੇਲਵੇ ਨਾਲ ਸਬੰਧਤ ਸਮੱਸਿਆਵਾਂ ਦਾ ਹੱਲ ਕੱਢਣ ਦਾ ਵੀ ਵਾਅਦਾ ਕੀਤਾ। ਸ੍ਰੀ ਜਾਖੜ ਨੇ ਲੋਕਾਂ ਨੂੰ ਸੱਦਾ ਦਿੱਤਾ ਕਿ ਉਨ੍ਹਾਂ ਦੇ ਹੱਕ ਵਿੱਚ ਵੱਡਾ ਫਤਵਾ ਦੇ ਕੇ ਲੋਕ ਸਭਾ ਵਿੱਚ ਭੇਜਿਆ ਜਾਵੇ ਤਾਂ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਸਖਤ ਸੁਨੇਹਾ ਦਿੱਤਾ ਜਾਵੇ ਕਿ ਮੁਲਕ ਨੂੰ ਵੰਡਣ ਵਾਲੀਆਂ ਭਾਜਪਾ ਦੀਆਂ ਚਾਲਾਂ ਕਾਮਯਾਬ ਨਹੀਂ ਹੋਣਗੀਆਂ। ਸ੍ਰੀ ਜਾਖੜ ਨੇ ਧਾਰੀਵਾਰ ਚਰਚ ’ਚ ਜਾ ਕੇ ਆਸ਼ਿਰਵਾਦ ਲਿਆ ਅਤੇ ਇਸ ਮੌਕੇ ਉਨ੍ਹਾਂ ਦੇ ਨਾਲ ਕਈ ਕਾਂਗਰਸੀ ਲੀਡਰ ਹਾਜ਼ਰ ਸਨ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ