ਮਿਸ਼ਨ ਫਤਿਹ-2: ਪਿੰਡਾਂ ਵਿੱਚ ਸਰਵੇ ਤੇ ਸੈਂਪਲਿੰਗ ਪ੍ਰਕਿਰਿਆ ਤੇਜ਼: ਸਿਵਲ ਸਰਜਨ

ਸਿਵਲ ਸਰਜਨ ਨੇ ਪਿੰਡਾਂ ਨੂੰ ਕੋਵਿਡ-ਮੁਕਤ ਬਣਾਉਣ ਲਈ ਲੋਕਾਂ ਕੋਲੋਂ ਸਹਿਯੋਗ ਮੰਗਿਆ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 23 ਮਈ:
ਮੁਹਾਲੀ ਜ਼ਿਲ੍ਹੇ ਦੇ ਪਿੰਡਾਂ ਨੂੰ ਕੋਵਿਡ-ਮੁਕਤ ਬਣਾਉਣ ਦੇ ਮੰਤਵ ਨਾਲ ਸ਼ੁਰੂ ਕੀਤੀ ਗਈ ‘ਮਿਸ਼ਨ ਫਤਿਹ-2’ ਮੁਹਿੰਮ ਤਹਿਤ ਸਰਵੇਖਣ ਅਤੇ ਕੋਵਿਡ ਸੈਂਪਲਿੰਗ ਦਾ ਕੰਮ ਜੰਗੀ ਪੱਧਰ ’ਤੇ ਜਾਰੀ ਹੈ। ਇਹ ਜਾਣਕਾਰੀ ਦਿੰਦਿਆਂ ਸਿਵਲ ਸਰਜਨ ਡਾ. ਆਦਰਸ਼ਪਾਲ ਕੌਰ ਨੇ ਦੱਸਿਆ ਕਿ ਪੰਜਾਬ ਸਰਕਾਰ ਦੀਆਂ ਹਦਾਇਤਾਂ ’ਤੇ ਮੁਹਾਲੀ ਜ਼ਿਲ੍ਹੇ ਅਧੀਨ ਆਉਂਦੇ ਤਿੰਨ ਸਿਹਤ ਬਲਾਕਾਂ ਘੜੂੰਆਂ, ਬੂਥਗੜ੍ਹ ਅਤੇ ਡੇਰਾਬੱਸੀ ਦੇ ਪਿੰਡਾਂ ਵਿੱਚ ਬੀਤੀ 21 ਮਈ ਤੋਂ ਸੈਂਪਲਿੰਗ ਅਤੇ ਸਰਵੇਖਣ ਦਾ ਕੰਮ ਚੱਲ ਰਿਹਾ ਹੈ। ਵੱਖ-ਵੱਖ ਪਿੰਡਾਂ ਵਿੱਚ ਰੋਜ਼ਾਨਾ ਕੋਵਿਡ ਸੈਂਪਲਿੰਗ ਵਿਸ਼ੇਸ਼ ਕੈਂਪ ਲਗਾਏ ਜਾ ਰਹੇ ਹਨ।
ਉਨ੍ਹਾਂ ਦੱਸਿਆ ਕਿ ਸੀਨੀਅਰ ਮੈਡੀਕਲ ਅਫ਼ਸਰਾਂ ਦੀ ਨਿਗਰਾਨੀ ਹੇਠ ਕਮਿਊਨਿਟੀ ਹੈਲਥ ਅਫ਼ਸਰ, ਮਲਟੀਪਰਪਜ਼ ਹੈਲਥ ਵਰਕਰ ਅਤੇ ਆਸ਼ਾ ਵਰਕਰ ਜਿੱਥੇ ਗਰਾਮ ਪੰਚਾਇਤਾਂ ਅਤੇ ਸਰਪੰਚਾਂ ਅਤੇ ਵਸਨੀਕਾਂ ਨੂੰ ਮਿਲ ਕੇ ਕੋਵਿਡ ਸੈਂਪਲਿੰਗ ਲਈ ਪ੍ਰੇਰਿਤ ਕਰ ਰਹੇ ਹਨ, ਉੱਥੇ ਪਿੰਡਾਂ ਵਿੱਚ ਘਰ-ਘਰ ਜਾ ਕੇ ਕੀਤੇ ਜਾ ਰਹੇ ਸਰਵੇਖਣ ਰਾਹੀਂ ਪਤਾ ਲਗਾਇਆ ਜਾ ਰਿਹਾ ਹੈ ਕਿ ਘਰ ਦਾ ਕੋਈ ਜੀਅ ਖੰਘ, ਜ਼ੁਕਾਮ, ਬੁਖ਼ਾਰ ਤੋਂ ਪੀੜਤ ਤਾਂ ਨਹੀਂ ਅਤੇ ਜੇਕਰ ਅਜਿਹੇ ਲੱਛਣ ਮਿਲਦੇ ਹਨ ਤਾਂ ਉਨ੍ਹਾਂ ਦਾ ਕੋਵਿਡ ਟੈਸਟ ਕੀਤਾ ਜਾ ਰਿਹਾ ਹੈ।
ਸਿਵਲ ਸਰਜਨ ਨੇ ਕਿਹਾ ਕਿ ਸਿਹਤ ਵਿਭਾਗ ਦੇ ਮਾਸ ਮੀਡੀਆ ਵਿੰਗ ਦੀਆਂ ਟੀਮਾਂ ਵੀ ਲੋਕਾਂ ਨੂੰ ਜਾਗਰੂਕ ਕਰਨ ਵਿੱਚ ਅਹਿਮ ਰੋਲ ਨਿਭਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਜ਼ਿਆਦਾਤਰ ਪਿੰਡਾਂ ਦੇ ਲੋਕ ਖ਼ੁਦ ਕੋਵਿਡ ਟੈਸਟ ਲਈ ਅੱਗੇ ਆ ਰਹੇ ਹਨ ਅਤੇ ਪਿੰਡਾਂ ਵਿੱਚ ਕੈਂਪ ਲਗਾਉਣ ਲਈ ਉਨ੍ਹਾਂ ਨਾਲ ਸੰਪਰਕ ਕਰ ਰਹੇ ਹਨ, ਜੋ ਚੰਗਾ ਸੰਕੇਤ ਹੈ। ਉਨ੍ਹਾਂ ਦੱਸਿਆ ਕਿ ਕਰੋਨਾਵਾਇਰਸ ਦੀ ਲੜੀ ਨੂੰ ਤੋੜਨ ਲਈ ਇਹ ਸਰਵੇਖਣ ਅਗਲੇ ਕੁਝ ਦਿਨਾਂ ਵਿੱਚ ਮੁਕੰਮਲ ਕਰ ਲਿਆ ਜਾਵੇਗਾ। ਇਸ ਦੌਰਾਨ ਸਿਹਤ ਟੀਮਾਂ ਜਿੱਥੇ ਘਰੇਲੂ ਇਕਾਂਤਵਾਸ ਮਰੀਜ਼ਾਂ ਦੀ ਨਿਗਰਾਨੀ ਕਰ ਰਹੀਆਂ ਹਨ, ਉੱਥੇ ਮਰੀਜ਼ਾਂ ਨੂੰ ਕਰੋਨਾ ਫਤਿਹ ਕਿੱਟਾਂ ਵੀ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ।
ਡਾ. ਆਦਰਸ਼ਪਾਲ ਕੌਰ ਨੇ ਕਿਹਾ ਕਿ ਪੰਜਾਬ ਸਰਕਾਰ ਅਤੇ ਸਿਹਤ ਵਿਭਾਗ ਦਾ ਟੀਚਾ ਪਿੰਡਾਂ ਨੂੰ ਕੋਵਿਡ-ਮੁਕਤ ਬਣਾਉਣਾ ਹੈ ਅਤੇ ਇਸ ਮੰਤਵ ਦੀ ਪੂਰਤੀ ਲਈ ਪਿੰਡਾਂ ਦੇ ਲੋਕਾਂ ਨੂੰ ਸਹਿਯੋਗ ਦੇਣਾ ਚਾਹੀਦਾ ਹੈ। ਇਸ ਮਹਾਮਾਰੀ ਤੋਂ ਬਚਾਅ ਲਈ ਟੈਸਟ ਕਰਾਉਣਾ ਬਹੁਤ ਜ਼ਰੂਰੀ ਹੈ ਤਾਂ ਕਿ ਸਮੇਂ ਸਿਰ ਬੀਮਾਰੀ ਦੀ ਲਾਗ ਦਾ ਪਤਾ ਲੱਗ ਸਕੇ। ਉਨ੍ਹਾਂ ਸਰਪੰਚਾਂ ਨੂੰ ਅਪੀਲ ਕੀਤੀ ਕਿ ਉਹ ਯਕੀਨੀ ਬਣਾਉਣ ਕਿ ਕੋਵਿਡ ਤੋਂ ਬਚਾਅ ਲਈ ਇਕ ਦੂਜੇ ਤੋਂ ਦੂਰੀ ਰੱਖਣ, ਵਾਰ-ਵਾਰ ਹੱਥ ਧੋਣ ਅਤੇ ਮਾਸਕ ਨਾਲ ਹਰ ਸਮੇਂ ਮੂੰਹ ਢੱਕ ਕੇ ਰੱਖਣ ਜਿਹੇ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਕੀਤੀ ਜਾਵੇ। ਉਨ੍ਹਾਂ ਇਹ ਵੀ ਕਿਹਾ ਕਿ ਬਿਨਾਂ ਲੋੜ ਤੋਂ ਘਰੋਂ ਬਾਹਰ ਨਾ ਨਿਕਲਿਆ ਜਾਵੇ। ਮਾੜੀ-ਮੋਟੀ ਤਕਲੀਫ਼ ਹੋਣ ’ਤੇ ਹਸਪਤਾਲ ਜਾਣ ਦੀ ਥਾਂ ਸਿਹਤ ਵਿਭਾਗ ਦੀ ਹੈਲਪਲਾਈਨ ਨੰਬਰ 104 ’ਤੇ ਸੰਪਰਕ ਕੀਤਾ ਜਾਵੇ।

Load More Related Articles
Load More By Nabaz-e-Punjab
Load More In Awareness/Campaigns

Check Also

ਖਜ਼ਾਨਾ ਮੰਤਰੀ ਨਾਲ ਮੀਟਿੰਗ ਮੁਲਤਵੀ ਹੋਣ ਕਾਰਨ ਵੈਟਰਨਰੀ ਅਫ਼ਸਰਾਂ ਨੇ ਕਾਲੇ ਬਿੱਲੇ ਲਗਾ ਕੇ ਰੋਸ ਪ੍ਰਗਟਾਇਆ

ਖਜ਼ਾਨਾ ਮੰਤਰੀ ਨਾਲ ਮੀਟਿੰਗ ਮੁਲਤਵੀ ਹੋਣ ਕਾਰਨ ਵੈਟਰਨਰੀ ਅਫ਼ਸਰਾਂ ਨੇ ਕਾਲੇ ਬਿੱਲੇ ਲਗਾ ਕੇ ਰੋਸ ਪ੍ਰਗਟਾਇਆ ਜੇ…