ਡੇਂਗੂ ਦੀ ਰੋਕਥਾਮ ਲਈ 1,16,524 ਘਰਾਂ ਦਾ ਸਰਵੇ, 4066 ਘਰਾਂ ’ਚ ਮਿਲਿਆ ਡੇਂਗੂ ਦਾ ਲਾਰਵਾ

ਫੌਗਿੰਗ ਸਮੇਂ ਘਰਾਂ ਦੇ ਦਰਵਾਜ਼ੇ/ਤਾਕੀਆਂ ਖੁੱਲ੍ਹੇ ਰੱਖੇ ਜਾਣ: ਸਿਵਲ ਸਰਜਨ

ਜ਼ਿਲ੍ਹਾ ਮੁਹਾਲੀ ਨੂੰ ਡੇਂਗੂ-ਮੁਕਤ ਬਣਾਉਣ ਲਈ ਆਮ ਲੋਕਾਂ ਤੋਂ ਸਹਿਯੋਗ ਦੇਣ ਦੀ ਅਪੀਲ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 14 ਸਤੰਬਰ:
ਜ਼ਿਲ੍ਹਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ (ਮੁਹਾਲੀ) ਵਿੱਚ ਡੇਂਗੂ ਬੁਖ਼ਾਰ ਦੀ ਰੋਕਥਾਮ ਲਈ ਸਿਹਤ ਵਿਭਾਗ ਦੀਆਂ ਟੀਮਾਂ ਦੀ ਜਾਂਚ, ਸਪਰੇਅ ਅਤੇ ਜਾਗਰੂਕਤਾ ਮੁਹਿੰਮ ਨਿਰੰਤਰ ਜਾਰੀ ਹੈ। ਸਿਵਲ ਸਰਜਨ ਡਾ. ਆਦਰਸ਼ਪਾਲ ਕੌਰ ਅਤੇ ਜ਼ਿਲ੍ਹਾ ਐਪੀਡੀਮੋਲੋਜਿਸਟ ਡਾ. ਵਿਕਰਾਂਤ ਨਾਗਰਾ ਨੇ ਦੱਸਿਆ ਕਿ 13 ਟੀਮਾਂ ਨੇ ਮਾਰਚ ਤੋਂ ਲੈ ਕੇ ਹੁਣ ਤੱਕ ਮੁਹਾਲੀ ਜ਼ਿਲੇ੍ਹ ਦੇ 1,16,524 ਘਰਾਂ ਅਤੇ ਹੋਰ ਥਾਵਾਂ ਦਾ ਸਰਵੇ ਕੀਤਾ ਹੈ ਅਤੇ 4066 ਘਰਾਂ ਵਿੱਚ ਡੇਂਗੂ ਫੈਲਾਉਣ ਵਾਲੇ ਮੱਛਰ ਦਾ ਲਾਰਵਾ ਮਿਲਿਆ ਹੈ। ਇਸ ਸਬੰਧੀ 143 ਲੋਕਾਂ ਦੇ ਚਲਾਨ ਕੀਤੇ ਗਏ ਹਨ।
ਉਨ੍ਹਾਂ ਦੱਸਿਆ ਕਿ ਬਹੁਤੇ ਘਰਾਂ ’ਚੋਂ ਪਹਿਲੀ ਵਾਰ ਲਾਰਵਾ ਮਿਲਿਆ ਹੈ ਜਿਸ ਕਾਰਨ ਉਨ੍ਹਾਂ ਘਰਾਂ ਦੇ ਮਾਲਕਾਂ ਨੂੰ ਚਿਤਾਵਨੀ ਦਿੱਤੀ ਗਈ ਹੈ ਅਤੇ ਮੁੜ ਲਾਰਵਾ ਮਿਲਣ ’ਤੇ ਬਣਦੀ ਕਾਰਵਾਈ ਕੀਤੀ ਜਾਵੇਗੀ। ਇਸ ਸਮੇਂ ਡੇਂਗੂ ਬੁਖ਼ਾਰ ਦੇ 62 ਮਾਮਲੇ ਸਾਹਮਣੇ ਆਏ ਹਨ। ਸਿਹਤ ਟੀਮਾਂ ਨੇ ਘਰਾਂ ਵਿੱਚ ਕੂਲਰਾਂ, ਫਰਿੱਜਾਂ ਦੀਆਂ ਟਰੇਆਂ, ਗਮਲਿਆਂ, ਖ਼ਾਲੀ ਪਏ ਟਾਇਰਾਂ, ਬਕਸਿਆਂ ਤੇ ਹੋਰ ਸਮਾਨ ਦੀ ਜਾਂਚ ਕੀਤੀ। ਚੈਕਿੰਗ ਦੌਰਾਨ 4,43,388 ਕੰਟੇਨਰ ਚੈੱਕ ਕੀਤੇ ਗਏ।
ਸਿਹਤ ਅਧਿਕਾਰੀਆਂ ਨੇ ਦੱਸਿਆ ਕਿ ਡੇਂਗੂ ਬੁਖ਼ਾਰ ਫੈਲਾਉਣ ਵਾਲੇ ਮੱਛਰ ਦਾ ਲਾਰਵਾ ਕੁੱਝ ਦਿਨਾਂ ਵਿੱਚ ਖ਼ਤਰਨਾਕ ਮੱਛਰ ਦਾ ਰੂਪ ਲੈ ਲੈਂਦਾ ਹੈ ਜਿਹੜਾ ਵਿਅਕਤੀ ਦੀ ਜਾਨ ਵੀ ਲੈ ਸਕਦਾ ਹੈ। ਉਨ੍ਹਾਂ ਕਿਹਾ ਕਿ ਆਮ ਤੌਰ ‘ਤੇ ਲੋਕ ਸਮਝਦੇ ਹਨ ਕਿ ਇਨੀ ਦਿਨੀਂ ਮੌਸਮ ਥੋੜਾ ਠੰਢਾ ਹੋ ਜਾਣ ਕਾਰਨ ਡੇਂਗੂ ਵਾਲਾ ਮੱਛਰ ਨਹੀਂ ਫੈਲਦਾ ਜਦਕਿ ਇਨੀ ਦਿਨੀਂ ਵੀ ਡੇਂਗੂ ਫੈਲਾਉਣ ਵਾਲੇ ਮੱਛਰ ਦੇ ਪੈਦਾ ਹੋਣ ਦਾ ਖ਼ਤਰਾ ਬਣਿਆ ਰਹਿੰਦਾ ਹੈ। ਉਨ੍ਹਾਂ ਲੋਕਾਂ ਨੂੰ 30 ਨਵੰਬਰ ਤੱਕ ਡੇਂਗੂ ਪ੍ਰਤੀ ਪੂਰੀ ਤਰ੍ਹਾਂ ਚੌਕਸ ਅਤੇ ਸਾਵਧਾਨ ਰਹਿਣ ਦੀ ਅਪੀਲ ਕਰਦਿਆਂ ਕਿਹਾ ਕਿ ਉਹ ਅਪਣੇ ਘਰਾਂ ਅਤੇ ਆਲੇ ਦੁਆਲੇ ਕਿਤੇ ਵੀ ਸਾਫ਼ ਜਾਂ ਗੰਦਾ ਪਾਣੀ ਖੜਾ ਨਾ ਹੋਣ ਦੇਣ। ਉਨ੍ਹਾਂ ਇਹ ਵੀ ਕਿਹਾ ਕਿ ਜਦ ਨਗਰ ਕੌਂਸਲ ਦੀ ਟੀਮ ਗਲੀ-ਮੁਹੱਲੇ ਵਿੱਚ ਫੌਗਿੰਗ ਕਰਨ ਲਈ ਆਉਂਦੀ ਹੈ ਤਾਂ ਘਰਾਂ ਦੇ ਦਰਵਾਜ਼ੇ ਤੇ ਤਾਕੀਆਂ ਖੁੱਲ੍ਹੇ ਰੱਖੇ ਜਾਣ ਤਾਂਕਿ ਮੱਛਰ ਦਾ ਖ਼ਾਤਮਾ ਹੋ ਸਕੇ। ਜਾਂਚ ਟੀਮ ਵਿਚ ਹੈਲਥ ਸੁਪਰਵਾਈਜ਼ਰ, ਹੈਲਥ ਵਰਕਰ ਅਤੇ ਬਰੀਡਿੰਗ ਚੈੱਕਰ ਸ਼ਾਮਲ ਹੁੰਦੇ ਹਨ।
ਸਿਵਲ ਸਰਜਨ ਨੇ ਡੇਂਗੂ ਦੀ ਰੋਕਥਾਮ ਲਈ ਆਮ ਲੋਕਾਂ ਨੂੰ ਸਹਿਯੋਗ ਦੇਣ ਦੀ ਅਪੀਲ ਕਰਦਿਆਂ ਕਿਹਾ ਕਿ ਸਿਹਤ ਵਿਭਾਗ ਆਪਣੇ ਪੱਧਰ ’ਤੇ ਇਸ ਦਿਸ਼ਾ ਵਿੱਚ ਲਗਾਤਾਰ ਯਤਨਸ਼ੀਲ ਹੈ ਪ੍ਰੰਤੂ ਲੋਕਾਂ ਦੀ ਮਦਦ ਨਾਲ ਮੁਹਾਲੀ ਜ਼ਿਲ੍ਹੇ ਨੂੰ ਡੇਂਗੂ-ਮੁਕਤ ਬਣਾਇਆ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਡੇਂਗੂ ਬੁਖ਼ਾਰ ਹੋਣ ਦਾ ਕੋਈ ਪੱਕਾ ਮੌਸਮ ਨਹੀਂ ਪਰ ਆਮ ਤੌਰ ’ਤੇ ਇਹ ਬੁਖ਼ਾਰ ਜੁਲਾਈ ਤੋਂ ਲੈ ਕੇ ਨਵੰਬਰ ਤੱਕ ਜ਼ਿਆਦਾ ਹੁੰਦਾ ਹੈ। ਇਸ ਲਈ ਅਕਤੂਬਰ ਤੇ ਨਵੰਬਰ ਦੌਰਾਨ ਵੀ ਅਵੇਸਲੇ ਨਾ ਰਿਹਾ ਜਾਵੇ। ਪੂਰਾ ਸਰੀਰ ਢਕੇ ਹੋਏ ਕੱਪੜੇ ਪਾਏ ਜਾਣ। ਜੇ ਕੋਈ ਸ਼ੱਕੀ ਡੇਂਗੂ ਪੀੜਤ ਹੈ ਤਾਂ ਤੁਰੰਤ ਨਜ਼ਦੀਕੀ ਹਸਪਤਾਲ ਵਿੱਚ ਜਾ ਕੇ ਜਾਂਚ ਕਰਵਾਈ ਜਾਵੇ। ਸਰਕਾਰੀ ਸਿਹਤ ਸੰਸਥਾਵਾਂ ਵਿੱਚ ਡੇਂਗੂ ਦੀ ਜਾਂਚ ਅਤੇ ਇਲਾਜ ਮੁਫ਼ਤ ਕੀਤਾ ਜਾਂਦਾ ਹੈ। ਡੇਂਗੂ ਬੁਖ਼ਾਰ ਫੈਲਾਉਣ ਵਾਲਾ ਮੱਛਰ ਦਿਨ ਵੇਲੇ ਕੱਟਦਾ ਹੈ ਅਤੇ ਸਾਫ਼ ਪਾਣੀ ਵਿੱਚ ਪੈਦਾ ਹੁੰਦਾ ਹੈ।
(ਬਾਕਸ ਆਈਟਮ)
ਡੇਂਗੂ ਇਕ ਬੁਖ਼ਾਰ ਹੈ ਜੋ ਏਡੀਜ਼ ਅਜਿਪਟੀ ਨਾਮ ਦੇ ਮੱਛਰ ਦੇ ਕੱਟਣ ਨਾਲ ਹੁੰਦਾ ਹੈ। ਡੇਂਗੂ ਦੇ ਆਮ ਲੱਛਣਾਂ ਵਿੱਚ ਤੇਜ਼ ਸਿਰਦਰਦ ਅਤੇ ਤੇਜ਼ ਬੁਖ਼ਾਰ, ਮਾਸਪੇਸ਼ੀਆਂ ਅਤੇ ਜੋੜਾਂ ਵਿਚ ਦਰਦ, ਅੱਖ ਦੇ ਪਿਛਲੇ ਹਿੱਸੇ ਵਿੱਚ ਦਰਦ, ਹਾਲਤ ਖ਼ਰਾਬ ਹੋਣ ’ਤੇ ਨੱਕ, ਮੂੰਹ ਅਤੇ ਮਸੂੜਿਆਂ ’ਚੋਂ ਖ਼ੂਨ ਵਗਣਾ, ਜੀ ਕੱਚਾ ਹੋਣਾ ਅਤੇ ਉਲਟੀਆਂ ਆਉਣਾ ਆਦਿ ਸ਼ਾਮਲ ਹਨ। ਡੇਂਗੂ ਫੈਲਾਉਣ ਵਾਲੇ ਮੱਛਰ ਖੜੇ ਸਾਫ਼ ਪਾਣੀ ਵਿੱਚ ਪਲਦੇ ਹਨ ਜਿਵੇਂ ਕੂਲਰਾਂ ਵਿੱਚ ਪਾਣੀ ਦੀਆਂ ਟੈਂਕੀਆਂ ਵਿੱਚ ਫੁੱਲਾਂ ਦੇ ਗਮਲਿਆਂ ਵਿੱਚ ਫਰਿੱਜਾਂ ਪਿੱਛੇ ਲੱਗੀ ਟਰੇਅ ਵਿੱਚ ਟੁੱਟੇ-ਭੱਜੇ/ਸੁੱਟੇ ਭਾਂਡਿਆਂ ਅਤੇ ਖ਼ਾਲੀ ਪਏ ਟਾਇਰਾਂ ਅਤੇ ਪਾਣੀ ਵਾਲੇ ਢੋਲਾਂ ਆਦਿ ਵਿੱਚ।

Load More Related Articles
Load More By Nabaz-e-Punjab
Load More In General News

Check Also

ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿੱਚ ਸੇਵਾਦਾਰ ਵੱਲੋਂ ਮਹਿੰਦਰਾ ਮੈਕਸ ਪਿਕਅੱਪ ਗੱਡੀ ਦਾਨ

ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿੱਚ ਸੇਵਾਦਾਰ ਵੱਲੋਂ ਮਹਿੰਦਰਾ ਮੈਕਸ ਪਿਕਅੱਪ ਗੱਡੀ ਦਾਨ ਨਬਜ਼-ਏ-ਪੰਜਾਬ, ਮ…