nabaz-e-punjab.com

ਵਿਜੀਲੈਂਸ ਬਿਊਰੋ ਵੱਲੋਂ ਵਣ ਵਿਭਾਗ ਦਾ ਸਰਵੇਅਰ 2 ਲੱਖ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਗ੍ਰਿਫ਼ਤਾਰ

ਵਿਜੀਲੈਂਸ ਦੀ ਜਾਂਚ ਟੀਮ ਨੇ ਤਲਾਸ਼ੀ ਦੌਰਾਨ ਮੁਲਜ਼ਮ ਦੇ ਘਰੋਂ ਇੱਕ ਲੱਖ ਰੁਪਏ ਤੋਂ ਵੱਧ ਦੀ ਨਗਦੀ ਬਰਾਮਦ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 12 ਫਰਵਰੀ:
ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਦੌਰਾਨ ਮੁਹਾਲੀ ਸਥਿਤ ਪੰਜਾਬ ਵਣ ਤੇ ਜੰਗਲੀ ਜੀਵ ਸੁਰੱਖਿਆ ਵਿਭਾਗ ਦੇ ਸਰਵੇਅਰ ਮਨਜਿੰਦਰ ਸਿੰਘ ਨੂੰ 2 ਲੱਖ ਰੁਪਏ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਗ੍ਰਿਫ਼ਤਾਰ ਕੀਤਾ ਗਿਆ ਹੈ। ਗ੍ਰਿਫ਼ਤਾਰੀ ਉਪਰੰਤ ਮੁਲਜ਼ਮ ਦੇ ਪਿੰਡ ਸਿੰਘਪੁਰਾ ਸਥਿਤ ਘਰ ਦੀ ਤਲਾਸ਼ੀ ਦੌਰਾਨ ਵਿਜੀਲੈਂਸ ਦੀ ਜਾਂਚ ਟੀਮ ਦੀ ਟੀਮ ਨੇ 1,04,200 ਰੁਪਏ ਦੀ ਨਗਦੀ ਬਰਾਮਦ ਕੀਤੀ ਗਈ।
ਇਸ ਸਬੰਧੀ ਵਣ ਕਰਮਚਾਰੀ ਵਿਰੁੱਧ ਵਿਜੀਲੈਂਸ ਬਿਊਰੋ ਦੇ ਮੁਹਾਲੀ ਸਥਿਤ ਫਲਾਇੰਗ ਸਕੁਐਡ ਥਾਣੇ ਵਿੱਚ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਪਰਚਾ ਦਰਜ ਕੀਤਾ ਗਿਆ ਹੈ। ਮੁਲਜ਼ਮ ਨੂੰ ਮੁਹਾਲੀ ਦੇ ਜੁਡੀਸ਼ਲ ਮੈਜਿਸਟਰੇਟ ਦੀ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਅਦਾਲਤ ਨੇ ਇਸ ਮਾਮਲੇ ਵਿੱਚ ਹੋਰ ਵਿਅਕਤੀਆਂ ਅਤੇ ਦਫ਼ਤਰੀ ਕਰਮਚਾਰੀਆਂ ਦੀ ਸ਼ਮੂਲੀਅਤ ਬਾਰੇ ਪੁੱਛਗਿੱਛ ਕਰਨ ਲਈ ਮੁਲਜ਼ਮ ਨੂੰ ਚਾਰ ਦਿਨ ਦੇ ਪੁਲੀਸ ਰਿਮਾਂਡ ’ਤੇ ਭੇਜ ਦਿੱਤਾ। ਇਸ ਤੋਂ ਪਹਿਲਾਂ ਮੁਲਜ਼ਮ ਦਾ ਸਰਕਾਰੀ ਹਸਪਤਾਲ ਵਿੱਚ ਮੈਡੀਕਲ ਕਰਵਾਇਆ ਗਿਆ।
ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਮੁਲਜ਼ਮ ਕਰਮਚਾਰੀ ਨੂੰ ਦਿਨਕਰ ਸਿੰਘ ਵਾਸੀ ਤਲਵੰਡੀ ਸਾਬੋ ਜ਼ਿਲ੍ਹਾ ਬਠਿੰਡਾ ਦੀ ਸ਼ਿਕਾਇਤ ’ਤੇ ਗ੍ਰਿਫ਼ਤਾਰ ਕੀਤਾ ਗਿਆ ਹੈ। ਸ਼ਿਕਾਇਤਕਰਤਾ ਨੇ ਵਿਜੀਲੈਂਸ ਨਾਲ ਤਾਲਮੇਲ ਕਰਕੇ ਦੱਸਿਆ ਸੀ ਕਿ ਉਸ ਨੇ ਰਾਮਾਂ ਮੰਡੀ-ਤਲਵੰਡੀ ਸਾਬੋ ਮੁੱਖ ਸੜਕ ’ਤੇ ਨਵਾਂ ਪੈਟਰੋਲ ਪੰਪ ਲਗਾਉਣ ਲਈ ਕੋਈ ਇਤਰਾਜ਼ ਨਹੀਂ ਸਰਟੀਫਿਕੇਟ (ਐਨਓਸੀ) ਲੈਣ ਲਈ ਜੰਗਲਾਤ ਵਿਭਾਗ ਨੂੰ ਅਰਜ਼ੀ ਦਿੱਤੀ ਸੀ ਅਤੇ ਮੁਲਜ਼ਮ ਕਰਮਚਾਰੀ ਨੇ ਇਹ ਸਰਟੀਫਿਕੇਟ ਦੇਣ ਲਈ ਉਸ ਤੋਂ 2 ਲੱਖ ਰੁਪਏ ਦੀ ਮੰਗ ਕੀਤੀ ਗਈ। ਸ਼ਿਕਾਇਤ ਕਰਤਾ ਅਨੁਸਾਰ ਮੁਲਜ਼ਮ ਇਸ ਕੰਮ ਲਈ ਪਹਿਲਾਂ ਹੀ ਉਸ ਕੋਲੋਂ 3 ਲੱਖ ਰੁਪਏ ਲੈ ਚੁੱਕਾ ਹੈ।
ਵਿਜੀਲੈਂਸ ਅਧਿਕਾਰੀਆਂ ਨੇ ਦੱਸਿਆ ਕਿ ਪੀੜਤ ਵਿਅਕਤੀ ਦੀ ਸ਼ਿਕਾਇਤ ਦੀ ਮੁੱਢਲੀ ਜਾਂਚ ਤੋਂ ਬਾਅਦ ਵਿਜੀਲੈਂਸ ਦੀ ਟੀਮ ਨੇ ਜਾਲ ਵਿਛਾਇਆ ਅਤੇ ਮੁਲਜ਼ਮ ਕਰਮਚਾਰੀ ਨੂੰ ਮੁਹਾਲੀ ਦੇ ਫੇਜ਼-7 ਦੀ ਮਾਰਕੀਟ ’ਚੋਂ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 2 ਲੱਖ ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਗ੍ਰਿਫ਼ਤਾਰ ਕੀਤਾ ਗਿਆ। ਉਨ੍ਹਾਂ ਦੱਸਿਆ ਕਿ ਵਿਜੀਲੈਂਸ ਵੱਲੋਂ ਮਾਮਲੇ ਦੀ ਵੱਖਵੱਖ ਪਹਿਲੂਆਂ ’ਤੇ ਜਾਂਚ ਕੀਤੀ ਜਾ ਰਹੀ ਹੈ ਅਤੇ ਪੁਲੀਸ ਰਿਮਾਂਡ ਦੌਰਾਨ ਰਿਸ਼ਵਤਖ਼ੋਰੀ ਦੇ ਇਸ ਗੋਰਖਧੰਦੇ ਵਿੱਚ ਹੋਰ ਵਿਅਕਤੀਆਂ/ਕਰਮਚਾਰੀਆਂ ਦੀ ਸ਼ੱਕੀ ਭੂਮਿਕਾ ਦੀ ਵੀ ਜਾਂਚ ਕੀਤੀ ਜਾਵੇਗੀ ਅਤੇ ਜਾਂਚ ਦੌਰਾਨ ਜੋ ਕੋਈ ਵੀ ਦੋਸ਼ੀ ਪਾਇਆ ਗਿਆ। ਉਸ ਦੇ ਖ਼ਿਲਾਫ਼ ਵੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।

Load More Related Articles
Load More By Nabaz-e-Punjab
Load More In General News

Check Also

ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿੱਚ ਸੇਵਾਦਾਰ ਵੱਲੋਂ ਮਹਿੰਦਰਾ ਮੈਕਸ ਪਿਕਅੱਪ ਗੱਡੀ ਦਾਨ

ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿੱਚ ਸੇਵਾਦਾਰ ਵੱਲੋਂ ਮਹਿੰਦਰਾ ਮੈਕਸ ਪਿਕਅੱਪ ਗੱਡੀ ਦਾਨ ਨਬਜ਼-ਏ-ਪੰਜਾਬ, ਮ…