ਸੁਸ਼ਮਾ ਸਵਰਾਜ ਵੱਲੋਂ ਨਵਾਂ ਸ਼ਹਿਰ ਵਿੱਚ ਪਾਸਪੋਰਟ ਦਫ਼ਤਰ ਖੋਲ੍ਹਣ ਲਈ ਮੁੱਖ ਮੰਤਰੀ ਦੀ ਅਪੀਲ ਮਨਜ਼ੂਰ

ਕੈਪਟਨ ਅਮਰਿੰਦਰ ਸਿੰਘ ਨੇ ਕਾਲੀ ਸੂਚੀ ਵਿੱਚ ਸ਼ਾਮਲ ਸਿੱਖ ਨੌਜਵਾਨਾਂ ਦਾ ਮਸਲਾ ਚੁੱਕਿਆ

ਵਿਦੇਸ਼ਾਂ ਵਿੱਚ ਸਿੱਖਾਂ ’ਤੇ ਹੋ ਰਹੇ ਨਸਲੀ ਹਮਲਿਆਂ ਦਾ ਮਾਮਲਾ ਵੀ ਉਠਾਇਆ

ਨਬਜ਼-ਏ-ਪੰਜਾਬ ਬਿਊਰੋ, ਨਵੀਂ ਦਿੱਲੀ, 21 ਅਪਰੈਲ:
ਵਿਦੇਸ਼ ਮਾਮਲਿਆਂ ਬਾਰੇ ਮੰਤਰੀ ਸ੍ਰੀਮਤੀ ਸੁਸ਼ਮਾ ਸਵਰਾਜ ਨੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਸੂਬੇ ਦੇ ਦੋਆਬਾ ਖੇਤਰ ਦੇ ਐਨ.ਆਰ.ਆਈਜ਼ ਅਤੇ ਉਨ੍ਹਾਂ ਦੇ ਪਰਿਵਾਰ ਨੂੰ ਸਹੂਲਤ ਮੁਹੱਈਆ ਕਰਵਾਉਣ ਲਈ ਨਵਾਂਸ਼ਹਿਰ ਵਿੱਚ ਇਕ ਹੋਰ ਪਾਸਪੋਰਟ ਦਫ਼ਤਰ ਖੋਲ੍ਹਣ ਦੀ ਕੀਤੀ ਅਪੀਲ ਨੂੰ ਪ੍ਰਵਾਨ ਕਰ ਲਿਆ ਹੈ। ਇਸ ਦੇ ਨਾਲ ਹੀ ਉਨ੍ਹਾਂ ਨੇ ਕਾਲੀ ਸੂਚੀ ਵਿੱਚ ਸ਼ਾਮਲ ਵਿਦੇਸ਼ ਵਸਦੇ ਸਿੱਖ ਨੌਜਵਾਨਾਂ ਦੇ ਮੁੱਦੇ ਨੂੰ ਵੀ ਵਿਚਾਰਨ ਦਾ ਭਰੋਸਾ ਦਿਵਾਇਆ ਹੈ।
ਦੋਵਾਂ ਆਗੂਆਂ ਵਿੱਚ ਇਸ ਮੁੱਦੇ ’ਤੇ ਇਹ ਵਿਚਾਰ-ਵਟਾਂਦਰਾ ਉਸ ਵੇਲੇ ਹੋਇਆ ਜਦੋਂ ਕੈਪਟਨ ਅਮਰਿੰਦਰ ਸਿੰਘ ਕੇਂਦਰੀ ਮੰਤਰੀ ਦੀ ਸਿਹਤ ਦਾ ਹਾਲ-ਚਾਲ ਪੁੱਛਣ ਲਈ ਉਨ੍ਹਾਂ ਨੂੰ ਮਿਲਣ ਗਏ ਜਿਨ੍ਹਾਂ ਦਾ ਹਾਲ ਹੀ ਵਿੱਚ ਗੁਰਦਾ ਬਦਲਿਆ ਗਿਆ ਹੈ। ਇਕ ਸੰਖੇਪ ਸਿਸ਼ਟਾਚਾਰ ਮੀਟਿੰਗ ਦੌਰਾਨ ਸ੍ਰੀਮਤੀ ਸਵਰਾਜ ਨੇ ਮੁੱਖ ਮੰਤਰੀ ਵੱਲੋਂ ਉਠਾਏ ਗਏ ਇਕ ਮੁੱਦੇ ਦੇ ਸਬੰਧ ਵਿੱਚ ਵਿਦਸ਼ਾਂ ਵਿੱਚ ਵਸਦੇ ਪੰਜਾਬੀ ਅਤੇ ਸਿੱਖਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਕੇਂਦਰ ਸਰਕਾਰ ਵਲੋਂ ਹਰ ਮਦਦ ਦੇਣ ਦਾ ਭਰੋਸਾ ਦਵਾਇਆ। ਮੀਟਿੰਗ ਤੋਂ ਬਾਅਦ ਪੰਜਾਬ ਸਰਕਾਰ ਦੇ ਇਕ ਬੁਲਾਰੇ ਨੇ ਦੱਸਿਆ ਕਿ ਨਵਾਂਸ਼ਹਿਰ ਦਾ ਪਾਸਪੋਰਟ ਦਫਤਰ ਪਟਿਆਲਾ ਲਈ ਹਾਲ ਹੀ ਵਿਚ ਮੰਜ਼ੂਰ ਕੀਤੇ ਪਾਸਪੋਰਟ ਦਫਤਰ ਤੋਂ ਵੱਖਰਾ ਹੋਵੇਗਾ ਜਿਸ ਨੂੰ ਛੇਤੀ ਹੀ ਸਥਾਪਤ ਕਰਕੇ ਉਦਘਾਟਨ ਕਰ ਦਿੱਤਾ ਜਾਵੇਗਾ।
ਮੁੱਖ ਮੰਤਰੀ ਨੇ ਭਾਰਤ ਵਿਰੋਧੀ ਗਤੀਵਿਧੀਆਂ ਜਾਂ ਫੁੱਟਪਾਊ ਕਾਰਵਾਈਆਂ ਵਿੱਚ ਕਥਿਤ ਸ਼ਮੂਲੀਅਤ ਲਈ ਕੇਂਦਰ ਸਰਕਾਰ ਦੀ ਕਾਲੀ ਸੂਚੀ ਵਿੱਚ ਸਿੱਖ ਨੌਜਵਾਨਾਂ ਦੇ ਨਾਮ ਇਸ ਵਿੱਚੋਂ ਹਟਾਉਣ ਲਈ ਹੋ ਰਹੀ ਦੇਰੀ ਵਾਸਤੇ ਚਿੰਤਾ ਦਾ ਪ੍ਰਗਟਾਵਾ ਕੀਤਾ। ਭਾਰਤੀ ਮੂਲ ਦੇ ਇਨ੍ਹਾਂ ਸਿੱਖ ਨੌਜਵਾਨਾਂ ਨੂੰ ਕਾਲੀ ਸੂਚੀ ਵਿੱਚ ਹੋਣ ਕਾਰਨ ਭਾਰਤ ਆਉਣ ਤੋਂ ਪਾਬੰਦੀ ਹੈ। ਸ੍ਰੀਮਤੀ ਸਵਰਾਜ ਨੇ ਕਿਹਾ ਕਿ ਉਹ ਇਸ ਮੁੱਦੇ ਨੂੰ ਗ੍ਰਹਿ ਮੰਤਰਾਲੇ ਕੋਲ ਉਠਾਉਣਗੇ ਜੋ ਕਿ ਅਜਿਹੇ ਨੌਜਵਾਨਾਂ ਦੀ ਸੂਚੀ ਦੀ ਲਗਾਤਾਰ ਕਾਂਟ-ਛਾਂਟ ਕਰਨ ਦੀ ਪ੍ਰਕਿਰਿਆ ਵਿੱਚ ਕਰਦਾ ਹੈ।
ਭਾਰਤ ਤੋਂ ਬਾਹਰ ਵੱਖ-ਵੱਖ ਦੇਸ਼ਾਂ ਵਿਚ ਵਸੇ ਹੋਏ ਪੰਜਾਬੀਆਂ ਅਤੇ ਸਿੱਖਾਂ ’ਤੇ ਹੋ ਰਹੇ ਨਸਲੀ ਹਮਲੇ ਦੇ ਮੁੱਦੇ ਬਾਰੇ ਵੀ ਵਿਚਾਰ ਵਟਾਂਦਰਾ ਕੀਤਾ ਗਿਆ। ਮੁੱਖ ਮੰਤਰੀ ਨੇ ਅਜਿਹੇ ਹਮਲਿਆਂ ਤੋਂ ਪੰਜਾਬੀਆਂ ਤੇ ਸਿੱਖਾਂ ਨੂੰ ਬਚਾਉਣ ਲਈ ਕੇਂਦਰੀ ਮੰਤਰੀ ਨੂੰ ਅੰਤਰ-ਰਾਸ਼ਟਰੀ ਪੱਧਰ ’ਤੇ ਮੁੱਦਾ ਉਠਾਉਣ ਦੀ ਅਪੀਲ ਕੀਤੀ। ਸ੍ਰੀਮਤੀ ਸਵਰਾਜ ਨੇ ਕਿਹਾ ਕਿ ਉਨ੍ਹਾਂ ਦਾ ਮੰਤਰਾਲਾ ਲਗਾਤਾਰ ਇਸ ਮੁੱਦੇ ਨਾਲ ਜੁੜਿਆ ਹੋਇਆ ਹੈ ਅਤੇ ਉਹ ਨਿੱਜੀ ਤੌਰ ’ਤੇ ਵਿਦੇਸ਼ਾਂ ਵਿਚ ਵਸੇ ਪੰਜਾਬੀਆਂ ਅਤੇ ਸਿੱਖਾਂ ਨੂੰ ਉਨ੍ਹਾਂ ਸਰਕਾਰਾਂ ਵੱਲੋਂ ਮੁਕੰਮਲ ਸੁਰੱਖਿਆ ਮਹੱਈਆ ਕਰਵਾਉਣ ਨੂੰ ਯਕੀਨੀ ਬਣਾਉਣ ਦਾ ਮਾਮਲਾ ਉਠਾ ਰਹੇ ਹਨ ਜਿੱਥੇ ਕਿ ਉਹ ਵਸੇ ਹੋਏ ਹਨ।
ਮੁੱਖ ਮੰਤਰੀ ਨੇ ਸੁਰੱਖਿਆ, ਖੇਤੀਬਾੜੀ ਅਤੇ ਵਪਾਰ ਦੇ ਖੇਤਰਾਂ ਵਿੱਚ ਦੁਵੱਲੇ ਸਹਿਯੋਗ ਨੂੰ ਹੁਲਾਰਾ ਦੇਣ ਲਈ ਪੰਜਾਬ-ਇਜ਼ਰਾਇਲ ਵਿਚਕਾਰ ਵਰਕਿੰਗ ਗਰੁੱਪ ਸਥਾਪਤ ਕਰਨ ਦਾ ਵੀ ਮੁੱਦਾ ਉਠਾਇਆ। ਇਹ ਗਰੁੱਪ ਬਣਾਉਣ ਦਾ ਪ੍ਰਸਤਾਵ ਇਜ਼ਰਾਇਲ ਦੇ ਰਾਜਦੂਤ ਡੇਨਿਅਲ ਕੈਰਮਨ ਨੇ ਅੱਜ ਸਵੇਰੇ ਕੈਪਟਨ ਅਮਰਿੰਦਰ ਸਿੰਘ ਨਾਲ ਹੋਈ ਮੀਟਿੰਗ ਦੌਰਾਨ ਪੇਸ਼ ਕੀਤਾ। ਮੁੱਖ ਮੰਤਰੀ ਨੇ ਵਿਦੇਸ਼ ਮਾਮਲਿਆਂ ਦੇ ਮੰਤਰੀ ਨਾਲ ਮੀਟਿੰਗ ਦੌਰਾਨ ਅਜਿਹੇ ਗਰੁੱਪ ਦੀ ਮਹੱਤਤਾ ’ਤੇ ਜ਼ੋਰ ਦਿੰਦਿਆਂ ਇਸ ਨੂੰ ਕੌਮੀ ਹਿੱਤ ਵਿੱਚ ਦੱਸਿਆ।

Load More Related Articles
Load More By Nabaz-e-Punjab
Load More In General News

Check Also

ਸੀਨੀਅਰ ਵੈਟਰਨਰੀ ਅਫ਼ਸਰ ਐਸੋਸੀਏਸ਼ਨ ਨੇ ਮੁੱਖ ਮੰਤਰੀ ਭਗਵੰਤ ਮਾਨ ਦਾ ਨਿੱਜੀ ਦਖ਼ਲ ਮੰਗਿਆ

ਸੀਨੀਅਰ ਵੈਟਰਨਰੀ ਅਫ਼ਸਰ ਐਸੋਸੀਏਸ਼ਨ ਨੇ ਮੁੱਖ ਮੰਤਰੀ ਭਗਵੰਤ ਮਾਨ ਦਾ ਨਿੱਜੀ ਦਖ਼ਲ ਮੰਗਿਆ ਸਰਕਾਰ ਨੇ ਕਮਿਊਟਿਡ ਪ…