ਮਿਉਂਸਪਲ ਚੋਣਾਂ: ਹੇਰਾਫੇਰੀ ਕਰਨ ਵਾਲੇ ਅਫ਼ਸਰਾਂ ਖ਼ਿਲਾਫ਼ ਤੁਰੰਤ ਕਾਰਵਾਈ ਕਰੇ ਚੋਣ ਕਮਿਸ਼ਨ: ਅਕਾਲੀ ਦਲ

ਮਿਉਂਸਪਲ ਚੋਣਾਂ ਲਈ ਪੈਰਾ ਮਿਲਟਰੀ ਫੋਰਸ ਤਾਇਨਾਤ ਕਰਨ ਤੇ ਵੀਡੀਓਗ੍ਰਾਫੀ ਕਰਵਾਏ ਜਾਣ ਦੀ ਮੰਗ

ਹਰਸ਼ਬਾਬ ਸਿੱਧੂ
ਨਬਜ਼-ਏ-ਪੰਜਾਬ ਬਿਊਰੋ, ਚੰਡੀਗੜ੍ਹ, 15 ਜਨਵਰੀ:
ਸ਼੍ਰੋਮਣੀ ਅਕਾਲੀ ਦਲ ਨੇ ਅੱਜ ਸੂਬਾ ਚੋਣ ਕਮਿਸ਼ਨ ਨੂੰ ਆਖਿਆ ਕਿ ਉਹ ਉਨ੍ਹਾਂ ਅਫ਼ਸਰਾਂ ਖ਼ਿਲਾਫ਼ ਫੌਰੀ ਕਾਰਵਾਈ ਕਰੇ ਜੋ ਕਾਂਗਰਸੀ ਆਗੂਆਂ ਦੇ ਇਸ਼ਾਰੇ ‘ਤੇ ਚੋਣਾਂ ਸਬੰਧੀ ਹੇਰਾ ਫੇਰੀਆਂ ਵਿਚ ਲੱਗੇ ਹਨ ਤੇ ਪਾਰਟੀ ਨੇ ਮੰਗ ਕੀਤੀ ਕਿ ਸੂਬੇ ਵਿੱਚ ਆਉਂਦੀਆਂ ਮਿਉਂਸਪਲ ਚੋਣਾਂ ਲਈ ਪੈਰਾ ਮਿਲਟਰੀ ਫੋਰਸ ਤਾਇਨਾਤ ਕੀਤੀ ਜਾਵੇ ਅਤੇ ਵੀਡੀਓਗ੍ਰਾਫੀ ਕਰਵਾਈ ਜਾਵੇ। ਅਕਾਲੀ ਦਲ ਦੇ ਵਫ਼ਦ ਜਿਸ ਵਿੱਚ ਡਾ. ਦਲਜੀਤ ਸਿੰਘ ਚੀਮਾ, ਸਿਕੰਦਰ ਸਿੰਘ ਮਲੂਕਾ, ਐਨ.ਕੇ. ਸ਼ਰਮਾ, ਚਰਨਜੀਤ ਸਿੰਘ ਬਰਾੜ, ਪਰਮਬੰਸ ਸਿੰਘ ਰੋਮਾਣਾ ਅਤੇ ਬਰਜਿੰਦਰ ਸਿੰਘ ਬਰਾੜ ਵੀ ਸ਼ਾਮਲ ਸਨ, ਨੇ ਸੂਬਾ ਚੋਣ ਕਮਿਸ਼ਨ ਦੇ ਕਮਿਸ਼ਨਰ ਜਗਪਾਲ ਸਿੰਘ ਸੰਧੂ ਨਾਲ ਇਸ ਸਬੰਧੀ ਮੁਲਾਕਾਤ ਕੀਤੀ ਤੇ ਜ਼ੋਰ ਦੇ ਕੇ ਕਿਹਾ ਕਿ ਕਾਂਗਰਸ ਪਾਰਟੀ ਨੇ ਚੋਣ ਪ੍ਰਕਿਰਿਆ ਹਾਈਜੈਕ ਕਰ ਲਈ ਹੈ ਅਤੇ ਐਸਈਸੀ ਵੱਲੋਂ ਤੈਅ ਕੀਤੀਆਂ ਹੱਦਾਂ ਤੇ ਦਿਸ਼ਾ ਨਿਰਦੇਸ਼ਾਂ ਦੀ ਪਾਲਣਾ ਨਹੀਂ ਹੋ ਰਹੀ। ਉਨ੍ਹਾਂ ਕਿਹਾ ਕਿ ਸੂਬੇ ਦੇ ਸ਼ਾਂਤੀਪੂਰਨ ਮਾਹੌਲ ਨੂੰ ਖਰਾਬ ਕਰਨ ਦੇ ਯਤਨ ਉਸੇ ਤਰੀਕੇ ਕੀਤੇ ਜਾ ਰਹੇ ਹਨ ਜਿਵੇਂ ਜ਼ਿਲ੍ਹਾ ਪ੍ਰੀਸ਼ਦ ਤੇ ਪੰਚਾਇਤ ਚੋਣਾਂ ਵੇਲੇ ਪਹਿਲਾਂ ਹੋਈ ਸੀ।
ਐਸਈਸੀ ਨਾਲ ਗੱਲਬਾਤ ਦੌਰਾਨ ਵਫ਼ਦ ਮੈਂਬਰਾਂ ਨੇ ਮੰਗ ਕੀਤੀ ਕਿ ਬੂਥਾਂ ਦੇ ਅੰਦਰ ਅਤੇ ਰਿਟਰਨਿੰਗ ਅਫ਼ਸਰਾਂ ਦੇ ਦਫਤਰਾਂ ਵਿਚ ਦੋਹਾਂ ਥਾਵਾਂ ‘ਤੇ ਵੀਡੀਓਗ੍ਰਾਫ਼ੀ ਕਰਵਾਈ ਜਾਵੇ ਤਾਂ ਜੋ ਬੂਥਾਂ ‘ਤੇ ਕਬਜ਼ੇ ਕਰਨ ਤੇ ਹੋਰ ਹੇਰਾ ਫੇਰੀਆਂ ਕਰਨ ਤੋਂ ਰੋਕਿਆ ਜਾ ਸਕੇ। ਵਫਦ ਨੇ ਕਿਹਾ ਕਿ ਜੇਕਰ ਐਸ ਈ ਸੀ ਨੇ ਇਸਦੀ ਆਗਿਆ ਨਾ ਦਿੱਤੀ ਤਾਂ ਫਿਰ ਕਮਿਸ਼ਨ ਨੂੰ ਆਪਣੇ ਪੱਧਰ ‘ਤੇ ਅਤੇ ਆਪਣੇ ਖਰਚ ’ਤੇ ਵੀਡੀਓਗ੍ਰਾਫੀ ਕਰਵਾਉਣ ਦੀ ਆਗਿਆ ਦੇਣੀ ਚਾਹੀਦੀ ਹੈ। ਵਫਦ ਨੇ ਇਹ ਵੀ ਮੰਗ ਕੀਤੀ ਕਿ ਨਾਮਜ਼ਦਗੀਆਂ ਆਨ ਲਾਈਨ ਦਾਖਲ ਕਰਨ ਦੀ ਆਗਿਆ ਦਿੱਤੀ ਜਾਵੇ ਅਤੇ ਉਮੀਦਵਾਰਾਂ ਨੂੰ ਸਵੈ ਘੋਸ਼ਣਾ ਪੱਤਰਾਂ ਦੇ ਆਧਾਰ ’ਤੇ ਕੋਈ ਵੀ ਬਕਾਇਆ ਨਹੀਂ ਦੇ ਸਰਟੀਫਿਕੇਟ ਅਦਾ ਕੀਤੇ ਜਾਣ।
ਪਰਮਬੰਸ ਸਿੰਘ ਰੋਮਾਣਾ ਅਤੇ ਬਰਜਿੰਦਰ ਸਿੰਘ ਬਰਾੜ ਨੇ ਕਮਿਸ਼ਨਰ ਨੂੰ ਉਦਾਹਰਣਾਂ ਦੱਸੀਆਂ ਕਿ ਕਿਵੇਂ ਕਾਂਗਰਸੀ ਆਗੂਆਂ ਦੇ ਇਸ਼ਾਰੇ ’ਤੇ ਪੇਂਡੂ ਇਲਾਕਿਆਂ ਦੀਆਂ ਵੋਟਾਂ ਸ਼ਹਿਰਾਂ ਵਿੱਚ ਤਬਦੀਲ ਕੀਤੀਆਂ ਜਾ ਰਹੀਆਂ ਹਨ।ਵਫਦ ਨੇ ਇਹ ਵੀ ਦੱਸਿਆਕਿ ਕਿਵੇਂ ਫਿਰੋਜ਼ਪੁਰ ਅਤੇ ਹੋਰ ਥਾਵਾਂ ‘ਤੇ ਵਾਰਡਾਂ ਦੀ ਹੱਦਬੰਦੀ ਕਾਂਗਰਸੀ ਉਮੀਦਵਾਰਾਂ ਦੀ ਇੱਛਾ ਅਨੁਸਾਰ ਕੀਤੀ ਜਾ ਰਹੀ ਹੈ। ਵਫਦ ਨੇ ਐਸਈਸੀ ਨੂੰ ਦੱਸਿਆ ਕਿ ਵਿਰੋਧੀ ਧਿਰ ਨੂੰ ਤਾਂ ਵੋਟਰ ਸੂਚੀਆਂ ਵੀ ਉਪਲਬਧ ਨਹੀਂ ਕਰਵਾਈਆਂ ਜਾ ਰਹੀਆਂ।
ਬਾਅਦ ਵਿੱਚ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਡਾ. ਦਲਜੀਤ ਸਿੰਘ ਚੀਮਾ ਨੇ ਦੱਸਿਆ ਕਿ ਵਫ਼ਦ ਨੇ ਐਸਈਸੀ ਨੂੰ ਇਹ ਵੀ ਆਖਿਆ ਹੈ ਕਿ ਚੌਵੀ ਘੰਟੇ ਕੰਮ ਕਰਨ ਵਾਲਾ ਕੰਟਰੋਲ ਰੂਮ ਸਥਾਪਿਤ ਕੀਤਾ ਜਾਵੇ ਤਾਂ ਜੋ ਕਮਿਸ਼ਨਖੁਦ ਹਰ ਵੇਲੇ ਹੋਣ ਵਾਲੇ ਘਟਨਾਕ੍ਰਮ ਤੋਂ ਜਾਣੂ ਰਹੇੇ ਜੇਕਰ ਚੋਣ ਜ਼ਾਬਤੇ ਦੀ ਉਲੰਘਣਾ ਹੁੰਦੀ ਹੈ ਤਾਂ ਤੁਰੰਤ ਕਾਰਵਾਈ ਕਰੇ। ਡਾ.ਚੀਮਾ ਨੇ ਇਹ ਵੀ ਦੱਸਿਆ ਕਿ ਵਫਦ ਨੇ ਇਹ ਵੀ ਮੰਗ ਕੀਤੀ ਕਿ ਸਾਰੀਆਂ ਵੋਟਾਂ ਮੌਕੇ ’ਤੇ ਗਿਣੀਆਂ ਜਾਣ ਅਤੇ ਪੋਲਿੰਗ ਸਟਾਫ਼ ਦੀ ਚੋਣ ਕਾਂਗਰਸੀ ਵਿਧਾਇਕਾਂ ਵੱਲੋਂ ਨਾ ਕੀਤੀ ਜਾਵੇ।

Load More Related Articles
Load More By Nabaz-e-Punjab
Load More In Elections

Check Also

ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿੱਚ ਸੇਵਾਦਾਰ ਵੱਲੋਂ ਮਹਿੰਦਰਾ ਮੈਕਸ ਪਿਕਅੱਪ ਗੱਡੀ ਦਾਨ

ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿੱਚ ਸੇਵਾਦਾਰ ਵੱਲੋਂ ਮਹਿੰਦਰਾ ਮੈਕਸ ਪਿਕਅੱਪ ਗੱਡੀ ਦਾਨ ਨਬਜ਼-ਏ-ਪੰਜਾਬ, ਮ…