
ਪੰਜਾਬ ਦੇ ਹੋਣਹਾਰ ਵਿਦਿਆਰਥੀਆਂ ਨੂੰ ਤਕਨੀਕੀ ਸਿੱਖਿਆ ਦੇ ਖੇਤਰ ’ਚ ਸਮੇਂ ਦਾ ਹਾਣੀ ਬਣਾਇਆ ਜਾਵੇਗਾ: ਸਿੱਧੂ
60 ਫੀਸਦੀ ਤੋਂ 100 ਫੀਸਦੀ ਤੱਕ ਅੰਕ ਹਾਸਲ ਕਰਨ ਵਾਲੇ ਵਿਦਿਆਰਥੀਆਂ ਦੀ ਹੋਵੇਗੀ ਫੀਸ ਮੁਆਫ਼
ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 17 ਜੂਨ:
ਪੰਜਾਬ ਦੇ ਹੋਣਹਾਰ ਵਿਦਿਆਰਥੀਆਂ ਨੂੰ ਮਿਆਰੀ ਅਤੇ ਸਸਤੀ ਤਕਨੀਕੀ ਸਿੱਖਿਆ ਪ੍ਰਦਾਨ ਕਰਨ ਲਈ ‘ਮੁੱਖ ਮੰਤਰੀ ਵਜੀਫਾ ਯੋਜਨਾ’ ਸ਼ੁਰੂ ਕੀਤੀ ਗਈ ਹੈ। ਇਸ ਸਕੀਮ ਦਾ ਲਾਭ ਸੂਬੇ ਦੇ ਸਾਰੇ ਸਰਕਾਰੀ, ਬਹੁਤਕਨੀਕੀ, ਇੰਜਨੀਅਰਇੰਗ ਕਾਲਜਾਂ ਅਤੇ ਤਕਨੀਕੀ ਯੂਨੀਵਰਸਿਟੀਆਂ ਦੇ ਵਿਦਿਆਰਥੀਆਂ ਨੂੰ ਮਿਲੇਗਾ। ਇਸ ਸਬੰਧੀ ਜਾਣਕਾਰੀ ਦਿੰਦਿਆਂ ਮੁਹਾਲੀ ਤੋਂ ਕਾਂਗਰਸੀ ਵਿਧਾਇਕ ਬਲਬੀਰ ਸਿੰਘ ਸਿੱਧੂ ਨੇ ਦੱਸਿਆ ਕਿ ਇਸ ਸਕੀਮ ਨੂੰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਪ੍ਰਵਾਨਗੀ ਮਿਲਣ ਉਪਰੰਤ ਲਾਗੂ ਕੀਤਾ ਗਿਆ। ਇਸ ਸਕੀਮ ਦੇ ਅਧੀਨ ਪੰਜਾਬ ਦੇ ਨੌਜਵਾਨਾਂ ਦੀ 10ਵੀਂ ਜਮਾਤ ਵਿਚ ਪ੍ਰਾਪਤ ਕੀਤੇ ਅੰਕ ਫੀਸਦੀ ਅਨੁਸਾਰ ਫੀਸ ਮੁਆਫ ਕੀਤੀ ਜਾਵੇਗੀ।
ਸ੍ਰੀ ਸਿੱਧੂ ਨੇ ਦੱਸਿਆ ਕਿ 60 ਤੋਂ 70 ਫੀਸਦੀ ਅੰਕਾਂ ਵਾਲੇ ਵਿਦਿਆਰਥੀਆਂ ਦੀ 70 ਫੀਸਦੀ ਫੀਸ ਮੁਆਫ ਹੋਵੇਗੀ, 70 ਤੋਂ 80 ਫੀਸਦੀ ਵਾਲਿਆਂ ਦੀ 80 ਫੀਸਦੀ, 80 ਤੋਂ 90 ਫੀਸਦੀ ਵਾਲਿਆਂ ਦੀ 90 ਫੀਸਦੀ ਅਤੇ 90 ਤੋਂ 100 ਫੀਸਦੀ ਅੰਕ ਹਾਸਲ ਕਰਨ ਵਾਲਿਆਂ ਦੀ ਪੂਰੀ ਫੀਸ ਮੁਆਫ਼ ਹੋਵੇਗੀ। ਉਨ੍ਹਾਂ ਹੋਰ ਦੱਸਿਆ ਕਿ ਇਸ ਤੋਂ ਪਹਿਲਾਂ ਸਰਕਾਰੀ ਅਤੇ ਪ੍ਰਾਈਵੇਟ ਕਾਲਜ਼ਾਂ ਦੀ ਫੀਸ ਲਗਭਗ ਬਰਾਬਰ ਹੀ ਸੀ, ਪਰ ਹੁਣ ਇਸ ਸਕੀਮ ਦੇ ਲਾਗੂ ਹੋਣ ਨਾਲ ਸੂਬੇ ਦੇ ਗਰੀਬ ਅਤੇ ਹੋਣਹਾਰ ਵਿਦਿਆਰਥੀਆਂ ਨੂੰ ਲਗਭਗ ਮੂਫਤ ਤਕਨੀਕੀ ਸਿੱਖਿਆ ਹਾਸਿਲ ਕਰਨ ਦੇ ਮੌਕੇ ਮਿਲਣਗੇ। ਇਸ ਸਕੀਮ ਦਾ ਲਾਭ ਪੰਜਾਬ ਦੇ ਨਾਗਰਿਕਾਂ ਨੂੰ ਹੀ ਮਿਲੇਗਾ ਜਿਨ੍ਹਾਂ ਕੋਲ ਪੰਜਾਬ ਦਾ ਡੌਮੀਸਾਈਲ ਹੋਵੇਗਾ।
ਵਿਧਾਇਕ ਸਿੱਧੂ ਨੇ ਦੱਸਿਆ ਕਿ ਇਸ ਸਕੀਮ ਨੂੰ ਲਾਗੂ ਕਰਕੇ ਸੂਬੇ ਦੇ ਗਰੀਬ ਅਤੇ ਲੋੜਵੰਦ ਹੋਣਹਾਰ ਵਿਦਿਆਰਥੀਆਂ ਨੂੰ ਮਿਆਰੀ ਅਤੇ ਸਸਤੀ ਤਕਨੀਕੀ ਸਿੱਖਿਆ ਮੁਹੱਈਆ ਕਰਵਾਉਣ ਲਈ ਕੈਪਟਨ ਅਮਰਿੰਦਰ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਵਾਅਦਾ ਪੂਰਾ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਸਰਕਾਰ ਨੇ ਸਾਰੇ ਸਰਕਾਰੀ, ਬਹੁਤਕਨੀਕੀ, ਇੰਜਨੀਅਰਇੰਗ ਕਾਲਜਾਂ ਅਤੇ ਤਕਨੀਕੀ ਯੂਨੀਵਰਸਿਟੀਆਂ ਦੇ ਬੁਨਿਆਦੀ ਢਾਂਚੇ ਦਾ ਆਧੁਨਿਕੀਕਰਨ ਕੀਤਾ ਜਾਵੇਗਾ।