ਕੱਚੇ ਅਧਿਆਪਕਾਂ ਵੱਲੋਂ ਸਮੂਹਿਕ ਛੁੱਟੀ ਲੈ ਕੇ 3 ਦਿਨ ਸਕੂਲਾਂ ਦਾ ਮੁਕੰਮਲ ਬਾਈਕਾਟ ਕਰਨ ਦਾ ਐਲਾਨ

ਸਿੱਖਿਆ ਸਕੱਤਰ ਅਤੇ ਡੀਪੀਆਈ ਦਫ਼ਤਰ ਦੇ ਮੁੱਖ ਗੇਟ ਬੰਦ ਕਰਕੇ ਕੀਤਾ ਜਾਵੇਗਾ ਰੋਸ ਮੁਜ਼ਾਹਰਾ, ਗੁਪਤ ਐਕਸ਼ਨ ਦੀ ਧਮਕੀ

ਸਿੱਖਿਆ ਭਵਨ ਦੇ ਬਾਹਰ ਕੱਚੇ ਅਧਿਆਪਕਾਂ ਦਾ ਲੜੀਵਾਰ ਧਰਨਾ 158ਵੇਂ ਦਿਨ ’ਚ ਦਾਖ਼ਲ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 20 ਨਵੰਬਰ:
ਕੱਚੇ ਅਧਿਆਪਕ ਯੂਨੀਅਨ ਪੰਜਾਬ ਅਤੇ ਸਿੱਖਿਆ ਪ੍ਰੋਵਾਈਡਰ ਸਮੇਤ ਹੋਰਨਾਂ ਅਧਿਆਪਕ ਯੂਨੀਅਨਾਂ ਵੱਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਸਿੱਖਿਆ ਭਵਨ ਦੇ ਬਾਹਰ ਚੱਲ ਰਿਹਾ ਸ਼ਾਂਤਮਈ ਲੜੀਵਾਰ ਧਰਨਾ ਅੱਜ 158ਵੇਂ ਦਿਨ ਵਿੱਚ ਦਾਖ਼ਲ ਹੋ ਗਿਆ। ਕੱਚੇ ਅਧਿਆਪਕਾਂ ਨੇ ਇਨਸਾਫ਼ ਪ੍ਰਾਪਤੀ ਅਤੇ ਸਰਕਾਰ ’ਤੇ ਦਬਾਅ ਪਾਉਣ ਲਈ ਤਿੰਨ ਦਿਨ ਸਰਕਾਰੀ ਸਕੂਲਾਂ ਦਾ ਮੁਕੰਮਲ ਬਾਈਕਾਟ ਕਰਨ ਅਤੇ ਸਿੱਖਿਆ ਸਕੱਤਰ ਤੇ ਡੀਪੀਆਈ ਦਫ਼ਤਰ ਦੇ ਮੁੱਖ ਗੇਟ ਬੰਦ ਕਰਕੇ ਸੂਬਾ ਪੱਧਰੀ ਰੋਸ ਮੁਜ਼ਾਹਰਾ ਕਰਨ ਦਾ ਐਲਾਨ ਕੀਤਾ ਹੈ। ਇਹ ਫੈਸਲਾ ਅੱਜ ਇੱਥੇ ਸੂਬਾ ਕਨਵੀਨਰਾਂ ਦੀ ਹੋਈ ਮੀਟਿੰਗ ਵਿੱਚ ਲਿਆ ਗਿਆ।
ਕੱਚੇ ਅਧਿਆਪਕ ਯੂਨੀਅਨ ਦੇ ਸੂਬਾ ਕਨਵੀਨਰ ਅਜਮੇਰ ਸਿੰਘ ਅੌਲਖ, ਦਵਿੰਦਰ ਸਿੰਘ ਸੰਧੂ, ਜਸਵੰਤ ਸਿੰਘ ਪੰਨੂ ਅਤੇ ਮੀਡੀਆ ਕੋਆਰਡੀਨੇਟਰ ਜੁਝਾਰ ਸਿੰਘ ਸੰਗਰੂਰ ਨੇ ਦੱਸਿਆ ਕਿ ਸੋਮਵਾਰ ਮੰਗਲਵਾਰ ਅਤੇ ਬੁੱਧਵਾਰ ਨੂੰ ਸੂਬੇ ਭਰ ਦੇ ਸਾਰੇ ਕੱਚੇ ਅਧਿਆਪਕ ਸਮੂਹਿਕ ਛੁੱਟੀ ਲੈ ਕੇ ਸਕੂਲਾਂ ਦਾ ਮੁਕੰਮਲ ਬਾਈਕਾਟ ਕੀਤਾ ਜਾਵੇਗਾ। ਇਹ ਤਿੰਨ ਦਿਨ ਕੋਈ ਵੀ ਅਧਿਆਪਕ ਸਕੂਲ ਨਹੀਂ ਜਾਵੇਗਾ ਸਗੋਂ ਉਹ ਆਪਣਾ ਬੋਰੀਆ ਬਿਸਤਰ ਲੈ ਕੇ ਮੁਹਾਲੀ ਧਰਨੇ ਵਿੱਚ ਸ਼ਾਮਲ ਹੋਵੇਗਾ। ਸੋਮਵਾਰ ਨੂੰ ਸੂਬਾ ਪੱਧਰੀ ਰੈਲੀ ਵਿੱਚ ਕੱਚੇ ਅਧਿਆਪਕ ਪਰਿਵਾਰਾਂ ਸਮੇਤ ਪੁੱਜਣਗੇ।
ਕੱਚੇ ਅਧਿਆਪਕ ਯੂਨੀਅਨ ਨੇ ਕਿਸਾਨਾਂ ਅਤੇ ਭਰਾਤਰੀ ਜਥੇਬੰਦੀਆਂ ਨੂੰ ਸੰਘਰਸ਼ ਵਿੱਚ ਸਹਿਯੋਗ ਦੇਣ ਦੀ ਅਪੀਲ ਕਰਦਿਆਂ ਕਿਹਾ ਕਿ ਕੱਚੇ ਅਧਿਆਪਕਾਂ ਦੀ ਗਿਣਤੀ 13000 ਹੈ ਅਤੇ ਉਹ ਪਿਛਲੇ ਕਰੀਬ ਡੇਢ ਦਹਾਕੇ ਤੋਂ ਮਹਿਜ਼ 5-5 ਹਜ਼ਾਰ ਰੁਪਏ ਨਿਗੂਣੀ ਤਨਖ਼ਾਹ ’ਤੇ ਕੰਮ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਜਿਵੇਂ ਖੇਤੀ ਕਾਨੂੰਨਾਂ ਖ਼ਿਲਾਫ਼ ਵਿੱਢਿਆਂ ਸੰਘਰਸ਼ ਜਿੱਤਿਆ ਹੈ, ਓਵੇਂ ਕੱਚੇ ਅਧਿਆਪਕਾਂ ਦੇ ਸੰਘਰਸ਼ ਨੂੰ ਸਫਲ ਬਣਾਉਣ ਲਈ ਸਹਿਯੋਗ ਦਿੱਤਾ ਜਾਵੇ। ਉਨ੍ਹਾਂ ਦੱਸਿਆ ਕਿ 22, 23 ਅਤੇ 24 ਨਵੰਬਰ ਨੂੰ ਮੁਹਾਲੀ ਸਥਿਤ ਸਿੱਖਿਆ ਸਕੱਤਰ ਅਤੇ ਡੀਪੀਆਈ ਦਫ਼ਤਰ ਦੇ ਦੋਵੇਂ ਗੇਟ ਮੁਕੰਮਲ ਬੰਦ ਕਰਕੇ ਸਰਕਾਰ ਦਾ ਪਿੱਟ ਸਿਆਪਾ ਕੀਤਾ ਗਿਆ ਅਤੇ ਲੋੜ ਪੈਣਗੇ ਗੁਪਤ ਐਕਸ਼ਨ ਕੀਤੇ ਜਾਣਗੇ। ਇਸ ਸਬੰਧੀ ਉਨ੍ਹਾਂ ਨੇ ਮੁੱਖ ਮੰਤਰੀ ਨੂੰ ਮੰਗ ਪੱਤਰ ਦੇ ਕੇ ਇਨਸਾਫ਼ ਦੀ ਮੰਗ ਵੀ ਕੀਤੀ।

ਆਗੂਆਂ ਨੇ ਸਰਕਾਰ ਨੇ ਵਾਅਦਾਖ਼ਿਲਾਫ਼ੀ ਦਾ ਦੋਸ ਲਗਾਉਂਦੇ ਹੋਏ ਕਿਹਾ ਕਿ ਪਿਛਲੀ ਕੈਪਟਨ ਸਰਕਾਰ ਨੇ ਕੱਚੇ ਅਧਿਆਪਕਾਂ ਦੀਆਂ ਜਾਇਜ਼ ਮੰਗਾਂ ਪ੍ਰਵਾਨ ਕਰਕੇ ਲੰਘੀ 7 ਸਤੰਬਰ ਨੂੰ ਤਤਕਾਲੀ ਸਿੱਖਿਆ ਸਕੱਤਰ ਕ੍ਰਿਸ਼ਨ ਕੁਮਾਰ ਰਾਹੀਂ ਪ੍ਰੀ-ਪ੍ਰਾਇਮਰੀ ਅਧਿਆਪਕਾਂ ਦੀਆਂ 8393 ਅਸਾਮੀਆਂ ਦੀ ਭਰਤੀ ਲਈ ਨੋਟੀਫ਼ਿਕੇਸ਼ਨ ਜਾਰੀ ਕਰ ਦਿੱਤਾ ਗਿਆ ਸੀ, ਪ੍ਰੰਤੂ ਹੁਣ ਤੱਕ ਕਾਰਵਾਈ ਅੱਗੇ ਨਹੀਂ ਤੁਰੀ। ਇਹੀ ਨਹੀਂ ਬੀਤੀ 5 ਅਕਤੂਬਰ ਨੂੰ ਨਵੇਂ ਸਿੱਖਿਆ ਮੰਤਰੀ ਪਰਗਟ ਸਿੰਘ ਨੇ ਵੀ ਕੱਚੇ ਮੁਲਾਜ਼ਮਾਂ ਨੂੰ ਜਾਇਜ਼ ਮੰਗਾਂ ਮੰਨਣ ਦਾ ਭਰੋਸਾ ਦਿੱਤਾ ਗਿਆ ਸੀ ਲੇਕਿਨ ਪਰਨਾਲਾ ਉੱਥੇ ਦਾ ਉੱਥੇ ਹੈ।
ਉਨ੍ਹਾਂ ਦੱਸਿਆ ਕਿ ਸਰਕਾਰ ਨਾਲ ਹੁਣ ਤੱਕ ਅਨੇਕਾਂ ਮੀਟਿੰਗਾਂ ਹੋ ਚੁੱਕੀਆਂ ਹਨ। ਇਨ੍ਹਾਂ ਮੀਟਿੰਗਾਂ ਵਿੱਚ ਸਿੱਖਿਆ ਮੰਤਰੀ ਸਮੇਤ ਹੋਰ ਉੱਚ ਅਧਿਕਾਰੀਆਂ ਨੇ ਉਨ੍ਹਾਂ ਨੂੰ ਭਰੋਸਾ ਦਿੱਤਾ ਸੀ ਕਿ ਕੱਚੇ ਅਧਿਆਪਕਾਂ ਦੀਆਂ ਮੰਗਾਂ ਦਾ ਪੱਕਾ ਹੱਲ ਕੀਤਾ ਜਾਵੇਗਾ ਪਰ ਹੁਣ ਤੱਕ ਮਸਲਾ ਹੱਲ ਨਹੀਂ ਹੋਇਆ ਅਤੇ ਨਾ ਹੀ ਨੋਟੀਫ਼ਿਕੇਸ਼ਨ ਦੇ ਮੁਤਾਬਕ ਭਰਤੀ ਪ੍ਰਕਿਰਿਆ ਸ਼ੁਰੂ ਹੋਈ ਹੈ।

Load More Related Articles
Load More By Nabaz-e-Punjab
Load More In Awareness/Campaigns

Check Also

ਸੋਹਾਣਾ ਦੰਗਲ: ਝੰਡੀ ਦੀ ਕੁਸ਼ਤੀ ਤਾਲਿਬ ਬਾਬਾ ਫਲਾਹੀ ਨੇ ਸੁਦਾਮ ਹੁਸ਼ਿਆਰਪੁਰ ਨੂੰ ਹਰਾਇਆ

ਸੋਹਾਣਾ ਦੰਗਲ: ਝੰਡੀ ਦੀ ਕੁਸ਼ਤੀ ਤਾਲਿਬ ਬਾਬਾ ਫਲਾਹੀ ਨੇ ਸੁਦਾਮ ਹੁਸ਼ਿਆਰਪੁਰ ਨੂੰ ਹਰਾਇਆ ਪ੍ਰਿਤਪਾਲ ਫਗਵਾੜਾ ਨ…