Share on Facebook Share on Twitter Share on Google+ Share on Pinterest Share on Linkedin ਕੱਚੇ ਅਧਿਆਪਕਾਂ ਤੇ ਸਿਹਤ ਕਾਮਿਆਂ ਨੂੰ ਇਨਸਾਫ਼ ਮਿਲਣ ਦੀ ਆਸ ਬੱਝੀ, ਚੰਨੀ ਵੱਲੋਂ ਦੋ ਦਿਨਾਂ ’ਚ ਮਸਲੇ ਹੱਲ ਕਰਨ ਦਾ ਭਰੋਸਾ ਮੁੱਖ ਮੰਤਰੀ ਚੰਨੀ ਵੱਲੋਂ ਪ੍ਰਦਰਸ਼ਨਕਾਰੀਆਂ ਨੂੰ ਧਰਨੇ ਖ਼ਤਮ ਕਰਨ ਅਤੇ ਸਰਕਾਰੀ ਸਮਾਗਮਾਂ ਵਿੱਚ ਖਲਲ ਨਾ ਪਾਉਣ ਦੀ ਅਪੀਲ ਮੁਹਾਲੀ ਪ੍ਰਸ਼ਾਸਨ ਨੇ ਮੁੱਖ ਮੰਤਰੀ ਨਾਲ ਕਰਵਾਈ ਕੱਚੇ ਅਧਿਆਪਕਾਂ ਦੀ ਮੁਲਾਕਾਤ, ਮੀਟਿੰਗ ’ਚ ਡੀਸੀ ਈਸ਼ਾ ਕਾਲੀਆ ਵੀ ਰਹੇ ਮੌਜੂਦ ਕੱਚੇ ਅਧਿਆਪਕਾਂ ਵੱਲੋਂ ਸਿੱਖਿਆ ਸਕੱਤਰ ਤੇ ਡੀਪੀਆਈ ਦਫ਼ਤਰਾਂ ਦੀ ਘੇਰਾਬੰਦੀ ਤੇ ਸ਼ਾਂਤਮਈ ਧਰਨਾ ਜਾਰੀ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 26 ਨਵੰਬਰ: ਕੱਚੇ ਅਧਿਆਪਕ ਯੂਨੀਅਨ ਪੰਜਾਬ ਅਤੇ ਸਿੱਖਿਆ ਪ੍ਰੋਵਾਈਡਰ ਸਮੇਤ ਹੋਰਨਾਂ ਅਧਿਆਪਕ ਯੂਨੀਅਨਾਂ ਅਤੇ ਸਿਹਤ ਵਿਭਾਗ ਦੇ ਕੱਚੇ ਕਾਮਿਆਂ ਨੂੰ ਜਾਇਜ਼ ਮੰਗਾਂ ਸਬੰਧੀ ਇਨਸਾਫ਼ ਮਿਲਣ ਦੀ ਆਸ ਬੱਝ ਗਈ ਹੈ। ਮੁਹਾਲੀ ਪ੍ਰਸ਼ਾਸਨ ਨੇ ਪਹਿਲਕਦਮੀ ਕਰਦਿਆਂ ਅੱਜ ਕੱਚੇ ਅਧਿਆਪਕ ਯੂਨੀਅਨ ਦੇ ਸੂਬਾ ਕਨਵੀਨਰ ਅਜਮੇਰ ਸਿੰਘ ਅੌਲਖ, ਦਵਿੰਦਰ ਸਿੰਘ ਸੰਧੂ ਅਤੇ ਨਵਦੀਪ ਸਿੰਘ ਬਰਾੜ ਤੇ ਹੋਰਨਾਂ ਆਗੂਆਂ ਦੀ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨਾਲ ਮੁਲਾਕਾਤ ਕਰਵਾਈ। ਮੁਹਾਲੀ ਦੀ ਡਿਪਟੀ ਕਮਿਸ਼ਨਰ ਸ੍ਰੀਮਤੀ ਈਸ਼ਾ ਕਾਲੀਆ ਅਤੇ ਡੀਐਸਪੀ ਮਨਵੀਰ ਸਿੰਘ ਬਾਜਵਾ ਵੀ ਮੌਜੂਦ ਸਨ। ਮੁੱਖ ਮੰਤਰੀ ਚੰਨੀ ਨੇ ਕੱਚੇ ਅਧਿਆਪਕਾਂ ਦੇ ਵਫ਼ਦ ਨੂੰ ਧਿਆਨ ਨਾਲ ਸੁਣਿਆ ਅਤੇ ਉਨ੍ਹਾਂ ਨੂੰ ਭਰੋਸਾ ਦਿੱਤਾ ਕਿ ਸਿੱਖਿਆ ਅਤੇ ਸਿਹਤ ਪੰਜਾਬ ਸਰਕਾਰ ਦੋ ਤਰਜੀਹੀ ਖੇਤਰ ਹਨ। ਇਨ੍ਹਾਂ ਅਦਾਰਿਆਂ ਦੇ ਮੁਲਾਜ਼ਮਾਂ ਦੀਆਂ ਮੰਗਾਂ ’ਤੇ ਸਰਕਾਰ ਬੜੀ ਗੰਭੀਰਤਾ ਨਾਲ ਵਿਚਾਰ ਕਰ ਰਹੀ ਹੈ ਅਤੇ ਅਗਲੇ ਦੋ ਦਿਨਾਂ ਵਿੱਚ ਕੱਚੇ ਅਧਿਆਪਕਾਂ ਅਤੇ ਸਿਹਤ ਕਾਮਿਆਂ ਦੇ ਮਸਲੇ ਹੱਲ ਕੀਤੇ ਜਾਣਗੇ। ਮੁੱਖ ਮੰਤਰੀ ਨੇ ਸਰਕਾਰ ਵਿਰੁੱਧ ਰੋਸ ਪ੍ਰਦਰਸ਼ਨ ਕਰ ਰਹੀਆਂ ਮੁਲਾਜ਼ਮ ਜਥੇਬੰਦੀਆਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਧਰਨੇ ਖ਼ਤਮ ਕਰਨ ਅਤੇ ਸਰਕਾਰੀ ਸਮਾਗਮਾਂ ਦੌਰਾਨ ਖਲਲ ਨਾ ਪਾਉਣ ਕਿਉਂਕਿ ਅਜਿਹੀਆਂ ਕਾਰਵਾਈਆਂ ਨਾਲ ਪ੍ਰੋਗਰਾਮ ਪ੍ਰਭਾਵਿਤ ਹੁੰਦੇ ਹਨ ਅਤੇ ਹੋ ਰਹੇ ਹਨ। ਉਧਰ, ਕੱਚੇ ਅਧਿਆਪਕਾਂ ਨੇ ਆਪਣੀਆਂ ਮੰਗਾਂ ਨੂੰ ਲੈ ਕੇ ਅੱਜ ਪੰਜਵੇਂ ਦਿਨ ਵੀ ਸਿੱਖਿਆ ਸਕੱਤਰ ਅਤੇ ਡੀਪੀਆਈ ਦਫ਼ਤਰਾਂ ਦੀ ਘੇਰਾਬੰਦੀ ਜਾਰੀ ਰੱਖਦਿਆਂ ਸਿੱਖਿਆ ਭਵਨ ਦੇ ਬਾਹਰ ਰੋਸ ਮੁਜ਼ਾਹਰਾ ਕੀਤਾ। ਸਿੱਖਿਆ ਭਵਨ ਦੀ ਤੀਜੀ ਮੰਜ਼ਲ ’ਤੇ ਸਥਿਤ ਸਿਹਤ ਵਿਭਾਗ ਦਾ ਦਫ਼ਤਰ ਵੀ ਬੰਦ ਪਿਆ ਹੈ। ਅੱਜ ਕੁੱਝ ਸਿਹਤ ਮੁਲਾਜ਼ਮ ਧਰਨਾਕਾਰੀਆਂ ਕੋਲ ਪਹੁੰਚੇ ਅਤੇ ਕਿਹਾ ਕਿ ਧਰਨੇ ਕਾਰਨ ਕਰਮਚਾਰੀਆਂ ਦੀ ਤਨਖ਼ਾਹਾਂ ਬਣਾਉਣ ਵਿੱਚ ਦਿੱਕਤ ਆ ਰਹੀ ਹੈ। ਇਸ ਮਗਰੋਂ ਦੋ ਸਿਹਤ ਮੁਲਾਜ਼ਮਾਂ ਅੰਦਰ ਜਾਣ ਦਿੱਤਾ, ਜੋ ਆਪਣਾ ਕੰਪਿਊਟਰ ਸਿਸਟਮ ਲੈ ਕੇ ਵਾਪਸ ਆ ਗਏ। ਉਧਰ, ਸਿੱਖਿਆ ਭਵਨ ਦੇ ਬਾਹਰ ਪਹਿਲਾਂ ਤੋਂ ਚੱਲ ਰਿਹਾ ਸ਼ਾਂਤਮਈ ਲੜੀਵਾਰ ਧਰਨਾ ਅੱਜ 164ਵੇਂ ਦਿਨ ਵਿੱਚ ਦਾਖ਼ਲ ਹੋ ਗਿਆ। ਕੱਚੇ ਅਧਿਆਪਕ ਯੂਨੀਅਨ ਦੇ ਸੂਬਾ ਕਨਵੀਨਰ ਅਜਮੇਰ ਸਿੰਘ ਅੌਲਖ, ਦਵਿੰਦਰ ਸਿੰਘ ਸੰਧੂ ਅਤੇ ਮੀਡੀਆ ਕੋਆਰਡੀਨੇਟਰ ਜੁਝਾਰ ਸਿੰਘ ਸੰਗਰੂਰ, ਨਵਦੀਪ ਸਿੰਘ ਬਰਾੜ, ਕਰਮਿੰਦਰ ਸਿੰਘ ਪਟਿਆਲਾ ਨੇ ਕਿਹਾ ਕਿ ਅੱਜ ਮੁੱਖ ਮੰਤਰੀ ਨਾਲ ਬੜੇ ਸੁਖਾਵੇਂ ਮਾਹੌਲ ਵਿੱਚ ਹੋਈ ਮੁਲਾਕਾਤ ਤੋਂ ਬਾਅਦ ਉਨ੍ਹਾਂ ਨੂੰ ਪੱਕੇ ਹੋਣ ਦੀ ਉਮੀਦ ਜਾਗੀ ਹੈ ਪ੍ਰੰਤੂ ਜਦੋਂ ਤੱਕ ਪੱਕੇ ਹੋਣ ਦਾ ਪੱਤਰ ਨਹੀਂ ਮਿਲ ਜਾਂਦਾ, ਉਦੋਂ ਤੱਕ ਸਿੱਖਿਆ ਭਵਨ ਦੇ ਬਾਹਰ ਸ਼ਾਂਤਮਈ ਧਰਨਾ ਜਾਰੀ ਰਹੇਗਾ। ਜੇਕਰ ਮੁੱਖ ਮੰਤਰੀ ਆਪਣੇ ਵਾਅਦੇ ਤੋਂ ਪਿੱਛੇ ਹਟੇ ਤਾਂ ਕੱਚੇ ਅਧਿਆਪਕ ਸਰਕਾਰ ਨਾਲ ਆਰ-ਪਾਰ ਦੀ ਲੜਾਈ ਲੜਨ ਤੋਂ ਪਿੱਛੇ ਨਹੀਂ ਹਟਣਗੇ ਅਤੇ ਸੋਮਵਾਰ ਨੂੰ ਅਗਲੇ ਸੰਘਰਸ਼ ਦੀ ਰੂਪਰੇਖਾ ਉਲੀਕੀ ਜਾਵੇਗੀ। ਬੁਲਾਰਿਆਂ ਨੇ ਪੰਜਾਬ ਸਰਕਾਰ ਨੇ ਵਾਅਦਾਖ਼ਿਲਾਫ਼ੀ ਦਾ ਦੋਸ਼ ਲਗਾਉਂਦੇ ਹੋਏ ਕਿਹਾ ਕਿ ਪਿਛਲੀ ਕੈਪਟਨ ਸਰਕਾਰ ਨੇ ਕੱਚੇ ਅਧਿਆਪਕਾਂ ਦੀਆਂ ਜਾਇਜ਼ ਮੰਗਾਂ ਪ੍ਰਵਾਨ ਕਰਕੇ ਲੰਘੀ 7 ਸਤੰਬਰ ਨੂੰ ਤਤਕਾਲੀ ਸਿੱਖਿਆ ਸਕੱਤਰ ਕ੍ਰਿਸ਼ਨ ਕੁਮਾਰ ਰਾਹੀਂ ਪ੍ਰੀ-ਪ੍ਰਾਇਮਰੀ ਅਧਿਆਪਕਾਂ ਦੀਆਂ 8393 ਅਸਾਮੀਆਂ ਦੀ ਭਰਤੀ ਲਈ ਨੋਟੀਫ਼ਿਕੇਸ਼ਨ ਜਾਰੀ ਕਰ ਦਿੱਤਾ ਗਿਆ ਸੀ, ਪ੍ਰੰਤੂ ਹੁਣ ਤੱਕ ਕਾਰਵਾਈ ਅੱਗੇ ਨਹੀਂ ਤੁਰੀ। ਬੀਤੀ 5 ਅਕਤੂਬਰ ਨੂੰ ਨਵੇਂ ਸਿੱਖਿਆ ਮੰਤਰੀ ਪਰਗਟ ਸਿੰਘ ਨੇ ਵੀ ਕੱਚੇ ਮੁਲਾਜ਼ਮਾਂ ਨੂੰ ਜਾਇਜ਼ ਮੰਗਾਂ ਮੰਨਣ ਦਾ ਭਰੋਸਾ ਦਿੱਤਾ ਗਿਆ ਸੀ ਲੇਕਿਨ ਪਰਨਾਲਾ ਉੱਥੇ ਦਾ ਉੱਥੇ ਹੈ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ