ਕੇਂਦਰੀ ਤਨਖ਼ਾਹ ਸਕੇਲ ਖ਼ਿਲਾਫ਼ ਅਧਿਆਪਕਾਂ ਨੇ ਨੋਟੀਫ਼ਿਕੇਸ਼ਨ ਦੀਆਂ ਕਾਪੀਆਂ ਸਾੜੀਆਂ

3 ਨਵੰਬਰ ਨੂੰ ਕੀਤੇ ਜਾਣਗੇ ਜ਼ਿਲ੍ਹਾ ਪੱਧਰ ’ਤੇ ਕੀਤੇ ਜਾਣਗੇ ਅਰਥੀ ਫੂਕ ਮੁਜ਼ਾਹਰੇ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 22 ਅਕਤੂਬਰ:
ਪੰਜਾਬ ਸਰਕਾਰ ਵੱਲੋਂ ਆਪਣੇ ਮੁਲਾਜ਼ਮਾਂ ’ਤੇ ਕੇਂਦਰੀ ਤਨਖ਼ਾਹ ਸਕੇਲ ਲਾਗੂ ਕਰਨ ਦੇ ਤਾਜ਼ਾ ਫੈਸਲੇ ਨਾਲ ਅਧਿਆਪਕਾਂ ਸਮੇਤ ਸਮੁੱਚੇ ਮੁਲਾਜ਼ਮ ਵਰਗ ਵਿੱਚ ਹਾਹਾਕਾਰ ਮੱਚੀ ਹੋਈ ਹੈ। ਇਸ ਸਬੰਧੀ ਗੌਰਮਿੰਟ ਟੀਚਰਜ਼ ਯੂਨੀਅਨ ਪੰਜਾਬ (ਜੀਟੀਯੂ) ਦੇ ਸੂਬਾ ਪ੍ਰਧਾਨ ਸੁਖਵਿੰਦਰ ਸਿੰਘ ਚਾਹਲ ਦੀ ਪ੍ਰਧਾਨਗੀ ਹੇਠ ਵੀਰਵਾਰ ਨੂੰ ਪੰਜਾਬ ਭਰ ਵਿੱਚ ਜ਼ਿਲ੍ਹਾ ਪੱਧਰ ’ਤੇ ਰੋਸ ਮੁਜ਼ਾਹਰੇ ਕੀਤੇ ਗਏ ਅਤੇ ਅਧਿਆਪਕਾਂ ਨੇ ਨੋਟੀਫ਼ਿਕੇਸ਼ਨ ਦੀਆਂ ਕਾਪੀਆਂ ਸਾੜ ਕੇ ਹੁਕਮਰਾਨਾਂ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਗਈ।
ਜੀਟੀਯੂ ਦੇ ਸੂਬਾ ਜਨਰਲ ਸਕੱਤਰ ਕੁਲਦੀਪ ਸਿੰਘ ਦੌੜਕਾ ਅਤੇ ਸੁਰਜੀਤ ਸਿੰਘ ਮੁਹਾਲੀ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਛੇਵਾਂ ਪੇ-ਕਮਿਸ਼ਨ ਬਿਠਾਉਣ ਤੋਂ ਬਾਅਦ ਕੇਂਦਰੀ ਸਕੇਲ ਲਾਗੂ ਕਰਨਾ ਗੈਰ-ਤਰਕ ਸੰਗਤ ਹੈ। ਪੰਜਾਬ ਦੇ ਮੁਲਾਜ਼ਮਾਂ ਨੇ ਸਿਰੜੀ ਸੰਘਰਸ਼ਾਂ ਤੋਂ ਬਾਅਦ ਵੱਖਰੇ ਤਨਖ਼ਾਹ ਸਕੇਲ ਲਾਗੂ ਕਰਵਾਏ ਸਨ ਪਰ ਹੁਣ ਕੈਪਟਨ ਸਰਕਾਰ ਸੰਘਰਸ਼ਾਂ ਰਾਹੀਂ ਪ੍ਰਾਪਤ ਕੀਤੇ ਵੱਖਰੇ ਸਕੇਲਾਂ ਨੂੰ ਇੱਕੋ ਝਟਕੇ ਵਿੱਚ ਖ਼ਤਮ ਕਰਨਾ ਚਾਹੁੰਦੀ ਹੈ। ਉਨ੍ਹਾਂ ਕਿਹਾ ਕਿ ਸਰਕਾਰਾਂ ਵੱਲੋਂ ਆਉਣ ਵਾਲੇ ਸਮੇਂ ਵਿੱਚ ਮੁਲਾਜ਼ਮ ਵਿਰੋਧੀ ਹਮਲੇ ਹੋਰ ਤਿੱਖੇ ਹੋਣੇ ਹਨ।
ਮੁਲਾਜ਼ਮ ਵਿਰੋਧੀ ਇਸ ਹਮਲੇ ਦਾ ਜਵਾਬ ਦੇਣ ਲਈ ਜੀਟੀਯੂ ਵੱਲੋਂ ਐਲਾਨੇ ਸੰਘਰਸ਼ ਦੇ ਪਹਿਲੇ ਪੜਾਅ ਤਹਿਤ ਅੱਜ ਜ਼ਿਲ੍ਹਾ ਤੇ ਬਲਾਕ ਪੱਧਰ ਅਤੇ ਸਕੂਲਾਂ ਵਿੱਚ ਰਾਜ ਸਰਕਾਰ ਦੇ ਨੋਟੀਫ਼ਿਕੇਸ਼ਨ ਦੀਆਂ ਕਾਪੀਆਂ ਸਾੜੀਆਂ ਗਈਆਂ ਹਨ ਅਤੇ ਇਹ ਸਿਲਸਿਲਾ 28 ਅਕਤੂਬਰ ਤੱਕ ਜਾਰੀ ਰਹੇਗਾ ਅਤੇ 3 ਨਵੰਬਰ ਨੂੰ ਜ਼ਿਲ੍ਹਾ ਪੱਧਰ ’ਤੇ ਕੈਪਟਨ ਸਰਕਾਰ ਖ਼ਿਲਾਫ਼ ਅਰਥੀ ਫੂਕ ਮੁਜ਼ਾਹਰੇ ਕੀਤੇ ਜਾਣਗੇ। ਇਸ ਸਬੰਧੀ ਸਾਂਝੇ ਸੰਘਰਸ਼ ਲਈ ਸਰਕਾਰੀ ਸਕੂਲਾਂ ਦੇ ਅਧਿਆਪਕਾਂ ਦੀ ਲਾਮਬੰਦ ਲਈ ਨੁੱਕੜ ਮੀਟਿੰਗਾਂ ਕੀਤੀਆਂ ਜਾਣਗੀਆਂ।

Load More Related Articles
Load More By Nabaz-e-Punjab
Load More In Protest

Check Also

ਡੀਸੀ ਦਫ਼ਤਰ ਬਾਹਰ ਪੰਜਾਬ ਦੀ ‘ਆਪ’ ਸਰਕਾਰ ਖ਼ਿਲਾਫ਼ ਗਰਜ਼ੇ ਪੈਨਸ਼ਨਰ ਬਾਬੇ

ਡੀਸੀ ਦਫ਼ਤਰ ਬਾਹਰ ਪੰਜਾਬ ਦੀ ‘ਆਪ’ ਸਰਕਾਰ ਖ਼ਿਲਾਫ਼ ਗਰਜ਼ੇ ਪੈਨਸ਼ਨਰ ਬਾਬੇ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 15 ਜੂ…