ਅਧਿਆਪਕਾਂ ਨੇ ਸਿੱਖਿਆ ਭਵਨ ਦੇ ਬਾਹਰ ਹਰਜੋਤ ਬੈਂਸ ਦਾ ਪੁਤਲਾ ਸਾੜਿਆ, ਨਾਅਰੇਬਾਜ਼ੀ

8 ਮਾਰਚ ਨੂੰ ਸਿੱਖਿਆ ਮੰਤਰੀ ਦੇ ਹਲਕੇ ਆਨੰਦਪੁਰ ਸਾਹਿਬ ਵਿੱਚ ਸੂਬਾ ਪੱਧਰੀ ਰੋਸ ਰੈਲੀ ਕਰਨ ਦਾ ਐਲਾਨ

ਨਬਜ਼-ਏ-ਪੰਜਾਬ, ਮੁਹਾਲੀ, 28 ਫਰਵਰੀ:
ਸਾਂਝਾ ਅਧਿਆਪਕ ਮੋਰਚਾ ਅਤੇ ਡੈਮੋਕ੍ਰੇਟਿਕ ਟੀਚਰਜ਼ ਫਰੰਟ ਦੇ ਸੱਦੇ ’ਤੇ ਅੱਜ ਸੈਂਕੜੇ ਅਧਿਆਪਕਾਂ ਨੇ ਸਿੱਖਿਆ ਭਵਨ ਦੇ ਬਾਹਰ ਵਿੱਦਿਆ ਮੰਤਰੀ ਹਰਜੋਤ ਬੈਂਸ ਦਾ ਪੁਤਲਾ ਫੂਕ ਕੇ ਪੰਜਾਬ ਸਰਕਾਰ ਖ਼ਿਲਾਫ਼ ਵਿਸ਼ਾਲ ਰੋਸ ਮੁਜ਼ਾਹਰਾ ਕੀਤਾ ਅਤੇ ਹੁਕਮਰਾਨਾਂ ਨੂੰ ਰੱਜ ਕੇ ਕੋਸਿਆ। ਸਾਂਝਾ ਅਧਿਆਪਕ ਮੋਰਚਾ ਦੇ ਆਗੂ ਬਾਜ ਸਿੰਘ ਖਹਿਰਾ, ਐਨਡੀ ਤਿਵਾੜੀ, ਰਵਿੰਦਰ ਸਿੰਘ ਪੱਪੀ, ਗੁਰਜੀਤ ਸਿੰਘ ਅਤੇ ਮਨਪ੍ਰੀਤ ਸਿੰਘ ਕਿਹਾ ਕਿ ਪੰਜਾਬ ਵਿੱਚ ਬਦਲਾਅ ਲਿਆਉਣ ਦੇ ਨਾਂ ’ਤੇ ਸੱਤਾ ਵਿੱਚ ਆਈ ‘ਆਪ’ ਸਰਕਾਰ ਤੋਂ ਪੰਜਾਬ ਦੇ ਮੁਲਾਜ਼ਮਾਂ, ਕਿਸਾਨਾਂ, ਮਜ਼ਦੂਰਾਂ ਅਤੇ ਵਿਦਿਆਰਥੀਆਂ ਨੂੰ ਬਹੁਤ ਆਸਾਂ ਸਨ ਪਰ ਸਾਰੇ ਵਰਗਾਂ ਦੀਆਂ ਉਮੀਦਾਂ ਧਰੀਆਂ-ਧਰਾਈਆਂ ਰਹਿ ਗਈਆਂ। ਉਨ੍ਹਾਂ ਕਿਹਾ ਕਿ ਸਰਕਾਰ ਨੇ ਸਿੱਖਿਆ ਅਤੇ ਸਿਹਤ ਸੇਵਾਵਾਂ ਤੋਂ ਮੂੰਹ ਮੋੜ ਕੇ ਆਪਣੇ ਦੋਵੇਂ ਏਜੰਡਿਆਂ ਨੂੰ ਪਿੱਛੇ ਛੱਡ ਦਿੱਤਾ ਹੈ। ਸਿੱਖਿਆ ਮੰਤਰੀ ਅਧਿਆਪਕਾਂ ਦੀਆਂ ਮੰਗਾਂ ਮੰਨ ਕੇ ਮੁਨਕਰ ਹੋ ਰਹੇ ਹਨ। ਜਿਸ ਦੇ ਰੋਸ ਵਜੋਂ ਤਹਿਸੀਲ ਪੱਧਰੀ ਅਰਥੀ ਫੂਕ ਮੁਜ਼ਾਹਰਿਆਂ ਤੋਂ ਬਾਅਦ ਹੁਣ 8 ਮਾਰਚ ਨੂੰ ਹਰਜੋਤ ਬੈਂਸ ਦੇ ਹਲਕੇ ਆਨੰਦਪੁਰ ਸਾਹਿਬ ਵਿਖੇ ਸੂਬਾ ਪੱਧਰੀ ਰੈਲੀ ਕੀਤੀ ਜਾਵੇਗੀ।
ਬੁਲਾਰਿਆਂ ਨੇ ਪੀਟੀਆਈਜ਼/ਆਰਟ ਐਂਡ ਕਰਾਫ਼ਟ ਅਧਿਆਪਕਾਂ ਦੀ ਤਨਖ਼ਾਹ ਕਟੌਤੀ ਦਾ ਪੱਤਰ ਵਾਪਸ ਲੈਣ, ਲੈਕਚਰਾਰਾਂ ਅਤੇ ਮਾਸਟਰ ਕੇਡਰ ਦੀਆਂ ਤਰੱਕੀਆਂ ਵਿੱਚ ਸਾਰੀਆਂ ਖਾਲੀ ਅਸਾਮੀਆਂ ਦਿਖਾ ਕੇ ਦੁਬਾਰਾ ਸਟੇਸ਼ਨ ਚੋਣ ਕਰਵਾਉਣ, ਕੰਪਿਊਟਰ ਅਧਿਆਪਕਾਂ ਨੂੰ ਸੁਸਾਇਟੀ ਦੀ ਥਾਂ ਸਿੱਖਿਆ ਵਿਭਾਗ ਵਿੱਚ ਸ਼ਿਫ਼ਟ ਕਰਨ ਸਮੇਤ ਤਨਖ਼ਾਹ ਅਤੇ ਮਹਿੰਗਾਈ ਭੱਤੇ ਦੇ ਪੱਤਰ ਲਾਗੂ ਕਰਨ, 2018 ਦੇ ਅਧਿਆਪਕ ਵਿਰੋਧੀ ਨਿਯਮ ਰੱਦ ਕਰਨ, ਸਿੱਖਿਆ ਨੀਤੀ 2020 ਰੱਦ ਕਰਕੇ ਪੰਜਾਬ ਦੀ ਸਿੱਖਿਆ ਨੀਤੀ ਬਣਾਉਣ, 16 ਫਰਵਰੀ 2024 ਦੀ ਕੌਮੀ ਹੜਤਾਲ ਵਿੱਚ ਭਾਗ ਲੈਣ ਵਾਲੇ ਅਧਿਆਪਕਾਂ ਦੀ ਤਨਖ਼ਾਹ ਕਟੌਤੀ ਦਾ ਪੱਤਰ ਵਾਪਸ ਲੈਣ, ਪੁਰਾਣੀ ਪੈਨਸ਼ਨ ਸਕੀਮ ਬਹਾਲ ਕਰਨ, ਬੀਐਲਓ ਸਮੇਤ ਅਧਿਆਪਕਾਂ ਤੋਂ ਵੱਖ-ਵੱਖ ਗੈਰ ਵਿੱਦਿਅਕ ਕੰਮ ਲੈਣੇ ਬੰਦ ਕੀਤੇ ਜਾਣ, ਨਵਾਂ ਸੈਸ਼ਨ ਸ਼ੁਰੂ ਹੋਣ ਤੋਂ ਪਹਿਲਾਂ ਬਦਲੀਆਂ ਦਾ ਕੰਮ ਮੁਕੰਮਲ ਕੀਤਾ ਜਾਵੇ ਅਤੇ ਆਪਣੇ ਵਾਅਦੇ ਅਨੁਸਾਰ ਵਿਸ਼ੇਸ਼ ਕੈਟਾਗਰੀਆਂ ਲਈ ਬਦਲੀ ਦਾ ਪੋਰਟਲ ਹਰ ਮਹੀਨੇ ਖੋਲ੍ਹਣ ਦੀ ਮੰਗ ਕੀਤੀ।
ਇਸ ਮੌਕੇ ਪੰਜਾਬ ਮੁਲਾਜ਼ਮ ਅਤੇ ਪੈਨਸ਼ਨਰਜ਼ ਸਾਂਝੇ ਫਰੰਟ ਦੇ ਸੂਬਾ ਕਨਵੀਨਰ ਸੁਖਦੇਵ ਸੈਣੀ, ਜ਼ਿਲ੍ਹਾ ਮੁਹਾਲੀ ਦੇ ਕਨਵੀਨਰ ਜਗਦੀਸ਼ ਸਿੰਘ ਸਰਾਓ, ਸੁਰਜੀਤ ਸਿੰਘ, ਕੁਲਦੀਪ ਸਿੰਘ ਜਾਂਗਲਾ, ਪ੍ਰੀਤਪਾਲ ਸਿੰਘ, ਦਰਸ਼ਨ ਸਿੰਘ, ਰਣਜੀਤ ਸਿੰਘ ਰਬਾਬੀ, ਗੁਰਮੀਤ ਸਿੰਘ ਖਾਲਸਾ, ਤਰਲੋਚਨ ਸਿੰਘ, ਰਣਵੀਰ ਸਿੰਘ, ਗੁਰਦੀਪ ਸਿੰਘ, ਪ੍ਰੇਮ ਚੰਦ, ਮਲਾਗਰ ਸਿੰਘ, ਗੁਰੇਕ ਸਿੰਘ, ਸੋਹਨ ਸਿੰਘ, ਰਾਕੇਸ਼ ਕੁਮਾਰ, ਹਰੀਸ਼ ਸ਼ਰਮਾ, ਕਮਲ ਕੁਮਾਰ, ਗੁਰਨਾਮ ਸਿੰਘ ਸਮੇਤ ਵੱਡੀ ਗਿਣਤੀ ਵਿੱਚ ਪੈਨਸ਼ਨਰਜ਼ ਆਗੂ ਵੀ ਸ਼ਾਮਲ ਹੋਏ।
ਐਸਐਲਏ ਦੀ ਪੋਸਟ ਦਾ ਨਾਂ ਬਦਲਣ, ਪ੍ਰਾਇਮਰੀ ਸਕੂਲਾਂ ਵਿੱਚ ਜਮਾਤਵਾਰ ਅਤੇ ਮਿਡਲ, ਹਾਈ, ਸੀਨੀਅਰ ਸੈਕੰਡਰੀ ਸਕੂਲਾਂ ਵਿੱਚ ਵਿਸ਼ਾਵਾਰ ਅਧਿਆਪਕਾਂ ਦੀ ਨਿਯੁਕਤੀ ਕਰਨ, ਦਫਤਰੀ ਕਾਮਿਆਂ ਸਮੇਤ ਹਰ ਤਰ੍ਹਾਂ ਦੇ ਰਹਿੰਦੇ ਕੱਚੇ ਅਧਿਆਪਕ ਪੂਰੇ ਗ੍ਰੇਡ ‘ਤੇ ਪੱਕੇ ਕਰਨ, ਮੈਰੀਟੋਰੀਅਸ ਅਤੇ ਆਦਰਸ਼ ਸਕੂਲਾਂ ਦੇ ਸਟਾਫ ਨੂੰ ਸਿੱਖਿਆ ਵਿਭਾਗ ਵਿੱਚ ਪੱਕੇ ਕਰਨ, ਮਿਡਲ ਸਕੂਲਾਂ ਦੀ ਮਰਜਿੰਗ ਰੱਦ ਕਰਨ, ਹਰ ਵਰਗ ਦੀਆਂ ਰਹਿੰਦੀਆਂ ਤਰੱਕੀਆਂ ਕਰਨ, ਬੀਪੀਓ ਹੈੱਡਮਾਸਟਰ ਤੇ ਪ੍ਰਿੰਸੀਪਲ ਤੇ ਈਟੀਟੀ ਤੋਂ ਮਾਸਟਰ ਕਾਡਰ ਦੀਆਂ ਪਰਮੋਸ਼ਨਾਂ ਕਰਨ,ਸੀ ਈ ਪੀ ਤਹਿਤ ਿਵਿਦਆਰਥੀਆਂ ਅਤੇ ਅਧਿਆਪਕਾਂ ਨੂੰ ਸਿੱਖਿਆ ਤੋਂ ਹਟਾ ਕੇ ਫਰਜ਼ੀ ਰਿਕਾਰਡ ਬਣਵਾਉਣਾ ਬੰਦ ਕਰਨ, ਹਰ ਤਰ੍ਹਾਂ ਦੇ ਗੈਰ ਿਵਿਦਅਕ ਕੰਮ ਅਧਿਆਪਕਾਂ ਤੋਂ ਲੈਣੇ ਬੰਦ ਕਰਨ, ਉਚੇਰੀ ਗ੍ਰੇਡ ਪੇਅ ਬਹਾਲ ਰੱਖਦਿਆਂ ਜਨਵਰੀ 2016 ਤੋਂ 125% ਮਹਿੰਗਾਈ ਭੱਤੇ ‘ਤੇ ਤਨਖਾਹ ਦੁਹਰਾਈ ਕਰਨ, ਤਨਖਾਹ ਕਮਿਸ਼ਨ ਦੀ ਰਹਿੰਦੀ ਰਿਪੋਰਟ ਜਾਰੀ ਕਰਨ ਅਤੇ ਤਰੁਟੀਆਂ ਦੂਰ ਕਰਨ, ਸੋਧ ਦੇ ਨਾਂ ਤੇ ਬੰਦ ਕੀਤੇ ਪੇਂਡੂ ਭੱਤੇ ਸਮੇਤ ਸਮੁੱਚੇ ਭੱਤੇ ਬਹਾਲ ਕਰਨ, ਤਨਖਾਹ ਦੁਹਰਾਈ ਅਤੇ ਮਹਿੰਗਾਈ ਭੱਤੇ ਦੀਆਂ ਕਿਸ਼ਤਾਂ ਦੇ ਬਕਾਏ ਤੁਰੰਤ ਜਾਰੀ ਕਰਨ ਸਮੇਤ ਅਧਿਆਪਕਾਂ ਦੇ ਸਮੁੱਚੇ ਮਸਲੇ ਹੱਲ ਕਰਨ ਦੀ ਮੰਗ ਕੀਤੀ।

Load More Related Articles
Load More By Nabaz-e-Punjab
Load More In General News

Check Also

ਪੰਜਾਬ ਮੰਡੀ ਬੋਰਡ ਵੱਲੋਂ 1920 ਕਰੋੜ ਰੁਪਏ ਦਾ ਸਾਲਾਨਾ ਬਜਟ ਪਾਸ

ਪੰਜਾਬ ਮੰਡੀ ਬੋਰਡ ਵੱਲੋਂ 1920 ਕਰੋੜ ਰੁਪਏ ਦਾ ਸਾਲਾਨਾ ਬਜਟ ਪਾਸ ਚੇਅਰਮੈਨ ਹਰਚੰਦ ਸਿੰਘ ਬਰਸਟ ਦੀ ਅਗਵਾਈ ਵਿ…