ਇਨਸਾਫ਼ ਪ੍ਰਾਪਤੀ ਲਈ ਪਾਣੀ ਦੀ ਟੈਂਕੀ ’ਤੇ ਚੜੇ ਕੱਚੇ ਅਧਿਆਪਕ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 13 ਅਗਸਤ:
ਤਾਲਮੇਲ ਕਮੇਟੀ ਪੰਜਾਬ ਦੇ ਬੈਨਰ ਹੇਠ ਸਰਕਾਰੀ ਸਕੂਲਾਂ ਦੇ 18 ਸਾਲਾਂ ਤੋਂ ਪੜ੍ਹਾ ਰਹੇ ਕੱਚੇ ਅਧਿਆਪਕ ਸ਼ੁੱਕਰਵਾਰ ਨੂੰ ਇੱਥੋਂ ਦੇ ਸੈਕਟਰ-68 (ਪਿੰਡ ਕੁੰਭੜਾ) ਸਥਿਤ ਪਾਣੀ ਦੀ ਟੈਂਕੀ ’ਤੇ ਚੜ ਗਏ। ਜਿਸ ਕਾਰਨ ਪੁਲੀਸ ਪ੍ਰਸ਼ਾਸਨ ਨੂੰ ਹੱਥਾਂ ਪੈਰਾਂ ਦੀ ਪੈ ਗਈ। ਸੂਬਾਈ ਆਗੂ ਗੁਰਪ੍ਰੀਤ ਸਿੰਘ ਪਟਿਆਲਾ ਸਮੇਤ ਪਵਨਦੀਪ ਸਿੰਘ ਫਰੀਦਕੋਟ, ਦਲਜੀਤ ਕੌਰ ਬਟਾਲਾ ਅਤੇ ਕਰਮਜੀਤ ਕੌਰ ਪਾਤੜਾਂ ਅੱਜ ਸਵੇਰੇ ਪਾਣੀ ਦੀ ਟੈਂਕੀ ’ਤੇ ਚੜ ਗਏ ਜਦੋਂਕਿ ਬਾਕੀ ਸਾਥੀ ਟੈਂਕੀ ਦੇ ਥੱਲੇ ’ਤੇ ਧਰਨੇ ’ਤੇ ਬੈਠ ਗਏ। ਇਨ੍ਹਾਂ ਅਧਿਆਪਕਾਂ ਨੇ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ।
ਤਾਲਮੇਲ ਕਮੇਟੀ ਦੇ ਸੂਬਾ ਕਨਵੀਨਰ ਜਗਸੀਰ ਸਿੰਘ ਘਾਰੂ, ਸੁਖਚੈਨ ਸਿੰਘ ਮਾਨਸਾ, ਮਨਪ੍ਰੀਤ ਸਿੰਘ ਅਤੇ ਤੇਜਿੰਦਰ ਕੌਰ ਨੇ ਕਿਹਾ ਕਿ ਪਿਛਲੇ ਦਿਨੀਂ ਉਨ੍ਹਾਂ ਨੇ ਵੇਰਕਾ ਚੌਂਕ ’ਤੇ ਸੜਕ ਜਾਮ ਕਰਕੇ ਧਰਨਾ ਲਾਇਆ ਸੀ ਪਰ ਸਰਕਾਰ ਦੇ ਕੰਨ ’ਤੇ ਜੂੰ ਤੱਕ ਨਹੀਂ ਸਰਕੀ। ਜਿਸ ਕਾਰਨ ਉਨ੍ਹਾਂ ਨੂੰ ਇਨਸਾਫ਼ ਲਈ ਇਹ ਕਦਮ ਚੁੱਕਣਾ ਪਿਆ ਹੈ। ਉਨ੍ਹਾਂ ਦੱਸਿਆ ਕਿ ਉਹ ਸਿੱਖਿਆ ਵਿਭਾਗ ਵਿੱਚ ਸਿੱਖਿਆ ਪ੍ਰੋਵਾਈਡਰ, ਈਜੀਐੱਸ, ਏਆਈਈ, ਐੱਸਟੀਆਰ, ਆਈਈਵੀ ਵਜੋਂ ਡੇਢ ਦਹਾਕੇ ਤੋਂ ਸਰਕਾਰੀ ਸਕੂਲਾਂ ਵਿੱਚ ਪੜ੍ਹਾਉਂਦੇ ਆ ਰਹੇ ਹਨ ਅਤੇ ਜਿਨ੍ਹਾਂ ’ਚੋਂ 7500 ਅਧਿਆਪਕਾਂ ਨੇ 8393 ਅਸਾਮੀਆਂ ਲਈ ਅਪਲਾਈ ਕੀਤਾ ਗਿਆ ਸੀ ਪ੍ਰੰਤੂ ਸਰਕਾਰ ਨੇ ਉਨ੍ਹਾਂ ਤਿੰਨ ਸਾਲਾਂ ਪਰਖ ਕਾਲ ਸਮੇਂ ਦੀ ਸ਼ਰਤ ਰੱਖ ਦਿੱਤੀ, ਜੋ ਸਰਾਸਰ ਗਲਤ ਹੈ। ਉਨ੍ਹਾਂ ਕਿਹਾ ਕਿ ਉਕਤ ਅਸਾਮੀਆਂ ਭਰਨ ਲਈ ਸਿੱਖਿਆ ਵਿਭਾਗ ਨੇ ਬੀਤੀ 27 ਜੂਨ ਨੂੰ ਪ੍ਰੀ ਪ੍ਰਾਇਮਰੀ ਯੋਗਤਾ ਟੈੱਸਟ ਲਿਆ ਜਾਣਾ ਸੀ ਅਤੇ ਕੱਚੇ ਅਧਿਆਪਕਾਂ ਨੂੰ ਬਹੁਤ ਸਾਰੀਆਂ ਆਸਾਂ ਤੇ ਉਮੀਦਾਂ ਸਨ ਪਰ ਇਕ ਦਿਨ ਪਹਿਲਾਂ ਸਿੱਖਿਆ ਸਕੱਤਰ ਨੇ ਇਹ ਪੇਪਰ ਮੁਲਤਵੀ ਕਰ ਦਿੱਤਾ। ਜਿਸ ਕਾਰਨ ਅਧਿਆਪਕਾਂ ਵਿੱਚ ਭਾਰੀ ਰੋਸ ਪਾਇਆ ਜਾ ਰਿਹਾ ਹੈ। ਉਨ੍ਹਾਂ ਮੰਗ ਕੀਤੀ ਕਿ ਇਹ ਪੇਪਰ ਦੁਬਾਰਾ ਲੈਣ ਲਈ ਨਵੇ ਸਿਰਿਓਂ ਸ਼ਡਿਊਲ ਜਾਰੀ ਕੀਤਾ ਜਾਵੇ ਤਾਂ ਜੋ ਉਨ੍ਹਾਂ ਦੀਆਂ ਸੇਵਾਵਾਂ ਰੈਗੂਲਰ ਕਰਨ ਦਾ ਰਾਹ ਪੱਧਰਾ ਹੋ ਸਕੇ।
ਉਨ੍ਹਾਂ ਕਿਹਾ ਕਿ ਪੇਪਰ ਮੁਲਤਵੀ ਹੋਣ ਕਾਰਨ ਕੱਚੇ ਅਧਿਆਪਕਾਂ ਵਿੱਚ ਨਿਰਾਸ਼ਾ ਦਾ ਮਾਹੌਲ ਹੈ। ਉਨ੍ਹਾਂ ਸਮੂਹ ਅਧਿਆਪਕਾਂ ਨੂੰ ਅਪੀਲ ਕੀਤੀ ਕਿ ਦੁਬਾਰਾ ਪੇਪਰ ਲੈਣ ਅਤੇ ਉਨ੍ਹਾਂ ਦੀਆਂ ਸੇਵਾਵਾਂ ਰੈਗੂਲਰ ਕਰਨ ਲਈ ਸਰਕਾਰ ’ਤੇ ਦਬਾਅ ਬਣਾਇਆ ਜਾਵੇ ਅਤੇ ਇੱਕ ਝੰਡੇ ਹੇਠ ਸੰਘਰਸ਼ ਵਿੱਢਿਆ ਜਾਵੇ। ਇੱਥੇ ਇਹ ਜ਼ਿਕਰਯੋਗ ਹੈ ਕਿ ਸਿੱਖਿਆ ਭਵਨ ਦੇ ਬਾਹਰ ਲੜੀਵਾਰ ਧਰਨੇ ’ਤੇ ਬੈਠੇ ਕੱਚੇ ਅਧਿਆਪਕਾਂ (ਵੱਖਰੀ ਯੂਨੀਅਨ) ਦੇ ਸੰਘਰਸ਼ ਅੱਗੇ ਝੁਕਦਿਆਂ ਸਿੱਖਿਆ ਸਕੱਤਰ ਨੂੰ ਐਨ ਮੌਕੇ ਇਹ ਪ੍ਰੀਖਿਆ ਮੁਲਤਵੀ ਕਰਨੀ ਪਈ ਸੀ।

Load More Related Articles
Load More By Nabaz-e-Punjab
Load More In Banks

Check Also

ਕੁੰਭੜਾ ਕਤਲ-ਕਾਂਡ: ਐੱਸਐੱਸਪੀ ਦਫ਼ਤਰ ਦੇ ਘਿਰਾਓ ਲਈ ਆਮ ਲੋਕਾਂ ਦੀ ਲਾਮਬੰਦੀ ਜ਼ੋਰਾਂ ’ਤੇ ਸ਼੍ਰੋਮਣੀ ਅਕਾਲੀ ਦਲ …