ਪ੍ਰੀਖਿਆਵਾਂ ਤੋਂ ਪਹਿਲਾਂ ਅਧਿਆਪਕਾਂ ਦਾ ਸਮੂਹਿਕ ਛੁੱਟੀ ’ਤੇ ਜਾਣਾ ਵਿਦਿਆਰਥੀਆਂ ਦੇ ਭਵਿੱਖ ਲਈ ਖ਼ਤਰਾ: ਸਿੱਧੂ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 13 ਫਰਵਰੀ:
ਭਾਜਪਾ ਪੰਜਾਬ ਦੇ ਸੂਬਾ ਮੀਤ ਪ੍ਰਧਾਨ ਅਤੇ ਸਾਬਕਾ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਮੀਡੀਆ ਰਿਪੋਰਟ ਦਾ ਹਵਾਲਾ ਦਿੰਦੇ ਹੋਏ ਕਿਹਾ ਕਿ ਪੰਜਾਬ ਸਕੂਲ ਸਿੱਖਿਆ ਬੋਰਡ ਦੀਆਂ ਸਾਲਾਨਾ ਪ੍ਰੀਖਿਆਵਾਂ ਤੋਂ ਠੀਕ ਪਹਿਲਾਂ ਰਾਜ ਦੇ 650 ਮੁੱਖ ਅਧਿਆਪਕਾਂ ਵੱਲੋਂ ਸਮੂਹਿਕ ਛੁੱਟੀ ’ਤੇ ਜਾਣ ਦਾ ਫ਼ੈਸਲਾ ਲੈਣ ’ਤੇ ਚਿੰਤਾ ਪ੍ਰਗਟ ਕਰਦਿਆਂ ਕਿਹਾ ਕਿ ਆਪ ਸਰਕਾਰ ਅਤੇ ਅਧਿਆਪਕਾਂ ਵਿੱਚ ਨਾਰਾਜ਼ਗੀ ਹਜ਼ਾਰਾਂ ਵਿਦਿਆਰਥੀਆਂ ਦੀ ਪੜ੍ਹਾਈ ਉੱਤੇ ਸਿੱਧਾ ਪ੍ਰਭਾਵ ਪਾਵੇਗੀ।
ਅੱਜ ਇੱਥੇ ਉਨ੍ਹਾਂ ਕਿਹਾ ਕਿ ਸਕੂਲ ਮੁਖੀਆਂ ਦੀ ਨਿਯੁਕਤੀ ਪੰਜਾਬ ਪਬਲਿਕ ਸਰਵਿਸ ਕਮਿਸ਼ਨ ਦੀ ਪ੍ਰੀਖਿਆ ਪਾਸ ਕਰਨ ਤੋਂ ਬਾਅਦ ਕੀਤੀ ਗਈ ਸੀ, ਪ੍ਰੰਤੂ ਪ੍ਰੋਬੇਸ਼ਨ ਸਮਾਂ ਪੂਰਾ ਕਰਨ ਦੇ ਬਾਵਜੂਦ ਸਰਕਾਰ ਵੱਲੋਂ ਉਨ੍ਹਾਂ ਦੀ ਨਿਯੁਕਤੀਆਂ ਬਾਰੇ ਪੁਸ਼ਟੀ ਨਹੀਂ ਕੀਤੀ ਗਈ, ਜੋ ਸਰਾਸਰ ਗਲਤ ਹੈ। ਉਨ੍ਹਾਂ ਕਿਹਾ ਕਿ ਆਪ ਸਰਕਾਰ ਨੇ 8000 ਤੋਂ ਵੱਧ ਸਰਵ ਸਿੱਖਿਆ ਅਭਿਆਨ ਪ੍ਰੋਗਰਾਮ ਤਹਿਤ ਭਰਤੀ ਹੋਏ ਅਧਿਆਪਕਾਂ ਨੂੰ ਪੱਕਾ ਕਰਨ ਦਾ ਭਰੋਸਾ ਦਿੱਤਾ ਸੀ ਪਰ ਜ਼ਮੀਨੀ ਹਕੀਕਤ ਕੋਹਾਂ ਦੂਰ ਹੈ। ਸਾਬਕਾ ਮੰਤਰੀ ਨੇ ਸਰਕਾਰ ’ਤੇ ਤੰਜ ਕਸਦਿਆਂ ਕਿਹਾ ਕਿ ਹੁਕਮਰਾਨ ਲੋਕਾਂ ਨੂੰ ਝੂਠੇ ਲਾਰੇ ਲਗਾ ਕੇ ਡੰਪ ਟਪਾ ਰਹੇ ਹਨ। ਉਨ੍ਹਾਂ ਕਿਹਾ ਕਿ ਆਪ ਸਰਕਾਰ ਦੇ ਸ਼ਾਸਨ ਵਿੱਚ ਲੋਕਾਂ ਨੂੰ ਇਨਸਾਫ਼ ਲਈ ਸੜਕਾਂ ’ਤੇ ਆਉਣਾ ਪੈ ਰਿਹਾ ਹੈ। ਇਸ ਤੋਂ ਸਾਫ਼ ਜ਼ਾਹਰ ਹੈ ਕਿ ਲੋਕ ਸਰਕਾਰ ਦੀਆਂ ਨੀਤੀਆਂ ਤੋਂ ਖੁਸ਼ ਨਹੀਂ ਹਨ। ਉਨ੍ਹਾਂ ਕਿਹਾ ਕਿ ਇੱਕ ਸਿਹਤਮੰਦ ਸਿੱਖਿਆ ਮਾਡਲ ਦੀ ਨਿਸ਼ਾਨੀ ਉਸਦੇ ਸੰਤੁਸ਼ਟ ਅਧਿਆਪਕ ਹਨ, ਜੇਕਰ ਉਹ ਸੰਤੁਸ਼ਟ ਨਹੀਂ ਤਾਂ ਬੱਚਿਆਂ ਦਾ ਭਵਿੱਖ ਕਿਵੇਂ ਸੁਰੱਖਿਅਤ ਹੋਵੇਗਾ?

Load More Related Articles

Check Also

ਸਾਹਿਬਜ਼ਾਦਾ ਬਾਬਾ ਜੁਝਾਰ ਸਿੰਘ ਦਾ ਜਨਮ ਦਿਹਾੜਾ ਸ਼ਰਧਾ ਨਾਲ ਮਨਾਇਆ

ਸਾਹਿਬਜ਼ਾਦਾ ਬਾਬਾ ਜੁਝਾਰ ਸਿੰਘ ਦਾ ਜਨਮ ਦਿਹਾੜਾ ਸ਼ਰਧਾ ਨਾਲ ਮਨਾਇਆ ਨਬਜ਼-ਏ-ਪੰਜਾਬ, ਮੁਹਾਲੀ, 10 ਅਪਰੈਲ: ਇੱਥੋ…