Share on Facebook Share on Twitter Share on Google+ Share on Pinterest Share on Linkedin ਕੱਚੇ ਅਧਿਆਪਕਾਂ ਵੱਲੋਂ ਮੁੱਖ ਮੰਤਰੀ ਦੀ ਸਰਕਾਰੀ ਕੋਠੀ ਵੱਲ ਕੂਚ, ਪੁਲੀਸ ਨਾਲ ਝੜਪ ਪੁਲੀਸ ਨਾਲ ਖਿੱਚ ਧੂਹ ਦੌਰਾਨ ਸੂਬਾ ਕਨਵੀਨਰ ਅਜਮੇਰ ਸਿੰਘ ਅੌਲਖ ਦੀ ਪੱਗ ਲੱਥੀ ਗੌਰਮਿੰਟ ਟੀਚਰ ਯੂਨੀਅਨ ਦੇ ਸੂਬਾ ਪ੍ਰਧਾਨ ਸੁਖਵਿੰਦਰ ਸਿੰਘ ਚਾਹਲ ਕੱਚੇ ਅਧਿਆਪਕਾਂ ਦੇ ਸਮਰਥਨ ’ਚ ਅੱਗੇ ਆਏ ਸਿੱਖਿਆ ਸਕੱਤਰ ਤੇ ਡੀਪੀਆਈ ਦਫ਼ਤਰਾਂ ਦੀ ਘੇਰਾਬੰਦੀ ਜਾਰੀ, ਹੋਰ ਵੀ ਗੁਪਤ ਐਕਸ਼ਨ ਕਰਨ ਦੀ ਚਿਤਾਵਨੀ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 5 ਦਸੰਬਰ: ਕੱਚੇ ਅਧਿਆਪਕ ਯੂਨੀਅਨ ਪੰਜਾਬ ਅਤੇ ਸਿੱਖਿਆ ਪ੍ਰੋਵਾਈਡਰ ਸਮੇਤ ਹੋਰਨਾਂ ਅਧਿਆਪਕ ਯੂਨੀਅਨਾਂ ਵੱਲੋਂ ਸੂਬਾ ਕਨਵੀਨਰ ਅਜਮੇਰ ਸਿੰਘ ਅੌਲਖ, ਦਵਿੰਦਰ ਸਿੰਘ ਸੰਧੂ, ਜਸਵੰਤ ਸਿੰਘ ਪੰਨੂ, ਹਰਪ੍ਰੀਤ ਕੌਰ ਜਲੰਧਰ, ਮੀਡੀਆ ਕੋਆਰਡੀਨੇਟਰ ਜੁਝਾਰ ਸਿੰਘ ਸੰਗਰੂਰ ਸਮੇਤ ਹੋਰਨਾਂ ਆਗੂਆਂ ਦੀ ਸਾਂਝੀ ਅਗਵਾਈ ਹੇਠ ਇਨਸਾਫ਼ ਪ੍ਰਾਪਤੀ ਲਈ ਸਿੱਖਿਆ ਸਕੱਤਰ ਅਤੇ ਡੀਪੀਆਈ ਦਫ਼ਤਰਾਂ ਦੀ ਘੇਰਾਬੰਦੀ ਜਾਰੀ ਹੈ। ਜਦੋਂਕਿ ਲੜੀਵਾਰ ਧਰਨਾ 173ਵੇਂ ਦਿਨ ਵਿੱਚ ਦਾਖ਼ਲ ਹੋ ਗਿਆ। ਇਸ ਦੌਰਾਨ ਗੌਰਮਿੰਟ ਟੀਚਰ ਯੂਨੀਅਨ (ਜੀਟੀਯੂ) ਦੇ ਸੂਬਾ ਪ੍ਰਧਾਨ ਸੁਖਵਿੰਦਰ ਸਿੰਘ ਚਾਹਲ ਨੇ ਕੱਚੇ ਅਧਿਆਪਕਾਂ ਦੇ ਹੱਕ ਵਿੱਚ ਹਾਅ ਦਾ ਨਾਅਰਾ ਮਾਰਦਿਆਂ ਸੰਘਰਸ਼ ਦੀ ਹਮਾਇਤ ਦਾ ਐਲਾਨ ਕੀਤਾ। ਅੱਜ ਕੱਚੇ ਅਧਿਆਪਕਾਂ ਨੇ ਪੰਜਾਬ ਸਰਕਾਰ ਤੋਂ ਇਨਸਾਫ਼ ਦੀ ਉਮੀਦ ਛੱਡ ਕੇ ਅਚਾਨਕ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਸਰਕਾਰੀ ਕੋਠੀ ਦਾ ਘਿਰਾਓ ਕਰਨ ਲਈ ਚੰਡੀਗੜ੍ਹ ਵੱਲ ਕੂਚ ਕਰ ਦਿੱਤਾ। ਜਿਸ ਕਾਰਨ ਮੁਹਾਲੀ ਅਤੇ ਚੰਡੀਗੜ੍ਹ ਪੁਲੀਸ ਨੂੰ ਭਾਜੜਾਂ ਪੈ ਗਈਆਂ। ਹਾਲਾਂਕਿ ਕੱਚੇ ਅਧਿਆਪਕਾਂ ਦਾ ਕਾਫ਼ਲਾ ਚੰਡੀਗੜ੍ਹ ਦੀ ਹੱਦ ਵਿੱਚ ਦਾਖ਼ਲ ਹੋਣ ਵਿੱਚ ਕਾਮਯਾਬ ਹੋ ਗਿਆ ਪ੍ਰੰਤੂ ਯੂਟੀ ਪੁਲੀਸ ਨੇ ਰਸਤੇ ਵਿੱਚ ਜਲ ਤੋਪਾਂ ਦੀ ਵਰਤੋਂ ਕੀਤੀ ਅਤੇ ਭੀੜ ਨੂੰ ਖਦੇੜਨ ਲਈ ਹਲਕਾ ਲਾਠੀਚਾਰਜ ਵੀ ਕਰਨਾ ਪਿਆ। ਸੈਕਟਰ-33 ਅਤੇ ਸੈਕਟਰ-34 ਦੇ ਲਾਲ ਬੱਤੀ ਪੁਆਇੰਟ ’ਤੇ ਪੁਲੀਸ ਨਾਲ ਖਿੱਚ ਧੂਹ ਦੌਰਾਨ ਸੂਬਾ ਕਨਵੀਨਰ ਅਜਮੇਰ ਸਿੰਘ ਅੌਲਖ ਦੀ ਪੱਗ ਵੀ ਲੱਥ ਗਈ ਅਤੇ ਕਈ ਹੋਰਨਾਂ ਨੂੰ ਮਾਮੂਲੀ ਸੱਟਾਂ ਲੱਗੀਆਂ। ਇੱਥੋਂ ਯੂਟੀ ਪੁਲੀਸ ਨੇ ਸਾਰੇ ਕੱਚੇ ਅਧਿਆਪਕਾਂ ਨੂੰ ਆਪਣੀ ਹਿਰਾਸਤ ਵਿੱਚ ਲੈ ਲਿਆ ਅਤੇ ਵੱਖ-ਵੱਖ ਥਾਣਿਆਂ ਵਿੱਚ ਲਿਜਾ ਕੇ ਬੰਦ ਕਰ ਦਿੱਤਾ। ਜਿੱਥੇ ਕੱਚੇ ਅਧਿਆਪਕਾਂ ਨੇ ਸਰਕਾਰ ਅਤੇ ਯੂਟੀ ਪੁਲੀਸ ਦੇ ਖ਼ਿਲਾਫ਼ ਨਾਅਰੇਬਾਜ਼ੀ ਕੀਤੀ। ਦੇਰ ਸ਼ਾਮ ਯੂਟੀ ਪੁਲੀਸ ਨੇ ਹਿਰਾਸਤ ਵਿੱਚ ਲਏ ਸਾਰੇ ਕੱਚੇ ਅਧਿਆਪਕਾਂ ਨੂੰ ਰਿਹਾਅ ਕਰ ਦਿੱਤਾ। ਇਸ ਮਗਰੋਂ ਸਿੱਖਿਆ ਭਵਨ ਦੇ ਬਾਹਰ ਮੁੜ ਧਰਨੇ ’ਤੇ ਆ ਕੇ ਬੈਠ ਗਏ। ਖ਼ਬਰ ਲਿਖੇ ਜਾਣ ਤੱਕ ਧਰਨਾ ਜਾਰੀ ਸੀ। ਇਸ ਮੌਕੇ ਕੱਚੇ ਅਧਿਆਪਕ ਯੂਨੀਅਨ ਦੇ ਆਗੂਆਂ ਨੇ ਪੰਜਾਬ ਸਰਕਾਰ ’ਤੇ ਵਾਅਦਾਖ਼ਿਲਾਫ਼ੀ ਦਾ ਦੋਸ਼ ਲਗਾਉਂਦਿਆਂ ਕਿਹਾ ਕਿ ਹੁਣ ਉਹ ਝੂਠੇ ਲਾਰਿਆਂ ਵਿੱਚ ਨਹੀਂ ਆਉਣਗੇ ਬਲਕਿ ਪੱਕੇ ਹੋਣ ਦਾ ਸਰਕਾਰੀ ਪੱਤਰ ਆਪਣੇ ਹੱਥਾਂ ਵਿੱਚ ਲੈ ਕੇ ਹੀ ਵਾਪਸ ਘਰਾਂ ਨੂੰ ਜਾਣਗੇ। ਉਨ੍ਹਾਂ ਕਿਹਾ ਕਿ ਆਉਣ ਵਾਲੇ ਦਿਨਾਂ ਵਿੱਚ ਮੁੜ ਗੁਪਤ ਐਕਸ਼ਨ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਅਤੇ ਸਿੱਖਿਆ ਮੰਤਰੀ ਮੀਟਿੰਗਾਂ ਦੌਰਾਨ ਤਾਂ ਉਨ੍ਹਾਂ ਦੀਆਂ ਮੰਗਾਂ ਨੂੰ ਜਾਇਜ਼ ਦੱਸਦੇ ਹੋਏ ਮਸਲਾ ਛੇਤੀ ਹੱਲ ਕਰਨ ਦੀ ਗੱਲ ਕਰਦੇ ਹਨ ਪ੍ਰੰਤੂ ਸਰਕਾਰ ਦੀ ਨੀਤੀਆਂ ਅਤੇ ਨੀਅਤ ਵਿੱਚ ਖੋਟ ਕਾਰਨ ਉਨ੍ਹਾਂ ਦਾ ਮਸਲਾ ਲਮਕਦਾ ਜਾ ਰਿਹਾ ਹੈ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ