ਕੱਚੇ ਅਧਿਆਪਕਾਂ ਵੱਲੋਂ ਮੁੱਖ ਮੰਤਰੀ ਦੀ ਕੋਠੀ ਘੇਰਨ ਲਈ ਚੰਡੀਗੜ੍ਹ ਵੱਲ ਕੂਚ, ਪੁਲੀਸ ਨੇ ਰਾਹ ਰੋਕਿਆ

ਯੂਟੀ ਪੁਲੀਸ ਨੇ ਜਲ ਤੋਪਾਂ ਵਰਤੀਆਂ, ਅੱਥਰੂ ਗੈਸ ਦੇ ਗੋਲੇ ਛੱਡੇ, ਭੀੜ ਨੂੰ ਖਦੇੜਨ ਲਈ ਲਾਠੀਚਾਰਜ ਵੀ ਕੀਤਾ

ਸਿੱਖਿਆ ਭਵਨ ਦੇ ਬਾਹਰ ਕੱਚੇ ਅਧਿਆਪਕਾਂ ਦਾ ਧਰਨਾ 21ਵੇਂ ਦਿਨ ਵਿੱਚ ਦਾਖ਼ਲ, ਸੜਕ ਜਾਮ, ਧਰਨਾ ਜਾਰੀ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 6 ਜੁਲਾਈ:
ਕੱਚੇ ਅਧਿਆਪਕ ਯੂਨੀਅਨ ਪੰਜਾਬ ਅਤੇ ਸਿੱਖਿਆ ਪ੍ਰੋਵਾਈਡਰ ਸਮੇਤ ਹੋਰਨਾਂ ਅਧਿਆਪਕ ਯੂਨੀਅਨਾਂ ਵੱਲੋਂ ਕੱਚੇ ਅਧਿਆਪਕ ਪੱਕੇ ਕਰਨ ਦੀ ਮੰਗ ਨੂੰ ਲੈ ਕੇ ਸਿੱਖਿਆ ਭਵਨ ਦੇ ਬਾਹਰ ਦਿੱਤਾ ਜਾ ਰਿਹਾ ਲੜੀਵਾਰ ਧਰਨਾ ਅੱਜ 21ਵੇਂ ਦਿਨ ਵਿੱਚ ਦਾਖ਼ਲ ਹੋ ਗਿਆ। ਉਧਰ, ਮੁੱਖ ਮੰਤਰੀ ਦੀ ਵਾਅਦਾਖ਼ਿਲਾਫ਼ੀ ਅਤੇ ਪੰਜਾਬ ਸਰਕਾਰ ਦੀ ਟਾਲ-ਮਟੋਲ ਨੀਤੀ ਖ਼ਿਲਾਫ਼ ਕੱਚੇ ਅਧਿਆਪਕਾਂ ਨੇ ਅੱਜ ਦੂਜੀ ਵਾਰ ਮੁੱਖ ਮੰਤਰੀ ਦੀ ਕੋਠੀ ਘੇਰਨ ਲਈ ਚੰਡੀਗੜ੍ਹ ਵੱਲ ਕੂਚ ਕੀਤਾ ਪ੍ਰੰਤੂ ਪੁਲੀਸ ਨੇ ਪ੍ਰਦਰਸ਼ਨਕਾਰੀਆਂ ਦਾ ਰਾਹ ਰੋ ਕੇ ਉਨ੍ਹਾਂ ਨੂੰ ਅੱਗੇ ਵਧਣ ਤੋਂ ਰੋਕ ਲਿਆ।
ਸੂਬਾ ਕਨਵੀਨਰ ਅਜਮੇਰ ਸਿੰਘ ਅੌਲਖ, ਗਗਨਦੀਪ ਕੌਰ ਅਬੋਹਰ, ਦਵਿੰਦਰ ਸਿੰਘ ਸੰਧੂ, ਹਰਪ੍ਰੀਤ ਕੌਰ, ਵੀਰਪਾਲ ਕੌਰ ਸਿਧਾਣਾ, ਜਸਵੰਤ ਸਿੰਘ ਪੰਨੂ ਅਤੇ ਮੀਡੀਆ ਕੋਆਰਡੀਨੇਟਰ ਜੁਝਾਰ ਸਿੰਘ ਨੇ ਦੱਸਿਆ ਕਿ ਅੱਜ ਪੰਜਾਬ ਭਵਨ ਵਿੱਚ 11 ਵਜੇ ਯੂਨੀਅਨ ਦੇ ਮੋਹਰੀ ਆਗੂਆਂ ਦੀ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ, ਸਿੱਖਿਆ ਮੰਤਰੀ ਵਿਜੈ ਇੰਦਰ ਸਿੰਗਲਾ, ਮੁੱਖ ਪ੍ਰਮੁੱਖ ਸਕੱਤਰ ਸੁਰੇਸ਼ ਕੁਮਾਰ, ਕੈਪਟਨ ਦੇ ਸਿਆਸੀ ਸਲਾਹਕਾਰ ਕੈਪਟਨ ਸੰਦੀਪ ਸੰਧੂ ਅਤੇ ਸਿੱਖਿਆ ਸਕੱਤਰ ਕ੍ਰਿਸ਼ਨ ਕੁਮਾਰ ਨਾਲ ਪੈਨਲ ਮੀਟਿੰਗ ਹੋਣੀ ਸੀ ਪ੍ਰੰਤੂ ਸਰਕਾਰ ਦੀ ਤਰਫ਼ੋਂ ਕੋਈ ਸੁਨੇਹਾ ਨਹੀਂ ਲੱਗਿਆਂ। ਇਸ ਸਬੰਧੀ ਧਰਨਾਕਾਰੀਆਂ ਨੇ ਸਰਕਾਰ ਨੂੰ ਅੰਤਿਮ ਗੱਲਬਾਤ ਲਈ ਦੁਪਹਿਰ 1 ਵਜੇ ਤੱਕ ਦਾ ਅਲਟੀਮੇਟਮ ਦਿੱਤਾ ਗਿਆ ਲੇਕਿਨ ਸਰਕਾਰ ਦੇ ਕੰਨ ’ਤੇ ਜੂੰ ਤੱਕ ਨਹੀਂ ਸਰਕੀ। ਜਿਸ ਕਾਰਨ ਪੰਜਾਬ ਭਰ ’ਚੋਂ ਸਿੱਖਿਆ ਭਵਨ ਦੇ ਬਾਹਰ ਧਰਨੇ ਵਿੱਚ ਆਪਣੇ ਪਰਿਵਾਰਾਂ ਸਮੇਤ ਪਹੁੰਚੇ ਕੱਚੇ ਅਧਿਆਪਕਾਂ ਨੇ ਮੁੱਖ ਮੰਤਰੀ ਦੀ ਕੋਠੀ ਦਾ ਘਿਰਾਓ ਕਰਨ ਲਈ ਚੰਡੀਗੜ੍ਹ ਵੱਲ ਕੂਚ ਕਰ ਦਿੱਤਾ। ਜਿਸ ਕਾਰਨ ਪੁਲੀਸ ਨੂੰ ਹੱਥਾਂ ਪੈਰਾਂ ਦੀ ਪੈ ਗਈ।
ਮੁਹਾਲੀ ਪੁਲੀਸ ਵੱਲੋਂ ਵਾਈਪੀਐਸ ਚੌਂਕ ’ਤੇ ਬੈਰੀਕੇਟ ਲਗਾ ਕੇ ਅਧਿਆਪਕਾਂ ਦਾ ਰਾਹ ਰੋਕਣ ਦੀ ਕੋਸ਼ਿਸ਼ ਕੀਤੀ ਅਤੇ ਪ੍ਰਦਰਸ਼ਨਕਾਰੀਆਂ ਦੀ ਪੁਲੀਸ ਨਾਲ ਝੜਪ ਹੋ ਗਈ ਲੇਕਿਨ ਅਧਿਆਪਕ ਪੁਲੀਸ ਰੋਕਾਂ ਤੋੜ ਕੇ ਅੱਗੇ ਵੱਧ ਗਏ ਲੇਕਿਨ ਯੂਟੀ ਪੁਲੀਸ ਨੇ ਮੁਹਾਲੀ-ਚੰਡੀਗੜ੍ਹ ਦੀ ਸਾਂਝੀ ਹੱਦ ’ਤੇ ਜ਼ਬਰਦਸਤ ਬੈਰੀਕੇਟਿੰਗ ਕਰਕੇ ਅਧਿਆਪਕਾਂ ਦਾ ਰਾਹ ਰੋਕ ਲਿਆ। ਹਾਲਾਂਕਿ ਕੱਚੇ ਅਧਿਆਪਕਾਂ ਨੇ ਪਿਛਲੀ ਵਾਰ ਵਾਂਗ ਬੈਰੀਕੇਟ ਤੋੜ ਕੇ ਅੱਗੇ ਲੰਘਣ ਦੀ ਬਹੁਤ ਕੋਸ਼ਿਸ਼ ਕੀਤੀ ਲੇਕਿਨ ਯੂਟੀ ਪੁਲੀਸ ਨੇ ਭੀੜ ਨੂੰ ਖਦੇੜਨ ਲਈ ਜਲ ਤੋਪਾਂ ਵਰਤੀਆਂ ਅਤੇ ਅੱਥਰੂ ਗੈਸ ਦੇ ਗੋਲੇ ਛੱਡੇ ਗਏ। ਇਹੀ ਨਹੀਂ ਪੁਲੀਸ ਵੱਲੋਂ ਲਾਠੀਚਾਰਜ ਵੀ ਕੀਤਾ ਗਿਆ। ਜਿਸ ਕਾਰਨ ਕੱਚੇ ਅਧਿਆਪਕ ਮੁਹਾਲੀ-ਚੰਡੀਗੜ੍ਹ ਦੀ ਸਾਂਝੀ ਹੱਦ ’ਤੇ ਸੜਕ ਜਾਮ ਕਰਕੇ ਧਰਨੇ ’ਤੇ ਬੈਠ ਗਏ। ਖ਼ਬਰ ਲਿਖੇ ਜਾਣ ਤੱਕ ਧਰਨਾ ਪ੍ਰਦਰਸ਼ਨ ਜਾਰੀ ਸੀ।

ਆਗੂਆਂ ਨੇ ਕਿਹਾ ਕਿ ਅਕਾਲੀ ਸਰਕਾਰ ਦੀ ਅਣਦੇਖੀ ਦੇ ਖ਼ਿਲਾਫ਼ ਸਾਲ 2015-16 ਵਿੱਚ ਜਦੋਂ ਕੱਚੇ ਅਧਿਆਪਕ ਲੜੀਵਾਰ ਧਰਨੇ ’ਤੇ ਬੈਠੇ ਸਨ ਤਾਂ ਉਦੋਂ ਕੈਪਟਨ ਅਮਰਿੰਦਰ ਸਿੰਘ ਨੇ ਧਰਨੇ ਵਾਲੀ ਥਾਂ ਪਹੁੰਚ ਕੇ ਭਰੋਸਾ ਦਿੱਤਾ ਸੀ ਕਿ ਜੇਕਰ ਸੂਬੇ ਵਿੱਚ ਕਾਂਗਰਸ ਦੀ ਸਰਕਾਰ ਬਣੀ ਤਾਂ ਪੰਜਾਬ ਕੈਬਨਿਟ ਦੀ ਪਹਿਲੀ ਮੀਟਿੰਗ ਵਿੱਚ ਹੀ ਸਾਰੇ ਕੱਚੇ ਅਧਿਆਪਕਾਂ ਨੂੰ ਪੱਕਾ ਕੀਤਾ ਜਾਵੇਗਾ ਪ੍ਰੰਤੂ ਸਾਢੇ ਚਾਰ ਸਾਲ ਬੀਤ ਜਾਣ ਦੇ ਬਾਵਜੂਦ ਸਰਕਾਰ ਨੇ ਉਨ੍ਹਾਂ ਨੂੰ ਪੱਕਾ ਨਹੀਂ ਕੀਤਾ।
ਉਧਰ, ਅੱਤ ਗਰਮੀ ਵਿੱਚ ਕੱਚੇ ਅਧਿਆਪਕ ਸਤਿੰਦਰ ਸਿੰਘ ਕੰਗ ਤਰਨਤਾਰਨ, ਕੁਲਬੀਰ ਸਿੰਘ ਅਬੋਹਰ, ਕੁਲਵਿੰਦਰ ਸਿੰਘ ਨਾੜੂ, ਬੇਅੰਤ ਸਿੰਘ ਪਟਿਆਲਾ, ਸਮਰ ਸਿੰਘ ਮਾਨਸਾ ਅਤੇ ਰੋਹਿਤ ਕੁਮਾਰ ਅੰਮ੍ਰਿਤਸਰ ਸਿੱਖਿਆ ਭਵਨ ਦੀ ਛੱਤ ’ਤੇ ਡਟੇ ਹੋਏ ਹਨ।

Load More Related Articles
Load More By Nabaz-e-Punjab
Load More In Awareness/Campaigns

Check Also

Punjab Police Arrests Four Operatives Of Landa Module After Brief Encounter; Two Grenades, Two Pistols Recovered

Punjab Police Arrests Four Operatives Of Landa Module After Brief Encounter; Two Grenades,…