ਮੈਰੀਟੋਰੀਅਸ ਸਕੂਲਾਂ ਦੇ ਅਧਿਆਪਕਾਂ ਨੂੰ ਇਨਸਾਫ਼ ਮਿਲਣ ਦੀ ਆਸ ਬੱਝੀ, ਮੰਤਰੀ ਨੇ ਦਿੱਤਾ ਭਰੋਸਾ
ਮੈਰੀਟੋਰੀਅਸ ਟੀਚਰਜ਼ ਯੂਨੀਅਨ ਦੀ ਸੁਖਾਵੇਂ ਮਾਹੌਲ ’ਚ ਹੋਈ ਸਿੱਖਿਆ ਮੰਤਰੀ ਨਾਲ ਪੈਨਲ ਮੀਟਿੰਗ
ਨਬਜ਼-ਏ-ਪੰਜਾਬ, ਮੁਹਾਲੀ, 21 ਜਨਵਰੀ:
ਪੰਜਾਬ ਦੇ ਸਰਕਾਰੀ ਮੈਰੀਟੋਰੀਅਸ ਸਕੂਲਾਂ ਦੇ ਅਧਿਆਪਕਾਂ ਨੂੰ ਆਉਣ ਵਾਲੇ ਦਿਨਾਂ ਵਿੱਚ ਇਨਸਾਫ਼ ਮਿਲਣ ਦੀ ਆਸ ਬੱਝ ਗਈ ਹੈ। ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਖ਼ੁਦ ਇਹ ਭਰੋਸਾ ਦਿੱਤਾ ਹੈ। ਜਾਣਕਾਰੀ ਅਨੁਸਾਰ ਆਪਣੀਆਂ ਹੱਕੀ ਮੰਗਾਂ ਨੂੰ ਲੈ ਕੇ ਪਿਛਲੇ ਸਮੇਂ ਤੋਂ ਸੰਘਰਸ਼ ਦੇ ਰਾਹ ’ਤੇ ਪਏ ਸਰਕਾਰੀ ਮੈਰੀਟੋਰੀਅਸ ਟੀਚਰਜ਼ ਯੂਨੀਅਨ ਦੇ ਮੋਹਰੀ ਆਗੂਆਂ ਦੀ ਅੱਜ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨਾਲ ਪੈਨਲ ਮੀਟਿੰਗ ਹੋਈ। ਜਿਸ ਵਿੱਚ ਸਿੱਖਿਆ ਸਕੱਤਰ ਕੇ.ਕੇ. ਯਾਦਵ ਤੇ ਵਿੱਤ ਸਕੱਤਰ ਵੀ ਮੌਜੂਦ ਰਹੇ।
ਅੱਜ ਇੱਥੇ ਮੀਟਿੰਗ ਦੇ ਵੇਰਵੇ ਮੀਡੀਆ ਨਾਲ ਸਾਂਝੇ ਕਰਦਿਆਂ ਜਥੇਬੰਦੀ ਦੀ ਸੀਨੀਅਰ ਮੀਤ ਪ੍ਰਧਾਨ ਡਾ. ਟੀਨਾ ਅਤੇ ਜਨਰਲ ਸਕੱਤਰ ਡਾ. ਅਜੈ ਕੁਮਾਰ ਨੇ ਦੱਸਿਆ ਕਿ ਮੈਰੀਟੋਰੀਅਸ ਟੀਚਰਜ਼ ਯੂਨੀਅਨ ਦੇ ਨੁਮਾਇੰਦਿਆਂ ਨੇ ਮੀਟਿੰਗ ਵਿੱਚ ਮੰਤਰੀ ਅੱਗੇ ਮੰਗ ਰੱਖੀ ਕਿ ਮੈਰੀਟੋਰੀਅਸ ਸਕੂਲਾਂ ਦੇ ਅਧਿਆਪਕਾਂ ਦੀ ਉਨ੍ਹਾਂ ਦੀਆਂ ਸੇਵਾਵਾਂ ਰੈਗੂਲਰ ਕਰਨ ਦੀ ਮੰਗ ਚਿਰਾਂ ਤੋਂ ਲਟਕੀ ਹੋਈ ਹੈ। ਜਿਸ ਨੂੰ ਆਪਣੇ ਵਾਅਦੇ ਮੁਤਾਬਕ ਜਲਦੀ ਪੂਰਾ ਕੀਤਾ ਜਾਵੇ।
ਅਧਿਆਪਕਾਂ ਦੀ ਇਸ ਮੰਗ ’ਤੇ ਸਿੱਖਿਆ ਮੰਤਰੀ ਹਰਜੋਤ ਬੈਂਸ ਨੇ ਕਿਹਾ ਕਿ ਮੈਰੀਟੋਰੀਅਸ ਸਕੂਲਾਂ ਦੇ ਅਧਿਆਪਕਾਂ ਨੂੰ ਸਿੱਖਿਆ ਵਿਭਾਗ ਵਿੱਚ ਜਲਦੀ ਰੈਗੂਲਰ ਕਰਕੇ ਜਥੇਬੰਦੀ ਦੀ ਮੰਗ ਨੂੰ ਪੂਰਾ ਕੀਤਾ ਜਾ ਰਿਹਾ ਹੈ। ਮੰਤਰੀ ਦੀ ਹਾਜ਼ਰੀ ਵਿੱਚ ਸਿੱਖਿਆ ਸਕੱਤਰ ਕੇ.ਕੇ.ਯਾਦਵ ਨੇ ਵੀ ਸਪੱਸ਼ਟ ਕਰ ਦਿੱਤਾ ਕਿ ਜਲਦੀ ਹੀ ਸਰਕਾਰ ਵੱਲੋਂ ਮੈਰੀਟੋਰੀਅਸ ਅਧਿਆਪਕਾਂ ਨੂੰ ਸਿੱਖਿਆ ਵਿਭਾਗ ਵਿੱਚ ਰੈਗੂਲਰ ਕਰਨ ਦੀ ਪ੍ਰਕਿਰਿਆ ਨੂੰ ਨੇਪਰੇ ਚਾੜ੍ਹਿਆ ਜਾਵੇਗਾ।
ਡਾ. ਟੀਨਾ ਨੇ ਕਿਹਾ ਕਿ ਸਿੱਖਿਆ ਮੰਤਰੀ ਅਤੇ ਸਿੱਖਿਆ ਸਕੱਤਰ ਨੇ ਭਰੋਸਾ ਦਿੱਤਾ ਹੈ ਕਿ ਜਲਦੀ ਹੀ ਮੈਰੀਟੋਰੀਅਸ ਅਧਿਆਪਕਾਂ ਨੂੰ ਰੈਗੂਲਰ ਕਰਨ ਦੀ ਮੰਗ ਪੂਰੀ ਕੀਤੀ ਜਾ ਰਹੀ ਹੈ, ਪੰ੍ਰਤੂ ਨਾਲ ਹੀ ਜਥੇਬੰਦੀ ਨੇ ਇਹ ਚਿਤਾਵਨੀ ਵੀ ਦਿੱਤੀ ਕਿ ਜੇਕਰ ਪੰਜਾਬ ਸਰਕਾਰ ਆਪਣੇ ਵਾਅਦੇ ਤੋਂ ਮੁਨਕਰ ਹੋਈ ਜਾਂ ਇਸ ਕੰਮ ਵਿੱਚ ਦੇਰੀ ਕੀਤੀ ਗਈ ਤਾਂ ਮੈਰੀਟੋਰੀਅਸ ਅਧਿਆਪਕਾਂ ਵੱਲੋਂ ਤਿੱਖਾ ਸੰਘਰਸ਼ ਵਿੱਢਿਆ ਜਾਵੇਗਾ।
ਜਨਰਲ ਸਕੱਤਰ ਡਾ. ਅਜੈ ਕੁਮਾਰ ਨੇ ਕਿਹਾ ਕਿ ਮੈਰੀਟੋਰੀਅਸ ਅਧਿਆਪਕਾਂ ਦੇ ਪਿਛਲੇ ਸਮੇਂ ਤੋਂ ਰੁਕੇ ਹੋਏ ਤਨਖ਼ਾਹ ਵਾਧੇ ਅਤੇ ਪਿਛਲੇ ਬਕਾਏ ਜਾਰੀ ਕੀਤੇ ਜਾਣ, ਜਿਸ ’ਤੇ ਸਿੱਖਿਆ ਮੰਤਰੀ ਦੀ ਹਾਜ਼ਰੀ ਵਿੱਚ ਸਿੱਖਿਆ ਸਕੱਤਰ ਅਤੇ ਵਿੱਤ ਵਿਭਾਗ ਨੇ ਆਪਣੀ ਸਹਿਮਤੀ ਪ੍ਰਗਟ ਕਰਦਿਆਂ ਭਰੋਸਾ ਦਿੱਤਾ ਕਿ ਉਨ੍ਹਾਂ ਦੀ ਇਹ ਮੰਗ ਵੀ ਜਲਦੀ ਪੂਰੀ ਕੀਤੀ ਜਾ ਰਹੀ ਹੈ। ਮੀਟਿੰਗ ਵਿੱਚ ਡੀਜੀਐੱਸਈ ਵਿਨੈ ਬੁਬਲਾਨੀ, ਮੈਰੀਟੋਰੀਅਸ ਸੁਸਾਇਟੀ ਦੇ ਸਹਾਇਕ ਡਾਇਰੈਕਟਰ ਬਲਵਿੰਦਰ ਸੈਣੀ ਤੇ ਮੈਰੀਟੋਰੀਅਸ ਯੂਨੀਅਨ ਦੇ ਸੂਬਾ ਆਗੂ ਬੂਟਾ ਸਿੰਘ ਮਾਨ ਤੇ ਐਸ਼ਪ੍ਰੀਤ ਕੌਰ ਵੀ ਹਾਜ਼ਰ ਸਨ।