ਸਰਕਾਰੀ ਭਰੋਸਾ: ਕੱਚੇ ਅਧਿਆਪਕਾਂ ਵੱਲੋਂ ਆਜ਼ਾਦੀ ਦਿਵਸ ਮੌਕੇ ਵਿਰੋਧ ਪ੍ਰਦਰਸ਼ਨ ਮੁਲਤਵੀ

ਜੇ ਪੰਜਾਬ ਕੈਬਨਿਟ ਨੇ ਮੰਗਾਂ ’ਤੇ ਮੋਹਰ ਨਾ ਲਗਾਈ ਤਾਂ ਮੁੱਖ ਮੰਤਰੀ ਦੀ ਕੋਠੀ ਦਾ ਘਿਰਾਓ ਕਰਾਂਗੇ: ਧਰਨਾਕਾਰੀ

16 ਅਗਸਤ ਨੂੰ ਮੁਹਾਲੀ ਵਿੱਚ ਸਿੱਖਿਆ ਭਵਨ ਦੇ ਬਾਹਰ ਸੂਬਾ ਪੱਧਰੀ ਇਕੱਠ ਸੱਦਿਆ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 14 ਅਗਸਤ:
ਕੱਚੇ ਅਧਿਆਪਕ ਯੂਨੀਅਨ ਪੰਜਾਬ ਅਤੇ ਸਿੱਖਿਆ ਪ੍ਰੋਵਾਈਡਰ ਸਮੇਤ ਹੋਰਨਾਂ ਅਧਿਆਪਕ ਯੂਨੀਅਨਾਂ ਵੱਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਸਿੱਖਿਆ ਭਵਨ ਦੇ ਬਾਹਰ ਚੱਲ ਰਿਹਾ ਲੜੀਵਾਰ ਧਰਨਾ ਅੱਜ 60ਵੇਂ ਦਿਨ ਵਿੱਚ ਦਾਖ਼ਲ ਹੋ ਗਿਆ। ਭਲਕੇ 15 ਅਗਸਤ ਨੂੰ ਮੁਹਾਲੀ ਸਮੇਤ ਪੰਜਾਬ ਭਰ ਵਿੱਚ ਮੁੱਖ ਮੰਤਰੀ ਅਤੇ ਸਮੂਹ ਮੰਤਰੀਆਂ ਦਾ ਆਜ਼ਾਦੀ ਦਿਵਸ ਮੌਕੇ ਘਿਰਾਓ ਕਰਨ ਅਤੇ ਕਾਲੇ ਝੰਡੇ ਲਹਿਰਾਉਣ ਦੀ ਚਿਤਾਵਨੀ ਨੂੰ ਪੰਜਾਬ ਸਰਕਾਰ ਨੇ ਗੰਭੀਰਤਾ ਨਾਲ ਲੈਂਦਿਆਂ ਕੱਚੇ ਅਧਿਆਪਕਾਂ ਦੀਆਂ ਜਾਇਜ਼ ਮੰਗਾਂ ਬਾਰੇ ਪੰਜਾਬ ਕੈਬਨਿਟ ਦੀ 16 ਅਗਸਤ ਨੂੰ ਹੋਣ ਵਾਲੀ ਮੀਟਿੰਗ ਵਿੱਚ ਹਮਦਰਦੀ ਨਾਲ ਵਿਚਾਰਨ ਦਾ ਭਰੋਸਾ ਦਿੱਤਾ ਹੈ। ਜਿਸ ਕਾਰਨ ਫਿਲਹਾਲ ਕੱਚੇ ਅਧਿਆਪਕਾਂ ਨੇ ਸੁਤੰਤਰਤਾ ਦਿਵਸ ਮੌਕੇ ਵਿਰੋਧ ਪ੍ਰਦਰਸ਼ਨ ਦਾ ਪ੍ਰੋਗਰਾਮ ਮੁਲਤਵੀ ਕਰ ਦਿੱਤਾ ਹੈ।
ਕੱਚੇ ਅਧਿਆਪਕ ਯੂਨੀਅਨ ਦੇ ਸੂਬਾ ਕਨਵੀਨਰ ਅਜਮੇਰ ਸਿੰਘ ਅੌਲਖ, ਗਗਨਦੀਪ ਕੌਰ ਅਬੋਹਰ, ਦਵਿੰਦਰ ਸਿੰਘ ਸੰਧੂ, ਵੀਰਪਾਲ ਕੌਰ ਸਿਧਾਣਾ ਤੇ ਜਸਵੰਤ ਸਿੰਘ ਪੰਨੂ ਅਤੇ ਮੀਡੀਆ ਕੋਆਰਡੀਨੇਟਰ ਜੁਝਾਰ ਸਿੰਘ ਸੰਗਰੂਰ ਨੇ ਦੱਸਿਆ ਕਿ ਅੱਜ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ, ਸਿੱਖਿਆ ਮੰਤਰੀ ਵਿਜੈ ਇੰਦਰ ਸਿੰਗਲਾ, ਬ੍ਰਹਮ ਮਹਿੰਦਰਾ ਅਤੇ ਭਾਰਤ ਭੂਸ਼ਨ ਆਸ਼ੂ ਸਮੇਤ ਹੋਰਨਾਂ ਆਗੂਆਂ ਅਤੇ ਉੱਚ ਅਧਿਕਾਰੀਆਂ ਨਾਲ ਵੱਖ-ਵੱਖ ਥਾਵਾਂ ’ਤੇ ਬਹੁਤ ਹੀ ਸੁਖਾਵੇਂ ਮਾਹੌਲ ਵਿੱਚ ਮੀਟਿੰਗਾਂ ਵਿੱਚ ਹੋਈਆਂ। ਇਨ੍ਹਾਂ ਮੀਟਿੰਗਾਂ ਦੌਰਾਨ ਮੁੱਖ ਮੰਤਰੀ ਅਤੇ ਬਾਕੀ ਮੰਤਰੀਆਂ ਨੇ ਭਰੋਸਾ ਦਿੱਤਾ ਕਿ ਪੰਜਾਬ ਸਰਕਾਰ ਮੁਲਾਜ਼ਮ ਮੰਗਾਂ ਪ੍ਰਤੀ ਪੂਰੀ ਤਰ੍ਹਾਂ ਗੰਭੀਰ ਹੈ ਅਤੇ 16 ਅਗਸਤ ਨੂੰ ਹੋਣ ਵਾਲੀ ਪੰਜਾਬ ਕੈਬਨਿਟ ਦੀ ਮੀਟਿੰਗ ਵਿੱਚ ਕੱਚੇ ਅਧਿਆਪਕਾਂ ਸਮੇਤ ਹੋਰਨਾਂ ਸਮੂਹ ਮੁਲਾਜ਼ਮ ਵਰਗ ਦੀਆਂ ਜਾਇਜ਼ ਮੰਗਾਂ ਨੂੰ ਹਮਦਰਦੀ ਨਾਲ ਵਿਚਾਰਿਆ ਜਾਵੇਗਾ ਅਤੇ ਮੁਲਾਜ਼ਮਾਂ ਦੇ ਹਿੱਤ ਵਿੱਚ ਫੈਸਲਾ ਲਿਆ ਜਾਵੇਗਾ। ਆਗੂਆਂ ਨੇ ਕਿਹਾ ਕਿ ਫਿਲਹਾਲ ਕੱਚੇ ਅਧਿਆਪਕਾਂ ਵੱਲੋਂ ਭਲਕੇ ਕੀਤੇ ਜਾਣ ਵਾਲੇ ਸਾਰੇ ਵਿਰੋਧ ਪ੍ਰਦਰਸ਼ਨ ਮੁਲਤਵੀ ਕਰ ਦਿੱਤੇ ਗਏ ਹਨ। ਉਨ੍ਹਾਂ ਦੱਸਿਆ ਕਿ 16 ਅਗਸਤ ਨੂੰ ਮੁਹਾਲੀ ਵਿੱਚ ਸਿੱਖਿਆ ਭਵਨ ਦੇ ਬਾਹਰ ਸੂਬਾ ਪੱਧਰੀ ਇਕੱਠ ਸੱਦਿਆ ਗਿਆ ਹੈ, ਜੇਕਰ ਪੰਜਾਬ ਕੈਬਨਿਟ ਨੇ ਕੱਚੇ ਅਧਿਆਪਕਾਂ ਨੂੰ ਪੱਕੇ ਕਰਨ ਅਤੇ ਹੋਰ ਜਾਇਜ਼ ਮੰਗਾਂ ਮੰਨਣ ਦੇ ਫੈਸਲੇ ਉੱਤੇ ਮੋਹਰ ਨਹੀਂ ਲਗਾਈ ਤਾਂ ਮੀਟਿੰਗ ਖ਼ਤਮ ਹੋਣ ਦੇ ਤੁਰੰਤ ਬਾਅਦ ਕੱਚੇ ਅਧਿਆਪਕਾਂ ਵੱਲੋਂ ਮੁੱਖ ਮੰਤਰੀ ਦੀ ਸਰਕਾਰੀ ਕੋਠੀ ਦਾ ਘਿਰਾਓ ਕਰਨ ਲਈ ਚੰਡੀਗੜ੍ਹ ਵੱਲ ਕੂਚ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਹੁਣ ਉਹ ਝੂਠੇ ਲਾਰਿਆਂ ਵਿੱਚ ਨਹੀਂ ਆਉਣਗੇ, ਬਲਕਿ ਆਪਣੇ ਹੱਕਾਂ ਦੀ ਪੂਰਤੀ ਲਈ ਸਰਕਾਰ ਨਾਲ ਆਰ-ਪਾਰ ਦੀ ਲੜਾਈ ਲੜਨ ਤੋਂ ਪਿੱਛੇ ਨਹੀਂ ਹਟਣਗੇ।

Load More Related Articles
Load More By Nabaz-e-Punjab
Load More In Campaign

Check Also

ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿੱਚ ਸੇਵਾਦਾਰ ਵੱਲੋਂ ਮਹਿੰਦਰਾ ਮੈਕਸ ਪਿਕਅੱਪ ਗੱਡੀ ਦਾਨ

ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿੱਚ ਸੇਵਾਦਾਰ ਵੱਲੋਂ ਮਹਿੰਦਰਾ ਮੈਕਸ ਪਿਕਅੱਪ ਗੱਡੀ ਦਾਨ ਨਬਜ਼-ਏ-ਪੰਜਾਬ, ਮ…