
ਕੱਚੇ ਅਧਿਆਪਕਾਂ ਵੱਲੋਂ ਸਿੱਖਿਆ ਸਕੱਤਰ ਤੇ ਡੀਪੀਆਈ ਦਫ਼ਤਰਾਂ ਦੀ ਤੀਜੇ ਦਿਨ ਵੀ ਘੇਰਾਬੰਦੀ ਜਾਰੀ
ਕਿਸੇ ਸਿੱਖਿਆ ਅਧਿਕਾਰੀ ਤੇ ਕਰਮਚਾਰੀ ਨੂੰ ਨਹੀਂ ਜਾਣ ਦਿੱਤਾ ਦਫ਼ਤਰ, ਵੀਰਵਾਰ ਤੇ ਸ਼ੁੱਕਰਵਾਰ ਨੂੰ ਵੀ ਬੰਦ ਰੱਖੇ ਜਾਣਗੇ ਗੇਟ
ਸਿੱਖਿਆ ਭਵਨ ਦੇ ਬਾਹਰ ਕੱਚੇ ਅਧਿਆਪਕਾਂ ਦਾ ਲੜੀਵਾਰ ਧਰਨਾ 162ਵੇਂ ਦਿਨ ’ਚ ਦਾਖ਼ਲ
ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 24 ਨਵੰਬਰ:
ਕੱਚੇ ਅਧਿਆਪਕ ਯੂਨੀਅਨ ਪੰਜਾਬ ਅਤੇ ਸਿੱਖਿਆ ਪ੍ਰੋਵਾਈਡਰ ਸਮੇਤ ਹੋਰਨਾਂ ਅਧਿਆਪਕ ਯੂਨੀਅਨਾਂ ਵੱਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਅੱਜ ਤੀਜੇ ਦਿਨ ਵੀ ਸਿੱਖਿਆ ਸਕੱਤਰ ਅਤੇ ਡੀਪੀਆਈ ਦਫ਼ਤਰਾਂ ਦੀ ਘੇਰਾਬੰਦੀ ਜਾਰੀ ਰੱਖਦਿਆਂ ਸਿੱਖਿਆ ਭਵਨ ਦੇ ਬਾਹਰ ਰੋਸ ਮੁਜ਼ਾਹਰਾ ਕੀਤਾ। ਜਿਸ ਕਾਰਨ ਬੁੱਧਵਾਰ ਨੂੰ ਤੀਜੇ ਦਿਨ ਵੀ ਕੋਈ ਸਿੱਖਿਆ ਅਧਿਕਾਰੀ ਜਾਂ ਕਰਮਚਾਰੀ ਦਫ਼ਤਰ ਨਹੀਂ ਜਾ ਸਕਿਆ। ਕੱਚੇ ਅਧਿਆਪਕ ਸੋਮਵਾਰ ਤੋਂ ਤਿੰਨ ਦਿਨ ਦੀ ਸਮੂਹਿਕ ਛੁੱਟੀ ਲੈ ਕੇ ਆਪਣੇ ਪਰਿਵਾਰਾਂ ਸਣੇ ਮੁਹਾਲੀ ਵਿੱਚ ਧਰਨੇ ’ਤੇ ਡਟੇ ਹੋਏ ਹਨ। ਉਧਰ, ਸਿੱਖਿਆ ਭਵਨ ਦੇ ਬਾਹਰ ਪਹਿਲਾਂ ਤੋਂ ਚੱਲ ਰਿਹਾ ਸ਼ਾਂਤਮਈ ਲੜੀਵਾਰ ਧਰਨਾ ਅੱਜ 162ਵੇਂ ਦਿਨ ਵਿੱਚ ਦਾਖ਼ਲ ਹੋ ਗਿਆ।
ਕੱਚੇ ਅਧਿਆਪਕ ਯੂਨੀਅਨ ਦੇ ਸੂਬਾ ਕਨਵੀਨਰ ਅਜਮੇਰ ਸਿੰਘ ਅੌਲਖ, ਦਵਿੰਦਰ ਸਿੰਘ ਸੰਧੂ, ਜਸਵੰਤ ਸਿੰਘ ਪੰਨੂ ਅਤੇ ਮੀਡੀਆ ਕੋਆਰਡੀਨੇਟਰ ਜੁਝਾਰ ਸਿੰਘ ਸੰਗਰੂਰ, ਸਤਿੰਦਰ ਸਿੰਘ ਕੰਗ ਅਤੇ ਕੁਲਦੀਪ ਸਿੰਘ ਬੱਡੂਵਾਲ ਨੇ ਦੱਸਿਆ ਕਿ ਸੂਬੇ ਭਰ ਦੇ ਸਾਰੇ ਕੱਚੇ ਅਧਿਆਪਕ ਸਮੂਹਿਕ ਛੁੱਟੀ ਲੈ ਕੇ ਤਿੰਨ ਦਿਨਾਂ ਸੂਬਾ ਪੱਧਰੀ ਹੜਤਾਲ ’ਤੇ ਹਨ ਪ੍ਰੰਤੂ ਹੁਣ ਉਨ੍ਹਾਂ ਨੇ ਇਹ ਪ੍ਰੋਗਰਾਮ ਅੱਗੇ ਵਧਾ ਦਿੱਤਾ ਹੈ। ਤਾਜ਼ਾ ਫੈਸਲੇ ਅਨੁਸਾਰ ਭਲਕੇ ਵੀਰਵਾਰ ਅਤੇ ਸ਼ੁੱਕਰਵਾਰ ਨੂੰ ਵੀ ਗੇਟ ਬੰਦ ਰੱਖੇ ਜਾਣਗੇ ਅਤੇ ਐਤਵਾਰ ਤੱਕ ਧਰਨਾ ਜਾਰੀ ਰਹੇਗਾ। ਉਨ੍ਹਾਂ ਕਿਹਾ ਕਿ ਸੋਮਵਾਰ ਨੂੰ ਅਗਲੇ ਸੰਘਰਸ਼ ਦੀ ਰੂਪਰੇਖਾ ਉਲੀਕੀ ਜਾਵੇਗੀ।
ਮੁਹਾਲੀ ਪ੍ਰਸ਼ਾਸਨ ਨੇ ਬੀਤੇ ਕੱਲ੍ਹ ਕੱਚੇ ਅਧਿਆਪਕ ਯੂਨੀਅਨ ਦੇ ਮੋਹਰੀ ਆਗੂਆਂ ਦੀ ਅੱਜ (ਬੁੱਧਵਾਰ) ਮੁੱਖ ਮੰਤਰੀ ਨਾਲ ਦੁਪਹਿਰ 12 ਵਜੇ ਪੈਨਲ ਮੀਟਿੰਗ ਕਰਵਾਉਣ ਦਾ ਭਰੋਸਾ ਦਿੱਤਾ ਸੀ। ਲੇਕਿਨ ਅੱਜ ਮੁੱਖ ਮੰਤਰੀ ਨਾਲ ਮੀਟਿੰਗ ਨਹੀਂ ਹੋ ਸਕੀ। ਜਿਸ ਕਾਰਨ ਮੁਲਾਜ਼ਮ ਸਾਰਾ ਦਿਨ ਖੱਜਲ-ਖੁਆਰ ਹੁੰਦੇ ਰਹੇ। ਬਾਅਦ ਵਿੱਚ ਆਗੂਆਂ ਦੀ ਸਿੱਖਿਆ ਸਕੱਤਰ ਅਜੋਏ ਸ਼ਰਮਾ ਨਾਲ ਮੀਟਿੰਗ ਕਰਵਾਈ ਗਈ ਪ੍ਰੰਤੂ ਉਹ ਵੀ ਲਾਰਾ ਲਗਾ ਕੇ ਤੁਰਦੇ ਬਣੇ। ਇਸੇ ਦੌਰਾਨ ਹਰਪ੍ਰੀਤ ਕੌਰ ਜਲੰਧਰ ਦੀ ਅਗਵਾਈ ਹੇਠ ਚਾਰ ਕੱਚੇ ਅਧਿਆਪਕ ਮਿੰਨੀ ਸਕੱਤਰੇਤ ਦੀ ਛੱਤ ’ਤੇ ਚੜ ਕੇ ਨਾਅਰੇਬਾਜ਼ੀ ਸ਼ੁਰੂ ਕਰ ਦਿੱਤੀ। ਜਿਸ ਕਾਰਨ ਯੂਟੀ ਪੁਲੀਸ ਨੂੰ ਭਾਜੜਾਂ ਪੈ ਗਈਆਂ। ਬਾਅਦ ਵਿੱਚ ਪੁਲੀਸ ਪ੍ਰਦਰਸ਼ਨਕਾਰੀਆਂ ਨੂੰ ਸੈਕਟਰ-3 ਦੇ ਥਾਣੇ ਲੈ ਗਈ। ਇਹ ਸੂਚਨਾ ਮਿਲਣ ’ਤੇ ਯੂਨੀਅਨ ਦੇ ਸੂਬਾ ਕਨਵੀਨਰ ਅਜਮੇਰ ਸਿੰਘ ਅੌਲਖ ਤੇ ਦਵਿੰਦਰ ਸਿੰਘ ਸੰਧੂ ਅਤੇ ਹੋਰ ਆਗੂ ਵੀ ਉੱਥੇ ਪਹੁੰਚ ਗਏ।
ਆਗੂਆਂ ਨੇ ਸਰਕਾਰ ਨੇ ਵਾਅਦਾਖ਼ਿਲਾਫ਼ੀ ਦਾ ਦੋਸ ਲਗਾਉਂਦੇ ਹੋਏ ਕਿਹਾ ਕਿ ਪਿਛਲੀ ਕੈਪਟਨ ਸਰਕਾਰ ਨੇ ਕੱਚੇ ਅਧਿਆਪਕਾਂ ਦੀਆਂ ਜਾਇਜ਼ ਮੰਗਾਂ ਪ੍ਰਵਾਨ ਕਰਕੇ ਲੰਘੀ 7 ਸਤੰਬਰ ਨੂੰ ਤਤਕਾਲੀ ਸਿੱਖਿਆ ਸਕੱਤਰ ਕ੍ਰਿਸ਼ਨ ਕੁਮਾਰ ਰਾਹੀਂ ਪ੍ਰੀ-ਪ੍ਰਾਇਮਰੀ ਅਧਿਆਪਕਾਂ ਦੀਆਂ 8393 ਅਸਾਮੀਆਂ ਦੀ ਭਰਤੀ ਲਈ ਨੋਟੀਫ਼ਿਕੇਸ਼ਨ ਜਾਰੀ ਕਰ ਦਿੱਤਾ ਗਿਆ ਸੀ, ਪ੍ਰੰਤੂ ਹੁਣ ਤੱਕ ਕਾਰਵਾਈ ਅੱਗੇ ਨਹੀਂ ਤੁਰੀ। ਬੀਤੀ 5 ਅਕਤੂਬਰ ਨੂੰ ਨਵੇਂ ਸਿੱਖਿਆ ਮੰਤਰੀ ਪਰਗਟ ਸਿੰਘ ਨੇ ਵੀ ਕੱਚੇ ਮੁਲਾਜ਼ਮਾਂ ਨੂੰ ਜਾਇਜ਼ ਮੰਗਾਂ ਮੰਨਣ ਦਾ ਭਰੋਸਾ ਦਿੱਤਾ ਗਿਆ ਸੀ ਲੇਕਿਨ ਪਰਨਾਲਾ ਉੱਥੇ ਦਾ ਉੱਥੇ ਹੈ।