ਸਮੂਹਿਕ ਛੁੱਟੀ ਲੈ ਕੇ ਸਿੱਖਿਆ ਭਵਨ ਦੇ ਬਾਹਰ ਗਰਜ਼ੇ ਕੱਚੇ ਅਧਿਆਪਕ, ਚੰਨੀ ਦੀ ਕੋਠੀ ਦੇ ਘਿਰਾਓ ਦਾ ਯਤਨ

ਸਿੱਖਿਆ ਸਕੱਤਰ ਤੇ ਡੀਪੀਆਈ ਦਫ਼ਤਰ ਦੇ ਮੁੱਖ ਗੇਟ ਬੰਦ ਕਰਕੇ ਕੀਤਾ ਰੋਸ ਮੁਜ਼ਾਹਰਾ, ਗੁਪਤ ਐਕਸ਼ਨ ਦੀ ਧਮਕੀ

ਕੋਈ ਵੀ ਅਧਿਕਾਰੀ ਤੇ ਕਰਮਚਾਰੀ ਦਫ਼ਤਰ ਨਹੀਂ ਜਾ ਸਕਿਆ, ਜਿਹੜੇ ਦਫ਼ਤਰ ਪਹੁੰਚੇ ਸੀ, ਉਹ ਕੰਧ ਟੱਪ ਕੇ ਆਏ ਬਾਹਰ

ਮੁੱਖ ਮੰਤਰੀ ਦੀ ਕੋਠੀ ਦਾ ਘਿਰਾਓ ਕਰਨ ਜਾ ਰਹੇ ਦਰਜਨ ਕੱਚੇ ਅਧਿਆਪਕਾਂ ਨੂੰ ਯੂਟੀ ਪੁਲੀਸ ਨੇ ਹਿਰਾਸਤ ’ਚ ਲਿਆ

ਸਿੱਖਿਆ ਭਵਨ ਦੇ ਬਾਹਰ ਕੱਚੇ ਅਧਿਆਪਕਾਂ ਦਾ ਲੜੀਵਾਰ ਧਰਨਾ 160ਵੇਂ ਦਿਨ ’ਚ ਦਾਖ਼ਲ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 22 ਨਵੰਬਰ:
ਕੱਚੇ ਅਧਿਆਪਕ ਯੂਨੀਅਨ ਪੰਜਾਬ ਅਤੇ ਸਿੱਖਿਆ ਪ੍ਰੋਵਾਈਡਰ ਸਮੇਤ ਹੋਰਨਾਂ ਅਧਿਆਪਕ ਯੂਨੀਅਨਾਂ ਵੱਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਅੱਜ ਸਿੱਖਿਆ ਭਵਨ ਦੇ ਬਾਹਰ ਵਿਸ਼ਾਲ ਰੋਸ ਮੁਜ਼ਾਹਰਾ ਕਰਕੇ ਹੁਕਮਰਾਨਾਂ ਅਤੇ ਸਿੱਖਿਆ ਅਧਿਕਾਰੀਆਂ ਦਾ ਪਿੱਟ ਸਿਆਪਾ ਕੀਤਾ। ਇਨਸਾਫ਼ ਪ੍ਰਾਪਤੀ ਅਤੇ ਸਰਕਾਰ ’ਤੇ ਦਬਾਅ ਪਾਉਣ ਲਈ ਕੱਚੇ ਅਧਿਆਪਕ ਸੋਮਵਾਰ ਨੂੰ ਤਿੰਨ ਦਿਨ ਦੀ ਸਮੂਹਿਕ ਛੁੱਟੀ ਲੈ ਕੇ ਆਪਣੇ ਪਰਿਵਾਰਾਂ ਸਣੇ ਮੁਹਾਲੀ ਪਹੁੰਚ ਗਏ ਅਤੇ ਸਿੱਖਿਆ ਸਕੱਤਰ ਤੇ ਡੀਪੀਆਈ ਦਫ਼ਤਰ ਦੇ ਮੁੱਖ ਗੇਟ ਬੰਦ ਕਰਕੇ ਸੂਬਾ ਪੱਧਰੀ ਰੋਸ ਪ੍ਰਦਰਸ਼ਨ ਕੀਤਾ। ਉਧਰ, ਸਿੱਖਿਆ ਭਵਨ ਦੇ ਬਾਹਰ ਪਹਿਲਾਂ ਤੋਂ ਚੱਲ ਰਿਹਾ ਸ਼ਾਂਤਮਈ ਲੜੀਵਾਰ ਧਰਨਾ ਅੱਜ 160ਵੇਂ ਦਿਨ ਵਿੱਚ ਦਾਖ਼ਲ ਹੋ ਗਿਆ। ਉਧਰ, ਸੂਬਾ ਕਮੇਟੀ ਦੀ ਆਗੂ ਹਰਪ੍ਰੀਤ ਕੌਰ ਜਲੰਧਰ ਦੀ ਅਗਵਾਈ ਹੇਠ ਮੁੱਖ ਮੰਤਰੀ ਦੀ ਕੋਠੀ ਦਾ ਘਿਰਾਓ ਕਰਨ ਜਰਾ ਰਹੇ ਕੱਚੇ ਅਧਿਆਪਕਾਂ ਨਿਸ਼ਾਂਤ ਕਪੂਰਥਲਾ, ਮਨਿੰਦਰ ਰਾਣਾ, ਅਸ਼ੋਕ ਫਿਰਜ਼ਪੋਰ, ਸ਼ੇਰੂ ਅੰਮ੍ਰਿਤਸਰ ਸਮੇਤ ਕਰੀਬ ਦਰਜਨ ਪ੍ਰਦਰਸ਼ਨਕਾਰੀਆਂ ਨੂੰ ਯੂਟੀ ਪੁਲੀਸ ਨੇ ਹਿਰਾਸਤ ਵਿੱਚ ਲੈ ਲਿਆ। ਖ਼ਬਰ ਲਿਖੇ ਜਾਣ ਤੱਕ ਇਹ ਸਾਰੇ ਕੱਚੇ ਅਧਿਆਪਕ ਥਾਣੇ ਡੱਕੇ ਹੋਏ ਸੀ ਜਦੋਂਕਿ ਸਿੱਖਿਆ ਭਵਨ ਦੇ ਬਾਹਰ ਵੀ ਧਰਨਾ ਜਾਰੀ ਸੀ। ਇਸ ਦੌਰਾਨ ਕੋਈ ਵੀ ਸਿੱਖਿਆ ਅਧਿਕਾਰੀ ਜਾਂ ਦਫ਼ਤਰੀ ਸਟਾਫ਼ ਅੰਦਰ ਨਹੀਂ ਜਾ ਸਕਿਆ ਅਤੇ ਜਿਹੜੇ ਧਰਨਾ 9 ਵਜੇ ਸ਼ੁਰੂ ਹੋਣ ਤੋਂ ਪਹਿਲਾਂ ਦਫ਼ਤਰ ਪਹੁੰਚ ਗਏ ਸੀ, ਉਨ੍ਹਾਂ ਨੂੰ ਕੰਧ ਟੱਪ ਕੇ ਬਾਹਰ ਆਉਣਾ ਪਿਆ।
ਕੱਚੇ ਅਧਿਆਪਕ ਯੂਨੀਅਨ ਦੇ ਸੂਬਾ ਕਨਵੀਨਰ ਅਜਮੇਰ ਸਿੰਘ ਅੌਲਖ, ਦਵਿੰਦਰ ਸਿੰਘ ਸੰਧੂ, ਜਸਵੰਤ ਸਿੰਘ ਪੰਨੂ ਅਤੇ ਮੀਡੀਆ ਕੋਆਰਡੀਨੇਟਰ ਜੁਝਾਰ ਸਿੰਘ ਸੰਗਰੂਰ ਅਤੇ ਸਤਿੰਦਰ ਸਿੰਘ ਨੇ ਦੱਸਿਆ ਕਿ ਸੂਬੇ ਭਰ ਦੇ ਸਾਰੇ ਕੱਚੇ ਅਧਿਆਪਕ ਸਮੂਹਿਕ ਛੁੱਟੀ ਲੈ ਕੇ ਸਕੂਲਾਂ ਦਾ ਮੁਕੰਮਲ ਬਾਈਕਾਟ ਜਾਰੀ ਰੱਖਣਗੇ ਅਤੇ ਮੰਗਲਵਾਰ ਅਤੇ ਬੁੱਧਵਾਰ ਨੂੰ ਵੀ ਧਰਨਾ ਪ੍ਰਦਰਸ਼ਨ ਜਾਰੀ ਰਹੇਗਾ। ਉਨ੍ਹਾਂ ਦੱਸਿਆ ਕਿ ਲੋੜ ਪੈਣਗੇ ਕੱਚੇ ਅਧਿਆਪਕਾਂ ਵੱਲੋਂ ਗੁਪਤ ਐਕਸ਼ਨ ਕੀਤੇ ਜਾਣਗੇ ਅਤੇ ਇਸ ਦੌਰਾਨ ਪੈਦਾ ਹੋਏ ਹਾਲਾਤਾਂ ਲਈ ਸਰਕਾਰ ਅਤੇ ਸਿੱਖਿਆ ਵਿਭਾਗ ਜ਼ਿੰਮੇਵਾਰ ਹੋਵੇਗਾ।
ਆਗੂਆਂ ਨੇ ਸਰਕਾਰ ਨੇ ਵਾਅਦਾਖ਼ਿਲਾਫ਼ੀ ਦਾ ਦੋਸ ਲਗਾਉਂਦੇ ਹੋਏ ਕਿਹਾ ਕਿ ਪਿਛਲੀ ਕੈਪਟਨ ਸਰਕਾਰ ਨੇ ਕੱਚੇ ਅਧਿਆਪਕਾਂ ਦੀਆਂ ਜਾਇਜ਼ ਮੰਗਾਂ ਪ੍ਰਵਾਨ ਕਰਕੇ ਲੰਘੀ 7 ਸਤੰਬਰ ਨੂੰ ਤਤਕਾਲੀ ਸਿੱਖਿਆ ਸਕੱਤਰ ਕ੍ਰਿਸ਼ਨ ਕੁਮਾਰ ਰਾਹੀਂ ਪ੍ਰੀ-ਪ੍ਰਾਇਮਰੀ ਅਧਿਆਪਕਾਂ ਦੀਆਂ 8393 ਅਸਾਮੀਆਂ ਦੀ ਭਰਤੀ ਲਈ ਨੋਟੀਫ਼ਿਕੇਸ਼ਨ ਜਾਰੀ ਕਰ ਦਿੱਤਾ ਗਿਆ ਸੀ, ਪ੍ਰੰਤੂ ਹੁਣ ਤੱਕ ਕਾਰਵਾਈ ਅੱਗੇ ਨਹੀਂ ਤੁਰੀ। ਇਹੀ ਨਹੀਂ ਬੀਤੀ 5 ਅਕਤੂਬਰ ਨੂੰ ਨਵੇਂ ਸਿੱਖਿਆ ਮੰਤਰੀ ਪਰਗਟ ਸਿੰਘ ਨੇ ਵੀ ਕੱਚੇ ਮੁਲਾਜ਼ਮਾਂ ਨੂੰ ਜਾਇਜ਼ ਮੰਗਾਂ ਮੰਨਣ ਦਾ ਭਰੋਸਾ ਦਿੱਤਾ ਗਿਆ ਸੀ ਲੇਕਿਨ ਪਰਨਾਲਾ ਉੱਥੇ ਦਾ ਉੱਥੇ ਹੈ।
ਉਨ੍ਹਾਂ ਦੱਸਿਆ ਕਿ ਸਰਕਾਰ ਨਾਲ ਹੁਣ ਤੱਕ ਅਨੇਕਾਂ ਮੀਟਿੰਗਾਂ ਹੋ ਚੁੱਕੀਆਂ ਹਨ। ਇਨ੍ਹਾਂ ਮੀਟਿੰਗਾਂ ਵਿੱਚ ਸਿੱਖਿਆ ਮੰਤਰੀ ਸਮੇਤ ਹੋਰ ਉੱਚ ਅਧਿਕਾਰੀਆਂ ਨੇ ਉਨ੍ਹਾਂ ਨੂੰ ਭਰੋਸਾ ਦਿੱਤਾ ਸੀ ਕਿ ਕੱਚੇ ਅਧਿਆਪਕਾਂ ਦੀਆਂ ਮੰਗਾਂ ਦਾ ਪੱਕਾ ਹੱਲ ਕੀਤਾ ਜਾਵੇਗਾ ਪਰ ਹੁਣ ਤੱਕ ਮਸਲਾ ਹੱਲ ਨਹੀਂ ਹੋਇਆ ਅਤੇ ਨਾ ਹੀ ਨੋਟੀਫ਼ਿਕੇਸ਼ਨ ਦੇ ਮੁਤਾਬਕ ਭਰਤੀ ਪ੍ਰਕਿਰਿਆ ਸ਼ੁਰੂ ਹੋਈ ਹੈ।

ਇਸ ਮੌਕੇ ਕੱਚੇ ਅਧਿਆਪਕਾਂ ਨੇ ਕਿਸਾਨਾਂ ਅਤੇ ਭਰਾਤਰੀ ਜਥੇਬੰਦੀਆਂ ਨੂੰ ਸੰਘਰਸ਼ ਵਿੱਚ ਸਹਿਯੋਗ ਦੇਣ ਦੀ ਅਪੀਲ ਕਰਦਿਆਂ ਕਿਹਾ ਕਿ ਪੰਜਾਬ ਵਿੱਚ ਉਨ੍ਹਾਂ (ਕੱਚੇ ਅਧਿਆਪਕਾਂ) ਦੀ ਗਿਣਤੀ 13000 ਹੈ ਅਤੇ ਉਹ ਪਿਛਲੇ ਕਰੀਬ ਡੇਢ ਦਹਾਕੇ ਤੋਂ ਮਹਿਜ਼ 5-5 ਹਜ਼ਾਰ ਰੁਪਏ ਨਿਗੂਣੀ ਤਨਖ਼ਾਹ ’ਤੇ ਕੰਮ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਜਿਵੇਂ ਕਿਸਾਨਾਂ ਨੇ ਇੱਕਜੁੱਟ ਹੋ ਕੇ ਖੇਤੀ ਕਾਨੂੰਨਾਂ ਖ਼ਿਲਾਫ਼ ਵਿੱਢਿਆਂ ਸੰਘਰਸ਼ ਜਿੱਤਿਆ ਹੈ, ਓਵੇਂ ਕੱਚੇ ਅਧਿਆਪਕਾਂ ਦੇ ਸੰਘਰਸ਼ ਨੂੰ ਸਫਲ ਬਣਾਉਣ ਲਈ ਸਹਿਯੋਗ ਦਿੱਤਾ ਜਾਵੇ।

Load More Related Articles
Load More By Nabaz-e-Punjab
Load More In Awareness/Campaigns

Check Also

ਖਜ਼ਾਨਾ ਮੰਤਰੀ ਨਾਲ ਮੀਟਿੰਗ ਮੁਲਤਵੀ ਹੋਣ ਕਾਰਨ ਵੈਟਰਨਰੀ ਅਫ਼ਸਰਾਂ ਨੇ ਕਾਲੇ ਬਿੱਲੇ ਲਗਾ ਕੇ ਰੋਸ ਪ੍ਰਗਟਾਇਆ

ਖਜ਼ਾਨਾ ਮੰਤਰੀ ਨਾਲ ਮੀਟਿੰਗ ਮੁਲਤਵੀ ਹੋਣ ਕਾਰਨ ਵੈਟਰਨਰੀ ਅਫ਼ਸਰਾਂ ਨੇ ਕਾਲੇ ਬਿੱਲੇ ਲਗਾ ਕੇ ਰੋਸ ਪ੍ਰਗਟਾਇਆ ਜੇ…