ਸਿੱਖਿਆ ਪ੍ਰੋਵਾਈਡਰ ਅਧਿਆਪਕਾਂ ਵੱਲੋਂ ਪੰਜਾਬ ਸਰਕਾਰ ਖ਼ਿਲਾਫ਼ ਰੋਸ ਰੈਲੀ

ਗੁਰਦੁਆਰਾ ਅੰਬ ਸਾਹਿਬ ਮੁਹਾਲੀ ਤੋਂ ਚੰਡੀਗੜ੍ਹ ਵੱਲ ਕੂਚ ਕਰ ਰਹੇ ਅਧਿਆਪਕਾਂ ਦਾ ਪੁਲੀਸ ਨੇ ਰਾਹ ਡੱਕਿਆ

ਹਰਸ਼ਬਾਬ ਸਿੱਧੂ
ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 21 ਸਤੰਬਰ:
ਸਿੱਖਿਆ ਪ੍ਰੋਵਾਈਡਰ ਅਧਿਆਪਕਾਂ ਵੱਲੋਂ ਸੋਮਵਾਰ ਨੂੰ ਆਪਣੀਆਂ ਜਾਇਜ਼ ਮੰਗਾਂ ਨੂੰ ਲੈ ਕੇ ਪੰਜਾਬ ਸਰਕਾਰ ਖ਼ਿਲਾਫ਼ ਰੋਸ ਰੈਲੀ ਕੀਤੀ ਗਈ। ਇੱਥੋਂ ਦੇ ਇਤਿਹਾਸਕ ਗੁਰਦੁਆਰਾ ਅੰਬ ਸਾਹਿਬ ਤੋਂ ਚੰਡੀਗੜ੍ਹ ਵੱਲ ਕੂਚ ਕੀਤਾ ਗਿਆ ਪ੍ਰੰਤੂ ਪੁਲੀਸ ਨੇ ਵਾਈਪੀਐਸ ਚੌਂਕ ਨੇੜੇ ਬੈਰੀਕੇਟ ਲਗਾ ਕੇ ਪ੍ਰਦਰਸ਼ਨਕਾਰੀਆਂ ਦਾ ਰਾਹ ਡੱਕ ਲਿਆ। ਜਿਸ ਕਾਰਨ ਅਧਿਆਪਕ ਉੱਥੇ ਹੀ ਧਰਨੇ ’ਤੇ ਬੈਠ ਗਏ ਅਤੇ ਕੈਪਟਨ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕਰਦਿਆਂ ਹੁਕਮਰਾਨਾਂ ਨੂੰ ਰੱਜ ਕੇ ਕੋਸਿਆ।
ਇਸ ਮੌਕੇ ਅਧਿਆਪਕਾਂ ਨੇ ਕਿਹਾ ਕਿ ਮੁੱਖ ਮੰਤਰੀ ਸਮੇਤ ਸਮੁੱਚੀ ਕਾਂਗਰਸ ਲੀਡਰਸ਼ਿਪ ਨੇ 27 ਸਤੰਬਰ 2016 ਨੂੰ ਸਿੱਖਿਆ ਪ੍ਰੋਵਾਈਡਰ ਅਧਿਆਪਕ ਯੂਨੀਅਨ ਵੱਲੋਂ ਮੁਹਾਲੀ ਵਿੱਚ ਲਗਾਏ ਧਰਨੇ ਅਤੇ ਭੁੱਖ ਹੜਤਾਲ ਦੌਰਾਨ ਇਹ ਵਾਅਦਾ ਵੀ ਕੀਤਾ ਗਿਆ ਸੀ ਕਿ ਪੰਜਾਬ ਵਿੱਚ ਕਾਂਗਰਸ ਪਾਰਟੀ ਦੀ ਸਰਕਾਰ ਬਣਨ ’ਤੇ ਪਹਿਲੀ ਹੀ ਕੈਬਨਿਟ ਮੀਟਿੰਗ ਵਿੱਚ ਸਿੱਖਿਆ ਪ੍ਰੋਵਾਈਡਰ ਅਧਿਆਪਕ ਪੱਕੇ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਇਹ ਵਾਅਦਾ ਬਲਬੀਰ ਸਿੰਘ ਸਿੱਧੂ ਅਤੇ ਰਾਣਾ ਕੇਪੀ ਸਿੰਘ ਵੱਲੋਂ ਮੀਡੀਆ ਦੀ ਮੌਜੂਦਗੀ ਵਿੱਚ ਕੀਤਾ ਗਿਆ ਸੀ ਅਤੇ ਇਸ ਸਮੇਂ ਇਹ ਦੋਵੇਂ ਆਗੂ ਪੰਜਾਬ ਸਰਕਾਰ ਦੀ ਵਜ਼ਾਰਤ ਵਿੱਚ ਸ਼ਾਮਲ ਹਨ। ਬੁਲਾਰਿਆਂ ਨੇ ਕਿਹਾ ਕਿ ਸਰਕਾਰ ਇਨ੍ਹਾਂ ਅਧਿਆਪਕਾਂ ਨੂੰ ਨਿਗੂਣੀਆਂ ਤਨਖ਼ਾਹਾਂ ਦੇ ਰਹੀ ਹੈ। ਜਿਸ ਨਾਲ ਉਨ੍ਹਾਂ ਨੂੰ ਆਪਣੇ ਪਰਿਵਾਰਾਂ ਦਾ ਗੁਜ਼ਾਰਾ ਚਲਾਉਣਾ ਅੌਖਾ ਪਿਆ ਹੈ।
ਆਗੂਆਂ ਨੇ ਕਿਹਾ ਕਿ ਇਸ ਸਮੇਂ ਸਿੱਖਿਆ ਵਿਭਾਗ ਵੱਲੋਂ ਅਧਿਆਪਕਾਂ ਤੋਂ ਕੁਝ ਅਣਲੋੜੀਂਦੇ ਕੰਮ ਵੀ ਲਏ ਜਾਂਦੇ ਹਨ। ਜਿਨ੍ਹਾਂ ਦਾ ਬਾਈਕਾਟ ਕਰਨ ਦਾ ਐਲਾਨ ਵੀ ਕੀਤਾ ਗਿਆ। ਇਸ ਮੌਕੇ ਸੂਬਾ ਆਗੂ ਅਜਮੇਰ ਅੌਲਖ ਨੇ ਕਿਹਾ ਕਿ ਮਹਿਕਮੇ ਵੱਲੋਂ ਕਰਵਾਈਆਂ ਜਾਂਦੀਆਂ ਅਣਲੋੜੀਂਦੀਆਂ ਅਤੇ ਜੂਮ ਐਪ ਮੀਟਿੰਗ ਦਾ ਬਾਈਕਾਟ ਕੀਤਾ ਜਾਂਦਾ ਹੈ। ਕਿਉਂਕਿ ਸਰਕਾਰ ਵੱਲੋਂ ਉਨ੍ਹਾਂ ਨੂੰ ਕੋਈ ਮੋਬਾਈਲ ਭੱਤਾ ਨਹੀਂ ਦਿੱਤਾ ਜਾਂਦਾ। ਇਸ ਮੌਕੇ ਗੁਰਮੀਤ ਕੌਰ, ਰੁਪਿੰਦਰ ਕੌਰ, ਜੁਝਾਰ ਸਿੰਘ ਸੰਗਰੂਰ, ਨਿਰਮਲ ਸਿੰਘ, ਵੀਰ ਦਵਿੰਦਰ ਸਿੰਘ ਅਤੇ ਪਰਮਿੰਦਰ ਕੌਰ ਹਾਜ਼ਰ ਸਨ।

Load More Related Articles

Check Also

ਸੀਜੀਸੀ ਲਾਂਡਰਾਂ ਦੇ ਪ੍ਰੋਫੈਸਰ ਦਾ ਆਈਐੱਸਟੀਈ ਸਰਵੋਤਮ ਅਧਿਆਪਕ ਐਵਾਰਡ-2024 ਨਾਲ ਸਨਮਾਨ

ਸੀਜੀਸੀ ਲਾਂਡਰਾਂ ਦੇ ਪ੍ਰੋਫੈਸਰ ਦਾ ਆਈਐੱਸਟੀਈ ਸਰਵੋਤਮ ਅਧਿਆਪਕ ਐਵਾਰਡ-2024 ਨਾਲ ਸਨਮਾਨ ਨਬਜ਼-ਏ-ਪੰਜਾਬ, ਮੁਹ…