Nabaz-e-punjab.com

31 ਮਾਰਚ 2020 ਤੱਕ ਮੁਕੰਮਲ ਹੋ ਜਾਵੇਗੀ ਅਧਿਆਪਕਾਂ ਦੀ ਭਰਤੀ ਪ੍ਰਕਿਰਿਆ: ਸਿੰਗਲਾ

ਸਿੱਖਿਆ ਵਿਭਾਗ ਵੱਲੋਂ ਕੀਤੀ ਜਾ ਰਹੀ ਹੈ ਅਧਿਆਪਕਾਂ ਦੀ ਨਵੀਂ ਭਰਤੀ ਪ੍ਰਕਿਰਿਆ ਤੇਜ਼

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 30 ਦਸੰਬਰ:
ਪੰਜਾਬ ਦੇ ਸਰਕਾਰੀ ਸਕੂਲਾਂ ਵਿੱਚ ਅਧਿਆਪਕਾਂ ਦੀਆਂ ਖਾਲੀ ਅਸਾਮੀਆਂ ਭਰਨ ਲਈ ਅਧਿਆਪਕਾਂ ਦੀ ਨਵੀਂ ਭਰਤੀ ਲਈ ਸਰਕਾਰ ਪੂਰੀ ਤਰ੍ਹਾਂ ਯਤਨਸ਼ੀਲ ਹੈ। ਇਸ ਸਬੰਧੀ ਸਿੱਖਿਆ ਵਿਭਾਗ ਵੱਲੋਂ ਅਧਿਆਪਕ ਭਰਤੀ ਦਾ ਕੰਮ ਜਲਦੀ ਨੇਪਰੇ ਚਾੜ੍ਹਨ ਲਈ ਨਵੀਂ ਭਰਤੀ ਪ੍ਰਕਿਰਿਆ ਤੇਜ਼ ਕੀਤੀ ਗਈ ਹੈ। ਇਹ ਜਾਣਕਾਰੀ ਦਿੰਦਿਆਂ ਸਿੱਖਿਆ ਮੰਤਰੀ ਵਿਜੈ ਇੰਦਰ ਸਿੰਗਲਾ ਨੇ ਦੱਸਿਆ ਕਿ ਸਿੱਖਿਆ ਵਿਭਾਗ ਵੱਲੋਂ ਵੱਖ-ਵੱਖ ਸਬੰਧਤ ਵਿਭਾਗਾਂ ਨਾਲ ਤਾਲਮੇਲ ਕਰਕੇ ਲੋੜੀਂਦੀ ਕਾਰਵਾਈ ਨੂੰ ਪਰਮ ਅਗੇਤ ਅਤੇ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਦੀ ਪਾਲਣਾ ਕਰਦਿਆਂ ਤੇਜ਼ੀ ਨਾਲ ਕੰਮ ਕੀਤਾ ਜਾ ਰਿਹਾ ਹੈ। ਸਿੱਖਿਆ ਮੰਤਰੀ ਨੇ ਬੇਰੁਜ਼ਗਾਰ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਉਹ ਧਰਨਿਆਂ-ਮੁਜ਼ਾਹਰਿਆਂ ਨੂੰ ਛੱਡ ਕੇ ਸ਼ਾਂਤ ਰਹਿਣ ਕਿਉਂਕਿ ਸਿੱਖਿਆ ਵਿਭਾਗ ਵੱਲੋਂ ਭਰਤੀ ਪ੍ਰਕਿਰਿਆ ਆਰੰਭਣ ਲਈ ਬਹੁਤ ਤੇਜ਼ੀ ਨਾਲ ਕਾਰਜ ਕੀਤਾ ਜਾ ਰਿਹਾ ਹੈ।
ਸ੍ਰੀ ਸਿੰਗਲਾ ਨੇ ਦੱਸਿਆ ਕਿ ਸਿੱਖਿਆ ਵਿਭਾਗ ਵੱਲੋਂ ਨਵੀਂ ਭਰਤੀ ਸਬੰਧੀ ਪ੍ਰਸਤਾਵ ਤਿਆਰ ਕਰਕੇ ਜਦੋਂ ਵਿੱਤ ਵਿਭਾਗ ਨੂੰ ਭੇਜਿਆ ਗਿਆ ਤਾਂ ਉਸ ’ਤੇ ਵਿੱਤ ਵਿਭਾਗ ਵੱਲੋਂ ਲੋੜੀਂਦੀ ਭਰਤੀ ਲਈ ਅਸਾਮੀਆਂ ਦੀ ਮੰਗ ਨੂੰ ਜਾਇਜ਼ ਠਹਿਰਾਉਣ ਲਈ ਕੁਝ ਵਿਸ਼ੇਸ਼ ਪ੍ਰਕਿਰਿਆਵਾਂ ਨੇਪਰੇ ਚਾੜ੍ਹਨ ਲਈ ਕਿਹਾ ਗਿਆ ਸੀ, ਜਿਨ੍ਹਾਂ ਵਿੱਚ ਅਧਿਆਪਕਾਂ ਦੀਆਂ ਤਰੱਕੀਆਂ ਅਤੇ ਰੈਸ਼ਨੇਲਾਈਜ਼ੇਸ਼ਨ ਦੀ ਪ੍ਰਕਿਰਿਆ ਪ੍ਰਮੁੱਖ ਸਨ। ਉਨ੍ਹਾਂ ਦੱਸਿਆ ਕਿ ਨਵੇਂ ਬਣਾਏ ਸੇਵਾਂ ਨਿਯਮਾਂ ਅਨੁਸਾਰ ਪਹਿਲਾਂ ਤਾਂ ਪ੍ਰਾਇਮਰੀ ਤੋਂ ਮਾਸਟਰ ਕਾਡਰ ਦੀਆਂ ਤਰੱਕੀਆਂ, ਪ੍ਰਾਇਮਰੀ ਦੀਆਂ ਹੈੱਡ ਟੀਚਰ ਅਤੇ ਸੈਂਟਰ ਹੈੱਡ ਟੀਚਰਾਂ ਦੀਆਂ ਤਰੱਕੀਆਂ, ਮਾਸਟਰ ਕਾਡਰ ਤੋਂ ਲੈਕਚਰਾਰ ਅਤੇ ਲੈਕਚਰਾਰ ਤੋਂ ਪ੍ਰਿੰਸੀਪਲਾਂ ਦੀਆਂ ਤਰੱਕੀਆਂ ਕਰਨ ਦੀ ਪ੍ਰਕਿਰਿਆ ਨੂੰ ਸਿੱਖਿਆ ਵਿਭਾਗ ਨੇ ਬਹੁਤ ਹੀ ਤੇਜ਼ੀ ਨਾਲ ਨਿਪਟਾ ਕੇ ਲੋੜੀਂਦੀ ਰੈਸ਼ਨੇਲਾਈਜ਼ੇਸ਼ਨ ਦੀ ਪ੍ਰਕਿਰਿਆ ਨੂੰ ਪੂਰਾ ਕਰਨ ਦਾ ਟੀਚਾ ਮਿੱਥਿਆ ਗਿਆ। ਜਿਸ ਨਾਲ ਸਿੱਖਿਆ ਵਿਭਾਗ ਵਿੱਚ ਨਵੀਆਂ ਅਸਾਮੀਆਂ ਉਜਾਗਰ ਹੋਈਆਂ ਹਨ।
ਸਿੱਖਿਆ ਮੰਤਰੀ ਨੇ ਦੱਸਿਆ ਕਿ ਸਿੱਖਿਆ ਵਿਭਾਗ ਵੱਲੋਂ ਵਿੱਤ ਵਿਭਾਗ ਨੂੰ ਨਵੀਂ ਭਰਤੀ ਲਈ ਪ੍ਰਸਤਾਵ ਭੇਜਿਆ ਗਿਆ ਸੀ। ਜਿਸ ’ਤੇ ਵਿੱਤ ਵਿਭਾਗ ਨੇ ਹਾਮੀ ਭਰ ਦਿੱਤੀ ਹੈ। ਹੁਣ ਸਿੱਖਿਆ ਵਿਭਾਗ ਵੱਲੋਂ ਤਿਆਰ ਇਸ ਪ੍ਰਸਤਾਵ ਨੂੰ ਪੰਜਾਬ ਦੀ ਕੈਬਨਿਟ ਮੀਟਿੰਗ ਵਿੱਚ ਪ੍ਰਵਾਨਗੀ ਲਈ ਭੇਜਣ ਹਿੱਤ ਤਿਆਰ ਕਰ ਲਿਆ ਗਿਆ ਹੈ। ਉਨ੍ਹਾਂ ਕਿਹਾ ਕਿ ਭਰਤੀ ਪ੍ਰਕਿਰਿਆ ਨੂੰ ਨੇਪਰੇ ਚਾੜ੍ਹਨ ਲਈ ਸਿੱਖਿਆ ਵਿਭਾਗ ਦਾ ਆਪਣਾ ਭਰਤੀ ਬੋਰਡ ਪਹਿਲਾਂ ਹੀ ਕੈਬਨਿਟ ਵੱਲੋਂ ਪ੍ਰਵਾਨ ਹੈ, ਜਿਸ ਲਈ ਸਿੱਖਿਆ ਵਿਭਾਗ ਵੱਲੋਂ ਕਿਸੇ ਕਿਸਮ ਦੀ ਕੋਈ ਹੋਰ ਦੇਰੀ ਦੀ ਸੰਭਾਵਨਾ ਨਹੀਂ ਹੋਵੇਗੀ। ਇਸ ਲਈ ਜਿਵੇਂ ਹੀ ਪੰਜਾਬ ਕੈਬਨਿਟ ਵੱਲੋਂ ਸਿੱਖਿਆ ਵਿਭਾਗ ਦੇ ਪ੍ਰਸਤਾਵ ਨੂੰ ਪ੍ਰਵਾਨਗੀ ਮਿਲ ਜਾਵੇਗੀ, ਨਾਲ ਹੀ ਨਵੀਂ ਭਰਤੀ ਵਿੱਤ ਵਿਭਾਗ ਵਿਭਾਗ ਵੱਲੋਂ ਪ੍ਰਵਾਨਿਤ ਅਸਾਮੀਆਂ ਅਨੁਸਾਰ ਇਸ਼ਤਿਹਾਰ ਦੇ ਕੇ ਪ੍ਰਕਿਰਿਆ 31 ਮਾਰਚ, 2020 ਤੱਕ ਪੂਰਨ ਕਰ ਦਿੱਤੀ ਜਾਵੇਗੀ।
ਸ੍ਰੀ ਸਿੰਗਲਾ ਨੇ ਕਿਹਾ ਕਿ ਸਿੱਖਿਆ ਵਿਭਾਗ ਦੇ ਉੱਚ ਅਧਿਕਾਰੀਆਂ ਨੇ ਇਸ ਪ੍ਰਕਿਰਿਆ ਨੂੰ ਬਹੁਤ ਹੀ ਵਧੀਆ ਢੰਗ ਨਾਲ ਨੇਪਰੇ ਚਾੜ੍ਹਿਆ ਹੈ। ਇਸ ਲਈ ਸਿੱਖਿਆ ਵਿਭਾਗ ਨੇ ਵਿੱਤ ਵਿਭਾਗ ਨਾਲ ਸਮੇਂ-ਸਮੇਂ ’ਤੇ ਮੀਟਿੰਗਾਂ ਕਰਕੇ ਸਰਕਾਰੀ ਸਕੂਲਾਂ ਵਿੱਚ ਗੁਣਾਤਮਿਕ ਸਿੱਖਿਆ ਦੇਣ ਲਈ ਅਧਿਆਪਕਾਂ ਦੀਆਂ ਅਸਾਮੀਆਂ ਦੀ ਮੰਗ ਰੱਖੀ, ਜਿਸ ’ਤੇ ਸਹੀ ਢੰਗ ਨਾਲ ਕਾਰਵਾਈ ਕਰਦਿਆਂ ਬੇਰੁਜ਼ਗਾਰ ਟੀਈਟੀ ਪਾਸ ਨੌਜਵਾਨਾਂ ਦੀਆਂ ਆਸਾਂ ਨੂੰ ਬੂਰ ਪੈਣ ਦਾ ਸਮਾਂ ਆ ਗਿਆ ਹੈ। ਉਨ੍ਹਾਂ ਕਿਹਾ ਕਿ ਇਸ ਸਬੰਧੀ ਸਿੱਖਿਆ ਵਿਭਾਗ ਵੱਲੋਂ ਸਮੂਹ ਜ਼ਿਲ੍ਹਾ ਸਿੱਖਿਆ ਅਫ਼ਸਰਾਂ ਨਾਲ ਮੀਟਿੰਗ ਕੀਤੀ ਗਈ ਹੈ। ਜਿਸ ਵਿੱਚ ਅਧਿਆਪਕਾਂ ਦੀਆਂ ਸੀਨੀਆਰਤਾ ਸੂਚੀਆਂ ਤਿਆਰ ਕਰਕੇ ਰਹਿੰਦੀਆਂ ਤਰੱਕੀਆਂ ਦੀ ਪ੍ਰਕਿਰਿਆ ਨੂੰ ਛੇਤੀ ਪੂਰਾ ਕਰਨ ਲਈ ਵੀ ਸਖ਼ਤ ਤਾੜਨਾ ਕੀਤੀ ਗਈ ਹੈ।

Load More Related Articles
Load More By Nabaz-e-Punjab
Load More In General News

Check Also

ਜ਼ਿਲ੍ਹਾ ਲੀਡ ਬੈਂਕ ਵੱਲੋਂ ਸਾਈਬਰ ਕਰਾਈਮ ਤੇ ਧੋਖਾਧੜੀ ਬਾਰੇ ਐਡਵਾਈਜ਼ਰੀ ਜਾਰੀ

ਜ਼ਿਲ੍ਹਾ ਲੀਡ ਬੈਂਕ ਵੱਲੋਂ ਸਾਈਬਰ ਕਰਾਈਮ ਤੇ ਧੋਖਾਧੜੀ ਬਾਰੇ ਐਡਵਾਈਜ਼ਰੀ ਜਾਰੀ ਨਬਜ਼-ਏ-ਪੰਜਾਬ, ਮੁਹਾਲੀ, 12 ਜਨ…