ਅਧਿਆਪਕ ਜਥੇਬੰਦੀਆਂ ਵੱਲੋਂ ਸਿੱਖਿਆ ਮੰਤਰੀ ਦੇ ਹਲਕੇ ਅਨੰਦਪੁਰ ਸਾਹਿਬ ਵਿੱਚ ਰੋਸ ਰੈਲੀ ਕਰਨ ਦਾ ਐਲਾਨ

ਪੀਟੀਆਈ ਤੇ ਆਰਟ ਐਂਡ ਕਰਾਫ਼ਟ ਅਧਿਆਪਕਾਂ ਦੀ ਤਨਖ਼ਾਹ ਕਟੌਤੀ ਤੇ ਰਿਕਵਰੀ ਦਾ ਪੱਤਰ ਵਾਪਸ ਲਵੇ ਸਰਕਾਰ: ਜੀਟੀਯੂ

ਨਬਜ਼-ਏ-ਪੰਜਾਬ, ਮੁਹਾਲੀ, 13 ਜਨਵਰੀ:
ਗੌਰਮਿੰਟ ਟੀਚਰ ਯੂਨੀਅਨ (ਜੀਟੀਯੂ), ਸਾਂਝਾ ਅਧਿਆਪਕ ਮੋਰਚਾ ਅਤੇ ਡੈਮੋਕ੍ਰੇਟਿਕ ਟੀਚਰਜ਼ ਫਰੰਟ ਪੰਜਾਬ (ਦਿੱਗ ਵਿਜੈਪਾਲ ਸ਼ਰਮਾ) ਨੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਦੇ ਹਲਕੇ ਸ੍ਰੀ ਅਨੰਦਪੁਰ ਸਾਹਿਬ ਵਿਖੇ ਸੂਬਾ ਪੱਧਰੀ ਰੋਸ ਰੈਲੀ ਕਰਨ ਦਾ ਐਲਾਨ ਕੀਤਾ ਹੈ। ਇਹ ਫ਼ੈਸਲਾ ਅੱਜ ਇੱਥੇ ਜਥੇਬੰਦੀਆਂ ਦੀ ਹੋਈ ਅਹਿਮ ਮੀਟਿੰਗ ਵਿੱਚ ਲਿਆ ਗਿਆ। ਜੀਟੀਯੂ ਦੇ ਜ਼ਿਲ੍ਹਾ ਮੁਹਾਲੀ ਦੇ ਪ੍ਰਧਾਨ ਰਵਿੰਦਰ ਸਿੰਘ ਪੱਪੀ ਅਤੇ ਜਨਰਲ ਸਕੱਤਰ ਮਨਪ੍ਰੀਤ ਸਿੰਘ ਗੋਸਲ਼ਾ ਨੇ ਦੱਸਿਆ ਕਿ ਪੰਜਾਬ ਸਰਕਾਰ ਅਤੇ ਸਿੱਖਿਆ ਮੰਤਰੀ ਵੱਲੋਂ ਲਗਾਤਾਰ ਅਧਿਆਪਕ ਮੰਗਾਂ ਦੀ ਅਣਦੇਖੀ ਕਰਨ ਅਤੇ ਅਧਿਆਪਕ ਜਥੇਬੰਦੀਆਂ ਨਾਲ ਮੀਟਿੰਗ ਸਮੇਂ ਗੈਰਸੰਜੀਦਾ ਅਤੇ ਹੰਕਾਰੀ ਰਵੱਈਆ ਅਪਣਾਉਣ ਖ਼ਿਲਾਫ਼ ਸਾਂਝਾ ਅਧਿਆਪਕ ਮੋਰਚਾ ਪੰਜਾਬ ਅਤੇ ਡੈਮੋਕ੍ਰੇਟਿਕ ਟੀਚਰਜ਼ ਫਰੰਟ (ਦਿੱਗ ਵਿਜੈਪਾਲ ਸ਼ਰਮਾ) ਵੱਲੋਂ 11 ਜਨਵਰੀ ਨੂੰ ਸਪੀਕਰ ਕੁਲਤਾਰ ਸਿੰਘ ਸੰਧਵਾਂ ਦੇ ਪਿੰਡ ਰੈਲੀ ਉਪਰੰਤ ਘਰ ਵੱਲ ਵਿਸ਼ਾਲ ਰੋਸ ਮਾਰਚ ਕੀਤਾ ਸੀ ਪ੍ਰੰਤੂ ਅਧਿਕਾਰੀਆਂ ਨੇ ਭਲਕੇ 14 ਜਨਵਰੀ ਨੂੰ ਮੋਰਚੇ ਦੇ ਆਗੂਆਂ ਨਾਲ ਮੀਟਿੰਗ ਕਰਨ ਦਾ ਭਰੋਸਾ ਦੇ ਕੇ ਧਰਨਾ ਖ਼ਤਮ ਕਰਵਾਇਆ ਗਿਆ ਸੀ।
ਆਗੂਆਂ ਨੇ ਸਰਕਾਰ ਗਰੀਬ ਦੇ ਬੱਚਿਆਂ ਦੀ ਸਿੱਖਿਆ ਨੂੰ ਖ਼ਤਮ ਕਰਨ, ਅਧਿਆਪਕਾਂ ਦੀਆਂ ਜਾਇਜ਼ ਤੇ ਹੱਕੀ ਮੰਗਾਂ ਸਬੰਧੀ ਟਾਲ ਮਟੋਲ ਦੀ ਨੀਤੀ ਅਪਣਾਉਣ, ਤਨਖ਼ਾਹ ਕਟੌਤੀ ਦਾ ਪੱਤਰ ਵਾਪਸ ਲੈਣ, ਕੰਪਿਊਟਰ ਅਧਿਆਪਕਾਂ ਨੂੰ ਸਿੱਖਿਆ ਵਿਭਾਗ ਵਿੱਚ ਮਰਜ਼ ਨਾ ਕਰਨ ਸਬੰਧੀ, ਮਿਡਲ ਅਤੇ ਘੱਟ ਗਿਣਤੀ ਬੱਚਿਆਂ ਵਾਲੇ ਸਕੂਲ ਨੂੰ ਬੰਦ ਕਰਨ ਸਬੰਧੀ ਕਈ ਵਾਰ ਮੀਟਿੰਗਾਂ ਕਰਨ ਤੋਂ ਭੱਜਣ ਕਾਰਨ ਅਧਿਆਪਕਾਂ ਵਿੱਚ ਭਾਰੀ ਰੋਸ ਪਾਇਆ ਜਾ ਰਿਹਾ ਹੈ। ਹੁਕਮਰਾਨ ਅਤੇ ਸਿੱਖਿਆ ਅਧਿਕਾਰੀ ਟਾਲਮਟੋਲ ਕਰਕੇ ਡੰਗ ਟਪਾਉਂਦੇ ਆ ਰਹੇ ਹਨ।
ਆਗੂਆਂ ਨੇ ਕਿਹਾ ਕਿ ਜੇਕਰ ਸਿੱਖਿਆ ਮੰਤਰੀ ਨੇ ਭਲਕੇ ਮੀਟਿੰਗ ਵਿੱਚ ਅਧਿਆਪਕਾਂ ਅਤੇ ਸਰਕਾਰੀ ਸਿੱਖਿਆ ਸਬੰਧੀ ਹੱਕੀ ਅਤੇ ਜਾਇਜ਼ ਮੰਗਾਂ ਸਬੰਧੀ ਕੋਈ ਠੋਸ ਫ਼ੈਸਲੇ ਨਾ ਲਏ ਤਾਂ ਸਾਂਝਾ ਅਧਿਆਪਕ ਮੋਰਚਾ ਪੰਜਾਬ ਅਤੇ ਡੈਮੋਕ੍ਰੇਟਿਕ ਟੀਚਰ ਫਰੰਟ (ਦਿੱਗ ਵਿਜੈਪਾਲ ਸ਼ਰਮਾ) ਵੱਲੋਂ 19 ਜਨਵਰੀ ਨੂੰ ਸਿੱਖਿਆ ਮੰਤਰੀ ਦੇ ਪਿੰਡ ਗੰਭੀਰਪੁਰ (ਸ੍ਰੀ ਅਨੰਦਪੁਰ ਸਾਹਿਬ) ਵਿਖੇ ਵਿਸ਼ਾਲ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ।
ਮੀਟਿੰਗ ਵਿੱਚ ਚਰਨਜੀਤ ਸਿੰਘ, ਸਤਵਿੰਦਰ ਕੌਰ, ਵੀਨਾ ਕੁਮਾਰੀ, ਵੀਰਪਾਲ ਕੌਰ, ਲਕਸ਼ਮੀ ਦੇਵੀ, ਕੰਵਰਪ੍ਰੀਤ ਕੌਰ, ਹਰਪ੍ਰੀਤ ਸਿੰਘ ਭਜੌਲੀ, ਸੰਦੀਪ ਸਿੰਘ, ਰਾਕੇਸ਼ ਕੁਮਾਰ, ਗੁਰਮਨਜੀਤ ਸਿੰਘ, ਸਰਦੂਲ ਸਿੰਘ, ਨਵਕਿਰਨ ਖੱਟੜਾ, ਗੁਰਪ੍ਰੀਤ ਸਿੰਘ, ਸੁਖਜਿੰਦਰ ਸਿੰਘ, ਅਰਵਿੰਦਰ ਸਿੰਘ, ਗੁਲਜੀਤ ਸਿੰਘ, ਵੇਦ ਪ੍ਰਕਾਸ਼, ਮਨੋਜ ਕੁਮਾਰ, ਪਵਨ ਕੁਮਾਰ, ਵਰਿੰਦਰ ਸਿੰਘ, ਮਾਨ ਸਿੰਘ, ਹਰਪ੍ਰੀਤ ਧਰਮਗੜ੍ਹ, ਬਲਜੀਤ ਸਿੰਘ, ਦਰਸ਼ਨ ਸਿੰਘ, ਕੁਲਵਿੰਦਰ ਸਿੰਘ ਅਤੇ ਗੁਰਵੀਰ ਸਿੰਘ ਆਦਿ ਹਾਜ਼ਰ ਸਨ।

Load More Related Articles
Load More By Nabaz-e-Punjab
Load More In General News

Check Also

ਕਿਸਾਨਾਂ ਵੱਲੋਂ ਕੇਂਦਰ ਸਰਕਾਰ ਖ਼ਿਲਾਫ਼ ਰੋਸ ਮੁਜ਼ਾਹਰਾ, ਨਵੇਂ ਖੇਤੀ ਖਰੜੇ ਦੀਆਂ ਕਾਪੀਆਂ ਸਾੜੀਆਂ

ਕਿਸਾਨਾਂ ਵੱਲੋਂ ਕੇਂਦਰ ਸਰਕਾਰ ਖ਼ਿਲਾਫ਼ ਰੋਸ ਮੁਜ਼ਾਹਰਾ, ਨਵੇਂ ਖੇਤੀ ਖਰੜੇ ਦੀਆਂ ਕਾਪੀਆਂ ਸਾੜੀਆਂ ਨਬਜ਼-ਏ-ਪੰਜਾਬ…