ਸਿਹਤ ਵਿਭਾਗ ਦੀ ਟੀਮ ਵੱਲੋਂ ਦੁਕਾਨਾਂ ਦੀ ਚੈਕਿੰਗ, 35 ਸੈਂਪਲ ਲਏ

ਜ਼ਿਲ੍ਹਾ ਸਿਹਤ ਅਫ਼ਸਰ ਨੇ ਕੀਤੀ ਖਾਣ-ਪੀਣ ਦੀਆਂ ਚੀਜ਼ਾਂ ਦੀ ਜਾਂਚ ਕਰਵਾਉਣ ਦੀ ਅਪੀਲ

ਜੋਤੀ ਸਿੰਗਲਾ
ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 16 ਜੁਲਾਈ:
‘ਤੰਦਰੁਸਤ ਪੰਜਾਬ’ ਮਿਸ਼ਨ ਜ਼ਿਲ੍ਹਾ ਸਿਹਤ ਅਫ਼ਸਰ ਡਾ. ਸੁਭਾਸ਼ ਕੁਮਾਰ ਦੀ ਅਗਵਾਈ ਹੇਠ ਫੂਡ ਸੇਫ਼ਟੀ ਟੀਮ ਨੇ ਮੁਹਾਲੀ ਇਲਾਕੇ ਵਿੱਚ ਵੱਖ-ਵੱਖ ਦੁਕਾਨਾਂ ਅਤੇ ਡਿਪਾਰਟਮੈਂਟ ਸਟੋਰਾਂ ਦੀ ਅਚਨਚੇਤ ਚੈਕਿੰਗ ਕੀਤੀ। ਇਸ ਦੌਰਾਨ ਖਾਣ-ਪੀਣ ਵਾਲੀਆਂ ਚੀਜ਼ਾਂ ਦੀ ਜਾਂਚ ਕੀਤੀ ਅਤੇ ਵੱਖ-ਵੱਖ ਵਸਤੂਆਂ ਦੇ 35 ਸੈਂਪਲ ਲੈ ਕੇ ਜਾਂਚ ਲਈ ਭੇਜੇ ਗਏ। ਅੱਜ ਇੱਥੇ ਡਾ. ਸੁਭਾਸ਼ ਕੁਮਾਰ ਨੇ ਦੱਸਿਆ ਕਿ ਦੁਕਾਨਾਂ ਵਿੱਚ ਖਾਣ-ਪੀਣ ਵਾਲੀਆਂ ਚੀਜ਼ਾਂ ਦਾ ਮਿਆਰ ਜਾਂਚ ਅਤੇ ਉਨ੍ਹਾਂ ਦੀ ਮਿਆਦ ਚੈੱਕ ਕੀਤੀ। ਉਨ੍ਹਾਂ ਦੱਸਿਆ ਕਿ ਸਿਹਤ ਵਿਭਾਗ ਵੱਲੋਂ ਮੋਬਾਈਲ ਟੈਸਟਿੰਗ ਵੈਨ ਰਾਹੀਂ ਖਾਣ-ਪੀਣ ਦੀਆਂ ਵਸਤਾਂ ਦੇ ਸੈਂਪਲ ਲਏ ਗਏ ਅਤੇ ਮੌਕੇ ’ਤੇ ਹੀ ਚੀਜ਼ਾਂ ਦੀ ਜਾਂਚ ਕੀਤੀ ਗਈ। ਉਨ੍ਹਾਂ ਦੱਸਿਆ ਕਿ ਮੋਬਾਈਲ ਟੈਸਟਿੰਗ ਵੈਨ 31 ਜੁਲਾਈ ਤੱਕ ਜ਼ਿਲ੍ਹਾ ਭਰ ਵਿੱਚ ਘੁੰਮੇਗੀ, ਜਿਸ ਵਿੱਚ ਕੋਈ ਵੀ ਵਿਅਕਤੀ ਵੱਖ-ਵੱਖ ਖਾਣ ਪੀਣ ਵਾਲੀਆਂ ਚੀਜ਼ਾਂ ਦਾ ਮਿਆਰ ਚੈੱਕ ਕਰਵਾ ਸਕਦਾ ਹੈ।
ਜ਼ਿਲ੍ਹਾ ਸਿਹਤ ਅਫ਼ਸਰ ਨੇ ਦੱਸਿਆ ਕਿ ਮੋਬਾਈਲ ਵੈਨ ਰਾਹੀਂ ਦੁੱਧ, ਆਰਓ ਦਾ ਪਾਣੀ ਜਾਂ ਆਮ ਪਾਣੀ, ਹਲਦੀ, ਲੂਣ, ਮਿਰਚ, ਮਸਾਲਾ, ਕੋਲਡ ਡਰਿੰਕਸ, ਦੇਸੀ ਘੀ, ਆਮ ਘੀ ਆਦਿ ਪ੍ਰਤੀ ਆਈਟਮ 50 ਰੁਪਏ ਸਰਕਾਰੀ ਫੀਸ ਨਾਲ ਮਿਆਰ ਦੀ ਜਾਂਚ ਕਰਵਾਈ ਜਾ ਸਕਦੀ ਹੈ। ਇਸ ਸਬੰਧੀ ਫੂਡ ਸੇਫ਼ਟੀ ਅਫ਼ਸਰ ਰਾਜਦੀਪ ਕੌਰ ਨਾਲ ਫੋਨ ਨੰਬਰ 94644 21838 ’ਤੇ ਸੰਪਰਕ ਕੀਤਾ ਜਾ ਸਕਦਾ ਹੈ। ਉਨ੍ਹਾਂ ਦੱਸਿਆ ਕਿ ਚੈਕਿੰਗ ਦੌਰਾਨ ਦੁਕਾਨਦਾਰਾਂ ਨੂੰ ਹਦਾਇਤ ਕੀਤੀ ਗਈ ਕਿ ਉਹ ਕਰੋਨਾ ਮਹਾਮਾਰੀ ਤੋਂ ਬਚਾਅ ਲਈ ਜ਼ਿਲ੍ਹਾ ਪ੍ਰਸ਼ਾਸਨ ਅਤੇ ਸਿਹਤ ਵਿਭਾਗ ਵੱਲੋਂ ਜਾਰੀ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਕਰਨਾ ਯਕੀਨੀ ਬਣਾਉਣ। ਦੁਕਾਨਦਾਰਾਂ ਨੂੰ ਸਾਫ਼-ਸਫ਼ਾਈ ਰੱਖਣ ਅਤੇ ਮਿਆਦ-ਪੁੱਗੀਆਂ ਚੀਜ਼ਾਂ ਨਾ ਵੇਚਣ ਦੀ ਹਦਾਇਤ ਕੀਤੀ ਗਈ।
ਜ਼ਿਲ੍ਹਾ ਸਿਹਤ ਅਫ਼ਸਰ ਨੇ ਕਿਹਾ ਕਿ ਖਾਣ-ਪੀਣ ਦਾ ਸਮਾਨ ਵੇਚਣ ਵਾਲੀਆਂ ਦੁਕਾਨਾਂ ਵਿੱਚ ਸਾਫ਼-ਸਫ਼ਾਈ ਅਤੇ ਮਿਆਰ ਦੀ ਘਾਟ ਫੂਡ ਸਟੈਂਡਰਜ਼ ਅਥਾਰਟੀ ਆਫ਼ ਇੰਡੀਆ (ਐਫ਼ਐਸਏ) ਦੇ ਨਿਯਮਾਂ ਦੀ ਸਿੱਧੀ ਉਲੰਘਣਾ ਹੈ ਅਤੇ ਲੋਕਾਂ ਦੀ ਸਿਹਤ ਨਾਲ ਖਿਲਵਾੜ ਹੈ ਜਿਸ ਲਈ ਬਣਦੀ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਸਿਹਤ ਵਿਭਾਗ ਇਨ੍ਹਾਂ ਦੁਕਾਨਾਂ ’ਤੇ ਲਗਾਤਾਰ ਨਜ਼ਰ ਰੱਖੇਗਾ ਅਤੇ ਚੈਕਿੰਗ ਲਗਾਤਾਰ ਜਾਰੀ ਰਹੇਗੀ। ਉਨ੍ਹਾਂ ਲੋਕਾਂ ਨੂੰ ਵੀ ਅਪੀਲ ਕੀਤੀ ਕਿ ਉਹ ਯਕੀਨੀ ਬਣਾਉਣ ਕਿ ਉਹ ਜਿੱਥੋਂ ਵੀ ਖਾਣ-ਪੀਣ ਦੀਆਂ ਚੀਜ਼ਾਂ ਖ਼ਰੀਦ ਰਹੇ ਹਨ, ਉੱਥੇ ਪੂਰੀ ਸਾਫ਼-ਸਫ਼ਾਈ ਹੋਵੇ ਅਤੇ ਉਹ ਸਫ਼ਾਈ ਦੀ ਘਾਟ ਹੋਣ ’ਤੇ ਖ਼ੁਦ ਵੀ ਦੁਕਾਨਦਾਰਾਂ ਨੂੰ ਸਫ਼ਾਈ ਰੱਖਣ ਲਈ ਕਹਿਣ। ਜਾਂਚ ਟੀਮ ਵਿੱਚ ਫੂਡ ਸੇਫ਼ਟੀ ਅਫ਼ਸਰ ਰਾਜਦੀਪ ਕੌਰ, ਹਰਪ੍ਰੀਤ ਸਿੰਘ ਅਤੇ ਜਤਿੰਦਰ ਸਿੰਘ ਵੀ ਸ਼ਾਮਲ ਸਨ।

Load More Related Articles
Load More By Nabaz-e-Punjab
Load More In General News

Check Also

ਗੁਰੂ ਗੋਬਿੰਦ ਸਿੰਘ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ

ਗੁਰੂ ਗੋਬਿੰਦ ਸਿੰਘ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ ਨਬਜ਼-ਏ-ਪੰਜਾਬ, ਮੁਹਾਲੀ, 4 ਜਨਵਰੀ: ਸ…