nabaz-e-punjab.com

ਨੌਜਵਾਨਾਂ ਨੂੰ ਕਿੱਤਾਮੱੁਖੀ ਸਿਖਲਾਈ ਦੇਣ ਲਈ ਤਕਨੀਕੀ ਸਿੱਖਿਆ ਮੰਤਰੀ ਵੱਲੋਂ ਰੋਟਰੀ ਕਲੱਬਾਂ ਨੂੰ ਸਰਕਾਰ ਨਾਲ ਮਿਲਕੇ ਕੰਮ ਕਰਨ ਦਾ ਸੱਦਾ

ਪੰਜਾਬ ਦੇ ਨੌਜਵਾਨਾਂ ਨੂੰ ਰੁਜ਼ਗਾਰ ਮੁਹੱਈਆ ਕਰਵਾਉਣ ਲਈ ਤਕਨੀਕੀ ਸਿੱਖਿਆ ਮੰਤਰੀ ਵਲੋਂ ਵਿਸ਼ੇਸ਼ ਪਹਿਲ

ਅਮਰਜੀਤ ਸਿੰਘ ਸੋਢੀ
ਨਬਜ਼-ਏ-ਪੰਜਾਬ ਬਿਊਰੋ, ਚੰਡੀਗੜ੍ਹ, 29 ਮਈ:
ਪੰਜਾਬ ਦੇ ਤਕਨੀਕੀ ਸਿੱਖਿਆ ਮੰਤਰੀ ਸ. ਚਰਨਜੀਤ ਸਿੰਘ ਨੇ ਰੋਟਰੀ ਕਲੱਬਾਂ ਨੂੰ ਸੂਬੇ ਦੇ ਨੌਜਵਾਨਾਂ ਨੂੰ ਵਿਸ਼ਵੀਕਰਨ ਦੇ ਇਸ ਦੌਰ ਵਿਚ ਸਮੇਂ ਦਾ ਹਾਣੀ ਬਣਾਉਣ ਅਤੇ ਰੁਜ਼ਗਾਰ ਮੁਹੱਈਆ ਕਰਵਾਉਣ ਲਈ ਪੰਜਾਬ ਸਰਕਾਰ ਨਾਲ ਮਿਲ ਕੇ ਕੰਮ ਕਰਨ ਦਾ ਸੱਦਾ ਦਿੱਤਾ ਹੈ। ਪੰਜ ਸੂਬਿਆਂ ਦੇ ਰੋਟਰੀ ਕਲੱਬਾਂ ਵਲੋਂ ਕਰਵਾਏ ਗਏ ਸੈਮੀਨਾਰ ਮੌਕੇ ਸੰਬੋਧਨ ਕਰਦਿਆਂ ਸ. ਚੰਨੀ ਨੇ ਕਿਹਾ ਸਮੇਂ ਦੀ ਲੋੜ ਹੈ ਨੌਜਵਾਨਾਂ ਨੂੰ ਕਿੱਤਾਮੁੱਖੀ ਸਿਖਲਾਈ ਦੇਣ ਸਾਂਝੇ ਯਤਨ ਕੀਤੇ ਜਾਣ। ਉਨ੍ਹਾਂ ਰੋਟਰੀ ਕਲੱਬਾਂ ਨੂੰ ਸੱਦਾ ਦਿੱਤਾ ਕਿ ਹੁਨਰ ਵਿਕਾਸ ਮਿਸ਼ਨ ਦੇ ਤਹਿਤ ਰੋਟਰੀ ਕਲੱਬ ਸਾਂਝੇ ਕੇਂਦਰ ਖੋਲ ਕੇ ਨੌਜਵਾਨਾਂ ਨੂੰ ਸਿਖਲਾਈ ਦੇਣ। ਉਨ੍ਹਾਂ ਕਿਹਾ ਕਿ ਇਸ ਖੇਤਰ ਵਿਚ ਰੋਟਰੀ ਕਲੱਬ ਅਹਿਮ ਯੋਗਦਾਨ ਪਾ ਸਕਦੇ ਹਨ, ਜਿਸ ਨਾਲ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਹਰ ਘਰ ਇੱਕ ਨੌਕਰੀ ਦਾ ਵਾਅਦਾ ਪੂਰਾ ਕਰਨ ਵਿਚ ਵੀ ਸਹਿਯੋਗ ਮਿਲੇਗਾ।
ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਇਸ ਕਾਰਜ ਲਈ ਰੋਟਰੀ ਕਲੱਬਾਂ ਨੂੰ ਵਿੱਤੀ ਸਹਾਇਤਾ ਮੁਹੱਈਆ ਕਰਵਾਉਣ ਲਈ ਵੀ ਵਿਚਾਰ ਕੀਤਾ ਜਾ ਰਿਹਾ ਹੈ ਤਾਂ ਜੋ ਇਸ ਸਾਂਝੇ ਪ੍ਰੋਜੈਕਟ ਦੇ ਤਹਿਤ ਹੁਨਰ ਵਿਕਾਸ ਕੇਂਦਰ ਚਲਾਏ ਜਾ ਸਕਣ। ਇਸ ਮੌਕੇ ਸ. ਚੰਨੀ ਨੇ ਜਲ ਸਪਲਾਈ ਅਤੇ ਸੈਨੀਟੇਸ਼ਨ ਦੇ ਖੇਤਰ ਵਿਚ ਨੌਜਵਾਨਾਂ ਨੂੰ ਟਰੇਨਿੰਗ ਦੇਣ ‘ਤੇ ਵੀ ਜੋਰ ਦਿੰਦਿਆਂ ਕਿਹਾ ਕਿ ਇਸ ਖੇਤਰ ਵਿਚ ਨੌਜਵਾਨਾਂ ਨੂੰ ਸਿੱਖਿਅਤ ਕਰਕੇ ਰੁਜਗਾਰ ਮੁਹੱਈਆ ਕਰਵਾਉਣ ਦੀਆਂ ਵੀ ਬਹੁਤ ਸੰਭਾਵਨਾਵਾਂ ਮੌਜੂਦ ਹਨ। ਇਸ ਮੌਕੇ ਰੋਟਰੀ ਇੰਨਟਰਨੈਸ਼ਨਲ ਦੇ ਸਾਬਕਾ ਪ੍ਰਧਾਨ ਸ੍ਰੀ ਰਜਿੰਦਰ ਕੇ. ਸਾਬੂ ਨੇ ਸੰਬੋਧਨ ਕਰਦਿਆਂ ਦੱਸਿਆ ਕਿ ਰੋਟਰੀ ਇੰਨਟਰਨੈਸ਼ਨਲ ਵਲੋਂ ਸਮਾਜ ਸੇਵਾ ਦੇ ਖੇਤਰ ਵਿਚ ਸਿਹਤ, ਸਿੱਖਿਆ, ਜਲ ਅਤੇ ਸਫਾਈ ਅਤੇ ਵਾਤਾਵਰਨ ਵਿਚ ਕਾਫੀ ਕਾਰਜ਼ ਕੀਤੇ ਜਾ ਰਹੇ ਹਨ।
ਉਨ੍ਹਾਂ ਦੱਸਿਆ ਕਿ ਉਨ੍ਹਾਂ ਦੀ ਸੰਸਥਾ ਵੱਲੋਂ ‘ਗਿਫਟ ਆਫ ਲਾਈਫ’ ਪ੍ਰੋਜੈਕਟ ਦੇ ਅਧੀਨ ਫੋਰਟਿਸ ਹਸਪਤਾਲ ਐਸ.ਏ.ਐਸ ਨਗਰ ਵਿਖੇ ਦਿਲ ਵਿਚ ਛੇਦ ਵਾਲੇ 600 ਤੋਂ ਵੱਧ ਬੱਚਿਆਂ ਦਾ ਹੁਣ ਤੱਕ ਸਫਲਤਾਪੂਰਵਕ ਇਲਾਜ਼ ਕਰਵਾਇਆ ਗਿਆ ਹੈ। ਸ੍ਰੀ ਸਾਬੂ ਨੇ ਅੱਗੇ ਕਿਹਾ ਕਿ ਰੋਟਰੀ ਕਲੱਬ ਪੰਜਾਬ ਸਰਕਾਰ ਨਾਲ ਮਿਲ ਕੇ ਨੌਜਵਾਨਾਂ ਨੂੰ ਅਜੋਕੇ ਦੌਰ ਦੀਆਂ ਲੋੜਾਂ ਅਨੁਸਾਰ ਰੁਜ਼ਗਾਰ ਮੁਹੱਈਆ ਕਰਵਾਉਣ ਲਈ ਕਿੱਤਾਮੁੱਖੀ ਸਿਖਲਾਈ ਦੇਣ ਲਈ ਸਾਂਝੇ ਤੌਰ ‘ਤੇ ਕੰਮ ਕਰਨ ਲਈ ਤਿਆਰ ਹਨ। ਚੰਡੀਗੜ੍ਹ ਦੇ ਹੋਟਲ ਮਾਉਂਟਵਿਊ ਵਿਖੇ ਡਿਸਟ੍ਰਿਕਟ ਲੀਡਰਸ਼ਿਪ ਸਬੰਧੀ ਕਰਵਾਏ ਗਏ ਦੋ ਰੋਜਾ ਸੈਮੀਨਾਰ ਦੌਰਾਨ ਪੰਜਾਬ, ਹਰਿਆਣਾ, ਹਿਮਾਚਲ, ਉੱਤਰ ਪ੍ਰਦੇਸ਼, ਉੱਤਰਾਖੰਡ ਅਤੇ ਯੂ.ਟੀ ਚੰਡੀਗੜ੍ਹ ਦੇ ਰੋਟਟਰੀਅਨਾ ਨੇ ਭਾਗ ਲਿਆ।

Load More Related Articles
Load More By Nabaz-e-Punjab
Load More In General News

Check Also

ਦਸਵੀਂ ਦੇ ਦਿਹਾੜੇ ਮੌਕੇ ਧਾਰਮਿਕ ਸਮਾਗਮ ਕਰਵਾਇਆ, ਸੰਗਤ ਦੀ ਉਮੜੀ ਭੀੜ

ਦਸਵੀਂ ਦੇ ਦਿਹਾੜੇ ਮੌਕੇ ਧਾਰਮਿਕ ਸਮਾਗਮ ਕਰਵਾਇਆ, ਸੰਗਤ ਦੀ ਉਮੜੀ ਭੀੜ ਨਬਜ਼-ਏ-ਪੰਜਾਬ, ਮੁਹਾਲੀ, 9 ਜਨਵਰੀ: ਇ…