Nabaz-e-punjab.com

ਸ਼ਰਾਬ ਦੇ ਨਸ਼ੇ ਵਿੱਚ ਟੱਲੀ ਦੋਸਤ ਨੇ ਚਾਕੂ ਮਾਰ ਕੇ ਨੌਜਵਾਨ ਦਾ ਕਤਲ

ਪਿੰਡ ਮੁਹਾਲੀ ਵਿੱਚ ਲੰਘੀ ਰਾਤ ਇਕੱਠੇ ਬੈਠ ਕੇ ਸ਼ਰਾਬ ਪੀਣ ਦੌਰਾਨ ਦੋਸਤਾਂ ਵਿੱਚ ਹੋਇਆ ਸੀ ਝਗੜਾ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 3 ਦਸੰਬਰ:
ਮੁਹਾਲੀ ਪਿੰਡ ਵਿੱਚ ਸ਼ਰਾਬ ਦੇ ਨਸ਼ੇ ਵਿੱਚ ਟੱਲੀ ਨੌਜਵਾਨਾਂ ਨੇ ਮਾਮੂਲੀ ਤਕਰਾਰ ਦੇ ਚੱਲਦਿਆਂ ਆਪਣੇ ਦੋਸਤ ਦਾ ਚਾਕੂ ਮਾਰ ਕੇ ਕਤਲ ਕਰ ਦਿੱਤਾ। ਮ੍ਰਿਤਕ ਨੌਜਵਾਨ ਦੀ ਪਛਾਣ ਵਿਸ਼ਾਲ ਕੁਮਾਰ ਉਰਫ਼ ਟੀਪੂ (18) ਵਾਸੀ ਯੂਪੀ ਵਜੋਂ ਹੋਈ ਹੈ। ਜੋ ਇਸ ਸਮੇਂ ਨਜ਼ਦੀਕੀ ਪਿੰਡ ਬੜਮਾਜਰਾ ਵਿੱਚ ਰਹਿ ਰਿਹਾ ਸੀ। ਜਾਣਕਾਰੀ ਅਨੁਸਾਰ ਵਿਸ਼ਾਲ ਉਰਫ਼ ਟੀਪੂ ਅਤੇ ਉਸ ਦੇ ਤਿੰਨ ਹੋਰ ਦੋਸਤ ਬੀਤੀ ਰਾਤ ਪਿੰਡ ਮੁਹਾਲੀ ਵਿੱਚ ਇਕੱਠੇ ਬੈਠ ਕੇ ਸ਼ਰਾਬ ਪੀ ਰਹੇ ਸਨ। ਜਿਸ ਦੌਰਾਨ ਉਨ੍ਹਾਂ ਵਿੱਚ ਕਿਸੇ ਗੱਲ ਨੂੰ ਲੈ ਕੇ ਆਪਸੀ ਤਕਰਾਰ ਹੋ ਗਈ ਅਤੇ ਗੱਲ ਖੂੰਨੀ ਸੰਘਰਸ਼ ਵਿੱਚ ਤਬਦੀਲ ਹੋ ਗਈ। ਇਸ ਦੌਰਾਨ ਵਿਸ਼ਾਲ ਦੇ ਨਾਲ ਸ਼ਰਾਬ ਪੀ ਰਹੇ ਵਿਕਾਸ ਕੁਮਾਰ ਉਰਫ਼ ਗੋਲੀ ਨੇ ਵਿਸ਼ਾਲ ’ਤੇ ਚਾਕੂ ਨਾਲ ਕਈ ਵਾਰ ਕੀਤੇ ਗਏ। ਜਿਸ ਕਾਰਨ ਉਸ ਦੀ ਮੌਤ ਹੋ ਗਈ।
ਉਧਰ, ਇਸ ਸਬੰਧੀ ਸੰਪਰਕ ਕਰਨ ’ਤੇ ਥਾਣਾ ਫੇਜ਼-1 ਦੇ ਐਸਐਚਓ ਇੰਸਪੈਕਟਰ ਲਖਵਿੰਦਰ ਸਿੰਘ ਨੇ ਦੱਸਿਆ ਕਿ ਮ੍ਰਿਤਕ ਨੌਜਵਾਨ ਦੇ ਦੋਸਤਾਂ ਖ਼ਿਲਾਫ਼ ਕਤਲ ਦਾ ਕੇਸ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਉਨ੍ਹਾਂ ਦੱਸਿਆ ਕਿ ਮੁਲਜ਼ਮ ਵਿਕਾਸ ਕੁਮਾਰ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਉਸ ਨੇ ਮੁੱਢਲੀ ਪੁੱਛਗਿੱਛ ਦੌਰਾਨ ਪੁਲੀਸ ਕੋਲ ਆਪਣਾ ਜੁਰਮ ਕਬੂਲ ਕਰ ਲਿਆ ਹੈ। ਪੁਲੀਸ ਵੱਲੋਂ ਵਿਕਾਸ ਦੇ ਫਰਾਰ ਸਾਥੀਆਂ ਦੀ ਭਾਲ ਵਿੱਚ ਛਾਪੇਮਾਰੀ ਕੀਤੀ ਜਾ ਰਹੀ ਹੈ।
ਮਿਲੀ ਜਾਣਕਾਰੀ ਅਨੁਸਾਰ ਝਗੜੇ ਤੋਂ ਬਾਅਦ ਇਹ ਤਿੰਨੇ ਵਿਅਕਤੀ ਵਿਸ਼ਾਲ ਨੂੰ ਸਰਕਾਰੀ ਹਸਪਤਾਲ ਲੈ ਗਏ। ਜਿੱਥੇ ਡਾਕਟਰਾਂ ਨੇ ਮੁੱਢਲੀ ਜਾਂਚ ਤੋਂ ਬਾਅਦ ਉਸ ਨੂੰ ਮ੍ਰਿਤਕ ਐਲਾਨ ਦਿੱਤਾ ਅਤੇ ਇਸ ਸਮੁੱਚੇ ਮਾਮਲੇ ਦੀ ਪੁਲੀਸ ਨੂੰ ਇਤਲਾਹ ਦਿੱਤੀ ਗਈ। ਵਿਸ਼ਾਲ ਨੂੰ ਹਸਪਤਾਲ ਵਿੱਚ ਪਹੁੰਚਣ ਤੋਂ ਬਾਅਦ ਦੋ ਜਣੇ ਮੌਕੇ ਤੋਂ ਫਰਾਰ ਹੋ ਗਏ ਜਦੋਂਕਿ ਵਿਕਾਸ ਉਰਫ਼ ਗੋਲੀ ਨੂੰ ਪੁਲੀਸ ਨੇ ਕਾਬੂ ਕਰ ਲਿਆ।
ਜਾਣਕਾਰੀ ਅਨੁਸਾਰ ਇਹ ਚਾਰੇ ਨੌਜਵਾਨ ਵਿਆਹ ਸ਼ਾਦੀਆਂ ਅਤੇ ਹੋਰ ਪਾਰਟੀਆਂ ਵਿੱਚ ਖਾਣਾ ਬਣਾਉਣ ਅਤੇ ਵੇਟਰ ਦਾ ਕੰਮ ਕਰਦੇ ਸਨ ਅਤੇ ਬੀਤੀ ਰਾਤ ਵੀ ਕਿਸੇ ਪਾਰਟੀ ਦੇ ਖ਼ਤਮ ਹੋਣ ਤੋਂ ਬਾਅਦ ਇਕੱਠੇ ਬੈਠ ਕੇ ਸ਼ਰਾਬ ਪੀ ਰਹੇ ਸਨ। ਇਸ ਦੌਰਾਨ ਉਨ੍ਹਾਂ ਵਿਚਕਾਰ ਹੋਏ ਝਗੜੇ ਤੋਂ ਬਾਅਦ ਇਕ ਨੌਜਵਾਨ ਦਾ ਕਤਲ ਹੋ ਗਿਆ।

Load More Related Articles
Load More By Nabaz-e-Punjab
Load More In General News

Check Also

ਗੁਰਦੁਆਰਾ ਸੰਤ ਮੰਡਲ ਅੰਗੀਠਾ ਸਾਹਿਬ ਵਿੱਚ ਤਿੰਨ ਰੋਜ਼ਾ ਸਾਲਾਨਾ ਧਾਰਮਿਕ ਸਮਾਗਮ ਸਮਾਪਤ

ਗੁਰਦੁਆਰਾ ਸੰਤ ਮੰਡਲ ਅੰਗੀਠਾ ਸਾਹਿਬ ਵਿੱਚ ਤਿੰਨ ਰੋਜ਼ਾ ਸਾਲਾਨਾ ਧਾਰਮਿਕ ਸਮਾਗਮ ਸਮਾਪਤ ਵੱਡੀ ਗਿਣਤੀ ਵਿੱਚ ਸ਼ਖ਼…