
ਤਹਿਸੀਲਦਾਰ, ਨਾਇਬ ਤਹਿਸੀਲਦਾਰ, ਕਾਨੂੰਗੋ ਤੇ ਪਟਵਾਰੀਆਂ ਦੀ ਹੜਤਾਲ ਕਾਰਨ ਲੋਕ ਪ੍ਰੇਸ਼ਾਨ
ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 29 ਮਾਰਚ:
ਪੰਜਾਬ ਰੈਵੀਨਿਊ ਆਫ਼ੀਰਸਜ਼ ਐਸੋਸੀਏਸ਼ਨ ਦੀ ਅਗਵਾਈ ਹੇਠ ਪੰਜਾਬ ਦੇ ਜ਼ਿਲ੍ਹਾ ਮਾਲ ਅਫ਼ਸਰ, ਤਹਿਸੀਲਦਾਰ, ਨਾਇਬ ਤਹਿਸੀਲਦਾਰ, ਕਾਨੂੰਨਗੋ ਅਤੇ ਪਟਵਾਰੀ ਹੜਤਾਲ ’ਤੇ ਚਲੇ ਗਏ ਹਨ। ਜਿਸ ਕਾਰਨ ਅੱਜ ਸਾਰਾ ਦਿਨ ਤਹਿਸੀਲ ਦਫ਼ਤਰਾਂ ਵਿੱਚ ਸੁੰਨ ਪਸਰੀ ਰਹੀ ਅਤੇ ਜਾਇਦਾਦ ਦੀਆਂ ਰਜਿਸਟਰੀਆਂ ਕਰਵਾਉਣ ਅਤੇ ਦਫ਼ਤਰੀ ਹੋਰਨਾਂ ਕੰਮਾਂ ਕਾਰਾਂ ਲਈ ਆਏ ਸ਼ਹਿਰੀ ਅਤੇ ਪਿੰਡਾਂ ਦੇ ਲੋਕਾਂ ਨੂੰ ਕਾਫ਼ੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪਿਆ।
ਇਹ ਜਾਣਕਾਰੀ ਦਿੰਦੇ ਹੋਏ ਐਸੋਸੀਏਸ਼ਨ ਦੇ ਬੁਲਾਰੇ ਨੇ ਦੱਸਿਆ ਕਿ ਲੰਬੀ (ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ) ਵਿਖੇ ਕਿਸਾਨ ਜਥੇਬੰਦੀ (ਏਕਤਾ-ਉਗਰਾਹਾਂ) ਵੱਲੋਂ ਨਾਇਬ ਤਹਿਸੀਲਦਾਰ ਅਤੇ ਪਟਵਾਰੀਆਂ ਨੂੰ ਬੀਤੀ ਕੱਲ੍ਹ (28 ਮਾਰਚ) ਬੰਦੀ ਬਣਾਇਆ ਗਿਆ ਸੀ ਕਿਉਂਕਿ ਸਰਕਾਰੀ ਮੁਲਾਜ਼ਮ ਝੂਠੀਆਂ ਰਿਪੋਰਟਾਂ ਬਣਾ ਕੇ ਉਨ੍ਹਾਂ ਨੂੰ ਗਲਤ ਮੁਆਵਜ਼ਾ ਦੇਣ ਲਈ ਤਿਆਰ ਨਹੀਂ ਸਨ।
ਉਨ੍ਹਾਂ ਕਿਹਾ ਕਿ ਕਿਸਾਨ ਜਥੇਬੰਦੀ ਏਕਤਾ-ਉਗਰਾਹਾਂ ਦੀ ਇਸ ਗੁੰਡਾਗਰਦੀ ਅਤੇ ਧੱਕੇਸ਼ਾਹੀ ਦੇ ਖ਼ਿਲਾਫ਼ ਪੰਜਾਬ ਦੇ ਸਾਰੇ ਜ਼ਿਲ੍ਹਾ ਮਾਲ ਅਫ਼ਸਰ, ਤਹਿਸੀਲਦਾਰ, ਨਾਇਬ ਤਹਿਸੀਲਦਾਰ, ਕਾਨੂੰਨਗੋ ਅਤੇ ਪਟਵਾਰੀ ਅਣਮਿਥੇ ਸਮੇਂ ਦੀ ਹੜਤਾਲ ’ਤੇ ਚਲੇ ਗਏ ਹਨ। ਇਹ ਹੜਤਾਲ ਉਦੋਂ ਤੱਕ ਜਾਰੀ ਰਹੇਗੀ, ਜਦੋਂ ਤੱਕ ਸਰਕਾਰ ਵੱਲੋਂ ਸਰਕਾਰੀ ਮੁਲਾਜ਼ਮਾਂ ਨੂੰ ਬੰਦੀ ਬਣਾਉਣ ਵਾਲੇ ਮੁਜ਼ਰਿਮਾਂ ਵਿਰੁੱਧ ਬਣਦੀ ਕਾਨੂੰਨੀ ਕਾਰਵਾਈ ਨਹੀਂ ਕੀਤੀ ਜਾਂਦੀ ਅਤੇ ਕਿਸਾਨ ਜਥੇਬੰਦੀਆਂ ਵੱਲੋਂ ਮੁਲਾਜ਼ਮਾਂ ਨਾਲ ਧੱਕਾ ਕਰਨ ਦੀ ਸਮੱਸਿਆ ਦਾ ਕੋਈ ਪੱਕਾ ਹੱਲ ਨਹੀਂ ਹੁੰਦਾ।