Nabaz-e-punjab.com

ਕਰੋਨਵਾਇਰਸ ਦੇ ਮੱਦੇਨਜ਼ਰ ਸਿਹਤ ਤੇ ਤੰਦਰੁਸਤ ਕੇਂਦਰਾਂ ਵਿੱਚ ਟੈਲੀਮੈਡੀਸਨ ਸੇਵਾਵਾਂ ਸ਼ੁਰੂ: ਸਿੱਧੂ

ਜ਼ਿਲ੍ਹਾ ਪੱਧਰੀ ਸਰਕਾਰੀ ਹਸਪਤਾਲ ਮੁਹਾਲੀ ਵਿੱਚ ’ਟੈਲੀਮੈਡੀਸਨ ਹੱਬ’ ਸਥਾਪਿਤ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 24 ਅਪਰੈਲ:
ਕਰੋਨਾਵਾਇਰਸ ਦੀ ਮਹਾਮਾਰੀ ਦੇ ਮੱਦੇਨਜ਼ਰ ਪੰਜਾਬ ਸਰਕਾਰ ਨੇ 300 ਐਚ.ਡਬਲਯੂ.ਸੀਜ਼. (ਸਿਹਤ ਅਤੇ ਤੰਦਰੁਸਤ ਕੇਂਦਰ) ਵਿੱਚ ਟੈਲੀਮੈਡੀਸਨ ਸੇਵਾਵਾਂ ਦੀ ਸ਼ੁਰੂਆਤ ਕੀਤੀ ਹੈ ਤਾਂ ਜੋ ਪੇਂਡੂ ਖੇਤਰਾਂ ਵਿੱਚ ਲੋਕਾਂ ਨੂੰ ਉਨ੍ਹਾਂ ਦੇ ਘਰਾਂ ਤੱਕ ਵਿਆਪਕ ਮੁੱਢਲੀਆਂ ਸਿਹਤ ਸੇਵਾਵਾਂ ਪ੍ਰਦਾਨ ਕੀਤੀਆਂ ਜਾ ਸਕਣ। ਇਹ ਜਾਣਕਾਰੀ ਦਿੰਦਿਆਂ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਦੱਸਿਆ ਕਿ ਇੱਥੋਂ ਦੇ ਫੇਜ਼-6 ਸਥਿਤ ਜ਼ਿਲ੍ਹਾ ਪੱਧਰੀ ਸਰਕਾਰੀ ਹਸਪਤਾਲ ਵਿੱਚ 4 ਮੈਡੀਕਲ ਅਫ਼ਸਰਾਂ ਅਤੇ 1 ਟੈਲੀਮੈਡੀਸਨ ਐਗਜ਼ੀਕਿਊਟਿਵ ਦੇ ਨਾਲ ਇੱਕ ’ਟੈਲੀਮੈਡੀਸਨ ਹੱਬ’ ਸਥਾਪਿਤ ਕੀਤਾ ਗਿਆ ਹੈ। ਜਿਸ ਰਾਹੀਂ ਸਿਹਤ ਸੇਵਾਵਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਅਗਲੇ ਪੜਾਅ ਵਿੱਚ ਸੂਬੇ ਭਰ ਵਿੱਚ ਇਸ ਦਾ ਮੁਲਾਂਕਣ ਕਰਨ ਤੋਂ ਬਾਅਦ ਮੈਡੀਕਲ ਅਫ਼ਸਰਾਂ ਦੀ ਗਿਣਤੀ ਵਿੱਚ ਵਾਧਾ ਕੀਤਾ ਜਾਵੇਗਾ। ਸੂਬੇ ਵਿੱਚ ਟੈਲੀਮੈਡੀਸਨ ਪ੍ਰੋਗਰਾਮ ਨੂੰ ਸੁਚਾਰੂ ਢੰਗ ਨਾਲ ਚਲਾਉਣ ਲਈ ਈ-ਸੰਜੀਵਨੀ ਟੈਲੀਮੈਡੀਸਨ ਐਪਲੀਕੇਸ਼ਨ ਦੀ ਵਰਤੋਂ ਕੀਤੀ ਜਾ ਰਹੀ ਹੈ।
ਸ੍ਰੀ ਸਿੱਧੂ ਨੇ ਦੱਸਿਆ ਕਿ ਇਸ ਪਹਿਲਕਦਮੀ ਤਹਿਤ ਕਮਿਊਨਿਟੀ ਸਿਹਤ ਅਧਿਕਾਰੀ ਸਿਹਤ ਕੇਂਦਰਾਂ ਵਿੱਚ ਵੀਡੀਓ ਕਾਲਿੰਗ ਰਾਹੀਂ ‘ਟੈਲੀਮੈਡੀਸਨ ਹੱਬ’ ਦੇ ਮੈਡੀਕਲ ਅਫ਼ਸਰਾਂ ਨਾਲ ਤਾਲਮੇਲ ਕਰਦੇ ਹਨ। ਉਪਰੰਤ ਸੀਐਚਓ ਮੈਡੀਕਲ ਅਧਿਕਾਰੀ ਤੋਂ ਈ-ਸੰਜੀਵਨੀ ਐਪ ਰਾਹੀਂ ਪ੍ਰਾਪਤ ਨਿਰਦੇਸ਼ਾਂ ਮੁਤਾਬਕ ਮਰੀਜ਼ਾਂ ਨੂੰ ਦਵਾਈਆਂ ਦਿੱਤੀਆਂ ਜਾਂਦੀਆਂ ਹਨ। ਇਨ੍ਹਾਂ ਕੇਂਦਰਾਂ ਵਿੱਚ ਵਧੀਆ ਸੇਵਾਵਾਂ ਦੇਣ ਲਈ 27 ਜ਼ਰੂਰੀ ਦਵਾਈਆਂ ਅਤੇ 6 ਡਾਇਗਨੋਸਟਿਕ ਟੈਸਟ ਉਪਲਬਧ ਕਰਵਾਏ ਗਏ ਹਨ। ਉਨ੍ਹਾਂ ਕਿਹਾ ਕਿ ਇਨ੍ਹਾਂ ਕੇਂਦਰਾਂ ਤੋਂ ਲੰਮੇ ਸਮੇਂ ਤੋਂ ਬਿਮਾਰੀਆਂ ਨਾਲ ਜੂਝ ਰਹੇ ਲੋਕਾਂ ਨੂੰ ਲੋੜੀਂਦੀਆਂ ਦਵਾਈਆਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ ਤਾਂ ਜੋ ਲੋਕਾਂ ਨੂੰ ਦਵਾਈਆਂ ਲੈਣ ਲਈ ਲੰਮਾ ਪੈਂਡਾ ਤੈਅ ਨਾ ਕਰਨਾ ਪਵੇ।
ਸਿਹਤ ਮੰਤਰੀ ਨੇ ਕਿਹਾ ਕਿ ਇਸ ਸਬੰਧੀ ਸਮੂਹ ਸਿਵਲ ਸਰਜਨਾਂ ਨੂੰ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ ਅਤੇ ਉਨ੍ਹਾਂ ਨੂੰ ਮੁੱਖ ਦਫ਼ਤਰ ਤੋਂ ਇੰਟਰਨੈੱਟ ਡੋਂਗਲ ਪ੍ਰਾਪਤ ਕਰਨ ਲਈ ਵੀ ਕਿਹਾ ਗਿਆ ਹੈ ਤਾਂ ਜੋ ਪੰਜਾਬ ਭਰ ਦੇ ਸਾਰੇ ਸਿਹਤ ਅਤੇ ਤੰਦਰੁਸਤ ਕੇਂਦਰਾਂ ਵਿੱਚ ਅਜਿਹੀਆਂ ਸੇਵਾਵਾਂ ਪ੍ਰਦਾਨ ਕੀਤੀਆਂ ਜਾ ਸਕਣ। ਉਨ੍ਹਾਂ ਦੱਸਿਆ ਕਿ ਇਸ ਸਮੇਂ ਸੂਬੇ ਭਰ ਵਿੱਚ 2022 ਸਿਹਤ ਤੇ ਤੰਦਰੁਸਤ ਕੇਂਦਰਾਂ ਚਾਲੂ ਕਰ ਦਿੱਤੇ ਗਏ ਹਨ ਅਤੇ ਇਨ੍ਹਾਂ ਕੇਂਦਰਾਂ ਵਿੱਚ 1582 ਕਮਿਊਨਿਟੀ ਸਿਹਤ ਅਧਿਕਾਰੀ ਪਹਿਲਾਂ ਹੀ ਤਾਇਨਾਤ ਕੀਤੇ ਗਏ ਹਨ।ਉਨ੍ਹਾਂ ਕਿਹਾ ਕਿ ਪਿੰਡਾਂ ਦੇ ਨੇੜੇ ਮਿਆਰੀ ਸਿਹਤ ਸੇਵਾਵਾਂ ਮੁਹੱਈਆ ਕਰਵਾਉਣ ਲਈ ਇਹ ਸਿਹਤ ਕੇਂਦਰ ਨਿਰਨਾਇਕ ਸਾਬਿਤ ਹੋਣਗੇ। ਜਿਸ ਦੁਆਰਾ ਮੁੱਢਲੇ ਸਿਹਤ ਸੇਵਾ ਟੀਮਾਂ ਵੱਲੋਂ ਹਾਸ਼ੀਏ ’ਤੇ ਜੀਵਨ ਬਸਰ ਕਰ ਰਹੇ ਲੋਕਾਂ ਦੀਆਂ ਜ਼ਰੂਰਤਾਂ ਨੂੰ ਪੂਰਾ ਕੀਤਾ ਜਾ ਰਿਹਾ ਹੈ।

Load More Related Articles
Load More By Nabaz-e-Punjab
Load More In General News

Check Also

ਪੰਜਾਬ ਦੀਆਂ ਮੰਡੀ ਬੋਰਡ ਦੀ ਆਮਦਨ ਵਧਾਉਣ ਤੇ ਹੋਰ ਕਾਰਜਾਂ ਦੀ ਸਮੀਖਿਆ, ਜ਼ਰੂਰੀ ਹਦਾਇਤਾਂ ਜਾਰੀ

ਪੰਜਾਬ ਦੀਆਂ ਮੰਡੀ ਬੋਰਡ ਦੀ ਆਮਦਨ ਵਧਾਉਣ ਤੇ ਹੋਰ ਕਾਰਜਾਂ ਦੀ ਸਮੀਖਿਆ, ਜ਼ਰੂਰੀ ਹਦਾਇਤਾਂ ਜਾਰੀ ਮੀਟਿੰਗ ਵਿੱਚ…