Share on Facebook Share on Twitter Share on Google+ Share on Pinterest Share on Linkedin ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਮੁਹਾਲੀ ਜ਼ਿਲ੍ਹੇ ਵਿੱਚ ਪਟਾਕਿਆਂ ਦੀ ਵਿਕਰੀ ਲਈ 44 ਆਰਜ਼ੀ ਲਾਇਸੈਂਸ ਜਾਰੀ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿੱਚ ਕੱਢਿਆ ਡਰਾਅ, ਦੀਵਾਲੀ ਤੇ ਗੁਰਪੁਰਬ ਮੌਕੇ ਕੇਵਲ ਦੋ ਘੰਟਿਆਂ ਲਈ ਚਲਾਏ ਜਾ ਸਕਣਗੇ ਪਟਾਕੇ ਚਾਇਨੀਜ਼ ਪਟਾਕਿਆਂ ਦੀ ਵਿਕਰੀ ਅਤੇ ਵਰਤੋਂ ’ਤੇ ਮੁਕੰਮਲ ਪਾਬੰਦੀ ਦੇ ਆਦੇਸ਼ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 5 ਨਵੰਬਰ: ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਮੁਹਾਲੀ ਜ਼ਿਲ੍ਹੇ ਵਿੱਚ ਪਟਾਕਿਆਂ ਦੀ ਵਿਕਰੀ ਲਈ 44 ਆਰਜ਼ੀ ਲਾਇਸੈਂਸ ਜਾਰੀ ਕੀਤੇ ਗਏ ਹਨ। ਇਸ ਸਬੰਧੀ ਮੁਹਾਲੀ ਦੇ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਮੈਜਿਸਟਰੇਟ ਗਿਰੀਸ਼ ਦਿਆਲਨ ਵੱਲੋਂ ਗਠਿਤ ਵਿਸ਼ੇਸ਼ ਕਮੇਟੀ ਵੱਲੋਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਸੈਕਟਰ-76 ਵਿੱਚ ਲਾਇਸੈਂਸ ਜਾਰੀ ਕਰਨ ਲਈ ਅੱਜ ਏਡੀਸੀ (ਜਨਰਲ) ਸ੍ਰੀਮਤੀ ਆਸ਼ਿਕਾ ਜੈਨ, ਸਹਾਇਕ ਕਮਿਸ਼ਨਰ (ਜ) ਯਸ਼ਪਾਲ ਸ਼ਰਮਾ, ਸੰਯੁਕਤ ਕਮਿਸ਼ਨਰ ਡਾ. ਕਨੂ ਥਿੰਦ ਅਤੇ ਜ਼ਿਲ੍ਹਾ ਅਟਾਰਨੀ (ਪ੍ਰਸ਼ਾਸਨ) ਕੁਲਦੀਪ ਸਿੰਘ ਦੀ ਹਾਜ਼ਰੀ ਵਿੱਚ ਡਰਾਅ ਕੱਢਿਆ ਗਿਆ। ਡਰਾਅ ਕੱਢਣ ਦੀ ਪ੍ਰਕਿਰਿਆ ਨੂੰ ਪਾਰਦਰਸ਼ੀ ਤੇ ਨਿਰਪੱਖ ਪਹੁੰਚ ਅਪਣਾਉਂਦਿਆਂ ਆਮ ਲੋਕਾਂ ਦੀ ਮੌਜੂਦਗੀ ਵਿੱਚ ਨੇਪਰੇ ਚਾੜ੍ਹੀ ਗਈ। ਹਾਈ ਕੋਰਟ ਨੇ ਆਪਣੇ ਹੁਕਮ ਵਿੱਚ ਸਾਲ 2016 ਵਿੱਚ ਜਾਰੀ ਹੋਏ ਲਾਇਸੈਂਸਾਂ ਦੇ ਮੁਕਾਬਲੇ ਸਿਰਫ਼ 20 ਫੀਸਦੀ ਲਾਇਸੈਂਸ ਜਾਰੀ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ। ਸ੍ਰੀ ਗਿਰੀਸ਼ ਦਿਆਲਨ ਨੇ ਦੱਸਿਆ ਕਿ ਮੁਹਾਲੀ ਜ਼ਿਲ੍ਹੇ ਵਿੱਚ ਪਟਾਕੇ ਵੇਚਣ ਲਈ ਆਰਜ਼ੀ ਲਾਇਸੈਂਸ ਲੈਣ ਲਈ 771 ਅਰਜ਼ੀਆਂ ਪ੍ਰਾਪਤ ਹੋਈਆਂ ਸਨ, ਜਿਸ ’ਚੋਂ 770 ਠੀਕ ਪਾਈਆਂ ਗਈਆਂ। ਮੁਹਾਲੀ ਅਤੇ ਬਨੂੜ ਵਿੱਚ ਪਟਾਕਿਆਂ ਦੀ ਵਿਕਰੀ ਲਈ 18 ਲਾਇਸੈਂਸਾਂ ਲਈ 497 ਅਰਜ਼ੀਆਂ, ਖਰੜ, ਕੁਰਾਲੀ ਅਤੇ ਨਵਾਂ ਗਾਉਂ ਵਿੱਚ ਪਟਾਕਿਆਂ ਦੀ ਵਿਕਰੀ ਲਈ 8 ਲਾਇਸੈਂਸਾਂ ਲਈ 54 ਅਰਜ਼ੀਆਂ ਮਿਲੀਆਂ ਜਦੋਂਕਿ ਡੇਰਾਬੱਸੀ, ਲਾਲੜੂ ਅਤੇ ਜ਼ੀਰਕਪੁਰ ਵਿੱਚ ਪਟਾਕਿਆਂ ਦੀ ਵਿਕਰੀ ਲਈ 18 ਲਾਇਸੈਂਸਾਂ ਲਈ 220 ਅਰਜ਼ੀਆਂ ਪ੍ਰਾਪਤ ਹੋਈਆਂ ਸਨ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ਭਰ ਵਿੱਚ ਪਟਾਕਿਆਂ ਦੀ ਵਿਕਰੀ ਲਈ ਸਿਰਫ਼ 12 ਥਾਵਾਂ ਨਿਰਧਾਰਿਤ ਹਨ। ਇਨ੍ਹਾਂ ਥਾਵਾਂ ਤੋਂ ਇਲਾਵਾ ਹੋਰ ਕਿਤੇ ਵੀ ਪਟਾਕਿਆਂ ਦੀ ਵਿਕਰੀ ਦੀ ਆਗਿਆ ਨਹੀਂ ਦਿੱਤੀ ਜਾਵੇਗੀ। ਜ਼ਿਲ੍ਹਾ ਮੈਜਿਸਟਰੇਟ ਨੇ ਸਪੱਸ਼ਟ ਕੀਤਾ ਕਿ ਕਿਸੇ ਨੂੰ ਨਿਰਧਾਰਿਤ ਸਮੇਂ ਅਤੇ ਮਿਤੀ ਤੋਂ ਪਹਿਲਾਂ ਜਾਂ ਬਾਅਦ ਵਿੱਚ ਪਟਾਕੇ ਚਲਾਉਣ ਅਤੇ ਬਿਨਾਂ ਲਾਇਸੈਂਸ ਤੋਂ ਪਟਾਕਿਆਂ ਦੀ ਵਿਕਰੀ ਦੀ ਇਜਾਜ਼ਤ ਨਹੀਂ ਹੋਵੇਗੀ। ਉਨ੍ਹਾਂ ਦੱਸਿਆ ਕਿ 14 ਨਵੰਬਰ ਨੂੰ ਦੀਵਾਲੀ ਵਾਲੇ ਦਿਨ ਸ਼ਾਮ 8 ਵਜੇ ਤੋਂ 10 ਵਜੇ ਤੱਕ ਅਤੇ 30 ਨਵੰਬਰ ਨੂੰ ਗੁਰਪੁਰਬ ਵਾਲੇ ਦਿਨ ਸਵੇਰੇ 4 ਵਜੇ ਤੋਂ 5 ਵਜੇ ਤੱਕ ਅਤੇ ਸ਼ਾਮ ਨੂੰ 9 ਵਜੇ ਤੋਂ 10 ਵਜੇ ਤੱਕ ਨਿਰਧਾਰਤ ਆਵਾਜ਼ ਅੰਦਰ ਹੀ ਫਾਇਰ ਕਰੈਕਰਜ/ਪਟਾਕੇ ਚਲਾਉਣ ਦੀ ਆਗਿਆ ਹੋਵੇਗੀ। ਇਸ ਮਿਤੀ ਅਤੇ ਸਮੇਂ ਤੋਂ ਪਹਿਲਾਂ ਜਾਂ ਬਾਅਦ ਵਿੱਚ ਕੋਈ ਵੀ ਵਿਅਕਤੀ ਫਾਇਰ ਕਰੈਕਰਜ/ਪਟਾਕੇ ਨਹੀਂ ਚਲਾਏਗਾ। ਉਨ੍ਹਾਂ ਦੱਸਿਆ ਕਿ ਦੀਵਾਲੀ ਮੌਕੇ ਪਟਾਕੇ ਵੇਚਣ ਲਈ 12, 13 ਅਤੇ 14 ਨਵੰਬਰ ਨੂੰ ਸਵੇਰੇ 10 ਵਜੇ ਤੋਂ ਸ਼ਾਮ 7.30 ਵਜੇ ਤੱਕ ਅਤੇ ਗੁਰਪੁਰਬ ਮੌਕੇ 29 ਅਤੇ 30 ਨਵੰਬਰ ਨੂੰ ਸਵੇਰੇ 10 ਵਜੇ ਤੋਂ ਸ਼ਾਮ 7.30 ਵਜੇ ਤੱਕ ਨਿਰਧਾਰਿਤ ਸਥਾਨਾਂ ’ਤੇ ਹੀ ਸਟਾਲ ਲਗਾਉਣ ਦੀ ਆਗਿਆ ਹੋਵੇਗੀ। ਕੋਈ ਵੀ ਵਿਅਕਤੀ ਗੈਰ ਕਾਨੂੰਨੀ ਤਰੀਕੇ ਨਾਲ ਫਾਇਰ ਕਰੈਕਰਜ/ਪਟਾਕਿਆਂ ਦੀ ਸਟੋਰੇਜ਼ ਨਹੀਂ ਕਰੇਗਾ ਅਤੇ ਬਿਨਾਂ ਲਾਇਸੈਂਸ ਤੋਂ ਵਿਕਰੀ ਨਹੀਂ ਕਰੇਗਾ। ਇਸ ਤੋਂ ਇਲਾਵਾ ਕੋਈ ਵੀ ਵਿਅਕਤੀ ਚਾਈਨੀਜ਼ ਫਾਇਰ ਕਰੈਕਰਜ/ਪਟਾਕਿਆਂ ਦੀ ਵਿਕਰੀ ਅਤੇ ਵਰਤੋਂ ਨਹੀਂ ਕਰੇਗਾ। ਪਟਾਕੇ ਵੇਚਣ ਸਬੰਧੀ ਨਿਰਧਾਰਿਤ ਥਾਵਾਂ, ਮੁੱਖ ਸ਼ਰਤਾਂ ਅਤੇ ਹੋਰ ਜਾਣਕਾਰੀ ਲਈ ਵੈਬਸਾਈਟ www.sasnagar.nic.in ’ਤੇ ਦੇਖਿਆ ਜਾ ਸਕਦਾ ਹੈ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ