ਕੱਚੇ ਅਧਿਆਪਕਾਂ ਵੱਲੋਂ ਸਿੱਖਿਆ ਸਕੱਤਰ ਅਤੇ ਡੀਪੀਆਈ ਦਫ਼ਤਰ ਦੇ ਮੁੱਖ ਗੇਟ ਬੰਦ ਕਰਕੇ ਧਰਨਾ ਪ੍ਰਦਰਸ਼ਨ

ਸਿੱਖਿਆ ਭਵਨ ਦੇ ਬਾਹਰ ਕੱਚੇ ਅਧਿਆਪਕਾਂ ਦਾ ਲੜੀਵਾਰ ਧਰਨਾ 156ਵੇਂ ਦਿਨ ’ਚ ਦਾਖ਼ਲ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 18 ਨਵੰਬਰ:
ਕੱਚੇ ਅਧਿਆਪਕ ਯੂਨੀਅਨ ਪੰਜਾਬ ਅਤੇ ਸਿੱਖਿਆ ਪ੍ਰੋਵਾਈਡਰ ਸਮੇਤ ਹੋਰਨਾਂ ਅਧਿਆਪਕ ਯੂਨੀਅਨਾਂ ਵੱਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਸਿੱਖਿਆ ਭਵਨ ਦੇ ਬਾਹਰ ਚੱਲ ਰਿਹਾ ਸ਼ਾਂਤਮਈ ਲੜੀਵਾਰ ਧਰਨਾ ਵੀਰਵਾਰ ਨੂੰ 156ਵੇਂ ਦਿਨ ਵਿੱਚ ਦਾਖ਼ਲ ਹੋ ਗਿਆ। ਕੱਚੇ ਅਧਿਆਪਕਾਂ ਨੇ ਅੱਜ ਸਿੱਖਿਆ ਭਵਨ ਸਥਿਤ ਸਿੱਖਿਆ ਸਕੱਤਰ ਅਤੇ ਡੀਪੀਆਈ ਦਫ਼ਤਰ ਦੇ ਦੋਵੇਂ ਗੇਟ ਮੁਕੰਮਲ ਬੰਦ ਕਰਕੇ ਸਰਕਾਰ ਦਾ ਪਿੱਟ ਸਿਆਪਾ ਕੀਤਾ ਗਿਆ।
ਇਸ ਮੌਕੇ ਕੱਚੇ ਅਧਿਆਪਕ ਯੂਨੀਅਨ ਦੇ ਸੂਬਾ ਕਨਵੀਨਰ ਅਜਮੇਰ ਸਿੰਘ ਅੌਲਖ, ਦਵਿੰਦਰ ਸਿੰਘ ਸੰਧੂ, ਜਸਵੰਤ ਸਿੰਘ ਪੰਨੂ, ਅਤੇ ਮੀਡੀਆ ਕੋਆਰਡੀਨੇਟਰ ਜੁਝਾਰ ਸਿੰਘ ਸੰਗਰੂਰ ਤੇ ਕੁਲਦੀਪ ਸਿੰਘ ਬਡਵਾਲ ਨੇ ਸਰਕਾਰ ਨੇ ਵਾਅਦਾਖ਼ਿਲਾਫ਼ੀ ਦਾ ਦੋਸ ਲਗਾਉਂਦੇ ਹੋਏ ਕਿਹਾ ਕਿ ਪਿਛਲੀ ਕੈਪਟਨ ਸਰਕਾਰ ਨੇ ਕੱਚੇ ਅਧਿਆਪਕਾਂ ਦੀਆਂ ਜਾਇਜ਼ ਮੰਗਾਂ ਪ੍ਰਵਾਨ ਕਰਕੇ ਲੰਘੀ 7 ਸਤੰਬਰ ਨੂੰ ਤਤਕਾਲੀ ਸਿੱਖਿਆ ਸਕੱਤਰ ਕ੍ਰਿਸ਼ਨ ਕੁਮਾਰ ਰਾਹੀਂ ਪ੍ਰੀ-ਪ੍ਰਾਇਮਰੀ ਅਧਿਆਪਕਾਂ ਦੀਆਂ 8393 ਅਸਾਮੀਆਂ ਦੀ ਭਰਤੀ ਲਈ ਨੋਟੀਫ਼ਿਕੇਸ਼ਨ ਜਾਰੀ ਕਰ ਦਿੱਤਾ ਗਿਆ ਸੀ, ਪ੍ਰੰਤੂ ਹੁਣ ਤੱਕ ਕਾਰਵਾਈ ਅੱਗੇ ਨਹੀਂ ਤੁਰੀ। ਇਹੀ ਨਹੀਂ ਬੀਤੀ 5 ਅਕਤੂਬਰ ਨੂੰ ਨਵੇਂ ਸਿੱਖਿਆ ਮੰਤਰੀ ਪਰਗਟ ਸਿੰਘ ਨੇ ਵੀ ਕੱਚੇ ਮੁਲਾਜ਼ਮਾਂ ਨੂੰ ਜਾਇਜ਼ ਮੰਗਾਂ ਮੰਨਣ ਦਾ ਭਰੋਸਾ ਦਿੱਤਾ ਗਿਆ ਸੀ ਲੇਕਿਨ ਪਰਨਾਲਾ ਉੱਥੇ ਦਾ ਉੱਥੇ ਹੈ। ਜਿਸ ਕਾਰਨ ਅੱਜ ਕੱਚੇ ਅਧਿਆਪਕਾਂ ਨੂੰ ਸਿੱਖਿਆ ਭਵਨ ਦੇ ਗੇਟ ਬੰਦ ਕਰਕੇ ਰੋਸ ਵਿਖਾਵਾ ਕਰਨ ਲਈ ਮਜਬੂਰ ਹੋਣਾ ਪਿਆ ਹੈ।

ਆਗੂਆਂ ਨੇ ਦੱਸਿਆ ਕਿ ਪੰਜਾਬ ਸਰਕਾਰ ਨਾਲ ਹੁਣ ਤੱਕ ਅਨੇਕਾਂ ਮੀਟਿੰਗਾਂ ਹੋ ਚੁੱਕੀਆਂ ਹਨ। ਇਨ੍ਹਾਂ ਮੀਟਿੰਗਾਂ ਵਿੱਚ ਸਿੱਖਿਆ ਮੰਤਰੀ ਸਮੇਤ ਹੋਰ ਉੱਚ ਅਧਿਕਾਰੀਆਂ ਨੇ ਉਨ੍ਹਾਂ ਨੂੰ ਭਰੋਸਾ ਦਿੱਤਾ ਸੀ ਕਿ ਕੱਚੇ ਅਧਿਆਪਕਾਂ ਦੀਆਂ ਮੰਗਾਂ ਦਾ ਪੱਕਾ ਹੱਲ ਕੀਤਾ ਜਾਵੇਗਾ ਪਰ ਹੁਣ ਤੱਕ ਮਸਲਾ ਹੱਲ ਨਹੀਂ ਹੋਇਆ ਅਤੇ ਨਾ ਹੀ ਨੋਟੀਫ਼ਿਕੇਸ਼ਨ ਦੇ ਮੁਤਾਬਕ ਭਰਤੀ ਪ੍ਰਕਿਰਿਆ ਸ਼ੁਰੂ ਹੋਈ ਹੈ। ਉਨ੍ਹਾਂ ਕਿਹਾ ਕਿ ਆਉਣ ਵਾਲੇ ਦਿਨਾਂ ਵਿੱਚ ਸੰਘਰਸ਼ ਨੂੰ ਹੋਰ ਤੇਜ਼ ਕੀਤਾ ਜਾਵੇਗਾ ਅਤੇ ਪਹਿਲਾਂ ਵਾਂਗ ਗੁਪਤ ਐਕਸ਼ਨ ਕੀਤੇ ਜਾਣਗੇ।

Load More Related Articles
Load More By Nabaz-e-Punjab
Load More In Awareness/Campaigns

Check Also

ਕੁੰਭੜਾ ਕਤਲ-ਕਾਂਡ: ਐੱਸਐੱਸਪੀ ਦਫ਼ਤਰ ਦੇ ਘਿਰਾਓ ਲਈ ਆਮ ਲੋਕਾਂ ਦੀ ਲਾਮਬੰਦੀ ਜ਼ੋਰਾਂ ’ਤੇ ਸ਼੍ਰੋਮਣੀ ਅਕਾਲੀ ਦਲ …