Share on Facebook Share on Twitter Share on Google+ Share on Pinterest Share on Linkedin ਟੈਂਡਰ ਵਿਵਾਦ: ਅਕਾਲੀ-ਭਾਜਪਾ ਦੇ ਕੌਂਸਲਰਾਂ ਵੱਲੋਂ ਨਗਰ ਨਿਗਮ ਦਫ਼ਤਰ ਦੇ ਬਾਹਰ ਧਰਨਾ ਕੈਬਨਿਟ ਮੰਤਰੀ ਸਿੱਧੂ ’ਤੇ ਦਬਾਅ ਪਾ ਕੇ ਕੰਮ ਰੁਕਵਾਉਣ ਦਾ ਲਾਇਆ ਦੋਸ਼, ਸਿੱਧੂ ਨੇ ਦੋਸ਼ ਨਕਾਰੇ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 22 ਜਨਵਰੀ: ਮੁਹਾਲੀ ਦੇ ਵੱਖ-ਵੱਖ ਵਾਰਡਾਂ ਵਿੱਚ ਕਰਵਾਏ ਜਾਣ ਵਾਲੇ ਵਿਕਾਸ ਕਾਰਜਾਂ ਅਤੇ ਸ਼ਹਿਰ ਦੇ ਵੱਖ-ਵੱਖ ਪਾਰਕਾਂ ਵਿੱਚ ਓਪਨ ਏਅਰ ਜਿੰਮ ਲਗਾਉਣ ਲਈ ਨਗਰ ਨਿਗਮ ਵੱਲੋਂ ਜਾਰੀ ਕੀਤੇ ਗਏ ਟੈਂਡਰ ਖੋਲ੍ਹੇ ਨਾ ਜਾਣ ਕਾਰਨ ਨਗਰ ਨਿਗਮ ਦੀ ਕਾਬਜ਼ ਧਿਰ ਦੇ ਕੌਂਸਲਰਾਂ ਵੱਲੋਂ ਪਹਿਲਾਂ ਦਿੱਤੇ ਅਲਟੀਮੇਟਮ ਦੇ ਤਹਿਤ ਅੱਜ ਨਗਰ ਨਿਗਮ ਦੇ ਦਫ਼ਤਰ ਦੇ ਬਾਹਰ ਧਰਨਾ ਦਿੱਤਾ ਗਿਆ ਅਤੇ ਨਗਰ ਨਿਗਮ ਦੇ ਕਮਿਸ਼ਨਰ ਤੇ ਕੈਬਿਨਟ ਮੰਤਰੀ ਬਲਬੀਰ ਸਿੰਘ ਸਿੱਧੂ ਦੇ ਦਬਾਓ ਹੇਠ ਆ ਕੇ ਇਹ ਟੈਂਡਰ ਨਾ ਖੋਲ੍ਹੇ ਜਾਣ ਦਾ ਇਲਜਾਮ ਲਗਾਉਂਦਿਆਂ ਪੰਜਾਬ ਦੇ ਕੈਬਨਿਟ ਮੰਤਰੀ ਬਲਬੀਰ ਸਿੰਘ ਸਿੱਧੂ, ਨਗਰ ਨਿਗਮ ਦੇ ਕਮਿਸ਼ਨਰ ਕਮਲ ਕੁਮਾਰ ਗਰਗ ਅਤੇ ਪੰਜਾਬ ਸਰਕਾਰ ਦੇ ਖਿਲਾਫ ਨਾਹਰੇਬਾਜੀ ਕੀਤੀ ਗਈ। ਇਸ ਦੌਰਾਨ ਧਰਨਾ ਦੇ ਰਹੇ ਕੌਂਸਲਰਾਂ ਵੱਲੋਂ ਆਪਣੇ ਹੱਥਾਂ ਵਿੱਚ ਤਖਤੀਆਂ ਫੜੀਆਂ ਹੋਈਆਂ ਸਨ ਜਿਹਨਾਂ ਉੱਤੇ ਕੈਬਨਿਟ ਮੰਤਰੀ ਬਲਬੀਰ ਸਿੰਘ ਸਿੱਧੂ ਅਤੇ ਕਮਿਸ਼ਨਰ ਗੱਠਜੋੜ ਮੁਰਦਾਬਾਦ ਦੇ ਨਾਹਰੇ ਲਿਖੇ ਹੋਏ ਸਨ। ਇਸ ਮੌਕੇ ਨਗਰ ਨਿਗਮ ਦੇ ਕੌਂਸਲਰਾਂ ਪਰਮਜੀਤ ਸਿੰਘ ਕਾਹਲੋਂ, ਆਰਪੀ ਸ਼ਰਮਾ, ਗੁਰਮੁੱਖ ਸਿੰਘ ਸੋਹਲ, ਅਸ਼ੋਕ ਝਾਅ, ਹਰਪਾਲ ਸਿੰਘ ਚੰਨਾ, ਸੈਹਬੀ ਆਨੰਦ, ਕੁਲਦੀਪ ਕੌਰ ਕੰਗ, ਸੁਖਦੇਵ ਸਿੰਘ ਪਟਵਾਰੀ ਅਤੇ ਹੋਰਨਾਂ ਨੇ ਕਿਹਾ ਕਿ ਨਗਰ ਨਿਗਮ ਵਿੱਚ 42 ਕਰੋੜ ਰੁਪਏ ਦੇ ਫੰਡ ਹੋਣ ਦੇ ਬਾਵਜੂਦ ਸ਼ਹਿਰ ਦੇ ਵਿਕਾਸ ਕਾਰਜਾਂ ਦੇ ਟੈਂਡਰ ਨਹੀਂ ਖੋਲ੍ਹੇ ਜਾ ਰਹੇ। ਉਹਨਾਂ ਕਿਹਾ ਕਿ ਨਗਰ ਨਿਗਮ ਦੇ ਕਮਿਸ਼ਨਰ ਕੈਬਨਿਟ ਮੰਤਰੀ ਦੇ ਦਬਾਓ ਹੇਠ ਕੰਮ ਕਰ ਰਹੇ ਹਨ ਅਤੇ ਟੈਂਡਰ ਖੋਲ੍ਹਣ ਦਾ ਕੰਮ ਜਾਣ ਬੁੱਝ ਕੇ ਲਮਕਾਇਆ ਜਾ ਰਿਹਾ ਹੈ ਤਾਂ ਜੋ ਨਗਰ ਨਿਗਮ ਦਾ ਕਾਰਜਕਾਲ ਸਮਾਪਤ ਹੋਣ ਤੱਕ ਇਹਨਾਂ ਕੰਮਾਂ ਨੂੰ ਲਮਕਾਇਆ ਜਾਵੇ ਅਤੇ ਬਾਅਦ ਵਿੱਚ ਇਹ ਕੰਮ ਕਰਵਾ ਕੇ ਇਹਨਾਂ ਦਾ ਕ੍ਰੈਡਿਟ ਮੰਤਰੀ ਨੂੰ ਦਿੱਤਾ ਜਾ ਸਕੇ। ਉਹਨਾਂ ਕਿਹਾ ਕਿ ਉਹਨਾਂ ਵੱਲੋਂ ਇਸ ਸਬੰਧੀ ਪਹਿਲਾਂ ਵੀ ਕਮਿਸ਼ਨਰ ਨੂੰ ਮਿਲ ਕੇ ਮੰਗ ਪੱਤਰ ਦਿੱਤਾ ਗਿਆ ਸੀ ਅਤੇ ਕਮਿਸ਼ਨਰ ਵਲੋੱ ਉਹਨਾਂ ਨੂੰ ਭਰੋਸਾ ਦਿੱਤਾ ਗਿਆ ਸੀ ਕਿ ਇਹ ਟੈਂਡਰ ਛੇਤੀ ਹੀ ਖੋਲ੍ਹ ਦਿੱਤੇ ਜਾਣਗੇ ਪਰੰਤੂ ਕਮਿਸ਼ਨਰ ਵੱਲੋਂ ਪੂਰੀ ਤਰ੍ਹਾਂ ਮੰਤਰੀ ਦੇ ਨਿਰਦੇਸ਼ਾਂ ਅਨੁਸਾਰ ਕੰਮ ਕੀਤਾ ਜਾ ਰਿਹਾ ਹੈ ਜਿਸ ਕਾਰਨ ਉਹ ਧਰਨਾ ਦੇਣ ਲਈ ਮਜਬੂਰ ਹੋਏ ਹਨ। ਉਕਤ ਕੌਂਸਲਰਾਂ ਨੇ ਕਿਹਾ ਕਿ ਇਸ ਤੋਂ ਪਹਿਲਾਂ ਅਜਿਹਾ ਕਦੇ ਨਹੀਂ ਹੋਇਆ ਹੈ ਕਿ ਟੈਂਡਰ ਕਾਲ ਕਰਨ ਉਪਰੰਤ ਖੋਲ੍ਹੇ ਨਾ ਗਏ ਹੋਣ। ਉਹਨਾਂ ਕਿਹਾ ਕਿ ਨਗਰ ਨਿਗਮ ਵੱਲੋਂ ਇਨ੍ਹਾਂ ਟੈਂਡਰਾਂ ਨੂੰ ਬਿਨ੍ਹਾਂ ਕਿਸੇ ਕਾਰਨ ਦੇ ਰੋਕਿਆ ਜਾ ਰਿਹਾ ਹੈ ਜੋ ਕਿ ਸਵਾਲਾਂ ਦੇ ਘੇਰੇ ਵਿੱਚ ਆਉਂਦਾ ਹੈ। ਜੇਕਰ ਨਿਗਮ ਕੋਲ ਲੋੜੀਂਦੇ ਫੰਡ ਨਹੀਂ ਹਨ ਤਾਂ ਇਹ ਟੈਂਡਰ ਕਾਲ ਹੀ ਕਿਉੱ ਕੀਤੇ ਗਏ ਸਨ ਅਤੇ ਇਹ ਤੁਰੰਤ ਖੋਲ੍ਹੇ ਜਾਣ। ਉਹਨਾਂ ਕਿਹਾ ਕਿ ਜੇਕਰ ਹੁਣ ਵੀ ਇਹ ਟੈਂਡਰ ਨਾ ਖੋਲ੍ਹੇ ਗਏ ਤਾਂ ਉਹਨਾਂ ਵੱਲੋੱ ਸੰਘਰਸ਼ ਨੂੰ ਹੋਰ ਤਿੱਖਾ ਕੀਤਾ ਜਾਵੇਗਾ। ਇਸ ਮੌਕੇ ਬੁਲਾਰਿਆਂ ਨੇ ਕਾਂਗਰਸ ਪਾਰਟੀ ਦੇ ਕੌਂਸਲਰਾਂ ਤੇ ਇਲਜਾਮ ਲਾਇਆ ਕਿ ਉਹ ਮੰਤਰੀ ਨੂੰ ਖੁਸ਼ ਕਰਨ ਲਈ ਇਸ ਮਾਮਲੇ ਨੂੰ ਸਿਆਸੀ ਰੰਗਤ ਦੇਣ ਦੀ ਕੋਸ਼ਿਸ਼ ਕਰ ਰਹੇ ਹਨ। ਧਰਨੇ ਵਿੱਚ ਅਰੁਣ ਸ਼ਰਮਾ, ਕਮਲਜੀਤ ਸਿੰਘ ਰੂਬੀ, ਗੁਰਮੀਤ ਸਿੰਘ ਵਾਲੀਆ, ਸਰਬਜੀਤ ਸਿੰਘ ਸਮਾਣਾ, ਪ੍ਰਕਾਸ਼ਵਤੀ, ਗੁਰਮੀਤ ਕੌਰ, ਕਮਲਜੀਤ ਕੌਰ, ਰਜਨੀ ਗੋਇਲ, ਸੁਰਿੰਦਰ ਸਿੰਘ ਰੋਡਾ, ਪਰਮਿੰਦਰ ਸਿੰਘ ਤਸਿੰਬਲੀ, ਜਸਬੀਰ ਕੌਰ ਅੱਤਲੀ, ਹਰਮੇਸ਼ ਸਿੰਘ ਕੁੰਭੜਾ, ਜਸਪਾਲ ਸਿੰਘ ਮਟੌਰ ਅਤੇ ਨੰਬਰਦਾਰ ਹਰਸੰਗਤ ਸਿੰਘ ਸੋਹਾਣਾ ਵੀ ਹਾਜਿਰ ਸਨ। ਉਧਰ, ਮੁਹਾਲੀ ਨਗਰ ਨਿਗਮ ਦੇ ਕਮਿਸ਼ਨਰ ਸ੍ਰੀ ਕਮਲ ਕੁਮਾਰ ਗਰਗ ਨੇ ਇਸ ਗੱਲ ਨੂੰ ਪੂਰੀ ਤਰ੍ਹਾਂ ਬੇਬੁਨਿਆਦ ਦੱਸਿਆ ਕਿ ਇਸ ਮਾਮਲੇ ਵਿੱਚ ਕੈਬਨਿਟ ਮੰਤਰੀ ਸ੍ਰੀ ਸਿੱਧੂ ਦਾ ਕੋਈ ਦਬਾਓ ਹੈ। ਉਹਨਾਂ ਕਿਹਾ ਕਿ ਇਹ ਟੈਂਡਰ ਉਹਨਾਂ ਦੇ ਨਿਗਮ ਦਾ ਕਮਿਸ਼ਨਰ ਲੱਗਣ ਤੋਂ ਪਹਿਲਾਂ ਜਾਰੀ ਹੋਏ ਸਨ ਜਿਹਨਾਂ ਦੀ ਕੁਲ ਰਕਮ 30 ਕਰੋੜ ਰੁਪਏ ਦੇ ਕਰੀਬ ਹੈ ਅਤੇ ਇਸ ਵਾਸਤੇ ਨਗਰ ਨਿਗਮ ਕੋਲ ਲੋੜੀਂਦੇ ਫੰਡ ਨਹੀਂ ਹਨ ਜਿਸ ਕਾਰਨ ਇਹ ਟੈਂਡਰ ਨਹੀਂ ਖੋਲ੍ਹੇ ਜਾ ਰਹੇ। ਉਹਨਾਂ ਕਿਹਾ ਕਿ ਕੌਂਸਲਰਾਂ ਵੱਲੋਂ ਉਹਨਾਂ ਨੂੰ ਧਰਨੇ ਦੇ ਪ੍ਰੋਗਰਾਮ ਬਾਰੇ ਕੋਈ ਜਾਣਕਾਰੀ ਨਹੀਂ ਦਿੱਤੀ ਗਈ ਸੀ ਅਤੇ ਉਹ ਇੱਕ ਜਰੂਰੀ ਮੀਟਿੰਗ ਵਿੱਚ ਗਏ ਹੋਏ ਸਨ। ਜਦੋੱ ਉਹ ਮੁੜ ਕੇ ਆਏ ਤਾਂ ਉਹਨਾਂ ਨੂੰ ਪਤਾ ਲੱਗਿਆ ਕਿ ਕੌਂਸਲਰਾ ਵਲੋੱ ਇੱਥੇ ਧਰਨਾ ਦਿੱਤਾ ਗਿਆ ਹੈ। ਉਹਨਾਂ ਕਿਹਾ ਕਿ ਨਗਰ ਨਿਗਮ ਦੀ ਪਿਛਲੀ ਮੀਟਿੰਗ ਵਿੱਚ ਬਜਟ ਨੂੰ ਰੀਐਪਰੋਪ੍ਰੀਏਟ ਕਰਨ ਸਬੰਧੀ ਮਤਾ ਪਾਸ ਕੀਤਾ ਗਿਆ ਸੀ ਜਿਸ ਨੂੰ ਮਨਜ਼ੂਰੀ ਲਈ ਸਥਾਨਕ ਸਰਕਾਰ ਕੋਲ ਭੇਜਿਆ ਗਿਆ ਹੈ ਅਤੇ ਹੁਣੇ ਉਸਦੀ ਮਨਜ਼ੂਰੀ ਨਹੀਂ ਮਿਲੀ ਹੈ ਜਿਸ ਤੋਂ ਬਾਅਦ ਹੀ ਮੌਜੂਦ ਫੰਡਾਂ ਅਨੁਸਾਰ ਟੈਂਡਰ ਖੋਲ੍ਹੇ ਜਾਣਗੇ। ਉਧਰ, ਦੂਜੇ ਪਾਸੇ ਕੈਬਨਿਟ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਕਿਹਾ ਕਿ ਅਕਾਲੀ ਦਲ ਤੇ ਭਾਜਪਾ ਕੌਂਸਲਰਾਂ ਵੱਲੋਂ ਸੌੜੀ ਸਿਆਸਤ ਦੇ ਤਹਿਤ ਉਹਨਾਂ ਦੇ ਖ਼ਿਲਾਫ਼ ਬੇਬੁਨਿਆਦ ਬਿਆਨਬਾਜੀ ਕੀਤੀ ਜਾ ਰਹੀ ਹੈ ਜਦੋਂਕਿ ਉਹਨਾਂ ਦਾ ਇਸ ਮਾਮਲੇ ਵਿੱਚ ਕੋਈ ਰੋਲ ਨਹੀਂ ਹੈ। ਉਹਨਾਂ ਕਿਹਾ ਕਿ ਅਸਲ ਵਿੱਚ ਇਸ ਸਾਰੇ ਕੁੱਝ ਲਈ ਨਿਗਮ ਦੀ ਕਾਬਜ਼ ਧਿਰ ਹੀ ਜ਼ਿੰਮੇਵਾਰ ਹੈ। ਜਿਸ ਵੱਲੋਂ ਕਾਂਗਰਸ ਪਾਰਟੀ ਦੇ ਵਿਰੋਧ ਦੇ ਬਾਵਜੂਦ ਗਮਾਡਾ ਤੋਂ ਪਾਰਕ ਅਤੇ ਏ ਸੜਕਾਂ ਦੇ ਰੱਖ ਰਖਾਓ ਦਾ ਕੰਮ ਆਪਣੇ ਹੱਥਾਂ ਵਿੱਚ ਲਿਆ ਸੀ ਜਿਸਦੇ ਬਦਲੇ ਗਮਾਡਾ ਵੱਲੋਂ ਹਰ ਸਾਲ 50 ਕਰੋੜ ਰੁਪਏ ਦੇਣ ਦੀ ਗੱਲ ਕੀਤੀ ਗਈ ਸੀ ਪਰੰਤੂ ਗਮਾਡਾ ਵੱਲੋਂ ਇਹ ਫੰਡ ਜਾਰੀ ਨਾ ਕੀਤੇ ਜਾਣ ਕਾਰਨ ਨਿਗਮ ਦੀ ਹਾਲਤ ਪਤਲੀ ਹੋ ਗਈ ਹੈ। ਉਹਨਾਂ ਕਿਹਾ ਕਿ ਹੁਣ ਜਦੋਂ ਨਿਗਮ ਦਾ ਕਾਰਜਕਾਲ ਖਤਮ ਹੋਣ ਜਾ ਰਿਹਾ ਹੈ ਤਾਂ ਅਕਾਲੀ ਭਾਜਪਾ ਗੱਠਜੋੜ ਦੇ ਕੌਂਸਲਰ ਇਹਨਾਂ ਕੰਮਾਂ ਦਾ ਕ੍ਰੈਡਿਟ ਹਾਸਲ ਕਰਨ ਲਈ ਡਰਾਮੇਬਾਜ਼ੀ ਕਰ ਰਹੇ ਹਨ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ