nabaz-e-punjab.com

ਮੁਹਾਲੀ ਦੇ ਵਿਧਾਇਕ ਸਿੱਧੂ ਅਤੇ ਮੇਅਰ ਕੁਲਵੰਤ ਸਿੰਘ ਵਿਚਾਲੇ ਖਿੱਚੋਤਾਣ ਦਾ ਮਾਮਲਾ ਭਖਿਆ

ਵਿਧਾਇਕ ਦੇ ਸਮਰਥਕ ਕੌਂਸਲਰ ਵੀ ਖੁੱਲ੍ਹ ਕੇ ਮੈਦਾਨ ਵਿੱਚ ਆਏ, ਅਕਾਲੀ ਕੌਂਸਲਰਾਂ ਨੂੰ ਦਿੱਤੀ ਆਪਣੀ ਪੀੜ੍ਹੀ ਹੇਠ ਸੋਟਾ ਫੇਰਨ ਦੀ ਸਲਾਹ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 10 ਅਕਤੂਬਰ:
ਮੁਹਾਲੀ ਹਲਕੇ ਦੇ ਵਿਧਾਇਕ ਬਲਬੀਰ ਸਿੰਘ ਸਿੱਧੂ ਅਤੇ ਨਗਰ ਨਿਗਮ ਦੇ ਮੇਅਰ ਕੁਲਵੰਤ ਸਿੰਘ ਵਿਚਾਲੇ ਚਲ ਰਹੀ ਖਿਚੋਤਾਣ ਦਾ ਮਾਮਲਾ ਭਖ ਗਿਆ ਹੈ। ਹੁਣ ਦੋਵਾਂ ਧਿਰਾਂ ਦੇ ਕੌਂਸਲਰ ਵੀ ਇੱਕ ਦੂਜੇ ਦੇ ਆਹਮੋ ਸਾਹਮਣੇ ਆ ਗਏ ਹਨ ਅਤੇ ਬੀਤੇ ਦਿਨ ਮੇਅਰ ਧੜੇ ਦੇ ਕੌਂਸਲਰਾਂ ਵੱਲੋਂ ਹਲਕਾ ਵਿਧਾਇਕ ਦੇ ਖ਼ਿਲਾਫ਼ ਕੀਤੀ ਗਈ ਬਿਆਨਬਾਜੀ ਦੇ ਜਵਾਬ ਵਿੱਚ ਅੱਜ ਕਾਂਗਰਸ ਪਾਰਟੀ ਦੇ ਕੌਂਸਲਰਾਂ ਨੇ ਅਕਾਲੀ ਕੌਂਸਲਰਾਂ ’ਤੇ ਹਮਲਾ ਬੋਲਦਿਆਂ ਉਨ੍ਹਾਂ ਨੂੰ ਆਪਣੀ ਪੀੜੀ ਹੇਠ ਸੋਟਾ ਫੇਰਨ ਦੀ ਸਲਾਹ ਦਿੰਦਿਆਂ ਕਿਹਾ ਹੈ ਕਿ ਵਿਧਾਇਕ ਸਿੱਧੂ ਦੇ ਖ਼ਿਲਾਫ਼ ਕੂੜ ਪ੍ਰਚਾਰ ਕਰਨ ਤੋਂ ਬਾਜ ਆਉਣ ਕਿਉਂਕਿ ਸਿੱਧੂ ਦਾ ਰਿਕਾਰਡ ਬੋਲਦਾ ਹੈ ਕਿ ਉਨ੍ਹਾਂ ਨੇ ਪਿਛਲੇ 10 ਸਾਲਾਂ ਦੌਰਾਨ ਵਿਧਾਨ ਸਭਾ ਵਿੱਚ ਸਮੇਂ ਸਮੇਂ ’ਤੇ ਮੁਲਾਜ਼ਮਾਂ ਦੇ ਮਸਲੇ ਉਭਾਰ ਕੇ ਮੁਲਾਜ਼ਮ ਹਿਤੈਸ਼ੀ ਹੋਣ ਦਾ ਸਬੂਤ ਦਿੰਦੇ ਰਹੇ ਹਨ। ਉਨ੍ਹਾਂ ਕਿਹਾ ਕਿ ਸਰਕਾਰੀ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਵੀ ਚਾਹੀਦਾ ਹੈ ਕਿ ਉਹ ਨਿਰਪੱਖ ਹੋ ਕੇ ਡਿਊਟੀ ਨਿਭਾਉਣ ਨਾ ਕਿ ਕਿਸੇ ਧਿਰ ਦਾ ਹੱਥ ਫੋਕਾ ਬਣ ਕੇ ਕੰਮ ਕਰਨ।
ਅੱਜ ਇੱਥੇ ਜਾਰੀ ਇੱਕ ਬਿਆਨ ਵਿੱਚ ਨਗਰ ਨਿਗਮ ਐਸ.ਏ.ਐਸ. ਨਗਰ ਦੇ ਸੀਨੀਅਰ ਡਿਪਟੀ ਮੇਅਰ ਸ੍ਰੀ ਰਿਸਵ ਜੈਨ, ਸਾਬਕਾ ਪ੍ਰਧਾਨ ਤੇ ਕੌਂਸਲਰ ਰਜਿੰਦਰ ਸਿੰਘ ਰਾਣਾ, ਅਮਰੀਕ ਸਿੰਘ ਸੋਮਲ, ਸੁਰਿੰਦਰ ਸਿੰਘ ਰਾਜਪੂਤ, ਨਰਾਇਣ ਸਿੰਘ ਸਿੱਧੂ, ਨਛੱਤਰ ਸਿੰਘ ਅਤੇ ਜਸਵੀਰ ਸਿੰਘ ਮਣਕੂ ਨੇ ਕਿਹਾ ਕਿ ਸ੍ਰੀ ਸਿੱਧੂ ਨੂੰ ਲੋਕਾਂ ਨੇ ਉਨ੍ਹਾਂ ਵੱਲੋਂ ਕੀਤੇ ਗਏ ਕੰਮਾਂ ਬਦਲੇ ਹੀ ਚੁਣਿਆ ਹੈ ਪ੍ਰੰਤੂ ਅਕਾਲੀ ਦਲ ਨੂੰ ਆਪਣੀ ਹਾਰ ਹਜ਼ਮ ਨਹੀਂ ਹੋ ਰਹੀ ਹੈ। ਇਨ੍ਹਾਂ ਕੌਂਸਲਰਾਂ ਨੇ ਕਿਹਾ ਕਿ ਨਗਰ ਨਿਗਮ ’ਤੇ ਕਾਬਜ਼ ਧੜੇ ਵੱਲੋਂ ਸ਼ਹਿਰ ਦੇ ਵਿਕਾਸ ਕਾਰਜਾਂ ’ਤੇ ਕਰੋੜਾਂ ਰੁਪਏ ਖਰਚ ਕਰਨ ਦੇ ਦਾਅਵੇ ਖੋਖਲੇ ਸਾਬਿਤ ਹੋਏ ਹਨ ਕਿਉਂਕਿ ਇਹ ਵਿਕਾਸ ਕਾਰਜ਼ ਕਿਤੇ ਵੀ ਦਿਖਾਈ ਨਹੀਂ ਦਿੰਦੇ ਅਤੇ ਅੱਜ ਮੁਹਾਲੀ ਸ਼ਹਿਰ ਬੁਨਿਆਦੀ ਸਹੂਲਤਾਂ ਲਈ ਵੀ ਤਰਸ ਰਿਹਾ ਹੈ ਅਤੇ ਕਾਬਜ ਧੜਾ ਲੋਕਾਂ ਦਾ ਧਿਆਨ ਲਾਂਭੇ ਕਰਨ ਲਈ ਕੂੜ ਪ੍ਰਚਾਰ ਕਰ ਰਿਹਾ ਹੈ। ਜਿਸ ਵਿੱਚ ਕੋਈ ਦਮ ਨਹੀਂ ਹੈ।
ਉਨ੍ਹਾਂ ਕਿਹਾ ਕਿ ਕੁੱਝ ਅਕਾਲੀ ਕੌਂਸਲਰ ਸ੍ਰੀ ਸਿੱਧੂ ’ਤੇ ਵੱਖ ਵੱਖ ਇਲਜਾਮ ਲਗਾ ਕੇ ਆਪਣੀਆਂ ਰਾਜਸੀ ਰੋਟੀਆਂ ਸੇਕਣ ਦਾ ਯਤਨ ਕਰ ਰਹੇ ਹਨ। ਜਿਸ ਵਿੱਚ ਉਹ ਕਦੇ ਕਾਮਯਾਬ ਨਹੀਂ ਹੋਣਗੇ। ਉਨ੍ਹਾਂ ਕਿਹਾ ਕਿ ਅਕਾਲੀ ਦਲ ਦੇ ਕੌਸਲਰਾਂ ਦੀ ਮਾੜੀ ਕਾਰਗੁਜਾਰੀ ਕਾਰਨ ਪਿਛਲੇ ਦਿਨੀਂ ਬਰਸਾਤ ਵਿੱਚ ਸ਼ਹਿਰ ਨਿਵਾਸੀਆਂ ਨੂੰ ਵੱਡੀਆਂ ਸਮੱਸਿਆਵਾਂ ਦਾ ਸਾਹਮਣਾਂ ਕਰਨਾ ਪਿਆ ਅਤੇ ਸ਼ਹਿਰ ਵਾਸੀਆਂ ਦਾ ਮਾਲੀ ਨੁਕਸਾਨ ਵੀ ਹੋਇਆ। ਉਨ੍ਹਾਂ ਆਪਣੇ ਬਿਆਨ ਵਿੱਚ ਸਵਾਲ ਕੀਤਾ ਕਿ ਕਰੋੜਾ ਰੁਪਏ ਖਰਚੀ ਗਰਾਂਟ ਦਾ ਅਕਾਲੀ ਕੌਸਲਰਾਂ ਕੋਲ ਕੋਈ ਜਵਾਬ ਨਹੀਂ ਹੈ। ਉਨ੍ਹਾਂ ਕਿਹਾ ਕਿ ਅਕਾਲੀ ਕੌਸਲਰਾਂ ਨੂੰ ਆਪਣੀ ਮੰਜੀ ਹੇਠਾਂ ਖ਼ੁਦ ਸੋਟਾ ਫੇਰਨ ਦੀ ਲੋੜ ਹੈ। ਜਿਸ ਤੋਂ ਉਨ੍ਹਾਂ ਨੂੰ ਪਤਾ ਲੱਗ ਜਾਵੇਗਾ ਕਿ ਉਨ੍ਹਾਂ ਨੇ ਸ਼ਹਿਰ ਲਈ ਕੀ ਕੀਤਾ ਹੈ।
ਇਸ ਦੌਰਾਨ ਸਿੱਧੂ ਦੇ ਸਿਆਸੀ ਸਲਾਹਕਾਰ ਸ੍ਰੀ ਹਰਕੇਸ਼ ਚੰਦ ਸ਼ਰਮਾ ਮੱਛਲੀ ਕਲਾਂ ਨੇ ਕਾਬਜ ਧੜੇ ਦੇ ਕੌਸਲਰਾਂ ਬਾਰੇ ਕਿਹਾ ਕਿ ਪਿਛਲੇ 10 ਸਾਲਾਂ ਵਿੱਚ ਇਨ੍ਹਾਂ ਵੱਲੋਂ ਸਰਕਾਰੀ ਮੁਲਾਜਮਾਂ ਦੇ ਹੱਕ ਵਿੱਚ ਕਦੇ ਵੀ ਹਾਅ ਦਾ ਨਾਅਰਾ ਨਹੀਂ ਮਾਰਿਆ ਗਿਆ ਬਲਕਿ ਸ਼੍ਰੋਮਣੀ ਅਕਾਲੀ ਦਲ ਅਤੇ ਭਾਜਪਾ ਦੀ ਸਰਕਾਰ ਮੁਲਾਜ਼ਮਾਂ ਦੀਆਂ ਹੱਕੀ ਮੰਗਾਂ ਮੰਨਣ ਦੀ ਬਜਾਏ ਉਨ੍ਹਾਂ ’ਤੇ ਲਾਠੀਆਂ ਵਰਾਉਂਦੀ ਰਹੀ। ਉਨ੍ਹਾਂ ਕਿਹਾ ਕਿ ਸਥਾਨਕ ਵਿਧਾਇਕ ਬਲਬੀਰ ਸਿੰਘ ਸਿੱਧੂ ਪਿਛਲੇ 10 ਸਾਲਾਂ ਦੌਰਾਨ ਹਮੇਸ਼ਾ ਮੁਲਾਜ਼ਮਾਂ ਦੇ ਹੱਕਾਂ ਦੀ ਡਟਵੀਂ ਪੈਰਵੀ ਕੀਤੀ ਅਤੇ ਹਮੇਸ਼ਾ ਮੁਲਾਜ਼ਮਾਂ ਦਾ ਪੱਖ ਪੂਰਿਆ ਅਤੇ ਉਨ੍ਹਾਂ ਦੀਆਂ ਮੰਗਾਂ ਲਈ ਜੂਝਦੇ ਰਹੇ। ਉਨ੍ਹਾਂ ਕਿਹਾ ਕਿ ਅੱਜ ਵਿਰੋਧੀ ਸ੍ਰੀ ਸਿੱਧੂ ਨੂੰ ਮੁਲਾਜ਼ਮ ਵਿਰੋਧੀ ਹੋਣ ਦਾ ਝੂਠਾ ਪ੍ਰਚਾਰ ਕਰ ਰਹੇ ਹਨ। ਜਿਸ ਵਿੱਚ ਰੱਤਾ ਵੀ ਸਚਾਈ ਨਹੀਂ ਹੈ।

Load More Related Articles
Load More By Nabaz-e-Punjab
Load More In General News

Check Also

ਸੋਹਾਣਾ ਦੰਗਲ: ਝੰਡੀ ਦੀ ਕੁਸ਼ਤੀ ਤਾਲਿਬ ਬਾਬਾ ਫਲਾਹੀ ਨੇ ਸੁਦਾਮ ਹੁਸ਼ਿਆਰਪੁਰ ਨੂੰ ਹਰਾਇਆ

ਸੋਹਾਣਾ ਦੰਗਲ: ਝੰਡੀ ਦੀ ਕੁਸ਼ਤੀ ਤਾਲਿਬ ਬਾਬਾ ਫਲਾਹੀ ਨੇ ਸੁਦਾਮ ਹੁਸ਼ਿਆਰਪੁਰ ਨੂੰ ਹਰਾਇਆ ਪ੍ਰਿਤਪਾਲ ਫਗਵਾੜਾ ਨ…