ਟੈੱਟ ਪਾਸ ਬੇਰੁਜ਼ਗਾਰ ਅਧਿਆਪਕਾਂ ਵੱਲੋਂ ਇਨਸਾਫ਼ ਪ੍ਰਾਪਤੀ ਲਈ ਰੋਸ ਮਾਰਚ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 8 ਜੁਲਾਈ:
ਰਿਵਾਈਜ਼ਡ ਟੈੱਟ-2011 ਦੇ ਬੇਰੁਜ਼ਗਾਰ ਅਧਿਆਪਕਾਂ ਵੱਲੋਂ ਬੇਰੁਜ਼ਗਾਰ ਅਧਿਆਪਕ ਯੂਨੀਅਨ ਦੀ ਪ੍ਰਧਾਨ ਇੰਦਰਪਾਲ ਕੌਰ ਦੀ ਅਗਵਾਈ ਹੇਠ ਅੱਜ ਸਿੱਖਿਆ ਵਿਭਾਗ ਦੇ ਦਫ਼ਤਰ ਦੇ ਬਾਹਰ ਧਰਨਾ ਦਿੱਤਾ ਅਤੇ ਫੇਜ਼-7 ਸਥਿਤ ਟਰੈਫ਼ਿਕ ਲਾਈਟ ਪੁਆਇੰਟ ਤੱਕ ਰੋਸ ਮਾਰਚ ਕਰਕੇ ਹੁਕਮਰਾਨਾਂ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਗਈ। ਉਹ ਬੀਤੀ 17 ਜੂਨ ਤੋਂ ਲੜੀਵਾਰ ਧਰਨੇ ’ਤੇ ਬੈਠੇ ਹਨ। ਬੇਰੁਜ਼ਗਾਰ ਅਧਿਆਪਕਾ ਅਮਰਪ੍ਰੀਤ ਕੌਰ ਅਤੇ ਹਰਪ੍ਰੀਤ ਕੌਰ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ 2011 ਵਿੱਚ ਲਏ ਅਧਿਆਪਕ ਯੋਗਤਾ ਟੈੱਸਟ ਵਿੱਚ ਚਾਰ ਸਵਾਲ ਗਲਤ ਪਾਏ ਗਏ ਸਨ। ਇਸ ਦੇ ਵਿਰੋਧ ਵਿੱਚ ਅਧਿਆਪਕਾਂ ਵੱਲੋਂ ਹਾਈ ਕੋਰਟ ਵਿੱਚ ਪਟੀਸ਼ਨ ਦਾਇਰ ਕੀਤੀ ਗਈ। ਅਦਾਲਤ ਨੇ ਅਕਤੂਬਰ 2017 ਵਿੱਚ ਪੰਜਾਬ ਸਰਕਾਰ ਨੂੰ ਹੁਕਮ ਜਾਰੀ ਕੀਤੇ ਜਾਣ ਉਪਰੰਤ ਅਧਿਆਪਕਾਂ ਨੂੰ ਚਾਰ ਅੰਕ ਦੇ ਕੇ ਸੋਧੇ ਹੋਏ ਨਤੀਜੇ ਦਾ ਐਲਾਨ ਕੀਤਾ ਗਿਆ ਸੀ, ਪ੍ਰੰਤੂ ਹੁਣ ਤੱਕ ਉਨ੍ਹਾਂ ਨੂੰ ਨੌਕਰੀ ਨਹੀ ਮਿਲੀ। ਜਿਸ ਕਾਰਨ ਪਾਸ ਹੋਏ ਉਮੀਦਵਾਰਾਂ ਦੇ ਮੈਰਿਟ ਵਿੱਚ ਆਉਣ ਦੇ ਬਾਵਜੂਦ ਸਰਕਾਰ ਦੀ ਅਣਗਹਿਲੀ ਕਾਰਨ 3442 ਤੋਂ 5178 ਅਸਾਮੀਆਂ ’ਤੇ ਨਿਯੁਕਤ ਹੋਣ ਤੋਂ ਵਾਂਝੇ ਰਹਿ ਗਏ।
ਉਨ੍ਹਾਂ ਦੱਸਿਆ ਕਿ ਪੀੜਤ ਬੇਰੁਜ਼ਗਾਰ ਅਧਿਆਪਕਾਂ ਨੇ ਦੁਬਾਰਾ ਹਾਈ ਕੋਰਟ ਦਾ ਬੂਹਾ ਖੜਕਾਇਆ ਗਿਆ। ਇਸ ਤੋਂ ਬਾਅਦ ਬੇਰੁਜ਼ਗਾਰ ਅਧਿਆਪਕਾਂ ਨੂੰ ਬਣਦਾ ਹੱਕ ਦੇਣ ਲਈ ਫਰਵਰੀ 2019 ਵਿੱਚ ਪੰਜਾਬ ਦੇ ਮੁੱਖ ਸਕੱਤਰ ਦੀ ਪ੍ਰਧਾਨਗੀ ਹੇਠ ਤਿੰਨ ਮੈਂਬਰੀ ਕਮੇਟੀ ਦਾ ਗਠਨ ਕੀਤਾ ਗਿਆ ਪ੍ਰੰਤੂ ਡੇਢ ਸਾਲ ਬੀਤ ਜਾਣ ਦੇ ਬਾਵਜੂਦ ਉਕਤ ਕਮੇਟੀ ਕਿਸੇ ਨਤੀਜੇ ’ਤੇ ਨਹੀਂ ਪੁੱਜੀ। ਇਸ ਤਰ੍ਹਾਂ ਨਵੰਬਰ 2020 ਨੂੰ ਹਾਈ ਕੋਰਟ ਵੱਲੋਂ ਸਿੱਖਿਆ ਵਿਭਾਗ ਨੂੰ ਆਦੇਸ਼ ਜਾਰੀ ਕੀਤੇ ਗਏ ਕਿ ਬੇਰੁਜ਼ਗਾਰ ਅਧਿਆਪਕ ਦੀਆਂ ਸੀਟਾਂ ਰਿਜ਼ਰਵ ਕਰਕੇ ਚੱਲ ਰਹੀ ਭਰਤੀ ਪ੍ਰਕਿਰਿਆ ਵਿੱਚ ਉਨ੍ਹਾਂ ਦੀ ਨਿਯੁਕਤੀ ਕੀਤੀ ਜਾਵੇ ਪ੍ਰੰਤੂ ਹੁਣ ਤੱਕ ਸਿੱਖਿਆ ਵਿਭਾਗ ਨੇ ਬੇਰੁਜ਼ਗਾਰ ਅਧਿਆਪਕਾਂ ਦੀ ਬਾਂਹ ਨਹੀਂ ਫੜੀ। ਜਿਸ ਕਾਰਨ ਬੇਰੁਜ਼ਗਾਰ ਅਧਿਆਪਕਾਂ ਨੂੰ ਧਰਨੇ ਪ੍ਰਦਰਸ਼ਨ ਕਰਨ ਲਈ ਮਜਬੂਰ ਹੋਣਾ ਪਿਆ ਹੈ। ਇਸ ਮੌਕੇ ਮਨਪ੍ਰੀਤ ਸਿੰਘ, ਫਕੀਰ ਸਿੰਘ ਟਿੱਬਾ ਅਤੇ ਵੱਡੀ ਗਿਣਤੀ ਬੇਰੁਜ਼ਗਾਰ ਅਧਿਆਪਕ ਹਾਜ਼ਰ ਸਨ।

Load More Related Articles
Load More By Nabaz-e-Punjab
Load More In Awareness/Campaigns

Check Also

ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿੱਚ ਸੇਵਾਦਾਰ ਵੱਲੋਂ ਮਹਿੰਦਰਾ ਮੈਕਸ ਪਿਕਅੱਪ ਗੱਡੀ ਦਾਨ

ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿੱਚ ਸੇਵਾਦਾਰ ਵੱਲੋਂ ਮਹਿੰਦਰਾ ਮੈਕਸ ਪਿਕਅੱਪ ਗੱਡੀ ਦਾਨ ਨਬਜ਼-ਏ-ਪੰਜਾਬ, ਮ…