ਵਿਧਾਇਕ ਬਲਬੀਰ ਸਿੱਧੂ ਦੇ ਉਪਰਾਲਿਆਂ ਸਦਕਾ ਮੁਹਾਲੀ ਵਿੱਚ 5 ਹੋਏ ਸਕੂਲ ਅਪਗਰੇਡ

ਮੁਹਾਲੀ ਹਲਕੇ ਵਿੱਚ ਸਿਹਤ ਤੇ ਸਿੱਖਿਆ ਦੇ ਖੇਤਰਾਂ ਨੂੰ ਹਮੇਸ਼ਾ ਪ੍ਰਮੁੱਖਤਾ ਦਿੱਤੀ: ਬਲਬੀਰ ਸਿੱਧੂ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 11 ਜਨਵਰੀ:
ਮੁਹਾਲੀ ਦੇ ਹਲਕਾ ਵਿਧਾਇਕ ਅਤੇ ਸਾਬਕਾ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਕਿਹਾ ਹੈ ਕਿ ਉਨ੍ਹਾਂ ਨੇ ਹਮੇਸ਼ਾ ਸਿੱਖਿਆ ਅਤੇ ਸਿਹਤ ਨੂੰ ਆਪਣੇ ਪ੍ਰਮੁੱਖ ਮੁੱਦਿਆਂ ਦੇ ਰੂਪ ਵਿੱਚ ਰੱਖਿਆ ਹੈ ਅਤੇ ਆਪਣੇ ਕਾਰਜਕਾਲ ਦੇ ਦੌਰਾਨ ਜਿੱਥੇ ਮੁਹਾਲੀ ਨੂੰ ਸਿਹਤ ਦੇ ਖੇਤਰ ਵਿੱਚ ਪ੍ਰਮੁੱਖਤਾ ਦਿੱਤੀ ਹੈ ਉੱਥੇ ਨਾਲ ਨਾਲ ਸਿੱਖਿਆ ਦੇ ਖੇਤਰ ਨੂੰ ਪੂਰੀ ਅਹਿਮੀਅਤ ਦਿੱਤੀ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਨੇ ਲਗਾਤਾਰ ਉਪਰਾਲੇ ਕਰਕੇ ਮੁਹਾਲੀ ਹਲਕੇ ਦੇ ਕਈ ਸਕੂਲਾਂ ਨੂੰ ਅਪਗ੍ਰੇਡ ਕਰਵਾਇਆ ਹੈ ਅਤੇ ਇਨ੍ਹਾਂ ਦਾ ਬੁਨਿਆਦੀ ਢਾਂਚਾ ਮਜ਼ਬੂਤ ਕਰਨ ਲਈ ਕਰੋੜਾਂ ਰੁਪਏ ਖਰਚ ਕੀਤੇ ਗਏ ਹਨ।
ਉਨ੍ਹਾਂ ਕਿਹਾ ਕਿ ਪਿਛਲੇ ਸਮੇਂ ਦੌਰਾਨ ਕੀਤੇ ਗਏ ਉਪਰਾਲਿਆਂ ਸਦਕਾ 5 ਹੋਰ ਸਕੂਲਾਂ ਨੂੰ ਅਪਗਰੇਡ ਕੀਤਾ ਗਿਆ ਹੈ ਜਿਨ੍ਹਾਂ ਵਿੱਚ ਨਗਾਰੀ ਦੇ ਸਕੂਲ ਨੂੰ ਪ੍ਰਾਇਮਰੀ ਤੋਂ ਮਿਡਲ ਸਕੂਲ, ਪਿੰਡ ਬੱਲੋਮਾਜਰਾ ਅਤੇ ਸਿਆਊ ਦੇ ਮਿਡਲ ਸਕੂਲਾਂ ਨੂੰ ਹਾਈ ਸਕੂਲ ਅਤੇ ਲਾਂਡਰਾਂ ਅਤੇ ਸਨੇਟਾ ਦੇ ਹਾਈ ਸਕੂਲਾਂ ਨੂੰ ਸੀਨੀਅਰ ਸੈਕੰਡਰੀ ਸਕੂਲਾਂ ਵਿੱਚ ਅਪਗਰੇਡ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਇਸ ਗੱਲ ਦੀ ਪੂਰੀ ਤਸੱਲੀ ਅਤੇ ਖੁਸ਼ੀ ਹੈ ਕਿ ਉਨ੍ਹਾਂ ਨੇ ਆਪਣੇ ਕਾਰਜਕਾਲ ਦੇ ਦੌਰਾਨ ਮੁਹਾਲੀ ਦੇ ਲੋਕਾਂ ਨਾਲ ਸਕੂਲਾਂ ਨੂੰ ਅਪਗਰੇਡ ਕੀਤੇ ਜਾਣ ਸਬੰਧੀ ਵਾਅਦੇ ਨੂੰ ਪੂਰਾ ਕੀਤਾ ਹੈ। ਉਨ੍ਹਾਂ ਕਿਹਾ ਕਿ ਇਸਦੀ ਨੋਟੀਫਿਕੇਸ਼ਨ ਵੀ ਹੋ ਚੁੱਕੀ ਹੈ।
ਸਾਬਕਾ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਕਿਹਾ ਕਿ ਮੁਹਾਲੀ ਦੇ ਫੇਜ਼-11 ਦੇ ਸਰਕਾਰੀ ਸਕੂਲ ਨੂੰ ਸੀਨੀਅਰ ਸੈਕੰਡਰੀ ਸਕੂਲ ਨੂੰ ਅਪਗਰੇਡ ਕਰਨ ਤੋਂ ਬਾਅਦ ਇਸ ਦੀ ਬਿਲਡਿੰਗ ਬਣਾਉਣ ਤੇ 13 ਕਰੋੜ ਰੁਪਏ ਖਰਚ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਇਸੇ ਤਰ੍ਹਾਂ ਪਿੰਡ ਗੋਬਿੰਦਗੜ੍ਹ ਦੇ ਅਪਗ੍ਰੇਡ ਕੀਤੇ ਸਕੂਲ ਦੀ ਬਿਲਡਿੰਗ ’ਤੇ 3.27 ਕਰੋੜ ਰੁਪਏ ਖਰਚ ਕੀਤੇ ਜਾ ਰਹੇ ਹਨ। ਸਿੱਧੂ ਨੇ ਕਿਹਾ ਕਿ ਇਸ ਤੋਂ ਇਲਾਵਾ ਗੀਗੇਮਾਜਰਾ, ਸੈਦਪੁਰ, ਮਨੌਲੀ, ਬਲਿਆਲੀ, ਸਮੇਤ ਸਮੁੱਚੇ ਮੁਹਾਲੀ ਹਲਕੇ ਦੇ ਪਿੰਡਾਂ ਵਿੱਚ ਸਕੂਲਾਂ ਦੀ ਨੁਹਾਰ ਬਦਲੀ ਗਈ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਸਕੂਲਾਂ ਵਿੱਚ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਬਣਾਇਆ ਗਿਆ ਹੈ, ਬਿਲਡਿੰਗਾਂ ਬਣਾਈਆਂ ਗਈਆਂ ਹਨ ਅਤੇ ਹੋਰ ਸਾਜੋ ਸਾਮਾਨ ਮੁਹੱਈਆ ਕਰਵਾਇਆ ਗਿਆ ਹੈ। ਉਨ੍ਹਾਂ ਕਿਹਾ ਕਿ ਇਸ ਦੇ ਨਤੀਜੇ ਵਜੋਂ ਪੰਜਾਬ ਵਿੱਚ ਸਿੱਖਿਆ ਦੇ ਨਤੀਜੇ ਵੀ ਵਧੀਆ ਆ ਰਹੇ ਹਨ ਅਤੇ ਸਕੂਲੀ ਮੁਕਾਬਲੇ ਸਕੂਲਾਂ ਵਿੱਚ ਬੱਚਿਆਂ ਦੇ ਦਾਖ਼ਲੇ ਵੀ ਵਧੇ ਹਨ। ਉਨ੍ਹਾਂ ਕਿਹਾ ਕਿ ਮੋਹਾਲੀ ਦੇ ਸਰਕਾਰੀ ਕਾਲਜ ਵਿੱਚ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਲਈ ਵੀ ਉਨ੍ਹਾਂ ਨੇ ਲੱਖਾਂ ਰੁਪਏ ਦੀਆਂ ਕਈ ਗਰਾਂਟਾਂ ਦਵਾਈਆਂ ਹਨ।
ਉਨ੍ਹਾਂ ਕਿਹਾ ਕਿ ਸਿੱਖਿਆ ਦੇ ਖੇਤਰ ਦੇ ਨਾਲ ਨਾਲ ਸਿਹਤ ਦੇ ਖੇਤਰ ਵਿੱਚ ਉਨ੍ਹਾਂ ਨੇ ਮੈਡੀਕਲ ਕਾਲਜ ਦੀ ਨਾ ਸਿਰਫ ਬਿਲਡਿੰਗ ਦੀ ਉਸਾਰੀ ਆਰੰਭ ਕਰਵਾਈ ਸਗੋਂ ਇਸ ਸੈਸ਼ਨ ਤੋਂ ਉੱਥੇ 100 ਵਿਦਿਆਰਥੀਆਂ ਦੀਆਂ ਕਲਾਸਾਂ ਵੀ ਸ਼ੁਰੂ ਹੋਣਗੀਆਂ। ਉਨ੍ਹਾਂ ਕਿਹਾ ਕਿ ਇਸੇ ਤਰ੍ਹਾਂ ਸਰਕਾਰੀ ਕਾਲਜ ਫੇਜ਼ 6 ਵਿਖੇ ਸਰਕਾਰੀ ਨਰਸਿੰਗ ਕਾਲਜ ਦਾ ਨੀਂਹ ਪੱਥਰ ਵੀ ਰੱਖਿਆ ਜਾ ਚੁੱਕਿਆ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਨੇ ਆਪਣੇ ਕਾਰਜਕਾਲ ਦੇ ਦੌਰਾਨ ਮੁਹਾਲੀ ਵਿੱਚ ਵਿਕਾਸ ਲਈ ਦਿਨ ਰਾਤ ਸਖਤ ਮਿਹਨਤ ਕੀਤੀ ਹੈ ਤੇ ਅੱਗੇ ਵੀ ਇਸੇ ਤਰ੍ਹਾਂ ਕਰਦੇ ਰਹਿਣਗੇ। ਉਨ੍ਹਾਂ ਮੁਹਾਲੀ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਮੌਕਾਪ੍ਰਸਤ ਅਤੇ ਫ਼ਸਲੀ ਬਟੇਰਿਆਂ ਦੇ ਰੂਪ ਵਿੱਚ ਆ ਰਹੇ ਉਮੀਦਵਾਰਾਂ ਨੂੰ ਮੂੰਹ ਨਾ ਲਾਉਣ ਜੋ ਸਿਰਫ਼ ਤੇ ਸਿਰਫ਼ ਆਪਣੇ ਨਿੱਜੀ ਹਿੱਤਾਂ ਨੂੰ ਸਾਧਣ ਲਈ ਸੱਤਾ ’ਤੇ ਕਾਬਜ਼ ਹੋਣਾ ਚਾਹੁੰਦੇ ਹਨ।

Load More Related Articles
Load More By Nabaz-e-Punjab
Load More In General News

Check Also

ਖਜ਼ਾਨਾ ਮੰਤਰੀ ਨਾਲ ਮੀਟਿੰਗ ਮੁਲਤਵੀ ਹੋਣ ਕਾਰਨ ਵੈਟਰਨਰੀ ਅਫ਼ਸਰਾਂ ਨੇ ਕਾਲੇ ਬਿੱਲੇ ਲਗਾ ਕੇ ਰੋਸ ਪ੍ਰਗਟਾਇਆ

ਖਜ਼ਾਨਾ ਮੰਤਰੀ ਨਾਲ ਮੀਟਿੰਗ ਮੁਲਤਵੀ ਹੋਣ ਕਾਰਨ ਵੈਟਰਨਰੀ ਅਫ਼ਸਰਾਂ ਨੇ ਕਾਲੇ ਬਿੱਲੇ ਲਗਾ ਕੇ ਰੋਸ ਪ੍ਰਗਟਾਇਆ ਜੇ…