ਸਰਕਾਰ ਦੇ ਅਣਥੱਕ ਯਤਨਾਂ ਸਦਕਾ ਦੇਸ਼ ਭਰ ਵਿੱਚ ਮਿਆਰੀ ਸਿੱਖਿਆ ਦੇ ਧੁਰੇ ਵਜੋਂ ਉੱਭਰੇਗਾ ਪੰਜਾਬ: ਭਗਵੰਤ ਮਾਨ

ਸਿੱਖਿਆ ਖੇਤਰ ਵਿੱਚ ਇਕ ਹੋਰ ਇਨਕਲਾਬੀ ਕਦਮ, ਮੁੱਖ ਮੰਤਰੀ ਨੇ ਸਿਖਲਾਈ ਲਈ ਸਕੂਲ ਮੁਖੀਆਂ ਦੇ ਬੈਚ ਨੂੰ ਕੀਤਾ ਰਵਾਨਾ

12,710 ਅਧਿਆਪਕਾਂ ਨੂੰ ਰੈਗੂਲਰ ਕਰਨ ਦੇ ਮੁੱਦੇ ’ਤੇ ਲੋਕਾਂ ਨੂੰ ਗੁਮਰਾਹ ਕਰਨ ਲਈ ਵਿਰੋਧੀ ਧਿਰ ਦੀ ਸਖ਼ਤ ਆਲੋਚਨਾ

ਖੇਡਾਂ ਦੇ ਖੇਤਰ ਵਿੱਚ ਪੰਜਾਬ ਦੀ ਪੁਰਾਤਨ ਸ਼ਾਨ ਬਹਾਲ ਕਰਨ ਲਈ ਨਵੀਂ ਖੇਡ ਨੀਤੀ ਲਿਆਂਦੀ: ਭਗਵੰਤ ਮਾਨ

ਨਬਜ਼-ਏ-ਪੰਜਾਬ, ਮੁਹਾਲੀ, 30 ਜੁਲਾਈ:
ਸਿੱਖਿਆ ਦੇ ਖੇਤਰ ਵਿੱਚ ਕ੍ਰਾਂਤੀ ਲਿਆਉਣ ਦੇ ਉਦੇਸ਼ ਨਾਲ ਇੱਕ ਹੋਰ ਅਹਿਮ ਪਹਿਲਕਦਮੀ ਕਰਦਿਆਂ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਇੰਡੀਅਨ ਇੰਸਟੀਚਿਊਟ ਆਫ਼ ਮੈਨੇਜਮੈਂਟ (ਆਈਆਈਐਮ) ਅਹਿਮਦਾਬਾਦ ਤੋਂ ਵਿਸ਼ੇਸ਼ ਸਿਖਲਾਈ ਲੈਣ ਲਈ ਮੁਹਾਲੀ ਤੋਂ ਸਕੂਲ ਮੁਖੀਆਂ ਦੇ ਪਹਿਲੇ ਬੈਚ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ। ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਮੁੱਖ ਮੰਤਰੀ ਨੇ ਅੱਜ ਦੇ ਦਿਨ ਨੂੰ ਪੰਜਾਬ ਦੇ ਇਤਿਹਾਸ ਵਿੱਚ ਬਹੁਤ ਮਹੱਤਵਪੂਰਨ ਦੱਸਦਿਆਂ ਕਿਹਾ ਕਿ ਜਿੱਥੇ ਪ੍ਰਿੰਸੀਪਲਾਂ ਦਾ ਵਫ਼ਦ ਸਿੰਗਾਪੁਰ ਤੋਂ ਸਿਖਲਾਈ ਲੈ ਕੇ ਵਾਪਸ ਆ ਰਿਹਾ ਹੈ, ਉੱਥੇ ਇਹ ਬੈਚ ਆਪਣੀ ਮੁਹਾਰਤ ਨਿਖਾਰਨ ਲਈ ਅਹਿਮਦਾਬਾਦ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਮਿਆਰੀ ਸਿੱਖਿਆ ਪ੍ਰਦਾਨ ਕਰਨਾ ਸਰਕਾਰ ਦੀ ਪਹਿਲੀ ਤਰਜ਼ੀਹ ਹੈ ਤਾਂ ਜੋ ਉਹ ਵਿਸ਼ਵ ਭਰ ਵਿੱਚ ਕਾਨਵੈਂਟ ਸਕੂਲਾਂ ’ਚ ਪੜ੍ਹੇ-ਲਿਖੇ ਵਿਦਿਆਰਥੀਆਂ ਦਾ ਮੁਕਾਬਲਾ ਕਰ ਸਕਣ।
ਮੁੱਖ ਮੰਤਰੀ ਨੇ ਕਿਹਾ ਕਿ ਜਿਸ ਤਰ੍ਹਾਂ ਚੰਗੇ ਕੋਚ ਵਧੀਆ ਖਿਡਾਰੀ ਪੈਦਾ ਕਰਦੇ ਹਨ, ਉਵੇਂ ਇੱਕ ਤਜਰਬੇਕਾਰ ਅਧਿਆਪਕ ਵਿਦਿਆਰਥੀਆਂ ਨੂੰ ਭਵਿੱਖ ਦੀਆਂ ਚੁਨੌਤੀਆਂ ਦੇ ਟਾਕਰੇ ਲਈ ਤਿਆਰ ਕਰਨ ਵਿੱਚ ਸਹਾਈ ਹੋਵੇਗਾ। ਉਨ੍ਹਾਂ ਕਿਹਾ ਕਿ ਸਿੱਖਿਆ ਖੇਤਰ ਲਈ ਫੰਡਾਂ ਦੀ ਕੋਈ ਘਾਟ ਨਹੀਂ ਹੈ ਅਤੇ ਵਿਦਿਆਰਥੀਆਂ ਨੂੰ ਗੁਣਕਾਰੀ ਵਿੱਦਿਆ ਦੇਣ ਲਈ ਹਰ ਸੰਭਵ ਯਤਨ ਕੀਤੇ ਜਾਣਗੇ। ਉਨ੍ਹਾਂ ਨੇ ਕਲਪਨਾ ਕੀਤੀ ਕਿ ਸਰਕਾਰ ਦੇ ਅਣਥੱਕ ਯਤਨਾਂ ਸਦਕਾ ਉਹ ਦਿਨ ਦੂਰ ਨਹੀਂ, ਜਦੋਂ ਪੰਜਾਬ ਦੇਸ਼ ਭਰ ਵਿੱਚ ਮਿਆਰੀ ਸਿੱਖਿਆ ਦੇ ਧੁਰੇ ਵਜੋਂ ਉੱਭਰੇਗਾ।
ਪਿਛਲੀਆਂ ਸਰਕਾਰਾਂ ’ਤੇ ਨਿਸ਼ਾਨੇ ਸਾਧਦਿਆਂ ਭਗਵੰਤ ਮਾਨ ਨੇ ਕਿਹਾ ਕਿ ਪੁਰਾਣੇ ਆਗੂ ਸੱਤਾ ਹਥਿਆਉਣ ਤੋਂ ਬਾਅਦ ਲੋਕਾਂ ਵਿੱਚ ਜਾਣਾ ਪਸੰਦ ਨਹੀਂ ਕਰਦੇ ਸਨ। ਜਦੋਂਕਿ ਇਸ ਦੇ ਉਲਟ ਉਹ ਸਮਾਜ ਦੇ ਹਰ ਵਰਗ ਦੀ ਭਲਾਈ ਨੂੰ ਯਕੀਨੀ ਬਣਾਉਣ ਲਈ ਰੋਜ਼ਾਨਾ ਕਿਸੇ ਨਾ ਕਿਸੇ ਸਮਾਗਮ ਵਿੱਚ ਸ਼ਾਮਲ ਹੁੰਦੇ ਹਨ। ਉਨ੍ਹਾਂ ਕਿਹਾ ਕਿ ਸਰਕਾਰ ਸਮਾਜ ਦੇ ਹਰ ਵਰਗ ਦੀ ਭਲਾਈ ਲਈ ਵਚਨਬੱਧ ਹੈ ਅਤੇ ਇਸ ਨੇਕ ਕਾਰਜ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਇਸ ਮੌਕੇ ਸਿੱਖਿਆ ਮੰਤਰੀ ਹਰਜੋਤ ਬੈਂਸ, ਵਿਧਾਇਕ ਕੁਲਵੰਤ ਸਿੰਘ ਤੇ ਕੁਲਜੀਤ ਸਿੰਘ ਰੰਧਾਵਾ, ਚੇਅਰਪਰਸ਼ਨ ਪ੍ਰਭਜੋਤ ਕੌਰ, ਡੀਸੀ ਆਸ਼ਿਕਾ ਜੈਨ ਅਤੇ ਹੋਰ ਹਾਜ਼ਰ ਸਨ।
ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਸਾਰੀਆਂ ਕਾਨੂੰਨੀ ਅਤੇ ਪ੍ਰਸ਼ਾਸਨਿਕ ਅੜਚਨਾਂ ਨੂੰ ਦੂਰ ਕਰਦਿਆਂ 12710 ਅਧਿਆਪਕਾਂ ਨੂੰ ਰੈਗੂਲਰ ਕਰਨ ਵੱਲ ਹਮੇਸ਼ਾ ਏਜੰਡੇ ’ਤੇ ਰੱਖਿਆ ਅਤੇ ਇਸ ਦਾ ਮਨੋਰਥ ਅਧਿਆਪਕਾਂ ਦੇ ਸੁਰੱਖਿਅਤ ਭਵਿੱਖ ਨੂੰ ਯਕੀਨੀ ਬਣਾਉਣਾ ਹੈ ਕਿਉਂਕਿ ਉਨ੍ਹਾਂ ਦਾ ਦ੍ਰਿੜ ਵਿਸ਼ਵਾਸ ਹੈ ਕਿ ਜੇਕਰ ਅਧਿਆਪਕਾਂ ਦਾ ਭਵਿੱਖ ਸੁਰੱਖਿਅਤ ਹੈ ਤਾਂ ਹੀ ਉਹ ਵਿਦਿਆਰਥੀਆਂ ਦੀ ਕਿਸਮਤ ਨੂੰ ਬਦਲ ਸਕਦੇ ਹਨ। ਪ੍ਰੰਤੂ ਵਿਰੋਧੀ ਧਿਰਾਂ ਇਸ ਮੁੱਦੇ ’ਤੇ ਵੀ ਤਰਕਹੀਣ ਅਤੇ ਬੇਬੁਨਿਆਦ ਟਿੱਪਣੀਆਂ ਕਰਕੇ ਲੋਕਾਂ ਨੂੰ ਗੁਮਰਾਹ ਕੀਤਾ ਜਾ ਰਿਹਾ ਹੈ। ਜਦੋਂਕਿ ਸਚਾਈ ਇਹ ਹੈ ਕਿ ਪਿਛਲੀ ਸਰਕਾਰਾਂ ਨੇ ਕੱਚੇ ਅਧਿਆਪਕਾਂ ਤੇ ਮੁਲਾਜ਼ਮਾਂ ਨੂੰ ਪੱਕੇ ਕਰਨ ਲਈ ਕੋਈ ਠੋਸ ਨੀਤੀ ਹੀ ਨਹੀਂ ਘੜੀ ਸੀ।
ਮੁੱਖ ਮੰਤਰੀ ਨੇ ਕਿਹਾ ਕਿ ਖੇਡਾਂ ਦੇ ਖੇਤਰ ਵਿੱਚ ਪੰਜਾਬ ਦੀ ਪੁਰਾਤਨ ਸ਼ਾਨ ਨੂੰ ਬਹਾਲ ਕਰਨ ਅਤੇ ਸੂਬੇ ਵਿੱਚ ਖੇਡ ਗਤੀਵਿਧੀਆਂ ਨੂੰ ਹੋਰ ਹੁਲਾਰਾ ਦੇਣ ਲਈ ਪੰਜਾਬ ਕੈਬਨਿਟ ਨੇ ਨਵੀਂ ਖੇਡ ਨੀਤੀ-2023 ਨੂੰ ਪ੍ਰਵਾਨਗੀ ਦੇ ਦਿੱਤੀ ਹੈ, ਜਿਸ ਵਿੱਚ ਪਿੰਡ ਪੱਧਰ ’ਤੇ ਖਿਡਾਰੀਆਂ ਲਈ ਨੌਕਰੀਆਂ, ਸਿਖਲਾਈ, ਵੱਖ-ਵੱਖ ਲਾਭ ਅਤੇ ਮਜ਼ਬੂਤ ਬੁਨਿਆਦੀ ਢਾਂਚਾ ਪ੍ਰਦਾਨ ਕਰਨ ਦਾ ਵਿਸ਼ੇਸ਼ ਖਿਆਲ ਰੱਖਿਆ ਗਿਆ ਹੈ। ਸਰਕਾਰੀ ਸਕੂਲਾਂ ਵਿੱਚ ਸਰੀਰਕ ਸਿੱਖਿਆ ਅਧਿਆਪਕਾਂ ਦੀ ਭਰਤੀ ਕਰਕੇ ਖੇਡ ਸਭਿਆਚਾਰ ਨੂੰ ਮੁੜ ਪ੍ਰਫੁੱਲਤ ਕੀਤਾ ਜਾਵੇਗਾ ਤਾਂ ਜੋ ਵਿਦਿਆਰਥੀ ਖੇਡਾਂ ਵਿੱਚ ਮੱਲਾਂ ਮਾਰ ਸਕਣ। ਉਨ੍ਹਾਂ ਕਿਹਾ ਕਿ ਨਵੀਂ ਖੇਡ ਨੀਤੀ ਵਿੱਚ ਖਿਡਾਰੀਆਂ ਨੂੰ ਮਜ਼ਬੂਤ ਬੁਨਿਆਦੀ ਢਾਂਚਾ, ਕੋਚਿੰਗ ਅਤੇ ਸਹੂਲਤਾਂ ਪ੍ਰਦਾਨ ਕਰਨ ਤੋਂ ਇਲਾਵਾ ਕੌਮੀ ਅਤੇ ਕੌਮਾਂਤਰੀ ਖੇਡ ਮੁਕਾਬਲਿਆਂ ਵਿੱਚ ਮੈਡਲ ਜਿੱਤਣ ਲਈ ਵਿੱਤੀ ਸਹਾਇਤਾ ਪ੍ਰਦਾਨ ਕਰਨ ’ਤੇ ਵੀ ਜ਼ੋਰ ਦਿੱਤਾ ਜਾਵੇਗਾ।

Load More Related Articles
Load More By Nabaz-e-Punjab
Load More In General News

Check Also

ਕੁੰਭੜਾ ਕਤਲ-ਕਾਂਡ: ਐੱਸਐੱਸਪੀ ਦਫ਼ਤਰ ਦੇ ਘਿਰਾਓ ਲਈ ਆਮ ਲੋਕਾਂ ਦੀ ਲਾਮਬੰਦੀ ਜ਼ੋਰਾਂ ’ਤੇ ਸ਼੍ਰੋਮਣੀ ਅਕਾਲੀ ਦਲ …